Saturday, 20 June 2026

ਸੀਐਮ ਮਾਨ ਨੇ ਕਿਹਾ : ਆਉਂਦੇ ਦਿਨਾਂ ਵਿਚ ਹੋਰ ਵਲੰਟੀਅਰਾਂ ਨੂੰ ਵੀ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ  

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਸਰਕਾਰ ਵੱਲੋਂ ਅੱਜ ਸੋਮਵਾਰ ਨੂੰ ਸੂਬੇ ਵਿਚ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਤੇ ਮੈਂਬਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੀਂ ਜ਼ਿੰਮੇਵਾਰੀ ਹਾਸਲ ਕਰਨ ਵਾਲੇ ਸਾਰਿਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਮਾਨ ਨੇ ਨਵ-ਨਿਯੁਕਤ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਤੇ ਮੈਂਬਰਾਂ ਦਾ ‘ਰੰਗਲਾ ਪੰਜਾਬ’ ਟੀਮ ਵਿਚ ਸਵਾਗਤ ਕਰਦਿਆਂ ਕਿਹਾ ਕਿ ਉਮੀਦ ਹੈ ਨਵ-ਨਿਯੁਕਤ ਆਗੂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਹੋਰ ਵਲੰਟੀਅਰਾਂ ਨੂੰ ਵੀ ਜ਼ਿੰਮੇਵਾਰੀਆ ਦਿੱਤੀਆਂ ਜਾਣਗੀਆਂ।

 

ਮੰਤਰੀ ਹਰਭਜਨ ਸਿੰਘ ਨੇ ਕਿਹਾ : ਸੂਬੇ ਵਿਚ ਬਿਜਲੀ ਦੀ ਕੋਈ ਕਮੀ ਨਹੀਂ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਝੋਨੇ ਦੀ ਬਿਜਾਈ ਦੌਰਾਨ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ। ਇਸ ਲਈ ਪੰਜਾਬ ਨੂੰ ਤਿੰਨ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਵਿੱਚ 15 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਹੋ ਚੁੱਕੀ ਹੈ ਤੇ ਸਬੰਧਤ ਖੇਤਰਾਂ ਨੂੰ ਰੋਜ਼ਾਨਾ ਅੱਠ ਘੰਟੇ ਬਿਜਲੀ ਦਿੱਤੀ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 1 ਜੂਨ ਤੋਂ ਕੌਮਾਂਤਰੀ ਸਰਹੱਦ ਨਾਲ ਲੱਗਦੇ ਖੇਤਰਾਂ ਅਤੇ ਨਹਿਰੀ ਸਿੰਜਾਈ ਵਾਲੇ ਖੇਤਰਾਂ ਵਿੱਚ ਬਿਜਾਈ ਦੀ ਆਗਿਆ ਦਿੱਤੀ ਗਈ ਹੈ। ਇਸ ਵਿੱਚ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਸ਼ਾਮਲ ਹਨ। ਇਸੇ ਤਰ੍ਹਾਂ 5 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਅੰਮਿ੍ਰਤਸਰ, ਰੂਪਨਗਰ, ਐੱਸਏਐੱਸ ਨਗਰ (ਮੁਹਾਲੀ), ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿੱਚ ਬਿਜਾਈ ਸ਼ੁਰੂ ਕੀਤੀ ਜਾਵੇਗੀ। ਬਾਕੀ ਜ਼ਿਲ੍ਹੇ ਜਿਵੇਂ- ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ 9 ਜੂਨ ਤੋਂ ਬਿਜਾਈ ਸ਼ੁਰੂ ਹੋ ਜਾਵੇਗੀ। ਇਸਦੇ ਚੱਲਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਸੂਬੇ ਵਿਚ ਬਿਜਲੀ ਦੀ ਕੋਈ ਕਮੀ ਨਹੀਂ ਹੈ। 

ਜਾਖੜ ਨੇ ਕਿਹਾ : ਜ਼ਿੰਮੇਵਾਰ ਵਿਅਕਤੀਆਂ ਨੂੰ ਮਿਲੇ ਸਖਤ ਸਜ਼ਾ 

ਚੰਡੀਗੜ੍ਹ/ਬਿਊਰੋ ਨਿਊਜ਼

ਮਜੀਠਾ ਸ਼ਰਾਬ ਕਾਂਡ ਦੇ ਮਾਮਲੇ ਵਿਚ ਪੰਜਾਬ ਭਾਜਪਾ ਦਾ ਵਫਦ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ। ਇਸ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਦਿੱਲੀ ਵਾਲਿਆਂ ਨੇ ਹਾਈਜੈਕ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿਚ ਹੋਈਆਂ 27 ਮੌਤਾਂ ਦੇ ਜ਼ਿੰਮੇਵਾਰਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚਾਹੇ ਕੋਈ ਮੰਤਰੀ ਹੋਵੇ ਜਾਂ ਕੋਈ ਠੇਕੇਦਾਰ, ਸਭਨਾਂ ਖਿਲਾਫ਼ ਪਰਚਾ ਦਰਜ ਹੋਣਾ ਚਾਹੀਦਾ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਸ਼ਰਾਬ ਕਾਂਡ ਦੇ ਮੁਲਜ਼ਮਾਂ ਦੀ ਸਾਰੀ ਜਾਇਦਾਦ ਜ਼ਬਤ ਹੋਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਐਕਸਾਈਜ਼ ਪਾਲਿਸੀ ਦੀ ਜਾਂਚ ਦਾ ਦਾਇਰਾ ਵਧਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਬਿਲਕੁੱਲ ਵਿਗੜ ਚੁੱਕੀ ਹੈ ਤੇ ਮਜੀਠਾ ਸ਼ਰਾਬ ਕਾਂਡ ਵਿਚ ਮੌਤਾਂ ਨਹੀਂ ਬਲਕਿ ਹੱਤਿਆਵਾਂ ਹੋਈਆਂ ਹਨ। 

 

ਭਰਤੀ 18 ਜੂਨ ਤੱਕ ਕੀਤੀ ਜਾਵੇਗੀ ਮੁਕੰਮਲ, ਕਮੇਟੀ ਵੱਲੋਂ ਪੰਥਕ ਏਕੇ ਦਾ ਸੱਦਾ

ਚੰਡੀਗੜ੍ਹ/ਬਿਊਰੋ ਨਿਊਜ਼

ਸ਼੍ਰੋਮਣੀ ਅਕਾਲੀ ਦਲ ਵਿਚ ਭਰਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਨੇ ਵਿਦੇਸ਼ਾਂ ਅਤੇ ਹੋਰਨਾਂ ਸੂਬਿਆਂ ਵਿੱਚ ਬੈਠੇ ਪੰਜਾਬੀਆਂ ਨੂੰ ਪਾਰਟੀ ਨਾਲ ਜੋੜਨ ਲਈ ਆਨਲਾਈਨ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਕਮੇਟੀ ਵੱਲੋਂ ਭਰਤੀ ਦੇ ਅਮਲ ਨੂੰ 18 ਜੂਨ ਤੱਕ ਮੁਕੰਮਲ ਕੀਤਾ ਜਾਵੇਗਾ। ਭਰਤੀ ਕਮੇਟੀ ਦੇ ਮੈਂਬਰਾਂ ਮਨਪ੍ਰੀਤ ਸਿੰਘ ਇਯਾਲੀ, ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜਥੇਦਾਰ ਇਕਬਾਲ ਸਿੰਘ ਝੂੰਦਾਂ, ਜਥੇਦਾਰ ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਨੇ ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਇਸ ਲਈ ਆਨਲਾਈਨ ਪੋਰਟਲ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪੋਰਟਲ ਨਾਲ ਵਿਦੇਸ਼ਾਂ ਵਿੱਚ ਬੈਠੇ ਵਿਅਕਤੀ ਵੀ ਪਾਰਟੀ ਨਾਲ ਜੁੜ ਸਕਣਗੇ। ਇਸਦੇ ਨਾਲ ਹੀ ਭਰਤੀ ਕਮੇਟੀ ਨੇ ਪੰਥਕ ਏਕੇ ਦਾ ਵੀ ਸੱਦਾ ਦਿੱਤਾ। ਧਿਆਨ ਰਹੇ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਕਮੇਟੀ ਵਿਚ ਪਹਿਲਾਂ ਸੱਤ ਮੈਂਬਰ ਸਨ, ਪਰ ਮਗਰੋਂ ਦੋ ਮੈਂਬਰਾਂ ਨੇ ਇਸ ਵਿਚੋਂ ਅਸਤੀਫਾ ਦੇ ਦਿੱਤਾ ਸੀ।

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.