Monday, 22 June 2026

ਰਵਨੀਤ ਬਿੱਟੂ ਅਤੇ ਨਵਜੋਤ ਸਿੱਧੂ ਦੇ ਬਿਆਨਾਂ ਨੂੰ ਵੀ ਮੀਡੀਆ ਸਾਹਮਣੇ ਕੀਤਾ ਪੇਸ਼

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਵਿਖੇ ਪਾਰਟੀ ਦੇ ਮੁੱਖ ਦਫਤਰ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਾਂਗਰਸ, ਭਾਜਪਾ, ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਪ੍ਰਮੁੱਖ ਆਗੂਆਂ ਨੂੰ ਚਿੱਟੇ ਦੇ ਮਾਮਲੇ ਚ ਲੰਮੇ ਹੱਥੀ ਲਿਆ। ਉਨ੍ਹਾਂ ਖ਼ਾਸ ਕਰਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਮੌਜੂਦਾ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸੁਖਪਾਲ ਸਿੰਘ ਖਹਿਰਾ ’ਤੇ ਚਿੱਟੇ ਦੇ ਵਪਾਰੀਆਂ ਨਾਲ ਖੜੇ੍ਹ ਹੋਣ ਦਾ ਵੀ ਆਰੋਪ ਲਾਇਆ। ਉਹਨਾਂ ਨੇ ਭਾਜਪਾ ਦੇ ਨੇਤਾ ਰਵਨੀਤ ਸਿੰਘ ਬਿੱਟੂ ਅਤੇ ਨਵਜੋਤ ਸਿੰਘ ਸਿੱਧੂ ਵਲੋਂ ਸਮੇਂ-ਸਮੇਂ ਦਿੱਤੇ ਬਿਆਨਾਂ ਨੂੰ ਵੀ ਮੀਡੀਆ ਦੇ ਸਾਹਮਣੇ ਪੇਸ਼ ਕਰਦੇ ਹੋਏ ਉਨ੍ਹਾਂ ਦੇ ਦੋਗਲੇ ਚਿਹਰਿਆਂ ਦਾ ਪਰਦਾਫਾਸ਼ ਕਰਨ ਦਾ ਯਤਨ ਕੀਤਾ। ਹਰਪਾਲ ਸਿੰਘ ਚੀਮਾ ਨੇ ਕਾਂਗਰਸ ਆਗੂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਵੀ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਵਰਗੇ ਵਿਅਕਤੀਆਂ ਨੂੰ ਪਾਰਟੀ ’ਚੋਂ ਬਾਹਰ ਦਾ ਰਸਤਾ ਦਿਖਾਉਣਾ ਚਾਹੀਦਾ ਹੈ। ਚੀਮਾ ਨੇ ਕਿਹਾ ਕਿ  ਇਹ ਆਗੂ ਚਿੱਟੇ ਦੇ ਵਪਾਰੀਆਂ ਨਾਲ ਖੜੇ੍ਹ ਹੋਣ ਦੇ ਹੁੰਗਾਰੇ ਭਰ ਰਹੇ ਹਨ। 

 

ਕਿਹਾ : ਗਵਾਹੀ ਦੀ ਜ਼ਰੂਰਤ ਹੈ ਤਾਂ ਮੈਂ ਹਾਂ ਤਿਆਰ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਗਿ੍ਰਫਤਾਰ ਕੀਤਾ ਹੋਇਆ ਹੈ। ਇਸਦੇ ਚੱਲਦਿਆਂ ਕਈ ਸਿਆਸੀ ਪਾਰਟੀਆਂ ਦੇ ਆਗੂ ਮਜੀਠੀਆ ਦੇ ਪੱਖ ਵਿਚ ਬਿਆਨ ਦੇ ਰਹੇ ਹਨ। ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜੋ ਪਰਚਾ ਮਜੀਠੀਆ ’ਤੇ ਹੁਣ ਦਰਜ ਕੀਤਾ ਗਿਆ ਹੈ, ਉਹ ਪਰਚਾ ਮੈਂ ਕਾਂਗਰਸ ਸਰਕਾਰ ਸਮੇਂ ਦਰਜ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਹੁਣ ਉਸੇ ਕੇਸ ਦੀਆਂ ਦੋ ਲਾਈਨਾਂ ਪਾ ਕੇ ਮਜੀਠੀਆ ਨੂੰ ਗਿ੍ਰਫਤਾਰ ਕੀਤਾ ਹੈ। ਚੰਨੀ ਨੇ ਕਿਹਾ ਕਿ ਵਿਜੀਲੈਂਸ ਸਿਰਫ ਭਿ੍ਰਸ਼ਟਾਚਾਰ ਦੇ ਕੇਸਾਂ ਨੂੰ ਡੀਲ ਕਰਦੀ ਹੈ, ਨਸ਼ਿਆਂ ਨੂੰ ਨਹੀਂ। ਉਨ੍ਹਾਂ ਕਿਹਾ ਕਿ ਫਿਰ ਵੀ ਇਸ ਪਰਚੇ ’ਚ ਕਿਸੇ ਵੀ ਤਰ੍ਹਾਂ ਦੀ ਮੇਰੀ ਗਵਾਹੀ ਦੀ ਜ਼ਰੂਰਤ ਪੈਂਦੀ ਹੈ ਤਾਂ ਮੈਂ ਤਿਆਰ ਹਾਂ। ਚੰਨੀ ਨੇ ਕਿਹਾ ਕਿ ਮੇਰੇ ਖਿਲਾਫ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਮੈਂ ਕਿਸੇ ਵੀ ਨਸ਼ਾ ਤਸਕਰ ਦਾ ਸਮਰਥਨ ਨਹੀਂ ਕਰਦਾ। 

 

ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ’ਚ ਮਜੀਠੀਆ ਦੀ ਹੋਈ ਹੈ ਗਿ੍ਰਫਤਾਰੀ  

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਗਿ੍ਰਫਤਾਰ ਕੀਤਾ ਹੋਇਆ ਹੈ ਅਤੇ ਹੁਣ ਮਜੀਠੀਆ ’ਤੇ ਸ਼ਿਕੰਜਾ ਹੋਰ ਵੀ ਕੱਸਿਆ ਜਾ ਰਿਹਾ ਹੈ। ਹੁਣ ਤੱਕ ਮਜੀਠੀਆ ਦੇ ਖਿਲਾਫ ਪੰਜਾਬ ਦੇ ਸਾਬਕਾ ਡੀਜੀਪੀ ਸਿਧਾਰਥ ਚੱਟੋਪਾਧਿਆਏ ਤੋਂ ਲੈ ਕੇ ਸਾਬਕਾ ਪੀ.ਏ. ਤਲਬੀਰ ਸਿੰਘ ਗਿੱਲ ਆਪਣੇ ਬਿਆਨ ਵਿਜੀਲੈਂਸ ਨੂੰ ਦਰਜ ਕਰਵਾ ਚੁੱਕੇ ਹਨ। ਇਸਦੇ ਚੱਲਦਿਆਂ ਵਿਜੀਲੈਂਸ ਅੱਜ ਮਜੀਠੀਆ ਨੂੰ ਲੈ ਕੇ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ’ਚ ਪਹੁੰਚੀ। ਵਿਜੀਲੈਂਸ ਦਾ ਕਹਿਣਾ ਹੈ ਕਿ ਗਵਾਹਾਂ ਦੇ ਬਿਆਨਾਂ ਨਾਲ ਕਈ ਅਹਿਮ ਜਾਣਕਾਰੀਆਂ ਹੱਥ ਲੱਗੀਆਂ ਹਨ, ਜੋ ਕਿ ਇਸ ਕੇਸ ਵਿਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਇਸ ਮਾਮਲੇ ਦੀ ਸੁਣਵਾਈ ਦੋ ਜੁਲਾਈ ਨੂੰ ਅਦਾਲਤ ਵਿਚ ਹੋਣੀ ਹੈ। 

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਦੁੱਖ ਪ੍ਰਗਟ

ਚੰਡੀਗੜ੍ਹ/ਬਿਊਰੋ ਨਿਊਜ਼

ਤਰਨਤਾਰਨ ਅਸੈਂਬਲੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਮਿ੍ਰਤਸਰ ਦੇ ਇਕ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ ਅਤੇ ਉਹ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ’ਤੇ ਇਕ ਪੋਸਟ ਵਿਚ ਡਾ. ਸੋਹਲ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ ਹੈ। ਸੀਐਮ ਮਾਨ ਨੇ ਕਿਹਾ ਕਿ ਤਰਨਤਾਰਨ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ ਹੈ ਅਤੇ ਇਹ ਸੁਣ ਕੇ ਬੇਹੱਦ ਦੁੱਖ ਲੱਗਿਆ ਹੈ। ਉਨ੍ਹਾਂ ਕਿਹਾ ਕਿ ਡਾ. ਕਸ਼ਮੀਰ ਸਿੰਘ ਸੋਹਲ ਪਾਰਟੀ ਦੇ ਬਹੁਤ ਹੀ ਮਿਹਨਤੀ ਤੇ ਜੁਝਾਰੂ ਆਗੂ ਸਨ। ਇਸ ਦੁੱਖ ਦੀ ਘੜੀ ਵਿਚ ਅਸੀਂ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟਾਉਂਦੇ ਹਾਂ। ਇਸੇ ਦੌਰਾਨ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ’ਤੇ ਪੰਜਾਬ ’ਚ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 

 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.