Saturday, 20 June 2026

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਿੱਤੀ ਜਾਣਕਾਰੀ

ਅੰਮਿ੍ਰਤਸਰ/ਬਿਊਰੋ ਨਿਊਜ਼ 

ਸ੍ਰੀ ਹਰਿਮੰਦਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ ਉਪਰੰਤ ਪੁਲਿਸ ਵਲੋਂ ਫਰੀਦਾਬਾਦ ਦੇ ਇਕ ਸਾਫਟਵੇਅਰ ਇੰਜੀਨੀਅਰ ਨੂੰ ਕਾਬੂ ਕੀਤਾ ਹੈ। ਇਸ ਵਿਅਕਤੀ ਦੀ ਸ਼ਨਾਖਤ ਸ਼ੁਭਮ ਦੂਬੇ ਵਜੋਂ ਹੋਈ ਹੈ ਅਤੇ ਉਸਦੀ ਉਮਰ 24 ਸਾਲ ਦੱਸੀ ਜਾ ਰਹੀ ਹੈ। ਇਹ ਜਾਣਕਾਰੀ ਅੰਮਿ੍ਰਤਸਰ ਪੁਲਿਸ ਲਾਈਨ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਈਮੇਲ ਸਿਰਫ ਸ੍ਰੀ ਹਰਿਮੰਦਰ ਸਾਹਿਬ ਨੂੰ ਹੀ ਨਹੀਂ ਸਗੋਂ ਦਿੱਲੀ ਦੇ ਸਕੂਲਾਂ, ਅਦਾਲਤਾਂ, ਮੁੱਖ ਮੰਤਰੀ, ਸੰਸਦ ਮੈਂਬਰਾਂ ਅਤੇ ਤਾਮਿਲਨਾਡੂ ਦੇ ਕਈ ਅਦਾਰਿਆਂ ਨੂੰ ਵੀ ਭੇਜੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜੇਕਰ ਪੁੱਛਗਿੱਛ ਦੌਰਾਨ ਸ਼ੁਭਮ ਦੂਬੇ ਦੀ ਇਸ ਮਾਮਲੇ ਵਿਚ ਸ਼ਮੂਲੀਅਤ ਪਾਈ ਜਾਂਦੀ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ ਅਤੇ ਉਸਦੇ ਹੋਰ ਸਾਥੀਆਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਐਸ.ਜੀ.ਪੀ.ਸੀ. ਨੂੰ 14 ਜੁਲਾਈ ਤੋਂ ਹੁਣ ਤੱਕ 5 ਧਮਕੀ ਭਰੇ ਈਮੇਲ ਮਿਲੇ ਹਨ। 

 

 

ਡਾ. ਬਲਜੀਤ ਕੌਰ ਨੇ ਕਿਹਾ : ਪੰਜਾਬ ਨੂੰ ਬਣਾਇਆ ਜਾਵੇਗਾ ਭਿਖਾਰੀ ਮੁਕਤ ਸੂਬਾ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਚ ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਚੰਡੀਗੜ੍ਹ ’ਚ ਮੀਡੀਆ ਨੂੰ ਸੰਬੋਧਨ ਕੀਤਾ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਨੂੰ ਹੁਣ ਭਿਖਾਰੀ ਮੁਕਤ ਸੂਬਾ ਬਣਾਇਆ ਜਾਵੇਗਾ। ਪ੍ਰਸ਼ਾਸਨ ਵਲੋਂ ਭਿਖਾਰੀਆਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਦੋ ਦਿਨਾਂ ਵਿਚ 40 ਤੋਂ ਵੱਧ ਬੱਚਿਆਂ ਨੂੰ ਬਚਾਇਆ ਗਿਆ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਜੇਕਰ ਕੋਈ ਮਾਤਾ-ਪਿਤਾ ਆਪਣੇ ਬੱਚਿਆਂ ਕੋਲੋਂ ਜ਼ਬਰਨ ਭੀਖ ਮੰਗਵਾਉਂਦੇ ਹਨ ਤਾਂ ਪਹਿਲਾਂ ਉਨ੍ਹਾਂ ਨੂੰ ਸਮਝਾਇਆ ਜਾਵੇਗਾ। ਜੇਕਰ ਉਹ ਨਹੀਂ ਮੰਨੇ ਤਾਂ ਉਨ੍ਹਾਂ ਨੂੰ ਅਣਫਿੱਟ ਐਲਾਨਿਆ ਜਾਵੇਗਾ ਅਤੇ ਇਸ ਤੋਂ ਬਾਅਦ ਉਨ੍ਹਾਂ ਦੇ ਬੱਚਿਆਂ ਨੂੰ ਗੋਦ ਦੇਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕਦੀ ਹੈ। ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਤੰਬਰ 2024 ਵਿਚ ਜੀਵਨਜੋਤ  ਪ੍ਰੋਜੈਕਟ ਲਾਂਚ ਕੀਤਾ ਸੀ। ਇਸਦਾ ਮਕਸਦ ਸੜਕਾਂ ’ਤੇ ਬੱਚਿਆਂ ਨੂੰ ਭੀਖ ਮੰਗਣ ਤੋਂ ਰੋਕਣਾ ਹੈ। 

 

ਕਿਹਾ : ਪਾਣੀ ਬਚਾਉਣਾ ਅੱਜ ਦੇ ਸਮੇਂ ਦੀ ਵੱਡੀ ਲੋੜ

ਸੁਲਤਾਨਪੁਰ ਲੋਧੀ/ਬਿਊਰੋ ਨਿਊਜ਼ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਵਿੱਤਰ ਕਾਲੀ ਵੇਈਂ ਦੀ 25ਵੀਂ ਵਰ੍ਹੇਗੰਢ ਮੌਕੇ ਸੁਲਤਾਨਪੁਰ ਲੋਧੀ ਪਹੁੰਚੇ। ਇਸ ਮੌਕੇ ਸੀਐਮ ਮਾਨ ਨੇ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਕੰਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜਿਸ ਕੰਮ ਨੂੰ ਅਸੰਭਵ ਮੰਨਿਆ ਜਾਂਦਾ ਸੀ, ਉਸ ਕੰਮ ਨੂੰ ਸੰਤ ਸੀਚੇਵਾਲ ਹੋਰਾਂ ਨੇ ਸੰਭਵ ਕਰ ਦਿੱਤਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਾਣੀ ਬਚਾਉਣਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਇਸੇ ਦੌਰਾਨ ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਜਿੱਥੇ ਕਿਤੇ ਵੀ ਪਾਣੀ ਬਰਬਾਦ ਹੋ ਰਿਹਾ ਹੈ, ਉਸ ਨੂੰ ਰੋਕਣ ਦੀ ਕੋਸ਼ਿਸ਼ ਕਰੋ ਅਤੇ ਦੂਜਿਆਂ ਨੂੰ ਵੀ ਜਾਗਰੂਕ ਕਰੋ। ਸੀਐਮ ਮਾਨ ਨੇ ਹਰਿਆਣਾ ਨੂੰ ਵੀ ਨਸੀਹਤ ਦਿੰਦੇ ਹੋਏ ਕਿਹਾ ਕਿ ਹਰਿਆਣਾ ਵਾਲੇ ਵੀ ਸਾਡੇ ਭਰਾ ਹਨ। ਉਨ੍ਹਾਂ ਕਿਹਾ ਕਿ ਪਿਆਰ ਨਾਲ ਸਾਡੇ ਕੋਲੋਂ ਜੋ ਚੀਜ਼ ਮੰਗੀ ਜਾਵੇਗੀ ਤਾਂ ਅਸੀਂ ਦਿਆਂਗੇ, ਪਰ ਜ਼ਬਰਦਸਤੀ ਕੋਈ ਵੀ ਚੀਜ਼ ਨਹੀਂ ਦਿਆਂਗੇ।

 

ਕੇ.ਡੀ. ਭੰਡਾਰੀ ਅਤੇ ਰਵੀ ਕਰਨ ਕਾਹਲੋਂ ਨੂੰ ਸਹਿ-ਇੰਚਾਰਜ ਦੀ ਜ਼ਿੰਮੇਵਾਰੀ

ਚੰਡੀਗੜ੍ਹ/ਬਿਊਰੋ ਨਿਊਜ਼

ਵਿਧਾਨ ਸਭਾ ਹਲਕਾ ਤਰਨਤਾਰਨ ਵਿਚ ਵੀ ਜ਼ਿਮਨੀ ਚੋਣ ਹੋਣੀ ਹੈ। ਇਸ ਚੋਣ ਨੂੰ ਲੈ ਕੇ ਚੋਣ ਕਮਿਸ਼ਨ ਵਲੋਂ ਅਜੇ ਤੱਕ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ ਹੈ।  ਧਿਆਨ ਰਹੇ ਕਿ ਪਿਛਲੇ ਦਿਨੀਂ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦਿਹਾਂਤ ਹੋ ਗਿਆ ਸੀ। ਇਸ ਤੋਂ ਬਾਅਦ ਵਿਧਾਨ ਸਭਾ ਹਲਕਾ ਤਰਨਤਾਰਨ  ਦੀ ਸੀਟ ਖਾਲੀ ਐਲਾਨ ਦਿੱਤੀ ਗਈ ਸੀ। ਇਸਦੇ ਚੱਲਦਿਆਂ ਪੰਜਾਬ ਭਾਜਪਾ ਨੇ ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ ਲਈ ਤਿਆਰੀ ਵਿੱਢ ਦਿੱਤੀ ਹੈ। ਭਾਰਤੀ ਜਨਤਾ ਪਾਰਟੀ ਨੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੂੰ ਹਲਕਾ ਤਰਨਤਾਰਨ ਦਾ ਇੰਚਾਰਜ ਨਿਯੁਕਤ ਕੀਤਾ ਹੈ। ਇਸੇ ਤਰ੍ਹਾਂ ਸਾਬਕਾ ਸੀਪੀਐੱਸ ਕੇ.ਡੀ. ਭੰਡਾਰੀ ਅਤੇ ਸਾਬਕਾ ਵਿਧਾਇਕ ਰਵੀ ਕਰਨ ਸਿੰਘ ਕਾਹਲੋਂ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। 

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.