Friday, 19 June 2026

ਸੀਐਮ ਮਾਨ ਨੇ ਕਿਹਾ : ਪਾਣੀਆਂ ਦੇ ਮੁੱਦੇ ’ਤੇ ਸਾਰੀਆਂ ਸਿਆਸੀ ਪਾਰਟੀਆਂ ਹਨ ਇਕਜੁੱਟ

ਚੰਡੀਗੜ੍ਹ/ਬਿਊਰੋ ਨਿਊਜ਼

ਅੱਜ ਸ਼ੁੱਕਰਵਾਰ ਨੂੰ ਚੰਡੀਗੜ੍ਹ ’ਚ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਬ ਪਾਰਟੀ ਮੀਟਿੰਗ ਹੋਈ ਹੈ। ਇਸ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਾਣੀਆਂ ਦੇ ਮੁੱਦੇ ’ਤੇ ਸਾਰੀਆਂ ਸਿਆਸੀ ਪਾਰਟੀਆਂ ਇਕਜੁੱਟ ਹਨ ਤੇ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਅਸੀਂ ਪੰਜਾਬ ਦੇ ਨਾਲ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਪਾਣੀ ਪੰਜਾਬ ਦੀ ਜੀਵਨ ਰੇਖਾ ਹੈ ਤੇ ਅਸੀਂ ਮਾਨਵਤਾ ਦੇ ਆਧਾਰ ’ਤੇ ਹਰਿਆਣਾ ਨੂੰ ਪਾਣੀ ਦੇ ਰਹੇ ਹਾਂ ਤੇ ਸਾਰੀਆਂ ਪਾਰਟੀਆਂ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਪਾਣੀ ਰੋਕ ਨਹੀਂ ਸਕਦੇ ਤਾਂ ਕੇਂਦਰ ਧੱਕੇ ਨਾਲ ਸਾਡੇ ਕੋਲੋਂ ਪਾਣੀ ਨਹੀਂ ਲੈ ਸਕਦਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਇਹ ਮੁੱਦਾ ਪਾਰਟੀਆਂ ਦਾ ਨਹੀਂ ਬਲਕਿ ਪੰਜਾਬ ਦਾ ਮੁੱਦਾ ਹੈ ਤੇ ਪੰਜਾਬ ਦੇ ਮੁੱਦੇ ’ਤੇ ਸਾਡਾ ਕੋਈ ਮਤਭੇਦ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਇਕਜੁੱਟ ਹਾਂ। ਉਨ੍ਹਾਂ ਅੱਗੇ ਕਿਹਾ ਕਿ ਪਾਣੀ ਕਿਸੇ ਪਾਰਟੀ ਦਾ ਨਹੀਂ ਸਗੋਂ ਪੰਜਾਬ ਦੇ ਭਵਿੱਖ ਦਾ ਮਸਲਾ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬੀ ਕਦੇ ਵੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਅਸੀਂ ਸਿਆਸਤ ਤੋਂ ਦੂਰ ਪੰਜਾਬ ਦੀ ਬਿਹਤਰੀ ਲਈ ਇਕੱਠੇ ਹੋਏ ਹਾਂ। ਇਸ ਦੌਰਾਨ ਸੁਨੀਲ ਜਾਖੜ ਨੇ ਭਰੋਸਾ ਦਿੱਤਾ ਕਿ ਉਹ ਸਾਰੀ ਗੱਲ ਕੇਂਦਰ ਤੱਕ ਪਹੁੰਚਾਉਣਗੇ। ਉਨ੍ਹਾਂ ਇਸ ਮੀਟਿੰਗ ਲਈ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ।

 

ਮੀਟਿੰਗ ਲਈ ਨਵੀਂ ਤਰੀਕ ਨਹੀਂ ਕੀਤੀ ਗਈ ਤੈਅ

ਚੰਡੀਗੜ੍ਹ/ਬਿਊਰੋ ਨਿਊਜ਼

ਕੇਂਦਰ ਸਰਕਾਰ ਨੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਚੰਡੀਗੜ੍ਹ ਵਿਚ 4 ਮਈ ਨੂੰ ਹੋਣ ਵਾਲੀ ਮੀਟਿੰਗ ਰੱਦ ਕਰ ਦਿੱਤੀ ਹੈ। ਇਸ ਸਬੰਧੀ ਕੇਂਦਰ ਸਰਕਾਰ ਵਲੋਂ ਤਰਕ ਦਿੱਤਾ ਗਿਆ ਕਿ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਦੇ ਪ੍ਰਤੀਨਿਧਾਂ ਦੀ ਸ਼ਮੂਲੀਅਤ ਤੋਂ ਬਿਨਾ ਇਹ ਮੀਟਿੰਗ ਕਰਨ ਦੀ ਸ਼ਰਤ ਰੱਖੀ ਸੀ। ਕੇਂਦਰ ਨੇ ਕਿਸਾਨਾਂ ਦੀ ਇਸ ਸ਼ਰਤ ਨੂੰ ਗੈਰਵਾਜਬ ਦੱਸਿਆ ਹੈ। ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਅਧਿਕਾਰੀ ਪੂਰਨ ਚੰਦਰ ਕਿਸ਼ਨ ਨੇ ਦੋਵਾਂ ਕਿਸਾਨ ਜਥੇਬੰਦੀਆਂ ਦੀ ਇਸ ਸ਼ਰਤ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਕੇਂਦਰ ਨੇ ਹੁਣ ਮੀਟਿੰਗ ਲਈ ਕੋਈ ਤਰੀਕ ਤੈਅ ਨਹੀਂ ਕੀਤੀ ਹੈ। ਕੇਂਦਰ ਨੇ ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੂੰ ਕਿਹਾ ਕਿ ਉਨ੍ਹਾਂ ਨੂੰ ਆਪਣੀ ਮੰਗ ’ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ, ਜੋ ਕਿ ਮੀਟਿੰਗ ਵਿਚੋਂ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਬਾਹਰ ਰੱਖਣ ਨਾਲ ਸਬੰਧਤ ਸੀ।  

ਕਿਹਾ : ਪੰਜਾਬ ਦੇ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੀ ਹੱਕ

ਅੰਮਿ੍ਰਤਸਰ/ਬਿਊਰੋ ਨਿਊਜ਼  

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਾਣੀਆਂ ਦੇ ਮਸਲੇ ’ਤੇ ਅੰਮਿ੍ਰਤਸਰ ’ਚ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੀ ਹੱਕ ਹੈ। ਜਥੇਦਾਰ ਗੜਗੱਜ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਪਹਿਲਗਾਮ ਘਟਨਾ ਤੋਂ ਬਾਅਦ ਭਾਰਤ-ਪਾਕਿਸਤਾਨ ਦੇਸ਼ਾਂ ਦਰਮਿਆਨ ਪੈਦਾ ਹੋਏ ਤਣਾਅ ਸਬੰਧੀ ਵੀ ਗੱਲ ਕੀਤੀ। ਉਨ੍ਹਾਂ ਅਟਾਰੀ- ਵਾਹਗਾ ਸਰਹੱਦ ਬੰਦ ਹੋਣ ਕਾਰਨ ਦੋਵਾਂ ਦੇਸ਼ਾਂ ਦੇ ਬਾਰਡਰ ’ਤੇ ਪ੍ਰਭਾਵਿਤ ਹੋ ਰਹੇ ਲੋਕਾਂ ਦੀਆਂ ਮੁਸ਼ਕਿਲਾਂ ਵੱਲ ਵੀ ਸਰਕਾਰਾਂ ਨੂੰ ਧਿਆਨ ਦੇਣ ਦੀ ਅਪੀਲ ਕੀਤੀ।   

 

ਦਿੱਲੀ ਵਿੱਚ ਉਡਾਣਾਂ ਪ੍ਰਭਾਵਿਤ ਤੇ ਆਉਂਦੇ ਦਿਨਾਂ ’ਚ ਵੀ ਮੌਸਮ ਖਰਾਬ ਰਹਿਣ ਦਾ ਅਨੁਮਾਨ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅੱਜ ਸ਼ੁੁੱਕਰਵਾਰ ਸਵੇਰੇ ਮੀਂਹ ਪੈਣ ਨਾਲ ਤਾਪਮਾਨ ਵਿੱਚ ਕਾਫੀ ਗਿਰਾਵਟ ਆਈ ਹੈ। ਕਈ ਥਾਵਾਂ ’ਤੇ ਤੇਜ਼ ਹਵਾਵਾਂ ਚੱਲਣ ਤੇ ਮੀਂਹ ਪੈਣ ਕਾਰਨ ਦਰੱਖਤ ਉੱਖੜ ਗਏ ਅਤੇ ਫਸਲਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਇਸ ਦੌਰਾਨ ਭਾਰੀ ਮੀਂਹ ਕਰਕੇ ਦਿੱਲੀ ਵਿੱਚ ਇੱਕ ਘਰ ਢਹਿ ਜਾਣ ਕਾਰਨ ਤਿੰਨ ਬੱਚਿਆਂ ਅਤੇ ਇੱਕ ਮਹਿਲਾ ਦੀ ਮੌਤ ਹੋ ਗਈ। ਇਸ ਦੇ ਚੱਲਦਿਆਂ ਤੇਜ਼ ਹਵਾਵਾਂ ਕਾਰਨ ਦਿੱਲੀ ਹਵਾਈ ਅੱਡੇ ’ਤੇ ਉਡਾਣਾਂ ਪ੍ਰਭਾਵਿਤ ਹੋਈਆਂ ਅਤੇ ਕੁਝ ਉਡਾਣਾਂ ਨੂੰ ਡਾਇਵਰਟ ਵੀ ਕਰਨਾ ਪਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਕਿਹਾ ਕਿ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਖਰਾਬ ਮੌਸਮ ਕਰਕੇ ਉਡਾਣ ਦੇ ਸੰਚਾਲਣ ਵਿਚ ਮੁਸ਼ਕਲ ਆਈ ਹੈ। ਇਸੇ ਦੌਰਾਨ ਮੌਸਮ ਵਿਭਾਗ ਵਲੋਂ ਅਨੁਮਾਨ ਲਗਾਇਆ ਗਿਆ ਹੈ ਕਿ ਆਉਂਦੇ ਕੁਝ ਮੌਸਮ ਖਰਾਬ ਰਹਿ ਸਕਦਾ ਹੈ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। 

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.