Saturday, 20 June 2026

ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 23 ਜੂਨ ਨੂੰ ਹੋ ਜਾਵੇਗਾ

ਲੁਧਿਆਣਾ/ਬਿਊਰੋ ਨਿਊਜ਼ 

ਲੁਧਿਆਣਾ (ਪੱਛਮੀ) ਜ਼ਿਮਨੀ ਚੋਣ ਲਈ ਲੰਘੇ ਕੱਲ੍ਹ ਵੋਟਾਂ ਪੈਣ ਦਾ ਕੰਮ ਅਮਨ ਅਮਾਨ ਨਾਲ ਸੰਪਨ ਹੋ ਗਿਆ ਸੀ ਅਤੇ ਹੁਣ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 23 ਜੂਨ ਨੂੰ ਹੋ ਜਾਵੇਗਾ। ਇਸ ਜ਼ਿਮਨੀ ਚੋਣਾਂ ਲਈ ਕੁੱਲ 14 ਉਮੀਦਵਾਰ ਚੋਣ ਮੈਦਾਨ ਵਿਚ ਹਨ। ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਹੈ। ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਵਲੋਂ ਵੀ ਆਪੋ ਆਪਣੀ ਜਿੱਤ ਦਾ ਦਾਅਵਾ ਕੀਤਾ ਜਾ ਰਿਹਾ ਹੈ। ਉਧਰ ਦੂਜੇ ਪਾਸੇ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਇਹ ਜ਼ਿਮਨੀ ਚੋਣ ਜਿੱਤਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਕਜੁੱਟ ਹੈ ਅਤੇ ਅਸੀਂ ਇਹ ਚੋਣ ਜ਼ਰੂਰ ਜਿਤਾਂਗੇ। ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਜੀਵਨ ਗੁਪਤਾ ਨੇ ਵੀ ਵੋਟਰਾਂ ਦਾ ਧੰਨਵਾਦ ਕੀਤਾ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਇਹ ਚੋਣ ਲੜਾਈ ਹੈ। ‘ਆਪ’ ਵਲੋਂ ਵਾਅਦਾ ਕੀਤਾ ਗਿਆ ਹੈ ਕਿ ਜੇ ਸੰਜੀਵ ਅਰੋੜਾ ਜਿੱਤਦੇ ਹਨ ਤਾਂ ਉਨ੍ਹਾਂ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕੀਤਾ ਜਾਵੇਗਾ। ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਜੇਕਰ ਸੰਜੀਵ ਅਰੋੜਾ ਜਿੱਤਦੇ ਹਨ ਤਾਂ ਉਨ੍ਹਾਂ ਨੂੰ ਰਾਜ ਸਭਾ ਦੀ ਸੀਟ ਛੱਡਣੀ ਪਵੇਗੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਕੋਟੇ ’ਚੋਂ ਰਾਜ ਸਭਾ ’ਚ ਭੇਜਿਆ ਜਾ ਸਕਦਾ ਹੈ।

 

ਸੰਤ ਬਲਬੀਰ ਸਿੰਘ ਸੀਚੇਵਾਲ ਵੀ ਯਾਤਰਾ ’ਚ ਹੋਏ ਸ਼ਾਮਲ

ਕਪੂਰਥਲਾ/ਬਿਊਰੋ ਨਿਊਜ਼ 

ਕਪੂਰਥਲਾ ਵਿਚ ਨਸ਼ਿਆਂ ਦੇ ਖਿਲਾਫ ਜਾਗਰੂਕ ਕਰਨ ਲਈ ‘ਸਿਹਤ ਵੀ ਤੇ ਵਿਰਾਸਤ ਵੀ’ ਬੈਨਰ ਹੇਠ ਸਾਈਕਲ ਯਾਤਰਾ ਕੱਢੀ ਗਈ। ਇਸ ਯਾਤਰਾ ਵਿਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਅਤੇ ਐਸ.ਐਸ.ਪੀ. ਗੌਰਵ ਤੂਰਾ ਸਣੇ ਕਈ ਪ੍ਰਮੁੱਖ ਹਸਤੀਆਂ ਨੇ ਹਿੱਸਾ ਲਿਆ। ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਹਰੀ ਝੰਡੀ ਦਿਖਾ ਕੇ ਇਸ ਸਾਈਕਲ ਯਾਤਰਾ ਨੂੰ ਰਵਾਨਾ ਕੀਤਾ। ਜਲੰਧਰ, ਹੁਸ਼ਿਆਪੁਰ ਅਤੇ ਕਪੂਰਥਲਾ ਦੇ ਸਾਈਕਲਿੰਗ ਕਲੱਬਾਂ ਦੇ ਮੈਂਬਰਾਂ ਨੇ ਇਸ ਆਯੋਜਨ ਵਿਚ ਵਧ ਚੜ੍ਹ ਕੇ ਹਿੱਸਾ ਲਿਆ। ਇਸਦੇ ਚੱਲਦਿਆਂ ਐਸਐਸਪੀ ਗੌਰਵ ਤੂਰਾ ਨੇ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ ਸਹੁੰ ਚੁਕਾਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਖਿਲਾਫ ਮੁਹਿੰਮ ਚਲਾਈ ਹੋਈ ਹੈ। 

 

ਮੰਗਾਂ ਨਾ ਮੰਨਣ ’ਤੇ ਪੰਜਾਬ ਵਿੱਚ ਪੂਰਨ ਤੌਰ ’ਤੇ ਬੱਸਾਂ ਦਾ ਹੋਵੇਗਾ ਚੱਕਾ ਜਾਮ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਦੀ ਬੇਰੁਖੀ ਨੂੰ ਦੇਖਦਿਆਂ ਸਰਕਾਰ ਖਿਲਾਫ ਸੰਘਰਸ਼ ਕਰਨ ਦਾ ਐਲਾਨ ਕਰ ਦਿੱਤਾ ਗਿਆ। ਚੰਡੀਗੜ੍ਹ ਵਿੱਚ ਜਥੇਬੰਦੀ ਦੇ ਸੂਬਾ ਚੇਅਰਮੈਨ ਬਲਵਿੰਦਰ ਸਿੰਘ ਰਾਠ ਅਤੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਸਣੇ ਹੋਰ ਸੀਨੀਅਰ ਆਗੂਆਂ ਨੇ ਕਿਹਾ ਕਿ ਸਰਕਾਰ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਨਜ਼ਰਅੰਦਾਜ਼ ਕਰਦੀ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ 9 ਅਪਰੈਲ ਨੂੰ ਮੀਟਿੰਗ ਹੋਈ ਸੀ, ਪਰ ਮਸਲੇ ਦਾ ਕੋਈ ਹੱਲ ਨਹੀਂ ਨਿਕਲਿਆ। ਆਗੂਆਂ ਨੇ ਐਲਾਨ ਕੀਤਾ ਕਿ 30 ਜੂਨ ਨੂੰ ਡਾਇਰੈਕਟਰ ਸਟੇਟ ਟਰਾਂਸਪੋਰਟ ਦੇ ਮੁੱਖ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ। ਜੇ ਫਿਰ ਵੀ ਕੋਈ ਸੁਣਵਾਈ ਨਾ ਹੋਈ ਤਾਂ 9, 10 ਅਤੇ 11 ਜੁਲਾਈ ਨੂੰ ਪੂਰਨ ਤੌਰ ’ਤੇ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਪੱਕਾ ਧਰਨਾ ਦਿੱਤਾ ਜਾਵੇਗਾ। 

 

 

 

 

  

ਡਾ. ਰਵਜੋਤ ਸਿੰਘ ਨੇ ਕਿਹਾ : ਸ਼ੋਸ਼ਲ ਮੀਡੀਆ ’ਤੇ ਫੋਟੋਆਂ ਦੇਖ ਕੇ ਬਹੁਤ ਦੁੱਖ ਹੋਇਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਮੰਤਰੀ ਡਾ. ਰਵਜੋਤ ਸਿੰਘ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ। ਮਜੀਠੀਆ ਵਲੋਂ ਮੰਤਰੀ ਡਾ. ਰਵਜੋਤ ਸਿੰਘ ਦੀਆਂ ਇਤਰਾਜ਼ਯੋਗ ਫੋਟੋਆਂ ਵਾਇਰਲ ਕਰਨ ਤੋਂ ਬਾਅਦ ਤਰ੍ਹਾਂ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਇਸਦੇ ਚੱਲਦਿਆਂ ਡਾ. ਰਵਜੋਤ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਸ਼ੁਰੂ ਤੋਂ ਹੀ ਆਪਣਾ ਕੰਮ ਇਮਾਨਦਾਰੀ ਨਾਲ ਕਰ ਰਿਹਾ ਹਾਂ। ਉਨ੍ਹਾਂ ਕਿਹਾ ਕਿ ਸ਼ੋਸ਼ਲ ਮੀਡੀਆ ’ਤੇ ਅਜਿਹੀਆਂ ਤਸਵੀਰਾਂ ਦੇਖ ਕੇ ਬਹੁਤ ਦੁੱਖ ਹੋਇਆ ਹੈ। ਡਾ. ਰਵਜੋਤ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਮੇਰੀ ਸਾਬਕਾ ਪਤਨੀ ਦੀ ਫੋਟੋ ਐਡਿਟ ਕਰਕੇ ਮੇਰੇ ਨਾਲ ਜੋੜੀ ਗਈ ਹੈ। ਮੰਤਰੀ ਨੇ ਕਿਹਾ ਕਿ ਬਿਕਰਮ ਮਜੀਠੀਆ ਵਲੋਂ ਬਹੁਤ ਹੀ ਹਲਕੇ ਪੱਧਰ ਦੀ ਰਾਜਨੀਤੀ ਕੀਤੀ ਜਾ ਰਹੀ ਹੈ ਅਤੇ ਇਸ ਨੂੰੂ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਮਨ ਅਰੋੜਾ ਨੇ ਵੀ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਅਜਿਹੀ ਹਲਕੇ ਪੱਧਰ ਦੀ ਰਾਜਨੀਤੀ ਨਹੀਂ ਕਰਨੀ ਚਾਹੀਦੀ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.