Saturday, 20 June 2026

ਸੁਖਪਾਲ ਖਹਿਰਾ ਵੀ ਮਜੀਠੀਆ ਦੀ ਹਮਾਇਤ ਵਿਚ ਨਿੱਤਰੇ

ਚੰਡੀਗੜ੍ਹ/ਬਿਊਰੋ ਨਿਊਜ਼ 

ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ’ਤੇ ਹੋਈ ਵਿਜੀਲੈਂਸ ਦੀ ਛਾਪੇਮਾਰੀ ਸੰਬੰਧੀ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਭਗਵੰਤ ਮਾਨ ਵਲੋਂ ਵਿਜੀਲੈਂਸ ਦੀ ਦੁਰਵਰਤੋ ਬਹੁਤ ਹਲਕੀ ਰਾਜਨੀਤੀ ਦਾ ਸਬੂਤ ਦਿੰਦੀ ਹੈ। ਉਨ੍ਹਾਂ ਕਿਹਾ ਕਿ ਜੋ ਕਾਂਗਰਸ ਪਾਰਟੀ ਨੇ ਐਮਰਜੈਂਸੀ ਲਗਾ ਕੇ ਕੀਤਾ ਸੀ, ਉਹ ਹੀ ਹਾਲ ਭਗਵੰਤ ਮਾਨ ਨੇ ਪੰਜਾਬ ਵਿਚ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜਾ ਆਗੂ ਮਾਨ ਦੀ ਨਕਾਮੀ ਜਾਂ ਸਰਕਾਰ ਦੀ ਨਾਕਾਮੀ ’ਤੇ ਸਵਾਲ ਚੁੱਕਦਾ ਹੈ, ਉਸ ਨੂੰ ਡਰਾ ਧਮਕਾ ਕੇ ਚੁੱਪ ਕਰਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਇਸੇ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੀ ਅਕਾਲੀ ਆਗੂ ਮਜੀਠੀਆ ਦੀ ਹਮਾਇਤ ਵਿਚ ਖੁੱਲ੍ਹ ਕੇ ਨਿੱਤਰ ਆਏ ਹਨ। ਖਹਿਰਾ ਨੇ ਆਪਣੇ ਅਧਿਕਾਰਤ ਫੇਸਬੁੱਕ ਅਕਾਊਂਟ ’ਤੇ ਪੋਸਟ ਕੀਤੀ ਵੀਡੀਓ ਵਿਚ ਵਿਜੀਲੈਂਸ ਛਾਪਿਆਂ ਦੀ ਨਿਖੇਧੀ ਕਰਦਿਆਂ ਇਸ ਨੂੰ ਸਿਆਸੀ ਬਦਲਾਖੋਰੀ ਦੀ ਕਾਰਵਾਈ ਕਰਾਰ ਦਿੱਤਾ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਮੈਂ ਬਿਕਰਮ ਮਜੀਠੀਆ ਦੀ ਰਿਹਾਇਸ਼ ਤੇ ਹੋਰਨਾਂ ਟਿਕਾਣਿਆਂ ’ਤੇ ਸਿਆਸੀ ਬਦਲਾਖੋਰੀ ਦੇ ਇਰਾਦੇ ਨਾਲ ਮਾਰੇ ਛਾਪਿਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਾ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਹੁਣ ਪੁਲਿਸ ਰਾਜ ਵਿਚ ਬਦਲ ਗਿਆ ਹੈ।

 

ਵਿਜੀਲੈਂਸ ਦੀ ਕਾਰਵਾਈ ਨਾਲ ਸਿਆਸਤ ਗਰਮਾਈ

ਚੰਡੀਗੜ੍ਹ/ਬਿਊਰੋ ਨਿਊਜ਼

ਵਿਜੀਲੈਂਸ ਦੀ ਟੀਮ ਨੇ ਬਿਕਰਮ ਸਿੰਘ ਮਜੀਠੀਆ ਦੀ ਅੰਮਿ੍ਰਤਸਰ ਵਿਚ ਗਰੀਨ ਐਵੇਨਿਊ ਸਥਿਤ ਰਿਹਾਇਸ਼ ਵਿਚ ਮਾਰੇ ਛਾਪੇ ਦੌਰਾਨ 29 ਮੋਬਾਈਲ ਫੋਨ, 4 ਲੈਪਟਾਪ, 2 ਆਈਪੈਡ, 8 ਡਾਇਰੀਆਂ ਅਤੇ ਕਈ ਦਸਤਾਵੇਜ਼ ਜ਼ਬਤ ਕੀਤੇ ਹਨ। ਦੱਸਣਯੋਗ ਹੈ ਕਿ ਬਿਕਰਮ ਮਜੀਠੀਆ ਵਿਰੁੱਧ ਸਾਲ 2021 ਵਿੱਚ ਦਰਜ ਕੀਤੇ ਗਏ ਐਨਡੀਪੀਐਸ ਐਕਟ ਤਹਿਤ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਪਹਿਲਾਂ ਹੀ ਜਾਂਚ ਚੱਲ ਰਹੀ ਹੈ। ਇਸ ਤੋਂ ਇਲਾਵਾ, ਹਾਲ ਹੀ ਵਿੱਚ ਮਜੀਠੀਆ ਤੇ ਉਨ੍ਹਾਂ ਨਾਲ ਜੁੜੇ ਵਿਅਕਤੀਆਂ ਦੇ ਸ਼ੱਕੀ ਵਿੱਤੀ ਲੈਣ-ਦੇਣ ਦੀ ਵੀ ਜਾਂਚ ਸ਼ੁਰੂ ਕੀਤੀ ਗਈ ਸੀ। ਵਿਜੀਲੈਂਸ ਬਿਊਰੋ ਅਤੇ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 25 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਵਿੱਚ ਅੰਮਿ੍ਰਤਸਰ ’ਚ ਹੀ 9 ਥਾਵਾਂ ਸ਼ਾਮਲ ਹਨ। 

 

ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ’ਚ ਹੋਈ ਕਾਰਵਾਈ

ਅੰਮਿ੍ਰਤਸਰ/ਬਿਊਰੋ ਨਿਊਜ਼    

ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਗਿ੍ਰਫਤਾਰ ਕਰ ਲਿਆ ਹੈ। ਇਹ ਗਿ੍ਰਫਤਾਰੀ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਕੀਤੀ ਗਈ ਹੈ। ਵਿਜੀਲੈਂਸ ਦੀ ਟੀਮ ਮਜੀਠੀਆ ਨੂੰ ਗਿ੍ਰਫਤਾਰ ਕਰਕੇ ਮੁਹਾਲੀ ਲੈ ਗਈ। ਮੀਡੀਆ ਰਿਪੋਰਟਾਂ ਅਨੁਸਾਰ ਵਿਜੀਲੈਂਸ ਦੀ ਟੀਮ ਜਦੋਂ ਮਜੀਠੀਆ ਦੇ ਅੰਮਿ੍ਰਤਸਰ ਸਥਿਤ ਘਰ ਪਹੁੰਚੀ ਤਾਂ ਉਸ ਸਮੇਂ ਮਜੀਠੀਆ ਦੀ ਵਿਜੀਲੈਂਸ ਟੀਮ ਨਾਲ ਬਹਿਸ ਵੀ ਹੋਈ। ਮਜੀਠੀਆ ਦਾ ਕਹਿਣਾ ਸੀ ਕਿ ਇਹ ਸਾਰੀ ਕਾਰਵਾਈ ਸਿਆਸੀ ਬਦਲੇ ਦੀ ਭਾਵਨਾ ਨਾਲ ਕੀਤੀ ਜਾ ਰਹੀ ਹੈ। ਮਜੀਠੀਆ ਨੇ ਕਿਹਾ ਕਿ ਉਹ ਵਿਜੀਲੈਂਸ ਦੀ ਛਾਪੇਮਾਰੀ ਤੋਂ ਡਰਨ ਵਾਲੇ ਨਹੀਂ ਹਨ। ਉਧਰ ਦੂਜੇ ਪਾਸੇ ਬਿਕਰਮ ਸਿੰਘ ਮਜੀਠੀਆ ਦੀ ਧਰਮ ਪਤਨੀ ਵਿਧਾਇਕਾ ਗਨੀਵ ਕੌਰ ਨੇ ਵਿਜੀਲੈਂਸ ਦੀ ਟੀਮ ’ਤੇ ਧੱਕਾਮੁੱਕੀ ਦੇ ਆਰੋਪ ਵੀ ਲਗਾਏ ਹਨ। ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮਿ੍ਰਤਸਰ ਤੇ ਚੰਡੀਗੜ੍ਹ ਵਿਚਲੀਆਂ ਰਿਹਾਇਸ਼ਾਂ ’ਤੇ ਛਾਪੇਮਾਰੀ ਕੀਤੀ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਬਿਕਰਮ ਸਿੰਘ ਮਜੀਠੀਆ ਦੇ ਨਾਲ ਡਟ ਕੇ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਝੂਠੇ ਮਾਮਲੇ ਦਰਜ ਕਰਨਾ ਸੂਬਾ ਸਰਕਾਰ ਦੀ ਅਪਰਾਧਿਕ ਕਾਰਵਾਈ ਹੈ।

ਮੰਤਰੀ ਹਰਭਜਨ ਸਿੰਘ ਨੇ 30 ਸਤੰਬਰ ਤੱਕ ਟ੍ਰੈਫਿਕ ਸੈਂਸਸ ਮੁਕੰਮਲ ਕਰਨ ਲਈ ਕਿਹਾ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਚ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੀਆਂ ਸੜਕਾਂ ਉਤੇ  30 ਸਤੰਬਰ 2025 ਤੱਕ ਟ੍ਰੈਫਿਕ ਸੈਂਸਸ  ਨੂੰ ਮੁਕੰਮਲ ਕਰ ਲਿਆ ਜਾਵੇ ਜੋ ਕਿ ਸੜਕਾਂ ਦੀ ਅਪਗ੍ਰੇਡਸ਼ਨ ਅਤੇ ਨਵੀਂ ਉਸਾਰੀ ਨੂੰ ਹੋਰ ਤਰਕਸੰਗਤ ਬਣਾਉਣ ਵਿੱਚ ਸਹਾਇਕ ਸਿੱਧ ਹੋਵੇਗਾ। ਇਸ ਤੋਂ ਇਲਾਵਾ ਟ੍ਰੈਫਿਕ ਸੈਂਸਸ ਨਾਲ ਸਬੰਧਤ ਡਾਟਾ  ਰਾਹੀਂ ਸੜਕਾਂ ਦੀ ਨਵੀਂ ਉਸਾਰੀ, ਚੌੜਾ ਕਰਨ ਅਤੇ ਹੋਰ ਲੋੜੀਂਦੇ ਸੁਧਾਰ ਬਾਰੇ ਜਾਣਕਾਰੀ ਪ੍ਰਾਪਤ ਕਰਕੇ ਸੜਕੀ ਆਵਾਜਾਈ ਨੂੰ ਹੋਰ ਸੁਰੱਖਿਅਤ ਬਣਾਇਆ ਜਾ ਸਕੇਗਾ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਸੜਕਾਂ ਨੂੰ ਵਿਸ਼ਵ ਪੱਧਰੀ ਬਨਾਉਣ ਲਈ ਯਤਨਸ਼ੀਲ ਹੈ ਤਾਂ ਜੋ ਸੂਬੇ ਦੀ ਵਿਕਾਸ ਰਫਤਾਰ ਨੂੰ ਹੋਰ ਤੇਜ਼ ਕੀਤਾ ਜਾ ਸਕੇ। 

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.