Friday, 19 June 2026

ਛੱਤੀਸਗੜ੍ਹ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਭੁਪੇਸ ਬਘੇਲ

ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਵੱਲੋਂ ਪਾਰਟੀ ਸੰਗਠਨ ’ਚ ਫੇਰ ਕਰਦੇ ਹੋਏ ਕਈ ਰਾਜਾਂ ਦੇ ਨਵੀਂ ਇੰਚਾਰਜ ਨਿਯੁਕਤ ਕੀਤੇ ਹਨ। ਇਨ੍ਹਾਂ ’ਚ ਸਭ ਤੋਂ ਅਹਿਮ ਫੈਸਲਾ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਪੰਜਾਬ ਦਾ ਇੰਚਾਰਜ ਨਿਯੁਕਤ ਕਰਨ ਵਾਲਾ ਹੈ। ਉਨ੍ਹਾਂ ਦੀ ਨਿਯੁਕਤੀ ਨੂੰ ਪੰਜਾਬ ਲਈ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ। ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਵੱਲੋਂ ਜਾਰੀ ਕੀਤੇ ਗਏ ਬਿਆਨ ਵਿਚ ਇਹ ਜਾਣਕਾਰੀ ਦਿੱਤੀ ਗਈ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਸਨ ਅਤੇ ਉਨ੍ਹਾਂ ਨੂੰ ਦਸੰਬਰ 2023 ’ਚ ਕਾਂਗਰਸ ਪਾਰਟੀ ਵੱਲੋਂ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ। ਉਧਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭੁਪੇਸ਼ ਬਘੇਲ ਦੀ ਅਗਵਾਈ ’ਚ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕਰਨ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਕਿਹਾ ਕਿ ਤੁਹਾਡੀ ਅਗਵਾਈ ’ਚ ਪੰਜਾਬ ਕਾਂਗਰਸ ਹੋਰ ਮਜ਼ਬੂਤ ਹੋਵੇਗੀ।

 

ਡਿਪੋਰਟ ਹੋਣ ਵਾਲਿਆਂ ’ਚ ਪੰਜਾਬ ਅਤੇ ਹਰਿਆਣਾ ਦੇ ਬਹੁਗਿਣਤੀ ਨੌਜਵਾਨ

ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਦਾ ਇੱਕ ਫੌਜੀ ਜਹਾਜ਼ ਅੱਜ ਅੰਮਿ੍ਰਤਸਰ ਦੇ ਕੌਮਾਂਤਰੀ ਹਵਾਈ ਅੱਡੇ ’ਤੇ 119 ਭਾਰਤੀ ਨਾਗਰਿਕਾਂ ਨੂੰ ਲੈ ਕੇ ਉਤਰੇਗਾ। ਗੈਰ-ਦਸਤਾਵੇਜ਼ੀ ਪ੍ਰਵਾਸੀਆਂ ’ਤੇ ਅਮਰੀਕੀ ਸਰਕਾਰ ਵੱਲੋਂ ਜਾਰੀ ਕਾਰਵਾਈ ਦੇ ਤਹਿਤ ਭਾਰਤ ਪਹੁੰਚਣ ਵਾਲਾ ਇਹ ਦੂਜਾ ਜਹਾਜ਼ ਹੋਵੇਗਾ। ਮੀਡੀਆ ਰਿਪੋਰਟਾਂ ਅਨੁਸਾਰ ਡਿਪੋਰਟ ਕੀਤੇ ਗਏ ਵਿਅਕਤੀਆਂ ਵਿੱਚ ਪੰਜਾਬ ਦੇ 67, ਹਰਿਆਣਾ ਦੇ 33, ਗੁਜਰਾਤ ਦੇ ਅੱਠ, ਉੱਤਰ ਪ੍ਰਦੇਸ਼ ਦੇ ਤਿੰਨ, ਰਾਜਸਥਾਨ ਅਤੇ ਮਹਾਰਾਸ਼ਟਰ ਦੇ ਦੋ-ਦੋ ਅਤੇ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਤੋਂ ਇੱਕ-ਇੱਕ ਵਿਅਕਤੀ ਸ਼ਾਮਲ ਹਨ। ਉਨ੍ਹਾਂ ਨੂੰ ਵਾਪਸ ਭੇਜਣਾ ਅਮਰੀਕੀ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਗੈਰ-ਕਾਨੂੰਨੀ ਤੌਰ ’ਤੇ ਦੇਸ਼ ਵਿੱਚ ਦਾਖਲ ਹੋਏ ਜਾਂ ਆਪਣੇ ਵੀਜ਼ਿਆਂ ਤੋਂ ਵੱਧ ਠਹਿਰਣ ਵਾਲੇ ਵਿਅਕਤੀਆਂ ਵਿਰੁੱਧ ਜਾਰੀ ਕਾਰਵਾਈ ਦਾ ਹਿੱਸਾ ਹੈ। ਇਹ ਡਿਪੋਰਟ ਹੋਣ ਦਾ ਮੁੱਦਾ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕਾ ਦੇ ਦੌਰੇ ਦੇ ਤੁਰੰਤ ਬਾਅਦ ਆਇਆ ਹੈ, ਜਿੱਥੇ ਉਨ੍ਹਾਂ ਇਮੀਗ੍ਰੇਸ਼ਨ ਸਮੇਤ ਮੁੱਖ ਦੁਵੱਲੇ ਮੁੱਦਿਆਂ ’ਤੇ ਚਰਚਾ ਕਰਨ ਲਈ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਪਹਿਲਾਂ ਡਿਪੋਰਟ ਕੀਤੇ ਗਏ ਭਾਰਤੀ ਨਾਗਰਿਕਾਂ ਨੂੰ ਅਮਰੀਕਾ ਵੱਲੋਂ ਹਥਕੜੀਆਂ ਅਤੇ ਬੇੜੀਆਂ ਪਾ ਕੇ ਡਿਪੋਰਟ ਕੀਤਾ ਗਿਆ ਸੀ, ਜੋ ਕਿ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। 

ਦੋ ਦਰਜਨ ਦੇ ਲਗਭਗ ਵਿਅਕਤੀ ਹੋਏ ਗੰਭੀਰ ਰੂਪ ਵਿਚ ਜ਼ਖਮੀ

ਲਖਨਊ/ਬਿਊਰੋ ਨਿਊਜ਼ : ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਜ਼ਿਲ੍ਹੇ ਵਿਚ ਅੱਜ ਇਕ ਵੱਡਾ ਸੜਕ ਹਾਦਸਾ ਵਾਪਰ ਗਿਆ ਅਤੇ ਇਸ ਹਾਦਸੇ ’ਚ ਦਸ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਦਕਿ 19 ਵਿਅਕਤੀ ਗੰਭੀਰ ਰੂਪ ’ਚ ਜ਼ਖਮੀ ਹੋ ਗਏ ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮੀਡੀਆ ਰਿਪੋਰਟਾਂ ਤੋਂ ਜਾਣਕਾਰੀ ਅਨੁਸਾਰ ਮੇਜਾ ਵਿਚ ਪ੍ਰਯਾਗਰਾਜ-ਮਿਰਜ਼ਾਪੁਰ ਹਾਈਵੇਅ ’ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਸ਼ਰਧਾਲੂਆਂ ਨਾਲ ਭਰੀ ਬੋਲੇਰੋ ਅਤੇ ਬੱਸ ਵਿਚਕਾਰ ਸਿੱਧੀ ਟੱਕਰ ਹੋ ਗਈ ਹੈ। ਇਸ ਹਾਦਸੇ ਵਿਚ ਬੋਲੈਰੋ ਵਿਚ ਸਵਾਰ ਸਾਰੇ 10 ਸ਼ਰਧਾਲੂਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਹ ਸਾਰੇ ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ ਦੇ ਰਹਿਣ ਵਾਲੇ ਸਨ। ਬੋਲੇਰੋ ਵਿਚ ਯਾਤਰਾ ਕਰ ਰਹੇ ਸਾਰੇ 10 ਸ਼ਰਧਾਲੂ ਸੰਗਮ ਇਸ਼ਨਾਨ ਲਈ ਜਾ ਰਹੇ ਸਨ। ਇਸ ਹਾਦਸੇ ਵਿਚ, ਸੰਗਮ ਵਿਚ ਇਸ਼ਨਾਨ ਕਰਨ ਤੋਂ ਬਾਅਦ ਵਾਰਾਣਸੀ ਜਾ ਰਹੀ ਬੱਸ ਵਿਚ ਸਵਾਰ 19 ਸ਼ਰਧਾਲੂ ਵੀ ਜ਼ਖਮੀ ਹੋ ਗਏ। ਬੱਸ ਵਿਚ ਸਫ਼ਰ ਕਰਨ ਵਾਲੇ ਸਾਰੇ ਸ਼ਰਧਾਲੂ ਮੱਧ ਪ੍ਰਦੇਸ਼ ਦੇ ਰਾਜਗੜ੍ਹ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਇਸ ਭਿਆਨਕ ਹਾਦਸੇ ’ਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। 

ਮੁੱਖ ਮੰਤਰੀ ਮਾਨ ਦੀ ਅਗਵਾਈ ’ਚ ਹੋਈ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ ਫੈਸਲਾ

ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ 24 ਅਤੇ 25 ਫਰਵਰੀ ਨੂੰ ਦੋ ਦਿਨਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫੈਸਲਾ ਕੀਤਾ ਗਿਆ। ਕੈਬਨਿਟ ਮੀਟਿੰਗ ਤੋਂ ਬਾਅਦ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਸ਼ੇਸ਼ ਇਜਲਾਸ ਦੌਰਾਨ ਪੈਂਡਿੰਗ ਬਿਲਾਂ ਨੂੰ ਪਾਸ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਅੱਜ ਦੀ ਕੈਬਨਿਟ ਮੀਟਿੰਗ ਦੌਰਾਨ ਸਿਹਤ ਵਿਭਾਗ ’ਚ ਖਾਲੀ ਪਈਆਂ 822 ਅਸਾਮੀਆਂ ’ਤੇ ਭਰਤੀ ਕਰਨ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ। ਜਦਕਿ 2 ਹਜ਼ਾਰ ਪੀਟੀਆਈ ਅਧਿਆਪਕਾਂ ਅਤੇ 13 ਡਾਕਟਰਾਂ ਦੀ ਭਰਤੀ ਲਈ ਵੀ ਕੈਬਨਿਟ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਐਨਆਰਆਈਜ਼ ਦੇ ਮਾਮਲਿਆਂ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਉਣ ਲਈ 6 ਵਿਸ਼ੇਸ਼ ਅਦਾਲਤਾਂ ਸਥਾਪਿਤ ਕਰਨ ਲਈ ਵੀ ਮਨਜ਼ੂਰੀ ਦਿੱਤੀ ਗਈ। ਅਮਰੀਕਾ ਤੋਂ ਡਿਪੋਰਟ ਹੋ ਕੇ ਵਿਅਕਤੀਆਂ ਦੇ ਮਾਮਲੇ ’ਤੇ ਹਰਪਾਲ ਚੀਮਾ ਨੇ ਕਿਹਾ ਧੋਖੇਬਾਜ਼ ਟਰੈਵਲ ਏਜੰਟਾਂ ਖਿਲਾਫ਼ ਸਰਕਾਰ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਜਦਕਿ ਕੈਬਨਿਟ ਮੀਟਿੰਗ ਦੌਰਾਨ ਕਈ ਹੋਰ ਅਹਿਮ ਫੈਸਲੇ ਵੀ ਲਏ ਗਏ।

 

  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.