Saturday, 20 June 2026

ਬੀਬੀਐਮਬੀ ਨੇ ਤਿੰਨ ਸੂਬਿਆਂ ਦੀ ਸੱਦੀ ਮੀਟਿੰਗ

ਚੰਡੀਗੜ੍ਹ/ਬਿਊਰੋ ਨਿਊਜ਼

ਪਾਣੀ ਦੇ ਮੁੱਦੇ ’ਤੇ ਪੰਜਾਬ ਸਰਕਾਰ ਹਰਕਤ ਵਿਚ ਆ ਗਈ ਹੈ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਹਾਈਕੋਰਟ ਵਿਚ ਇਕ ਸਮੀਖਿਆ ਪਟੀਸ਼ਨ ਦਾਇਰ ਕੀਤੀ ਹੈ ਅਤੇ 6 ਮਈ ਦੇ ਹੁਕਮ ਨੂੰ ਗਲਤ ਕਿਹਾ ਹੈ। ਪੰਜਾਬ ਸਰਕਾਰ ਨੇ ਕਿਹਾ ਕਿ ਬੀਬੀਐਮਬੀ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ ’ਤੇ ਪੰਜਾਬ ਦੇ ਪਾਣੀ ਨੂੰ ਗੈਰਕਾਨੂੰਨੀ ਢੰਗ ਨਾਲ ਖੋਹਣ ਦੀ ਕੋਸ਼ਿਸ਼ ਕਰ ਰਿਹਾ ਹੈ। ਪੰਜਾਬ ਸਰਕਾਰ ਨੇ ਅਦਾਲਤ ਵਿਚ ਕਿਹਾ ਕਿ 2 ਮਈ ਨੂੰ ਹੋਈ ਬੈਠਕ ਨੂੰ ਗਲਤ ਤਰੀਕੇ ਨਾਲ ਅਧਾਰ ਬਣਾ ਕੇ ਅਦਾਲਤ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ। ਕਿਹਾ ਗਿਆ ਕਿ ਬੀ.ਬੀ.ਐਮ.ਬੀ. ਨੇ ਬਿਨਾਂ ਕਿਸੇ ਅਧਿਕਾਰ ਦੇ ਹਰਿਆਣਾ ਨੂੰ ਪਾਣੀ ਛੱਡਣ ਦੀ ਕੋਸ਼ਿਸ਼ ਕੀਤੀ ਹੈ। ਉਧਰ ਦੂਜੇ ਪਾਸੇ ਬੀਬੀਐਮਬੀ ਨੇ ਟੈਕਨੀਕਲ ਕਮੇਟੀ ਦੀ ਮੀਟਿੰਗ 14 ਮਈ ਨੂੰ ਬੁਲਾ ਲਈ ਹੈ, ਜਿਸ ਵਿਚ ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਮੁੱਖ ਇੰਜੀਨੀਅਰ ਸ਼ਾਮਲ ਹੋਣਗੇ। ਇਸ ਮੀਟਿੰਗ ਵਿਚ ਕੇਂਦਰੀ ਜਲ ਕਮਿਸ਼ਨ ਦੇ ਮੁੱਖ ਇੰਜੀਨੀਅਰ ਵੀ ਭਾਗ ਲੈ ਰਹੇ ਹਨ।

ਪਾਵਰਕੌਮ ਦੇ ਸੀਨੀਅਰ ਅਧਿਕਾਰੀ ਨੇ ਅਫਵਾਹਾਂ ਨੂੰ ਕੀਤਾ ਖਾਰਜ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਦੇ ਤਾਪ ਬਿਜਲੀ ਘਰਾਂ ਲਈ ਕਿਸੇ ਤਰ੍ਹਾਂ ਦੀ ਵੀ ਕੋਲਾ ਸਪਲਾਈ ਰੋਕੀ ਨਹੀਂ ਗਈ ਹੈ। ਪਾਵਰਕੌਮ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਨਿਰੀ ਅਫਵਾਹ ਹੈ ਕਿ ਰੇਲਵੇ ਨੇ ਤਿੰਨ ਦਿਨਾਂ ਲਈ ਥਰਮਲ ਪਲਾਂਟਾਂ ’ਚ ਕੋਲੇ ਦੀ ਲੋਡਿੰਗ ਰੋਕ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਰੇਲਵੇ ਦੇ ਇਹ ਹੁਕਮ ਤਾਪ ਬਿਜਲੀ ਘਰਾਂ ’ਤੇ ਲਾਗੂ ਨਹੀ ਹੁੰਦੇ ਹਨ। ਧਿਆਨ ਰਹੇ ਕਿ ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਦੇ ਚੱਲਦਿਆਂ ਰੇਲਵੇ ਵਿਭਾਗ ਵੱਲੋਂ ਤਿੰਨ ਦਿਨਾਂ ਲਈ ਕੋਲੇ ਦੇ ਰੈਕ ਲੋਡ ਨਾ ਕਰਨ ਦੀ ਖਬਰ ਚੱਲ ਰਹੀ ਹੈ। ਪੰਜਾਬ ਦੇ ਤਾਪ ਬਿਜਲੀ ਘਰਾਂ ਵਿੱਚ ਕੋਲੇ ਦਾ ਵਾਧੂ ਭੰਡਾਰ ਪਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਵਿੱਚ ਔਸਤਨ 25 ਦਿਨਾਂ ਦਾ ਕੋਲੇ ਦਾ ਸਟਾਕ ਪਿਆ ਹੈ।  

 

ਪੁਣਛ ਹਮਲੇ ’ਚ ਜ਼ਖ਼ਮੀ ਪਿਓ-ਪੁੱਤ ਇਲਾਜ ਲਈ ਅੰਮਿ੍ਰਤਸਰ ਪੁੱਜੇ

ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼  

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੱਜ ਸੰਗਤੀ ਰੂਪ ਵਿੱਚ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਉਨ੍ਹਾਂ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਕੀਤੀ ਕਿ ਦੱਖਣ ਏਸ਼ੀਆ ਵਿਚਕਾਰ ਤਣਾਅਪੂਰਨ ਮਾਹੌਲ ਨਾ ਬਣੇ, ਜੰਗ ਨਾ ਲੱਗੇ, ਸਰਬੱਤ ਦਾ ਭਲਾ ਹੋਵੇ, ਸੁੱਖ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣੀ ਰਹੇ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖੁਦ ਅਰਦਾਸ ਕੀਤੀ ਤੇ ਸਰਬੱਤ ਦਾ ਭਲਾ ਮੰਗਿਆ। ਇਸਦੇ ਚੱਲਦਿਆਂ ਪਾਕਿਸਤਾਨ ਵੱਲੋਂ ਜੰਮੂ ਦੇ ਪੁਣਛ ਇਲਾਕੇ ਵਿੱਚ ਕੀਤੇ ਗਏ ਹਮਲੇ ਦੌਰਾਨ ਜ਼ਖ਼ਮੀ ਹੋਏ ਸਿੱਖ ਪਿਓ-ਪੁੱਤ ਨੂੰ ਇਲਾਜ ਲਈ ਉਨ੍ਹਾਂ ਦੇ ਪਰਿਵਾਰਕ ਮੈਂਬਰ ਲੈ ਕੇ ਅੰਮਿ੍ਰਤਸਰ ਦੇ ਨਿੱਜੀ ਹਸਪਤਾਲ ਵਿੱਚ ਪੁੱਜੇ ਹਨ। ਇਨ੍ਹਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਅਤੇ ਮੈਨੇਜਰ ਰਜਿੰਦਰ ਸਿੰਘ ਰੂਬੀ ਨੇ ਸਵੇਰੇ ਸਿਹਤ ਸਬੰਧੀ ਹਾਲ ਚਾਲ ਪੁੱਛਿਆ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਜ਼ਖਮੀ ਪਿਓ-ਪੁੱਤ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।

 

ਉਲੰਘਣਾ ਕਰਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ

ਚੰਡੀਗੜ੍ਹ/ਬਿਊਰੋ ਨਿਊਜ਼ 

ਭਾਰਤ-ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦੇ ਵਿਚਕਾਰ, ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਆਈ.ਏ.ਐਸ. ਅਤੇ ਪੀ.ਸੀ.ਐਸ. ਅਫਸਰਾਂ ਲਈ ਪਹਿਲਾਂ ਤੋਂ ਮਨਜ਼ੂਰ ਕੀਤੀਆਂ ਸਾਰੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਅੱਜ 9 ਮਈ ਨੂੰ ਨਿਰਦੇਸ਼ ਜਾਰੀ ਕੀਤਾ ਗਿਆ ਹੈ। ਇਸ ਨਿਰਦੇਸ਼ ਵਿੱਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਕਿਸੇ ਵੀ ਅਧਿਕਾਰੀ ਨੂੰ ਮੁੱਖ ਸਕੱਤਰ ਪੰਜਾਬ ਦੀ ਸਪੱਸ਼ਟ ਪ੍ਰਵਾਨਗੀ ਤੋਂ ਬਿਨਾਂ ਕਿਸੇ ਵੀ ਕਿਸਮ ਦੀ ਛੁੱਟੀ ਲੈਣ ਜਾਂ ਸਟੇਸ਼ਨ ਸਥਾਨ ਛੱਡਣ ਦੀ ਆਗਿਆ ਨਹੀਂ ਹੋਵੇਗੀ। ਸਰਕਾਰ ਨੇ ਇਹ ਵੀ ਚਿਤਾਵਨੀ ਦਿੱਤੀ ਹੈ ਕਿ ਇਸ ਨਿਰਦੇਸ਼ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਅਧਿਕਾਰੀ ਨੂੰ ਸਬੰਧਤ ਨਿਯਮਾਂ ਅਧੀਨ ਢੁਕਵੀਂ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.