Saturday, 20 June 2026

ਕੇਂਦਰ ਤੇ ਹਰਿਆਣਾ ਨੇ ਦਾਖਲ ਕੀਤਾ ਜਵਾਬ ਅਤੇ ਪੰਜਾਬ ਸਰਕਾਰ ਨੇ ਮੰਗਿਆ ਕੁਝ ਸਮਾਂ

ਚੰਡੀਗੜ੍ਹ/ਬਿਉੂਰੋ ਨਿਊਜ਼ 

ਹਰਿਆਣਾ ਅਤੇ ਪੰਜਾਬ ਵਿਚਾਲੇ ਚੱਲ ਰਹੇ ਜਲ ਵਿਵਾਦ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਦਾਇਰ ਸਮੀਖਿਆ ਪਟੀਸ਼ਨ ’ਤੇ ਅੱਜ 20 ਮਈ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ ਹੈ। ਇਸ ਦੌਰਾਨ ਕੇਂਦਰ ਸਰਕਾਰ, ਹਰਿਆਣਾ ਸਰਕਾਰ ਅਤੇ ਬੀਬੀਐਮਬੀ ਵਲੋਂ ਇਸ ਮਾਮਲੇ ਵਿਚ ਆਪਣਾ ਜਵਾਬ ਦਾਖਲ ਕੀਤਾ ਗਿਆ ਹੈ। ਜਦੋਂ ਕਿ ਪੰਜਾਬ ਸਰਕਾਰ ਨੇ ਜਵਾਬ ਦਾਖਲ ਕਰਨ ਦੇ ਲਈ ਸਮਾਂ ਮੰਗਿਆ ਹੈ। ਪੰਜਾਬ ਸਰਕਾਰ ਦੀ ਇਸ ਮੰਗ ’ਤੇ ਹਾਈਕੋਰਟ ਨੇ ਸਹਿਮਤੀ ਦੇ ਦਿੱਤੀ ਹੈ।  ਇਸ ਦੇ ਚੱਲਦਿਆਂ ਇਸ ਮਾਮਲੇ ’ਤੇ ਹੁਣ ਆਉਂਦੀ 22 ਮਈ ਨੂੰ ਸੁਣਵਾਈ ਹੋਵੇਗੀ। ਧਿਆਨ ਰਹੇ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਪਾਣੀਆਂ ਦੇ ਮਸਲੇ ’ਤੇ ਆਹਮੋ ਸਾਹਮਣੇ ਹਨ।

 

ਵੱਖ-ਵੱਖ ਵਿਭਾਗਾਂ ’ਚ ਹੋਈ ਨਿਯੁਕਤੀ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਨਵ-ਨਿਯੁਕਤ 450 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਮੁੱਖ ਮੰਤਰੀ ਨੇ ਇਹ ਨਿਯੁਕਤੀ ਪੱਤਰ ਚੰਡੀਗੜ੍ਹ ਦੇ ਸੈਕਟਰ-18 ਸਥਿਤ ਟੈਗੋਰ ਥੀਏਟਰ ਵਿਖੇ ਦਿੱਤੇ ਹਨ। ਮੁੱਖ ਮੰਤਰੀ ਨੇ ਖੇਤੀਬਾੜੀ ਵਿਭਾਗ ਦੇ 184, ਜਲ ਸਰੋਤ ਵਿਭਾਗ ਦੇ 28, ਪੁੱਡਾ ਦੇ 22, ਖੇਡ ਵਿਭਾਗ ਦੇ 55, ਸਥਾਨਕ ਸਰਕਾਰਾਂ ਵਿਭਾਗ ਦੇ 87, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਛੇ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਇਸੇ ਤਰ੍ਹਾਂ ਸਕੂਲ ਸਿੱਖਿਆ ਦੇ 26, ਜਲ ਸਪਲਾਈ ਤੇ ਸੈਨੀਟੇਸ਼ਨ ਦੇ 26, ਆਬਕਾਰੀ ਤੇ ਕਰ ਵਿਭਾਗ ਦੇ ਦੋ, ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਚਾਰ ਅਤੇ ਵਿੱਤ ਵਿਭਾਗ ਦੇ 10 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ।

ਭਾਰਤੀ ਫੌਜ ਦੇ ਲੈਫਟੀਨੈਂਟ ਜਨਰਲ ਸੁਮੇਰ ਦੇ ਦਾਅਵਿਆਂ ਮਗਰੋਂ ਐਸਜੀਪੀਸੀ ਨੇ ਦਿੱਤਾ ਸਪੱਸ਼ਟੀਕਰਨ 

ਅੰਮਿ੍ਰਤਸਰ/ਬਿਊਰੋ ਨਿਊਜ਼ 

ਭਾਰਤ ਅਤੇ ਪਾਕਿਸਤਾਨ ਵਿਚਾਲੇ ਗੋਲੀਬੰਦੀ ਤੋਂ ਬਾਅਦ ਭਾਰਤੀ ਫੌਜ ਨੇ ਲੰਘੇ ਦਿਨ ਖੁਲਾਸਾ ਕੀਤਾ ਸੀ ਕਿ ਪਾਕਿਸਤਾਨੀ ਫੌਜ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਪੰਜਾਬ ਦੇ ਹੋਰ ਸ਼ਹਿਰਾਂ ਨੂੰ ਨਿਸ਼ਾਨਾ ਬਣਾਇਆ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤੀ ਫੌਜ ਦੇ ਇਸ ਦਾਅਵੇ ਨੂੰ ਰੱਦ ਕੀਤਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਵਾਈ ਸੁਰੱਖਿਆ ਗੰਨਾਂ ਤੈਨਾਤ ਕੀਤੀਆਂ ਗਈਆਂ ਸਨ। ਭਾਰਤੀ ਫੌਜ ਦੇ ਲੈਫ਼ਟੀਨੈਂਟ ਜਨਰਲ ਸੁਮੇਰ ਇਵਾਨ ਨੇ ਇੱਕ ਚੈਨਲ ਨਾਲ ਇੰਟਰਵਿਊ ਦੌਰਾਨ ਭਾਰਤ-ਪਾਕਿਸਤਾਨ ਤਣਾਅ ਦਰਮਿਆਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੌਜ ਦੀਆਂ ਹਵਾਈ ਸੁਰੱਖਿਆ ਗੰਨਾਂ ਲਗਾਉਣ ਸਬੰਧੀ ਦਾਅਵਾ ਕੀਤਾ ਸੀ। ਇਸਦੇ ਚੱਲਦਿਆਂ ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਫੌਜ ਦੇ ਇੱਕ ਅਧਿਕਾਰੀ ਵੱਲੋਂ ਅਜਿਹੀ ਗੱਲ ਕਰਨਾ ਹੈਰਾਨੀਜਨਕ ਹੈ। ਉਨ੍ਹਾਂ ਕਿਹਾ ਭਾਰਤ ਸਰਕਾਰ ਨੂੰ ਇਹ ਗੱਲ ਸਪੱਸ਼ਟ ਕਰਨੀ ਚਾਹੀਦੀ ਹੈ ਕਿ ਅਜਿਹੇ ਬਿਆਨ ਫੌਜ ਦੇ ਅਧਿਕਾਰੀਆਂ ਵੱਲੋਂ ਕਿਉਂ ਦਿੱਤੇ ਜਾ ਰਹੇ ਹਨ। ਇਸੇ ਤਰ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਫੌਜ ਦੇ ਦਾਅਵੇ ਨੂੰ ਹੈਰਾਨੀਜਨਕ ਕਰਾਰ ਦਿੱਤਾ ਹੈ।  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਵੀ ਫੌਜ ਦੇ ਅਧਿਕਾਰੀ ਵੱਲੋਂ ਕੀਤੀ ਗਈ ਬਿਆਨਬਾਜ਼ੀ ਨੂੰ ਹੈਰਾਨੀਜਨਕ ਦੱਸਿਆ ਹੈ।  

ਕਿਹਾ : ਗੁਰੂ ਘਰ ’ਤੇ ਹਮਲੇ ਬਾਰੇ ਕੋਈ ਵੀ ਫੌਜ ਸੋਚ ਹੀ ਨਹੀਂ ਸਕਦੀ

ਅੰਮਿ੍ਰਤਸਰ/ਬਿਊਰੋ ਨਿਊਜ਼  

ਪਾਕਿਸਤਾਨ ਵਲੋਂ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕੀਤੇ ਜਾਣ ਸਬੰਧੀ ਭਾਰਤੀ ਫੌਜ ਵਲੋਂ ਕੀਤੇ ਖੁਲਾਸੇ ਬਾਰੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਆਖਿਆ ਹੈ ਕਿ ਉਹ ਅਜਿਹੇ ਕਿਸੇ ਵੀ ਬਿਆਨ ’ਤੇ ਵਿਸ਼ਵਾਸ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਚਾਹੇ ਭਾਰਤੀ ਫੌਜ ਹੋਵੇ ਜਾਂ ਪਾਕਿਸਤਾਨੀ ਫੌਜ, ਉਹ ਗੁਰੂ ਘਰ ’ਤੇ ਹਮਲੇ ਸਬੰਧੀ ਸੋਚ ਹੀ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਬਾਰੇ ਸੰਗਤ ਦੇ ਮਨ ਵਿਚ ਨਾ ਕੋਈ ਦੁਬਿਧਾ ਹੈ ਅਤੇ ਨਾ ਹੀ ਕੋਈ ਤੌਖਲਾ ਹੈ। ਉਨ੍ਹਾਂ ਕਿਹਾ ਕਿ ਸੰਗਤ ਪਹਿਲਾਂ ਵਾਂਗ ਹੀ ਵੱਡੀ ਗਿਣਤੀ ਵਿਚ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਪੁੱਜ ਰਹੀ ਹੈ। 

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.