Saturday, 20 June 2026

ਏਅਰ ਫੋਰਸ ਸਟੇਸ਼ਨ ਵਲੋਂ ਸੰਭਾਵੀ ਹਵਾਈ ਖਤਰੇ ਬਾਰੇ ਅਲਰਟ ਜਾਰੀ

ਚੰਡੀਗੜ੍ਹ/ਬਿਊਰੋ ਨਿਊਜ਼  

ਚੰਡੀਗੜ੍ਹ ਅਤੇ ਮੁਹਾਲੀ ਵਿਚ ਅੱਜ ਸ਼ੁੱਕਰਵਾਰ ਸਵੇਰੇ ਮੁੜ ਸਾਇਰਨ ਵੱਜਣੇ ਸ਼ੁਰੂ ਹੋ ਗਏ ਸਨ ਅਤੇ ਚੰਡੀਗੜ੍ਹ ’ਚ ਸੰਭਾਵੀ ਹਵਾਈ ਖਤਰੇ ਬਾਰੇ ਅਲਰਟ ਜਾਰੀ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇਹ ਚਿਤਾਵਨੀ ਏਅਰ ਫੋਰਸ ਸਟੇਸ਼ਨ ਤੋਂ ਜਾਰੀ ਕੀਤੀ ਗਈ ਹੈ। ਇਸਦੇ ਚੱਲਦਿਆਂ ਯੂਟੀ ਅਤੇ ਮੁਹਾਲੀ ਪ੍ਰਸ਼ਾਸਨ ਨੇ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਸ਼ੀਸ਼ੇ ਵਾਲੀਆਂ ਖਿੜਕੀਆਂ ਤੋਂ ਵੀ ਦੂਰ ਰਹਿਣ ਲਈ ਕਿਹਾ ਗਿਆ ਹੈ ਅਤੇ ਬਾਲਕੋਨੀਆਂ ਦੇ ਬਾਹਰ ਵੀ ਨਾ ਖੜ੍ਹੇ ਹੋਣ ਦੀ ਸਲਾਹ ਦਿੱਤੀ ਹੈ। ਦੱਸਣਯੋਗ ਹੈ ਕਿ ਲੋਕਾਂ ਨੂੰ ਅਲਰਟ ਕਰਨ ਲਈ ਚੰਡੀਗੜ੍ਹ ਵਿਖੇ 20 ਥਾਵਾਂ ’ਤੇ ਸਾਇਰਨ ਲੱਗੇ ਹੋਏ ਹਨ ਅਤੇ ਜਦੋਂ ਵੀ ਕਿਸੇ ਤਰ੍ਹਾਂ ਦੇ ਖਤਰੇ ਦੀ ਸੰਭਾਵਨਾ ਲੱਗਦੀ ਹੈ ਤਾਂ ਸਾਇਰਨ ਵੱਜਣ ਲੱਗ ਪੈਂਦਾ ਹੈ ਤਾਂ ਜੋ ਲੋਕ ਸਾਵਧਾਨ ਹੋ ਜਾਣ। ਇਸਦੇ ਚੱਲਦਿਆਂ ਐਮਰਜੈਂਸੀ ਸੇਵਾਵਾਂ ਨੂੰ ਤਿਆਰ ਬਰ ਤਿਆਰ ਰਹਿਣ ਲਈ ਕਿਹਾ ਗਿਆ ਹੈ।  

 

ਕਿਹਾ : ਪੰਜਾਬ ਪੁਲਿਸ ਡੈਮਾਂ ਦੇ ਅਪਰੇਸ਼ਨ ’ਚ ਕੋਈ ਦਖਲ ਨਾ ਦੇਵੇ

ਚੰਡੀਗੜ੍ਹ/ਬਿਊਰੋ ਨਿਊਜ਼ 

ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਵੱਡਾ ਫੈਸਲਾ ਸੁਣਾਇਆ ਗਿਆ ਹੈ। ਅਦਾਲਤ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਹੁਕਮ ਜਾਰੀ ਕੀਤੇ ਹਨ ਕਿ ਡੈਮ ਅਤੇ ਕੰਟਰੋਲ ਰੂਮ ਦੇ ਕੰਮਾਂ ਵਿਚ ਦਖਲ ਨਾ ਦਿੱਤੇ ਜਾਵੇ। ਅਦਾਲਤ ਨੇ ਪੰਜਾਬ ਸਰਕਾਰ ਨੂੰ ਕੇਂਦਰੀ ਗ੍ਰਹਿ ਸਕੱਤਰ ਦੀ ਬੈਠਕ ’ਚ ਹੋਏ ਫੈਸਲੇ ਮੰਨਣ ਲਈ ਕਿਹਾ ਹੈ। ਹਾਲਾਂਕਿ ਅਦਾਲਤ ਨੇ ਇਹ ਵੀ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੂੰ ਕੋਈ ਇਤਰਾਜ਼ ਹੈ ਤਾਂ ਉਹ ਬੀਬੀਐਮਬੀ ਦੇ ਚੇਅਰਮੈਨ ਸਾਹਮਣੇ ਆਪਣਾ ਪੱਖ ਰੱਖ ਸਕਦੀ ਹੈ। ਦੱਸਣਯੋਗ ਹੈ ਕਿ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦੇ ਜਾਣ ਮਗਰੋਂ ਬੀਬੀਐਮਬੀ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਬੀਬੀਐਮਬੀ ਨੇ ਦਲੀਲ ਦਿੱਤੀ ਸੀ ਕਿ ਪੰਜਾਬ ਸਰਕਾਰ ਗੈਰਕਾਨੂੰਨੀ ਤਰੀਕੇ ਨਾਲ ਉਨ੍ਹਾਂ ਦੇ ਕੰਮਾਂ ਵਿਚ ਦਖਲ ਦੇ ਰਹੀ ਹੈ। 

 

ਛੁੱਟੀ ਹੋਣ ਤੋਂ ਬਾਅਦ ਬੱਚੇ ਜਾ ਰਹੇ ਸਨ ਆਪੋ ਆਪਣੇ ਘਰਾਂ ਨੂੰ

ਪਟਿਆਲਾ/ਬਿਊਰੋ ਨਿਊਜ਼ 

ਪਟਿਆਲਾ-ਸਮਾਣਾ ਰੋਡ ’ਤੇ ਸਥਿਤ ਪਿੰਡ ਢੈਂਠਲ ਕੋਲ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿਚ ਪਟਿਆਲਾ ਦੇ ਭੁਪਿੰਦਰਾ ਇੰਟਰਨੈਸ਼ਨਲ ਸਕੂਲ ਦੇ 6 ਬੱਚਿਆਂ ਸਣੇ 7 ਜਣਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸੜਕ ਹਾਦਸੇ ਵਿਚ ਬੱਚਿਆਂ ਨੂੰ ਲਿਜਾ ਰਹੀ ਇਨੋਵਾ ਕਾਰ ਦੇ ਡਰਾਈਵਰ ਦੀ ਵੀ ਮੌਤ ਹੋ ਗਈ ਹੈ। ਇਸ ਹਾਦਸੇ ਵਿਚ ਇਕ ਬੱਚਾ ਜ਼ਖ਼ਮੀ ਵੀ ਹੋ ਗਿਆ, ਉਸਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ। ਜਾਣਕਾਰੀ ਮੁਤਾਬਕ ਇਹ 7 ਬੱਚੇ ਇੱਕ ਇਨੋਵਾ ਕਾਰ ਵਿੱਚ ਸਵਾਰ ਸਨ ਜੋ ਸਕੂਲ ਤੋਂ ਛੁੱਟੀ ਹੋਣ ਤੋਂ ਬਾਅਦ ਸਮਾਣਾ ਏਰੀਏ ਵਿੱਚ ਸਥਿਤ ਆਪਣੇ ਘਰਾਂ ਨੂੰ ਪਰਤ ਰਹੇ ਸਨ। ਮਿਲੀ ਜਾਣਕਾਰੀ ਮੁਤਾਬਕ ਪਟਿਆਲਾ ਸਮਾਣਾ ਰੋਡ ’ਤੇ ਸਥਿਤ ਪਿੰਡ ਢੈਂਠਲ ਅਤੇ ਨਸੂਪੁਰ ਦੇ ਨਜ਼ਦੀਕ ਇੱਕ ਟਿੱਪਰ ਨੇ ਇਸ ਇਨੋਵਾ ਨੂੰ ਟੱਕਰ ਮਾਰ ਦਿੱਤੀ ਤੇ ਇਨੋਵਾ ਇੱਕ ਦਰਖਤ ਨਾਲ ਜਾ ਟਕਰਾਈ। ਪਟਿਆਲਾ ਪੁਲਿਸ ਨੇ ਇਸ ਦੁਖਦਾਈ ਹਾਦਸੇ ਦੀ ਪੁਸ਼ਟੀ ਵੀ ਕਰ ਦਿੱਤੀ ਹੈ।

 

ਐਡਵੋਕੇਟ ਧਾਮੀ ਨੇ ਵੀ ਗੁਰਦੁਆਰੇ ’ਤੇ ਹਮਲੇ ਨੂੰ ਦੁਖਦਾਈ ਕਰਾਰ ਦਿੱਤਾ

ਅੰਮਿ੍ਰਤਸਰ/ਬਿਊਰੋ ਨਿਊਜ਼   

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਤੇ ਪਾਕਿਸਤਾਨ ਦੋਵਾਂ ਮੁਲਕਾਂ ਵਿਚਕਾਰ ਪੈਦਾ ਹੋਈ ਤਲਖੀ ’ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਪੁਣਛ ਵਿਚ ਗੁਰਦੁਆਰਾ ਸਾਹਿਬ ’ਤੇ ਹੋਏ ਹਮਲੇ ਦੀ ਸਖਤ ਨਿੰਦਾ ਕੀਤੀ ਹੈ। ਗੁਰਦੁਆਰਾ ਸਾਹਿਬ ’ਤੇ ਹੋਏ ਹਮਲੇ ਦੌਰਾਨ ਚਾਰ ਗੁਰਸਿੱਖ ਵਿਅਕਤੀਆਂ ਦੀ ਜਾਨ ਚਲੇ ਗਈ ਹੈ।  ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਤੁਰੰਤ ਸ਼ਾਂਤੀ ਬਹਾਲ ਕਰਨ ਲਈ ਸੰਜੀਦਾ ਯਤਨ ਕਰਨੇ ਚਾਹੀਦੇ ਹਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਭਾਰਤ-ਪਾਕਿਸਤਾਨ ਸਰਹੱਦ ’ਤੇ ਪੈਦਾ ਹੋਏ ਤਣਾਅ ਤੋਂ ਬਾਅਦ ਕਸ਼ਮੀਰ ਦੇ ਪੂੰਛ ਇਲਾਕੇ ਵਿਚ ਗੁਰਦੁਆਰਾ ਸਾਹਿਬ ’ਤੇ ਹੋਏ ਹਮਲੇ ਨੂੰ ਦੁਖਦਾਈ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਇਸ ਪੀੜਾਮਈ ਘਟਨਾ ਨੇ ਸਿੱਖ ਜਗਤ ਨੂੰ ਗਹਿਰੇ ਜ਼ਖ਼ਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਦੁਖਦਾਈ ਸਮੇਂ ’ਚ ਸ਼੍ਰੋਮਣੀ ਕਮੇਟੀ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦੀ ਹੈ। 

 

 

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.