Saturday, 20 June 2026

ਚਰਨਜੀਤ ਸਿੰਘ ਚੰਨੀ ਖਿਲਾਫ ਬਿਆਨਬਾਜ਼ੀ ਕਰਨ ਦੇ ਲੱਗੇ ਸਨ ਆਰੋਪ

ਜਲੰਧਰ/ਬਿਊਰੋ ਨਿਊਜ਼

ਕਾਂਗਰਸ ਪਾਰਟੀ ਨੇ ਫਿਲੌਰ ਦੇ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਦੀ ਮੁਅੱਤਲੀ ਰੱਦ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਸੰਸਦੀ ਚੋਣਾਂ ਤੋਂ ਇੱਕ ਮਹੀਨਾ ਪਹਿਲਾਂ ਅਪਰੈਲ 2024 ਵਿੱਚ ਵਿਕਰਮਜੀਤ ਚੌਧਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ, ਜਦੋਂ ਉਹ ਅਤੇ ਉਨ੍ਹਾਂ ਦੀ ਮਾਤਾ ਕਰਮਜੀਤ ਕੌਰ ਚੌਧਰੀ ਨੇ ਜਲੰਧਰ ਲੋਕ ਸਭਾ ਹਲਕੇ ਤੋਂ ਚੋਣ ਲੜਨ ਲਈ ਪਾਰਟੀ ਦੀ ਟਿਕਟ ਦੀ ਮੰਗ ਕੀਤੀ ਸੀ। ਇਸ ਦੌਰਾਨ ਪਾਰਟੀ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਲੰਧਰ ਤੋਂ ਟਿਕਟ ਦੇਣ ਦਾ ਐਲਾਨ ਕੀਤੇ ਜਾਣ ਪਿੱਛੋਂ ਚੌਧਰੀ ਨੇ ਚੰਨੀ ਦੀ ਉਮੀਦਵਾਰੀ ਵਿਰੁੱਧ ਖੁਲ੍ਹ ਕੇ ਬਿਆਨਬਾਜ਼ੀ ਕੀਤੀ ਸੀ। ਇਸ ਕਾਰਨ ਵਿਕਰਮਜੀਤ ਚੌਧਰੀ ਖਿਲਾਫ ਪਾਰਟੀ ਨੇ ਇਹ ਅਨੁਸ਼ਾਸਨੀ ਕਾਰਵਾਈ ਅਮਲ ਵਿਚ ਲਿਆਂਉਂਦਿਆਂ ਉਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਮੁਅੱਤਲ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਜਲੰਧਰ ਲੋਕ ਸਭਾ ਚੋਣ ਚੰਨੀ ਨੇ ਵੱਡੇ ਫਰਕ ਨਾਲ ਜਿੱਤ ਲਈ ਸੀ। 

ਜਾਖੜ ਨੇ ਕਿਹਾ : ਦਿੱਲੀ ਦੇ ਲੋਕਾਂ ਨੇ ਪੰਜਾਬ ਦੀ ਸਰਕਾਰ ਨੂੰ ਕੀਤਾ ਹਾਈਜੈਕ

ਲੁਧਿਆਣਾ/ਬਿਊਰੋ ਨਿਊਜ਼ 

ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ’ਚ ਆਉਂਦੀ 19 ਜੂਨ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਸਦੇ ਚੱਲਦਿਆਂ ਭਾਜਪਾ ਦੇ ਉਮੀਦਵਾਰ ਜੀਵਨ ਗੁਪਤਾ ਨੇ ਵੀ  ਆਪਣੇ ਨਾਮਜ਼ਦਗੀ ਪਰਚੇ ਅੱਜ ਭਰ ਦਿੱਤੇ ਹਨ। ਇਸ ਮੌਕੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ  ਅਤੇ ਹੋਰ ਭਾਜਪਾ ਆਗੂ ਹਾਜ਼ਰ ਰਹੇ। ਇਸ ਮੌਕੇ ਸੁਨੀਲ ਜਾਖੜ ਨੇ ਕਿਹਾ ਕਿ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਹੁਣ ਮੌਕਾ ਹੈ ਕਿ ਉਹ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੂੰ ਮੂੰਹ ਤੋੜਵਾਂ ਜਵਾਬ ਦੇਣ। ਜਾਖੜ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਪੰਜਾਬ ਸਰਕਾਰ ਨੂੰ ਹਾਈਜੈਕ ਕੀਤਾ ਹੋਇਆ ਹੈ। ਉਨ੍ਹਾਂ ਆਰੋਪ ਲਗਾਇਆ ਕਿ ਪੰਜਾਬ ਸਰਕਾਰ ’ਚ ਵੱਡੀ ਪੱਧਰ ’ਤੇ ਭਿ੍ਰਸ਼ਟਾਚਾਰ ਹੋ ਰਿਹਾ ਹੈ। ਇਸੇ ਦੌਰਾਨ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਭਾਜਪਾ ਹਾਈਕਮਾਨ ਨੇ 35 ਸਾਲ ਪੁਰਾਣੇ ਵਰਕਰ ਨੂੰ ਟਿਕਟ ਦਿੱਤਾ ਹੈ। ਉਨ੍ਹਾਂ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸੇ ਦੌਰਾਨ ਜੀਵਨ ਗੁਪਤਾ ਦਾ ਕਹਿਣਾ ਸੀ ਕਿ ਅਸੀਂ ਵੱਡੇ ਫਰਕ ਨਾਲ ਇਹ ਜ਼ਿਮਨੀ ਚੋਣ ਜਿੱਤਾਂਗੇ।  

ਲੈਂਡ ਪੂਲਿੰਗ ਪਾਲਿਸੀ ਨੂੰ ਦਿੱਤੀ ਗਈ ਮਨਜ਼ੂਰੀ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਚੰਡੀਗੜ੍ਹ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਹੈ। ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਮੀਟਿੰਗ ’ਚ ਲੈਂਡ ਪੂਲਿੰਗ ਪਾਲਿਸੀ ਨੂੰ ਮਨਜ਼ੂਰੀ ਦਿੱਤੀ ਗਈ ਹੈ।  ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਪਾਲਿਸੀ ਮੁੱਖ ਤੌਰ ’ਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਭੂ-ਮਾਫੀਆ ਵਿਰੁੱਧ ਬਣਾਈ ਗਈ ਹੈ। ਇਹ ਨੀਤੀ ਪੂਰੀ ਤਰ੍ਹਾਂ ਸਵੈ-ਇੱਛਤ ਭਾਗੀਦਾਰੀ ’ਤੇ ਆਧਾਰਿਤ ਹੈ, ਜਿੱਥੇ ਕਿਸਾਨ ਆਪਣੀ ਮਰਜ਼ੀ ਨਾਲ ਹੀ ਜ਼ਮੀਨ ਦੇਣ ਜਾਂ ਨਾ ਦੇਣ ਦਾ ਫੈਸਲਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਤੋਂ ਜ਼ਮੀਨ ਜ਼ਬਰਦਸਤੀ ਨਹੀਂ ਲਈ ਜਾ ਸਕੇਗੀ। ਜ਼ਮੀਨ ਦੇਣ ਜਾਂ ਨਾ ਦੇਣ ਦਾ ਫੈਸਲਾ ਪੂਰੀ ਤਰ੍ਹਾਂ ਕਿਸਾਨ ਦੀ ਮਰਜ਼ੀ ’ਤੇ ਹੋਵੇਗਾ। ਜ਼ਮੀਨ ਦੇਣ ਵਾਲੇ ਕਿਸਾਨ ਨੂੰ ਸਰਕਾਰ ਪੂਰੀ ਤਰ੍ਹਾਂ ਵਿਕਸਤ ਰਿਹਾਇਸ਼ੀ ਅਤੇ ਵਪਾਰਕ ਪਲਾਟ ਵਾਪਸ ਕਰੇਗੀ, ਜਿਸ ਵਿੱਚ ਸੜਕ, ਬਿਜਲੀ, ਪਾਣੀ, ਸੀਵਰੇਜ, ਪਾਰਕ ਆਦਿ ਸਾਰੀਆਂ ਸੁਵਿਧਾਵਾਂ ਹੋਣਗੀਆਂ। 

ਕਿਹਾ : ਵਿੱਤੀ ਸੂਝ-ਬੂਝ ਕਰਕੇ ਮਾਲੀਏ ’ਚ ਵਾਧਾ ਹੋਇਆ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਸੂਬੇ ਵਿੱਚ ਮਈ ਮਹੀਨੇ ਦੌਰਾਨ ਪਿਛਲੇ ਵਰ੍ਹੇ ਨਾਲੋਂ 25.31 ਫੀਸਦ ਵੱਧ ਜੀਐੱਸਟੀ ਮਾਲੀਆ ਇਕੱਠਾ ਹੋਇਆ ਹੈ। ਇਸ ਸਾਲ ਮਈ ਮਹੀਨੇ 2006.31 ਕਰੋੜ ਰੁਪਏ ਜੀਐੱਸਟੀ ਮਾਲੀਆ ਇਕੱਠਾ ਹੋਇਆ ਹੈ, ਜੋ ਪਿਛਲੇ ਵਰ੍ਹੇ ਨਾਲੋਂ 405.17 ਕਰੋੜ ਰੁਪਏ ਵੱਧ ਹੈ। ਪਿਛਲੇ ਸਾਲ ਮਈ ਮਹੀਨੇ 1601.14 ਕਰੋੜ ਰੁਪਏ ਜੀਐੱਸਟੀ ਮਾਲੀਏ ਦੇ ਰੂਪ ਇਕੱਠੇ ਹੋਏ ਸਨ। ਉਸ ਤੋਂ ਪਿਛਲੇ ਸਾਲ ਮਈ 2023 ਵਿੱਚ ਜੀਐੱਸਟੀ ਦੇ 1,480 ਕਰੋੜ ਰੁਪਏ ਇਕੱਠੇ ਹੋਏ ਸਨ। ਇਸ ਬਾਰੇ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤੀ ਸੂਝ-ਬੂਝ ਅਤੇ ਆਰਥਿਕ ਸੁਧਾਰ ਕਰਕੇ ਲਗਾਤਾਰ ਸੂਬੇ ਦੇ ਮਾਲੀਏ ਵਿੱਚ ਵਾਧਾ ਹੋ ਰਿਹਾ ਹੈ।   

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.