Saturday, 20 June 2026

ਨਸ਼ਾ ਤਸਕਰੀ ਦੇ ਮਾਮਲੇ ’ਚ ਘਿਰਿਆ ਸੀ ਜਗਦੀਸ਼ ਭੋਲਾ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ-ਹਰਿਆਣਾ ਹਾਈਕੋਰਟ ਨੇ ਬਹੁ-ਚਰਚਿਤ ਡਰੱਗ ਮਾਮਲੇ ਵਿੱਚ ਸਾਬਕਾ ਡੀਐਸਪੀ ਜਗਦੀਸ਼ ਸਿੰਘ ਭੋਲਾ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ, ਮੋਹਾਲੀ ਦੀ ਅਦਾਲਤ ਨੇ ਉਸਨੂੰ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ। ਮੋਹਾਲੀ ਕੋਰਟ ਨੇ ਭੋਲਾ ਨੂੰ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਇਸ ਤੋਂ ਇਲਾਵਾ, ਸਾਲ 2019 ਵਿੱਚ ਸੀਬੀਆਈ ਨੇ ਉਸ ਨੂੰ 2013 ਦੇ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਸ਼ਾਮਲ ਹੋਣ ਦਾ ਦੋਸ਼ੀ ਠਹਿਰਾਇਆ ਸੀ। ਭੋਲਾ ਸਾਬਕਾ ਅੰਤਰਰਾਸ਼ਟਰੀ ਪਹਿਲਵਾਨ ਵੀ ਹੈ ਅਤੇ ਉਸ ਨੂੰ ਪੰਜਾਬ ਪੁਲਿਸ ਵਿੱਚ ਡੀਐਸਪੀ ਦੇ ਅਹੁਦੇ ’ਤੇ ਨਿਯੁਕਤ ਕੀਤਾ ਗਿਆ ਸੀ। ਧਿਆਨ ਰਹੇ ਕਿ ਨਸ਼ਿਆਂ ਦੀ ਤਸਕਰੀ ਦੇ ਆਰੋਪਾਂ ਕਾਰਨ ਉਸ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਹੁਣ, ਹਾਈਕੋਰਟ ਨੇ ਭੋਲਾ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਜਗਦੀਸ਼ ਭੋਲਾ ਨੇ ਨਸ਼ਿਆਂ ਦੇ ਮਾਮਲੇ ਵਿੱਚ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ ਨਾਮ ਵੀ ਲਿਆ ਸੀ। 

ਸ਼੍ਰੋਮਣੀ ਅਕਾਲੀ ਦਲ ਨੂੰ ਦੱਸਿਆ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ

ਲੁਧਿਆਣਾ/ਬਿਊਰੋ ਨਿਊਜ਼

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੂੰ ਹਰ ਪੱਖੋਂ ਫੇਲ੍ਹ ਦੱਸਿਆ ਹੈ।  ਉਨ੍ਹਾਂ ਕਿਹਾ ਕਿ ਹਰ ਪੱਖੋਂ ਫੇਲ੍ਹ ਅਤੇ ਦਿੱਲੀ ਵਾਲਿਆਂ ਦੇ ਹੇਠਾਂ ਲੱਗੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਵੱਡਾ ਡਾਕਾ ਮਾਰਨ ਦੀ ਤਿਆਰੀ ਕਰੀ ਬੈਠੀ ਹੈ। ਉਨ੍ਹਾਂ ਕਿਹਾ ਕਿ ਇਕੱਲੇ ਲੁਧਿਆਣਾ ਜ਼ਿਲ੍ਹੇ ਦੇ 40 ਪਿੰਡਾਂ ਦੀ ਤਕਰੀਬਨ 24,000 ਏਕੜ ਜ਼ਮੀਨ ਨੂੰ ਲੈਂਡ ਪੂਲੀਂਗ ਸਕੀਮ ਹੇਠ ਲੈ ਕੇ ਇਨ੍ਹਾਂ ਨੇ ਹਜ਼ਾਰਾਂ ਕਰੋੜ ਰੁਪਏ ਦੀ ਲੁੱਟ ਦਾ ਨਵਾਂ ਤਰੀਕਾ ਲੱਭਿਆ ਹੈ। ਉਨ੍ਹਾਂ ਕਿਹਾ ਕਿ ਇਸਦਾ ਸ਼੍ਰੋਮਣੀ ਅਕਾਲੀ ਦਲ ਪੁਰਜ਼ੋਰ ਵਿਰੋਧ ਕਰਦਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ ਹੈ ਅਤੇ ਹਮੇਸ਼ਾ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। 

ਮਾਮਲਾ ਤੀਜੀ ਵਾਰ ਅੰਮਿ੍ਰਤਪਾਲ ’ਤੇ ਐਨ.ਐਸ.ਏ. ਵਧਾਉਣ ਦਾ

ਚੰਡੀਗੜ੍ਹ/ਬਿਊਰੋ ਨਿਊਜ਼

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਪਰਿਵਾਰ ਨੇ ਹਾਈਕੋਰਟ ਜਾਣ ਦੀ ਤਿਆਰੀ ਕਰ ਲਈ ਹੈ। ਅੰਮਿ੍ਰਤਪਾਲ ਸਿੰਘ ’ਤੇ ਤੀਜੀ ਵਾਰ ਲਗਾਏ ਗਏ ਐਨ.ਐਸ.ਏ. ਨੂੰ ਹੁਣ ਹਾਈਕੋਰਟ ਵਿਚ ਚੁਣੌਤੀ ਦਿੱਤੀ ਜਾਵੇਗੀ। ਅੰਮਿ੍ਰਤਪਾਲ ਸਿੰਘ ਦੇ ਪਰਿਵਾਰ ਦਾ ਆਰੋਪ ਹੈ ਕਿ ਅੰਮਿ੍ਰਤਪਾਲ ਸਿੰਘ ਨੂੰ ਇਕ ਸਾਜਿਸ਼ ਦੇ ਤਹਿਤ ਜੇਲ੍ਹ ਤੋਂ ਬਾਹਰ ਨਹੀਂ ਆਉਣ ਦਿੱਤਾ ਜਾ ਰਿਹਾ। ਪਰਿਵਾਰ ਦਾ ਕਹਿਣਾ ਹੈ ਕਿ ਅੰਮਿ੍ਰਤਪਾਲ ਸਿੰਘ ਦੇ ਵਧਦੇ ਪ੍ਰਭਾਵ ਕਾਰਨ ਸਾਰੀਆਂ ਸਿਆਸੀ ਪਾਰਟੀਆਂ ਚਿੰਤਤ ਹਨ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਅੰਮਿ੍ਰਤਪਾਲ ਸਿੰਘ ਨੇ ਹਲਕਾ ਖਡੂਰ ਸਾਹਿਬ ਤੋਂ ਵੱਡੇ ਫਰਕ ਨਾਲ ਚੋਣ ਜਿੱਤੀ ਸੀ ਅਤੇ ਅੰਮਿ੍ਰਤਪਾਲ ਸਿੰਘ ਉਦੋਂ ਤੋਂ ਹੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ।

ਅੰਮਿ੍ਰਤਸਰ/ਬਿਊਰੋ ਨਿਊਜ਼ 

ਅੱਜ ਬੁੱਧਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਅਹਿਮ ਫੈਸਲੇ ਲਏ ਗਏ ਹਨ। ਇਸ ਦੌਰਾਨ ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਜਿਨ੍ਹਾਂ ’ਤੇ ਲੱਗੇ ਦੋਸ਼ਾਂ ਬਾਰੇ ਬਣੀ ਕਮੇਟੀ ਵਲੋਂ ਉਨ੍ਹਾਂ ਨੂੰ ਦੋਸ਼ ਮੁਕਤ ਕਰਾਰ ਦਿੱਤਾ ਗਿਆ ਸੀ, ਉਸਦੇ ਆਧਾਰ ’ਤੇ ਉਨ੍ਹਾਂ ’ਤੇ ਧਰਮ ਪ੍ਰਚਾਰ ਤੇ ਧਾਰਮਿਕ ਸਰਗਰਮੀਆਂ ਕਰਨ ’ਤੇ ਲਗਾਈ ਰੋਕ ਹਟਾ ਦਿੱਤੀ ਗਈ ਹੈ। ਦਿੱਲੀ ਦੇ ਸਿੱਖ ਆਗੂ ਹਰਵਿੰਦਰ ਸਿੰਘ ਸਰਨਾ ਜਿਨ੍ਹਾਂ ਨੂੰ ਪਿਛਲੇ ਸਮੇਂ ਵਿਚ ਤਨਖਾਹੀਆ ਕਰਾਰ ਦਿੱਤਾ ਗਿਆ ਸੀ, ਉਨ੍ਹਾਂ ਨੂੰ ਵੀ 11 ਦਿਨ ਕਿਸੇ ਵੀ ਗੁਰਦੁਆਰਾ ਸਾਹਿਬ ਵਿਖੇ ਗੁਰਬਾਣੀ ਪਾਠ ਕਰਨ ਉਪਰੰਤ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਵਿਖੇ 501 ਰੁਪਏ ਦੀ ਦੇਗ ਕਰਵਾਉਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ, ਜਿਨ੍ਹਾਂ ਵਲੋਂ ਸਾਲ 2015 ਵਿਚ ਡੇਰਾ ਮੁਖੀ ਨੂੰ ਮੁਆਫੀ ਦੇਣ ਵਾਲੇ ਪੱਤਰ ’ਤੇ ਦਸਤਖਤ ਕੀਤੇ ਗਏ ਸਨ, ਉਨ੍ਹਾਂ ਨੂੰ ਵੀ 11 ਦਿਨ ਸ੍ਰੀ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਕਰਨ ਤੋਂ ਇਲਾਵਾ ਲੰਗਰ ਗੁਰੂ ਰਾਮਦਾਸ ਜੀ ਵਿਖੇ ਸੇਵਾ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.