Saturday, 20 June 2026

 

ਕਰੋਨਾ ਪੀੜਤਾਂ ਦੀ ਗਿਣਤੀ ਹੋਈ 35

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵਿਚ ਕਰੋਨਾ ਵਾਇਰਸ ਦੇ ਮਾਮਲਿਆਂ ਵਿਚ ਦਿਨੋ ਦਿਨ ਵਾਧਾ ਹੋ ਰਿਹਾ ਹੈ। ਪੰਜਾਬ ਵਿਚ ਕਰੋਨਾ ਦੇ ਹੋਰ 2 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ ਇਕ ਪੇਂਡੂ ਅਤੇ ਇਕ ਸ਼ਹਿਰੀ ਖੇਤਰ ’ਚ ਹੈ। ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ, ਜਿੱਥੇ ਇਕ ਹਫਤਾ ਪਹਿਲਾਂ ਸੂਬੇ ਵਿਚ ਸਿਰਫ 12 ਐਕਟਿਵ ਕੇਸ ਸਨ ਅਤੇ ਹੁਣ ਇਨ੍ਹਾਂ ਦੀ ਗਿਣਤੀ 35 ਹੋ ਗਈ ਹੈ। ਦੱਸਿਆ ਗਿਆ ਕਿ ਇਕੱਲੇ ਲੁਧਿਆਣਾ ਜ਼ਿਲ੍ਹੇ ਵਿਚ ਹੀ 23 ਨਵੇਂ ਮਾਮਲੇ ਸਾਹਮਣੇ ਆਏ ਹਨ। ਲੁਧਿਆਣਾ ਵਿਚ ਕਰੋਨਾ ਦੇ ਮਾਮਲਿਆਂ ’ਚ ਵਾਧਾ ਇਸ ਸਮੇਂ ਹੋਇਆ ਹੈ, ਜਦੋਂ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਵੱਡੇ ਵੱਡੇ ਇਕੱਠ ਕੀਤੇ ਜਾ ਰਹੇ ਹਨ। ਇਸ ਦੇ ਚੱਲਦਿਆਂ ਜਲੰਧਰ ’ਚ 6, ਮੋਹਾਲੀ ’ਚ 4 ਅਤੇ ਫਿਰੋਜ਼ਪੁਰ ਵਿਚ ਕਰੋਨਾ ਦੇ 2 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਉਧਰ ਦੂਜੇ ਪਾਸੇ ਦੇਸ਼ ਭਰ ਵਿਚ ਕਰੋਨਾ ਦੇ ਮਾਮਲਿਆਂ ਦੀ ਗਿਣਤੀ 6800 ਤੋਂ ਟੱਪ ਚੁੱਕੀ ਹੈ।  

 

 

ਕਿਹਾ : ਵਿਧਾਇਕਾਂ ਦੀ ਮਨੀ ਟ੍ਰੇਲ ਦੀ ਜਾਂਚ ਕਰਵਾਓ

ਚੰਡੀਗੜ੍ਹ/ਬਿਊਰੋ ਨਿਊਜ਼   

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲੰਘੇ ਦਿਨ ਅਕਾਲੀ ਦਲ ਅਤੇ ਕਾਂਗਰਸ ਨੂੰ ਨਸ਼ਿਆਂ ਲਈ ਜ਼ਿੰਮੇਵਾਰ ਦੱਸਦਿਆਂ ਦੋਹਾਂ ਹੀ ਪਾਰਟੀਆਂ ਦੇ ਆਗੂਆਂ ਦੇ ਡੋਪ ਟੈਸਟ ਕਰਵਾਉਣ ਦੀ ਗੱਲ ਕਹੀ ਸੀ। ਇਸਦੇ ਚੱਲਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਡੋਪ ਟੈਸਟ ਤਾਂ ਛੋਟੀ ਗੱਲ ਹੈ। ਉਨ੍ਹਾਂ ਸੀਐਮ ਮਾਨ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਚੈਲੰਜ ਕੀਤਾ ਹੈ ਕਿ ਪਹਿਲਾਂ ‘ਆਪ’ ਦੇ ਸਾਰੇ ਪ੍ਰਧਾਨਾਂ, ਨੇਤਾਵਾਂ ਅਤੇ ਵਿਧਾਇਕਾਂ ਦੀ ਮਨੀ ਟ੍ਰੇਲ ਦੀ ਜਾਂਚ ਕਰਵਾਓ ਅਤੇ ਇਸਦਾ ਜਿੰਮਾ ਈ.ਡੀ. ਨੂੰ ਸੌਂਪਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਸਭ ਸਾਹਮਣੇ ਆ ਜਾਵੇਗਾ ਕਿ ਇਨ੍ਹਾਂ ਕੋਲ ਪੈਸਾ ਕਿੱਥੋਂ ਆਇਆ ਹੈ।  

 

ਕਰਜ਼ਾ ਹੱਦ ’ਚ ਕਟੌਤੀ ਨੇ ਦਿਖਾਉਣਾ ਸ਼ੁਰੂ ਕੀਤਾ ਰੰਗ 

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਦੀ ਕਰਜ਼ਾ ਹੱਦ ’ਚ 16 ਹਜ਼ਾਰ ਕਰੋੜ ਰੁਪਏ ਦੀ ਕਟੌਤੀ ਦਾ ਅਸਰ ਦਿਖਾਈ ਦੇਣ ਲੱਗਾ ਹੈ। ਪੰਜਾਬ ਦੇ ਵਿੱਤ ਵਿਭਾਗ ਨੇ ਸਾਰੇ ਵਿਭਾਗਾਂ ਨੂੰ ਇਕ ਪੱਤਰ ਰਾਹੀਂ ਲਿਖ ਕੇ ਉਹ ਰੁਪਏ ਵਾਪਸ ਮੰਗ ਲਏ ਹਨ ਜੋ ਉਨ੍ਹਾਂ ਦੇ ਕੰਮਕਾਜ ਤੇ ਵਿਕਾਸ ਦੇ ਕਾਰਜਾਂ ਲਈ ਬਜਟ ਪਾਸ ਹੋਣ ਮਗਰੋਂ ਦਿੱਤੇ ਗਏ ਸਨ। ਸਪੱਸ਼ਟ ਹੈ ਕਿ ਇਸ ਵੇਲੇ ਵਿੱਤ ਵਿਭਾਗ ਦੇ ਸਾਹਮਣੇ ਆਪਣੇ ਰੂਟੀਨ ਖਰਚਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨਾ ਹੈ, ਇਸ ਲਈ ਵੇਤਨ, ਪੈਨਸ਼ਨ, ਬਿਜਲੀ ਸਬਸਿਡੀ ਆਦਿ ਦੇ ਜ਼ਰੂਰੀ ਖਰਚਿਆਂ ਨੂੰ ਪੂਰਾ ਕਰਨ ’ਚ ਆ ਰਹੀ ਸਮੱਸਿਆ ਨੂੰ ਦੇਖਦੇ ਹੋਏ ਇਹ ਫੰਡ ਵਾਪਸ ਮੰਗਿਆ ਗਿਆ ਹੈ। ਇਹ ਵੀ ਕਿਹਾ ਗਿਆ ਹੈ ਕਿ ਵਿਭਾਗਾਂ ਨੂੰ 15 ਜੂਨ ਦੇ ਬਾਅਦ ਇਹ ਪੈਸੇ ਵਾਪਸ ਕਰ ਦਿੱਤੇ ਜਾਣਗੇ। ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਹਨ ਅਤੇ ਕਿਹਾ ਕਿ ਸੂਬੇ ਵਿਚ ਸਾਰੇ ਵਿਕਾਸ ਕਾਰਜ ਠੱਪ ਪਏ ਹਨ। 

 

ਕਿਹਾ : ‘ਆਪ’ ਸਰਕਾਰ ਬਣੀ ਹੁਣ ਤੱਕ ਦੀ ਸਭ ਤੋਂ ਕਰਜ਼ਦਾਰ ਸਰਕਾਰ

ਜਲੰਧਰ/ਬਿਊਰੋ ਨਿਊਜ਼  

ਜਲੰਧਰ ਕੈਂਟ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਪਰਗਟ ਸਿੰਘ ਨੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕੀਤੀ ਹੈ।  ਪਰਗਟ ਸਿੰਘ ਨੇ ਪੰਜਾਬ ਦੀ ‘ਆਪ’ ਸਰਕਾਰ ਨੂੰ ਹੁਣ ਤੱਕ ਦੀ ਸਭ ਤੋਂ ਕਰਜ਼ਦਾਰ ਸਰਕਾਰ ਦੱਸਿਆ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪਿਛਲੇ ਹੀ ਮਹੀਨੇ ‘ਆਪ’ ਸਰਕਾਰ ਨੇ ਕਰੀਬ ਇਕ ਹਜ਼ਾਰ ਕਰੋੜ ਰੁਪਏ ਦਾ ਹੋਰ ਕਰਜ਼ਾ ਲਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਰਗਟ ਸਿੰਘ ਨੇ ਕਿਹਾ ਸੀ ਕਿ ਦਿੱਲੀ ਚੋਣਾਂ ਹਾਰਨ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਟੀਮ ਨੂੰ ਲਗਾਤਾਰ ਪੰਜਾਬ ਸਰਕਾਰ ਦੇ ਵਿਭਾਗਾਂ ਵਿਚ ਫਿੱਟ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਪਰੈਲ ਮਹੀਨੇ ’ਚ ਪੰਜਾਬ ਸਰਕਾਰ ਦੀ ਮੀਡੀਆ ਏਜੰਸੀ ਵਿਚੋਂ ਪੰਜਾਬੀ ਲੜਕੇ-ਲੜਕੀਆਂ ਦੀ ਛੁੱਟੀ ਕਰ ਦਿੱਤੀ ਗਈ ਸੀ। ਪਰਗਟ ਸਿੰਘ ਨੇ ਆਰੋਪ ਲਗਾਉਂਦਿਆਂ ਕਿਹਾ ਸੀ ਕਿ ਹੁਣ ਪੰਜਾਬ ਸਰਕਾਰ ਦੀ ਇਸੇ ਮੀਡੀਆ ਏਜੰਸੀ ਵਿਚ ਦਿੱਲੀ ਤੋਂ 120 ਤੋਂ ਜ਼ਿਆਦਾ ਵਿਅਕਤੀਆਂ ਦੀ ਭਰਤੀ ਕੀਤੀ ਗਈ ਹੈ।     

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.