Friday, 19 June 2026

ਕੇਂਦਰ ਸਰਕਾਰ ਖਿਲਾਫ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਨ ਦਾ ਲਗਾਇਆ ਆਰੋਪ

ਚੰਡੀਗੜ੍ਹ/ਬਿਊਰੋ ਨਿਊਜ਼

ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਸੀਂ ਸਾਰੇ ਪੰਜਾਬ ਦੇ ਹੱਕਾਂ ਲਈ ਇਕਜੁੱਟ ਹਾਂ। ਇਹ ਆਵਾਜ਼ ਪੰਜਾਬ ਵਿਧਾਨ ਸਭਾ ਤੋਂ ਲੈ ਕੇ ਪੂਰੇ ਦੇਸ਼ ਤੱਕ ਜਾਣੀ ਚਾਹੀਦੀ ਹੈ ਕਿ ਅਸੀਂ ਆਪਣੇ ਹੱਕਾਂ ਲਈ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਭਗਵੰਤ ਮਾਨ ਸਰਕਾਰ ਦੀ ਗੱਲ ਦਾ ਸਮਰਥਨ ਕਰਦੇ ਹਾਂ ਅਤੇ ਕੇਂਦਰ ਸਰਕਾਰ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰ ਰਹੀ ਹੈ। ਬਾਜਵਾ ਨੇ ਅੱਗੇ ਕਿਹਾ ਕਿ ਭਾਵੇਂ ਇਹ ਅਗਨੀਵੀਰ ਦਾ ਮਾਮਲਾ ਹੋਵੇ ਜਾਂ ਕੋਈ ਹੋਰ ਮਤਾ, ਜਦੋਂ ਵੀ ਸਰਕਾਰ ਕੋਈ ਮਤਾ ਲੈ ਕੇ ਆਈ, ਅਸੀਂ ਉਸ ਦਾ ਸਮਰਥਨ ਕੀਤਾ। ਬਾਜਵਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਹਮੇਸ਼ਾ ਸਾਨੂੰ ਧੋਖਾ ਦਿੱਤਾ ਅਤੇ ਸਾਡੇ ਅਧਿਕਾਰਾਂ ਨੂੰ ਨਜ਼ਰ ਅੰਦਾਜ਼ ਕੀਤਾ ਹੈ। ਉਨ੍ਹਾਂ ਸੂਬਾ ਸਰਕਾਰ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਤੁਸੀਂ ਤਕੜੇ ਹੋ ਕੇ ਇਹ ਲੜਾਈ ਲੜੋ, ਅਸੀਂ ਤੁਹਾਡੇ ਨਾਲ ਖੜ੍ਹੇ ਹਾਂ। ਇਸੇ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਕਹਿਣਾ ਸੀ ਕਿ ਪਾਣੀ ਪੰਜਾਬ ਲਈ ਬਹੁਤ ਵੱਡੀ ਲੋੜ ਹੈ। ਅਸੀਂ ਹਰਿਆਣਾ ਨੂੰ ਉਨ੍ਹਾਂ ਦੇ ਹਿੱਸੇ ਤੋਂ ਵੱਧ ਪਾਣੀ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਕੇਂਦਰ ਦੋਵੇਂ ਸਰਕਾਰਾਂ ਪੰਜਾਬ ਤੋਂ ਪਾਣੀ ਲੁੱਟਣਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਅਜਿਹਾ ਕਦੇ ਨਹੀਂ ਹੋਣ ਦੇਵੇਗੀ।  

 

ਕਿਸਾਨਾਂ ਨੇ ਭਲਕੇ 6 ਮਈ ਨੂੰ ਸ਼ੰਭੂ ਬਾਰਡਰ ’ਤੇ ਧਰਨਾ ਦੇਣ ਦਾ ਕੀਤਾ ਹੋਇਆ ਹੈ ਐਲਾਨ

ਫਰੀਦਕੋਟ/ਬਿਊਰੋ ਨਿਊਜ਼

ਭਲਕੇ 6 ਮਈ ਦੇ ਸ਼ੰਭੂ ਬਾਰਡਰ ’ਤੇ ਧਰਨਾ ਦੇਣ ਦੇ ਪ੍ਰੋਗਰਾਮ ਦਾ ਐਲਾਨ ਹੁੰਦੇ ਹੀ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਆਗੂਆਂ ਦੇ ਘਰ ਪੁਲਿਸ ਪੁੱਜੀ ਤੇ ਉਨ੍ਹਾਂ ਵਲੋਂ ਜਗਜੀਤ ਸਿੰਘ ਡੱਲੇਵਾਲ ਸਮੇਤ ਫੋਰਮ ਦੇ ਦਰਜਨਾਂ ਆਗੂਆਂ ਨੂੰ ਘਰਾਂ ਵਿਚ ਨਜ਼ਰਬੰਦ ਕੀਤਾ ਗਿਆ ਹੈ। ਸ਼ੰਭੂ ਅਤੇ ਖਨੌਰੀ ਬਾਰਡਰਾਂ ਤੋਂ ਕਿਸਾਨਾਂ ਦੇ ਸਮਾਨ ਦੀ ਹੋਈ ਚੋਰੀ ਅਤੇ ਖੁਰਦਬੁਰਦ ਕੀਤੇ ਜਾਣ ਦਾ ਇਨਸਾਫ਼ ਲੈਣ ਅਤੇ ਜ਼ਿੰਮੇਵਾਰ ਪੁਲਿਸ ਅਫ਼ਸਰਾਂ/ਮੁਲਾਜ਼ਮਾਂ ਅਤੇ ਐਮ.ਐਲ.ਏ. ਘਿਨੌਰ ਖਿਲਾਫ਼ ਐਫ਼.ਆਈ.ਆਰ. ਦਰਜ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਲਗਾਇਆ ਜਾਣਾ ਹੈ। 

 

ਸਖਤ ਕਾਨੂੰਨੀ ਕਾਰਵਾਈ ਵਾਸਤੇ ਤਿਆਰ ਰਹਿਣ ਲਈ ਕਿਹਾ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਮੁੱਦੇ ’ਤੇ ਸੱਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਅੱਜ ਇਕ ਟਵੀਟ ਵਿਚ ਧਰਨਾ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ। ਮਾਨ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ ਕਿ ਪੰਜਾਬ ਵਿੱਚ ਸੜਕਾਂ ਰੋਕਣ ਜਾਂ ਰੇਲਾਂ ਰੋਕਣ ਜਾਂ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਤੇ ਰੋਜ਼ਾਨਾ ਦੇ ਕੰਮਾਂ ਕਾਰਾਂ ’ਚ ਵਿਘਨ ਪਾਉਣ ਵਾਲੇ ਕਿਸੇ ਵੀ ਐਲਾਨ, ਧਰਨੇ ਜਾਂ ਹੜਤਾਲਾਂ ਨੂੰ ਪਬਲਿਕ ਦੇ ਵਿਰੁੱਧ ਮੰਨਿਆ ਜਾਵੇਗਾ। ਉਨ੍ਹਾਂ ਸਾਰੀਆਂ ਸੰਸਥਾਵਾਂ, ਜਥੇਬੰਦੀਆਂ ਅਤੇ ਯੂਨੀਅਨਾਂ ਨੂੰ ਕਿਹਾ ਹੈ ਕਿ ਵਿਰੋਧ ਕਰਨ ਦੇ ਹੋਰ ਵੀ ਤਰੀਕੇ ਹਨ ਅਤੇ ਲੋਕਾਂ ਨੂੰ ਤੰਗ ਕਰਨਾ ਸਹੀ ਨਹੀਂ। ਉਨ੍ਹਾਂ ਕਿਹਾ ਕਿ ਜੇ ਲੋਕਾਂ ਨੂੰ ਤੰਗ ਕੀਤਾ ਗਿਆ ਤਾਂ ਸਖ਼ਤ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ। ਉਨ੍ਹਾਂ ਨੇ ਪੰਜਾਬ ਦੇ ਮਿਹਨਤੀ ਲੋਕਾਂ ਦੇ ਹਿੱਤ ਦਾ ਹਵਾਲਾ ਦਿੱਤਾ ਹੈ।

ਪ੍ਰਨੀਤ ਕੌਰ ਨੇ ਕੇਂਦਰ ਸਰਕਾਰ ਨੂੰ ਫੈਸਲਾ ਵਾਪਸ ਲੈਣ ਲਈ ਕਿਹਾ

ਪਟਿਆਲਾ/ਬਿਊਰੋ ਨਿਊਜ਼ 

ਪੰਜਾਬ ਭਾਜਪਾ ਹਰਿਆਣਾ ਨੂੰ ਪਾਣੀ ਦੇਣ ਦੇ ਕੇਂਦਰ ਸਰਕਾਰ ਦੇ ਫੈਸਲੇ ਦੇ ਖਿਲਾਫ ਹੈ। ਇਸ ਸਬੰਧੀ ਭਾਜਪਾ ਆਗੂ ਪ੍ਰਨੀਤ ਕੌਰ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਬੀ.ਬੀ.ਐਮ.ਬੀ. ਦੀ ਹਾਲੀਆ ਮੀਟਿੰਗ ਵਿੱਚ ਹਰਿਆਣਾ ਨੂੰ 8500 ਕਿਊਸਿਕ ਪਾਣੀ ਦਿੱਤੇ ਜਾਣ ਦੇ ਫੈਸਲੇ ਨਾਲ ਪੰਜਾਬ ਦੇ ਹਿਤਾਂ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦਾ ਸਪੱਸ਼ਟ ਸਟੈਂਡ ਹੈ ਕਿ ਸਾਡੇ ਕੋਲ ਕਿਸੇ ਹੋਰ ਸੂਬੇ ਨੂੰ ਵਾਧੂ ਪਾਣੀ ਦੇਣ ਲਈ ਇਕ ਬੂੰਦ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਕੇਂਦਰ ਦੇ ਫੈਸਲੇ ਨਾਲ ਸਹਿਮਤ ਨਹੀਂ ਹੈ ਅਤੇ ਕੇਂਦਰ ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਪ੍ਰਨੀਤ ਕੌਰ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਪਾਣੀ ਦੀ ਕਮੀ ਦੀ ਮਾਰ ਸਹਿ ਰਿਹਾ ਹੈ।  

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.