Saturday, 20 June 2026

 

ਕਿਹਾ : ਦੋਵੇਂ ਪਾਰਟੀਆਂ ਲਈ ਮਿਲ ਕੇ ਚੱਲਣਾ ਲਾਜ਼ਮੀ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਕ ਵਾਰ ਫਿਰ ਭਾਜਪਾ- ਸ਼ੋ੍ਰਮਣੀ ਅਕਾਲੀ ਦਲ ਗਠਜੋੜ ਨੂੰ ਜ਼ਰੂਰੀ ਦੱਸਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਇਕ ਵਾਰ ਫਿਰ ਦੋਵੇਂ ਸਿਆਸੀ ਪਾਰਟੀਆਂ ਵਿਚਾਲੇ ਗਠਜੋੜ ਦੀ ਗੱਲ ਦੁਹਰਾਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਇਕ ਵਾਰ ਅਜਿਹੇ ਹਾਲਾਤ ਬਣ ਰਹੇ ਹਨ, ਜਿਸ ਲਈ ਇਹ ਗਠਜੋੜ ਜ਼ਰੂਰੀ ਹੈ। ਜਾਖੜ ਨੇ ਕਿਹਾ ਕਿ ਪਾਰਟੀ ਨੂੰ ਪੰਜਾਬ ਵਿਚ ਸਿਰਫ ਚੋਣਾਂ ਨਹੀਂ, ਬਲਕਿ ਲੋਕਾਂ ਦਾ ਭਰੋਸਾ ਜਿੱਤਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਿਰਫ ਜ਼ਮੀਨ ਦਾ ਟੁਕੜਾ ਨਹੀਂ ਹੈ, ਬਲਕਿ ਇਥੋਂ ਦੇ ਲੋਕ ਆਪਣੇ ਸਨਮਾਨ ਅਤੇ ਸੰਸਕ੍ਰਿਤੀ ਨੂੰ ਬਹੁਤ ਮਹੱਤਵ ਦਿੰਦੇ ਹਨ। ਜਾਖੜ ਨੇ ਕਿਹਾ ਕਿ ਭਾਵੇਂ ਭਾਜਪਾ ਨੇ ਪੰਜਾਬ ਨਾਲ ਕੁਝ ਮਾੜਾ ਨਹੀਂ ਕੀਤਾ, ਪਰ ਕੇਂਦਰ ’ਚ ਸੱਤਾ ਵਿਚ ਹੋਣ ਕਾਰਨ ਲੋਕਾਂ ਦੀ ਨਰਾਜ਼ਗੀ ਦਾ ਸਾਹਮਣਾ ਭਾਜਪਾ ਨੂੰ ਹੀ ਕਰਨਾ ਪੈ ਰਿਹਾ ਹੈ। ਇਸਦੇ ਚੱਲਦਿਆਂ ਸੁਨੀਲ ਜਾਖੜ ਨੇ ਭਾਜਪਾ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਗਠਜੋੜ ਨੂੰ ਜ਼ਰੂਰੀ ਦੱਸਿਆ ਹੈ। ਦੱਸਣਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਭਾਜਪਾ ਅਤੇ ਅਕਾਲੀ ਦਲ  ਦਾ ਲੰਮਾ ਸਮਾਂ ਗਠਜੋੜ ਰਿਹਾ ਹੈ। 

 

 

ਧੂਰੀ ਪਹੁੰਚੇ ਸੀਐਮ ਨੇ ਵਿਰੋਧੀਆਂ ਨੂੰ ਲਿਆ ਲੰਮੇ ਹੱਥੀਂ

ਧੂਰੀ/ਬਿਊਰੋ ਨਿਊਜ਼  

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਧੂਰੀ ਵਿਖੇ ਲੋਕਾਂ ਨੂੰ ਲੈਂਡ ਪੂਲਿੰਗ ਪਾਲਿਸੀ ਬਾਰੇ ਜਾਗਰੂਕ ਕੀਤਾ ਹੈ ਤੇ ਸਿਆਸੀ ਵਿਰੋਧੀਆਂ ਵਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਵੱਲ ਧਿਆਨ ਨਾ ਦੇਣ ਦੀ ਅਪੀਲ ਕੀਤੀ ਹੈ। ਇਸਦੇ ਨਾਲ ਹੀ ਮਾਨ ਨੇ ਇਹ ਗੱਲ ਵੀ ਸਪੱਸ਼ਟ ਕੀਤੀ ਕਿ ਲੈਂਡ ਪੂਲਿੰਗ ਪਾਲਿਸੀ ਵਾਲੀ ਜਗ੍ਹਾ ਵਿਚ ਰਜਿਸਟਰੀਆਂ ’ਤੇ ਕੋਈ ਪਾਬੰਦੀ ਨਹੀਂ ਹੈ ਅਤੇ ਜ਼ਮੀਨਾਂ ਦੇ ਮਾਲਕ ਆਪਣੀ ਮਰਜ਼ੀ ਮੁਤਾਬਕ ਹਰ ਫੈਸਲਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਜ਼ਮੀਨ ਦੇ ਮਾਲਕ ਨੂੰ ਕਿਸੇ ਵੀ ਤਰ੍ਹਾਂ ਘਾਟਾ ਨਹੀਂ ਪੈਣ ਦਿਆਂਗੇ।  ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਲੋਕਾਂ ਦੇ ਮਨਾਂ ਵਿਚ ਕਿਸੇ ਕਿਸਮ ਦਾ ਵੀ ਸਵਾਲ ਹੈ ਤਾਂ ਉਹ ਸਿੱਧਾ ਸਰਕਾਰ ਨੂੰ ਲਿਖ ਕੇ ਭੇਜਣ ਅਤੇ ਅਸੀਂ ਉਨ੍ਹਾਂ ਸਵਾਲਾਂ ਦਾ ਜਵਾਬ ਵੀ ਦਿਆਂਗੇ। ਮੁੱਖ ਮੰਤਰੀ ਮਾਨ ਅੱਜ ਧੂਰੀ ਵਿਖੇ 75 ਗਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਦੇ ਚੈਕ ਵੰਡਣ ਪਹੁੰਚੇ ਸਨ ਅਤੇ ਇਸ ਮੌਕੇ ਉਨ੍ਹਾਂ ਨੇ ਲੈਂਡ ਪੂਲਿੰਗ ਪਾਲਿਸੀ ਬਾਰੇ ਵੀ ਵਿਸਥਾਰ ਨਾਲ ਗੱਲਬਾਤ ਕੀਤੀ। 

 

ਪੰਜਾਬ ਵਿਚ ਕੱਢੀਆਂ ਜਾਣਗੀਆਂ ਸ਼ਹਾਦਤ ਯਾਤਰਾਵਾਂ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਇਸ ਸਾਲ 19 ਤੋਂ 25 ਨਵੰਬਰ ਤੱਕ ਮਨਾਇਆ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਵਿਚ ਸ਼ਹਾਦਤ ਯਾਤਰਾਵਾਂ ਕੱਢੀਆਂ ਜਾਣਗੀਆਂ। ਇਹ ਯਾਤਰਾਵਾਂ ਇਕ ਮਾਝੇ ਵਿਚ, ਇਕ ਦੁਆਬੇ ਵਿਚ ਅਤੇ ਦੋ ਮਾਲਵੇ ਵਿਚ ਕੱਢੀਆਂ ਜਾਣਗੀਆਂ, ਜੋ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚੋਂ ਹੁੰਦਿਆਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਸੰਪਨ ਹੋਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਇਕ ਯਾਤਰਾ ਸ੍ਰੀਨਗਰ ਤੋਂ ਸ਼ੁਰੂ ਹੋ ਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇਗੀ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੌਜੂਦ ਰਹਿਣਗੇ। ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਵੀ ਦੱਸਿਆ ਕਿ ਪੰਜਾਬ ਦੇ ਸਾਰੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਸਣੇ ਹੋਰ ਵਿਦਿਅਕ ਅਦਾਰਿਆਂ ਵਿਚ ਵੀ ਧਾਰਮਿਕ ਪ੍ਰੋਗਰਾਮ ਕਰਵਾਏ ਜਾਣਗੇ।

 

ਚੰਡੀਗੜ੍ਹ/ਬਿਊਰੋ ਨਿਊਜ਼

ਸ਼ੋ੍ਰਮਣੀ ਅਕਾਲੀ ਦਲ ਨੂੰ ਅੱਜ ਖਰੜ ਤੋਂ ਵੱਡਾ ਸਿਆਸੀ ਝਟਕਾ ਲੱਗਾ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਰੀਅਲ ਅਸਟੇਟ ਕਾਰੋਬਾਰੀ ਰਣਜੀਤ ਸਿੰਘ ਗਿੱਲ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਵਲੋਂ ਇਹ ਅਸਤੀਫਾ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਆਪਣੇ ਅਸਤੀਫੇ ਵਿਚ ਲਿਖਿਆ ਕਿ ਮੈਂ ਸ਼ੋ੍ਰਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ, ਸਾਰੇ ਅਹੁਦਿਆਂ ਅਤੇ ਜ਼ਿੰਮੇਵਾਰੀਆਂ ਤੋਂ ਅਸਤੀਫਾ ਦਿੰਦਾ ਹਾਂ। ਉਹ ਦੋ ਵਾਰ ਖਰੜ ਵਿਧਾਨ ਸਭਾ ਹਲਕੇ ਤੋਂ ਚੋਣ ਵੀ ਲੜ ਚੁੱਕੇ ਹਨ, ਪਰ ਉਨ੍ਹਾਂ ਨੂੰ ਜਿੱਤ ਹਾਸਲ ਨਹੀਂ ਹੋਈ ਸੀ। ਰਣਜੀਤ ਸਿੰਘ ਗਿੱਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਮੰਨੇ ਜਾਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸਥਾਨਕ ਵਰਕਰਾਂ ਦੀ ਸਲਾਹ ਨਾਲ ਹੀ ਲਿਆ ਹੈ ਅਤੇ ਉਹ ਹੁਣ ਅਕਾਲੀ ਦਲ ਤੋਂ ਪੂਰੀ ਤਰ੍ਹਾਂ ਕਿਨਾਰਾ ਕਰ ਚੁੱਕੇ ਹਨ। 

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.