Saturday, 20 June 2026

ਕੇਜਰੀਵਾਲ ਨੇ ਕਿਹਾ : ਦੋਸ਼ੀ ਨੂੰ ਨਹੀਂ ਬਖਸਿਆ ਜਾਵੇਗਾ 

ਚੰਡੀਗੜ੍ਹ/ਬਿਊਰੋ ਨਿਊਜ਼ 

ਮਜੀਠਾ ਖੇਤਰ ਵਿਚ ਜ਼ਹਿਰੀਲੀ ਸ਼ਰਾਬ ਪੀਣ ਦੇ ਕਾਰਨ ਹੋਈਆਂ ਮੌਤਾਂ ਤੋਂ ਬਾਅਦ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਜਾਂਚ ਦੇ ਹੁਕਮ ਦੇ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੰਦਭਾਗੀ ਘਟਨਾ ’ਤੇ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਮਾਮਲੇ ’ਚ ਕਾਨੂੰਨ ਮੁਤਾਬਕ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇਗੀ। ਸੀਐਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਮੁਹੱਈਆ ਕੀਤੀ ਜਾਵੇਗੀ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਕਿਹਾ ਕਿ ਜ਼ਹਿਰੀਲੀ ਸ਼ਰਾਬ ਮਾਮਲੇ ਵਿਚ ਜਿਹੜਾ ਵੀ ਵਿਅਕਤੀ ਦੋਸ਼ੀ ਪਾਇਆ ਗਿਆ, ਉਸ ਨੂੰ ਸਖਤ ਸਜ਼ਾ ਮਿਲੇਗੀ, ਚਾਹੇ ਉਹ ਵਿਅਕਤੀ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ।  

 

ਪੁਲਿਸ ਵਲੋਂ ਨਕਲੀ ਸ਼ਰਾਬ ਵੇਚਣ ਵਾਲਿਆਂ ਖਿਲਾਫ ਕੇਸ ਦਰਜ

ਅੰਮਿ੍ਰਤਸਰ/ਬਿਊਰੋ ਨਿਊਜ਼  

ਅੰਮਿ੍ਰਤਸਰ ਜ਼ਿਲ੍ਹੇ ’ਚ ਪੈਂਦੇ ਹਲਕਾ ਮਜੀਠਾ ਅਧੀਨ ਆਉਂਦੇ ਕੁਝ ਪਿੰਡਾਂ ਵਿਚ ਬੀਤੀ ਰਾਤ ਜ਼ਹਿਰੀਲੀ ਸ਼ਰਾਬ ਪੀਣ ਕਰਕੇ 14 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਛੇ ਵਿਅਕਤੀਆਂ ਦੀ ਹਾਲਤ ਗੰਭੀਰ ਹੈ। ਪੁਲਿਸ ਨੇ ਨਕਲੀ ਸ਼ਰਾਬ ਵੇਚਣ ਵਾਲਿਆਂ ਖਿਲਾਫ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੇ ਚੱਲਦਿਆਂ ਅੰਮਿ੍ਰਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਪੁਲਿਸ ਦੇ ਸੀਨੀਅਰ ਅਫਸਰਾਂ ਨੇ ਪੀੜਤ ਪਰਿਵਾਰਾਂ ਤੱਕ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਹੋਰ ਲੋਕਾਂ ਵੀ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੇ ਇਹ ਜ਼ਹਿਰੀਲੀ ਸ਼ਰਾਬ ਪੀਤੀ ਹੈ ਤਾਂ ਉਹ ਆਪਣਾ ਇਲਾਜ ਕਰਵਾਉਣ ਵਾਸਤੇ ਅੱਗੇ ਆਉਣ। ਇਸ ਮਾਮਲੇ ’ਚ ਲਾਪਰਵਾਹੀ ਵਰਤਣ ਕਾਰਨ ਡੀਐਸਪੀ ਸਬ ਡਵੀਜ਼ਨ ਮਜੀਠਾ ਅਤੇ ਐਸ.ਐਚ.ਓ. ਪੁਲਿਸ ਸਟੇਸ਼ਨ ਮਜੀਠਾ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੁਲਿਸ ਵਲੋਂ ਵੱਡੀ ਕਾਰਵਾਈ ਕਰਦਿਆਂ ਪੰਜ ਵਿਅਕਤੀਆਂ ਨੂੰ ਗਿ੍ਰਫਤਾਰ ਵੀ ਕਰ ਲਿਆ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਪੰਜਾਬ ’ਚ ਕਾਂਗਰਸ ਸਰਕਾਰ ਸਮੇਂ ਵੀ ਇਸ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 19 ਵਿਅਕਤੀਆਂ ਦੀ ਮੌਤ ਹੋ ਗਈ ਸੀ।

ਪੁਲਿਸ ਨੇ ਲੋਕਾਂ ਨੂੰ ਕੀਤਾ ਸੁਚੇਤ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਪੁਲਿਸ ਵਲੋਂ ਪਾਕਿਸਤਾਨ ਦੀ ਇਕ ਹੋਰ ਕਾਇਰਾਨਾ ਹਰਕਤ ਦੇ ਬਾਰੇ ਸੂਬੇ ਦੇ ਲੋਕਾਂ ਨੂੰ ਚੌਕਸ ਕੀਤਾ ਹੈ। ਪੰਜਾਬ ਪੁਲਿਸ ਨੇ ਸੂਬੇ ਦੇ ਲੋਕਾਂ ਨੂੰ ਪਾਕਿਸਤਾਨ ਵਲੋਂ ਸਾਈਬਰ ਅਟੈਕ ਬਾਰੇ ਸੁਚੇਤ ਕੀਤਾ ਹੈ। ਪੰਜਾਬ ਪੁਲਿਸ ਵਲੋਂ ਜਾਰੀ ਕੀਤੇ ਗਏ ਇਕ ਅਲਰਟ ਵਿਚ, ਪਾਕਿਸਤਾਨੀ ਸਾਈਬਰ ਹਮਲਾਵਰਾਂ ਵਲੋਂ ਸਾਈਬਰ ਹਮਲੇ ਬਾਰੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸੰਬੰਧੀ ਪੰਜਾਬ ਪੁਲਿਸ ਵਲੋਂ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ। ਨਾਲ ਹੀ, ਕਿਸੇ ਵੀ ਅਣਜਾਣ ਲਿੰਕ ’ਤੇ ਕਲਿੱਕ ਨਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਪੁਲਿਸ ਵਲੋਂ ਕਿਹਾ ਗਿਆ ਹੈ ਕਿ ਭਾਰਤੀ ਉਪਭੋਗਤਾਵਾਂ ਨੂੰ ਪਾਕਿਸਤਾਨ ਸਥਿਤ ਹੈਕਰਾਂ ਵਲੋਂ ਵਟਸਐਪ, ਫੇਸਬੁੱਕ ਅਤੇ ਈਮੇਲ ਰਾਹੀਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਿਸ ਵਿਚ ‘ਡਾਂਸ ਆਫ ਦ ਹਿਲੇਰੀ’ ਨਾਮ ਦਾ ਇਕ ਖ਼ਤਰਨਾਕ ਮਾਲਵੇਅਰ ਫੈਲਾਇਆ ਜਾ ਰਿਹਾ ਹੈ। ਇਹ ਮਾਲਵੇਅਰ ਤੁਹਾਡੀ ਬੈਂਕਿੰਗ ਜਾਣਕਾਰੀ, ਪਾਸਵਰਡ ਅਤੇ ਨਿੱਜੀ ਡੇਟਾ ਚੋਰੀ ਕਰ ਸਕਦਾ ਹੈ। ਇਹ ਤੁਹਾਡੀ ਡਿਵਾਈਸ ਦੇ ਰਿਮੋਟ ਕੰਟਰੋਲ ਦੀ ਵੀ ਆਗਿਆ ਦੇ ਸਕਦਾ ਹੈ। ਇਸਦੇ ਚੱਲਦਿਆਂ ਅਣਜਾਣ ਲਿੰਕਾਂ ਜਾਂ ਅਣਜਾਣ ਲੋਕਾਂ ਦੇ ਸੁਨੇਹਿਆਂ ’ਤੇ ਕਲਿੱਕ ਨਾ ਕਰੋ, ਤਾਂ ਜੋ ਤੁਸੀਂ ਉਸਦੇ ਹਮਲੇ ਤੋਂ ਆਪਣੇ ਆਪ ਨੂੰ ਬਚਾ ਸਕੋ। 

ਸਰਹੱਦ ਪਾਰੋਂ ਹੋ ਰਹੀ ਨਸ਼ਿਆਂ ਦੀ ਤਸਕਰੀ ’ਤੇ ਪ੍ਰਗਟਾਈ ਚਿੰਤਾ

ਚੰਡੀਗੜ੍ਹ/ਬਿਊਰੋ ਨਿਊਜ਼

ਅੰਮਿ੍ਰਤਸਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੀ ਤਸਕਰੀ ਦੇ ਖਿਲਾਫ ਤੁਰੰਤ ਰਾਸ਼ਟਰੀ ਕਾਰਵਾਈ ਕਰਨ ਲਈ ਇਕ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਅੰਮਿ੍ਰਤਸਰ ਜ਼ਿਲ੍ਹੇ ਦੇ ਸਰਹੱਦੀ ਖ਼ੇਤਰਾਂ ਵਿਚ ਸਰਹੱਦ ਪਾਰੋਂ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਦੇ ਚੱਲ ਰਹੇ ਅਤੇ ਵਧਦੇ ਸੰਕਟ ਦੇ ਸੰਬੰਧ ਵਿਚ ਗੰਭੀਰ ਚਿੰਤਾ ਤੇ ਇਕ ਡੂੰਘੀ ਤੱਤਪਰਤਾ ਨਾਲ ਪੱਤਰ ਲਿਖ ਰਿਹਾ ਹਾਂ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਪੇਟ ਵਿਚ ਆ ਕੇ ਹੁਣ ਤੱਕ 2 ਲੱਖ ਤੋਂ ਵੱਧ ਜਾਨਾਂ ਜਾ ਚੁੱਕੀਆਂ ਹਨ। ਇਹ ਸਾਡੇ ਸੂਬੇ ਦੇ ਨੌਜਵਾਨਾਂ, ਪਰਿਵਾਰਾਂ ਅਤੇ ਭਵਿੱਖ ’ਤੇ ਲਗਾਤਾਰ ਤੇ ਜਾਣਬੁੱਝ ਕੇ ਕੀਤਾ ਗਿਆ ਹਮਲਾ ਹੈ ਅਤੇ ਇਹ ਅੱਤਵਾਦ ਤੋਂ ਘੱਟ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪੱਤਰ ਸਿਰਫ਼ ਇਕ ਅਪੀਲ ਨਹੀਂ ਸਗੋਂ ਬਾਰਡਰ ਦੇ ਲੋਕਾਂ ਵਲੋਂ ਇਕ ਮੰਗ ਹੈ ਕਿ ਇਸ ’ਤੇ ਕਾਰਵਾਈ ਕੀਤੀ ਜਾਵੇ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.