Friday, 19 June 2026

ਜਥੇਦਾਰ ਗੜਗੱਜ ਅਤੇ ਐਡਵੋਕੇਟ ਧਾਮੀ ਵੱਲੋਂ ਘਟਨਾ ਦੀ ਨਿੰਦਾ

ਅੰਮਿ੍ਰਤਸਰ/ਬਿਊਰੋ ਨਿਊਜ਼ 

ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਨਵੀਂ ਦਿੱਲੀ ਦੇ ਹਵਾਈ ਅੱਡੇ ’ਤੇ ਉਨ੍ਹਾਂ ਨਾਲ ਦੁਰਵਿਹਾਰ ਹੋਣ ਦੇ ਆਰੋਪ ਲਗਾਏ ਹਨ। ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਪੁੱਤਰ ਅਤੇ ਇੱਕ ਹੋਰ ਸਾਥੀ ਨਾਲ ਨਵੀਂ ਦਿੱਲੀ ਤੋਂ ਸਾਨ ਫਰਾਂਸਿਸਕੋ ਜਾ ਰਹੇ ਸਨ ਅਤੇ ਇਸ ਸਬੰਧ ਵਿੱਚ ਉਨ੍ਹਾਂ ਏਅਰ ਇੰਡੀਆ ਦੀਆਂ ਟਿਕਟਾਂ ਲਈਆਂ ਸਨ। ਉਨ੍ਹਾਂ ਦੱਸਿਆ ਕਿ ਇਕੋਨਮੀ ਸ਼੍ਰੇਣੀ ਦੀਆਂ ਸੀਟਾਂ ਫਟੀਆਂ ਹੋਈਆਂ ਸਨ ਅਤੇ ਬਿਜ਼ਨਸ ਸ਼੍ਰੇਣੀ ਵਿੱਚ ਵੀ ਬੁਰਾ ਹਾਲ ਸੀ। ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਸ਼ਿਕਾਇਤ ਸਬੰਧਤ ਅਮਲੇ ਕੋਲ ਕੀਤੀ, ਪਰ ਅਮਲੇ ਨੇ ਮਸਲਾ ਹੱਲ ਕਰਨ ਦੀ ਥਾਂ ਉਨ੍ਹਾਂ ਨਾਲ ਦੁਰਵਿਹਾਰ ਕੀਤਾ। ਇਸਦੇ ਚੱਲਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਮਾਮਲਾ ਸਿਰਫ ਇਕ ਵਿਅਕਤੀ ਨਾਲ ਦੁਰਵਿਹਾਰ ਦਾ ਨਹੀਂ, ਸਗੋਂ ਸਿੱਖ ਧਰਮ ਅਤੇ ਉਸਦੀ ਸਤਿਕਾਰਤ ਸ਼ਖਸੀਅਤ ਦਾ ਨਿਰਾਦਰ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਦਿੱਲੀ ਹਵਾਈ ਅੱਡੇ ’ਤੇ ਹੋਏ ਦੁਰਵਿਹਾਰ ਦੀ ਨਿੰਦਾ ਕੀਤੀ।

 

ਕਿਹਾ : ਨਿਗਰਾਨ ਕਮੇਟੀ ਦੀ ਅਗਵਾਈ ਹੇਠ ਚੱਲ ਰਹੀ ਭਰਤੀ ਮੁਹਿੰਮ ਤਹਿਤ ਹੀ ਪ੍ਰਧਾਨ ਦੀ ਚੋਣ ਹੋਵੇਗੀ

ਅੰਮਿ੍ਰਤਸਰ/ਬਿਊਰੋ ਨਿਊਜ਼

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਅਹੁਦੇ ਤੋਂ ਹਟਾਏ ਗਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲੀ ਦੀ ਭਰਤੀ ਮੁਹਿੰਮ ਸਬੰਧੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਬਣਾਈ ਗਈ ਨਿਗਰਾਨ ਕਮੇਟੀ ਦੀ ਅਗਵਾਈ ਹੇਠ ਚੱਲ ਰਹੀ ਭਰਤੀ ਮੁਹਿੰਮ ਤਹਿਤ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਹੋਵੇਗੀ। ਅੰਮਿ੍ਰਤਸਰ ਵਿਚ ਮੀਡੀਆ ਨਾਲ 

ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੰਗਤਾਂ ਸਿਰਫ ਉਸ ਸ਼ਖਸੀਅਤ ਨੂੰ ਹੀ ਅਕਾਲੀ ਦਲ ਦਾ ਪ੍ਰਧਾਨ ਮੰਨਣ, ਜੋ ਅਕਾਲ ਤਖਤ ਸਾਹਿਬ ਤੋਂ ਬਣੀ ਕਮੇਟੀ ਅਨੁਸਾਰ ਭਰਤੀ ਕੀਤੇ ਜਾਣ ਉਪਰੰਤ ਡੈਲੀਗੇਟਾਂ ਵਲੋਂ ਬਣਾਇਆ ਗਿਆ ਹੋਵੇ। ਇਸੇ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਪਹਿਲਗਾਮ ’ਚ  ਸੈਲਾਨੀਆਂ ’ਤੇ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਹਮਲੇ ਨਾਲ ਕਸ਼ਮੀਰ ਅਤੇ ਕਸ਼ਮੀਰ ਦੇ ਲੋਕਾਂ ਨੂੰ ਬਹੁਤ ਵੱਡਾ ਨੁਕਸਾਨ ਹੋਇਆ ਹੈ ਅਤੇ ਅਜਿਹੇ ਹਮਲੇ ਰੋਕ ਕੇ ਸਾਨੂੰ ਭਾਈਚਾਰਕ ਸਾਂਝ ਬਰਕਰਾਰ ਰੱਖਣ ਦੀ ਲੋੜ ਹੈ। 

 

ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਸਰਕਾਰ ਦੀ ਪਟੀਸ਼ਨ ਖਾਰਜ

ਨਵੀਂ ਦਿੱਲੀ/ਬਿਊਰੋ ਨਿਊਜ਼

ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਰਾਹਤ ਦਿੱਤੀ ਹੈ। ਮਜੀਠੀਆ ਖਿਲਾਫ ਚੱਲ ਰਹੇ ਡਰੱਗ ਕੇਸ ਵਿਚ ਜ਼ਮਾਨਤ ਦੇਣ ਦੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਸਰਕਾਰ ਦੀ ਅਪੀਲ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤੀ ਹੈ। ਮਾਨਯੋਗ ਜਸਟਿਸ ਜੇਕੇ ਮਹੇਸ਼ਵਰੀ ਤੇ ਜਸਟਿਸ ਅਰਵਿੰਦ ਕੁਮਾਰ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਨਹੀਂ ਕਰੇਗਾ। ਬੈਂਚ ਨੇ ਮਜੀਠੀਆ ਅਤੇ ਸੂਬੇ ਦੀ ਜਾਂਚ ਏਜੰਸੀ ਨੂੰ ਕਿਹਾ ਕਿ ਉਹ ਮਾਮਲੇ ਦੀ ਜਾਂਚ ਬਾਰੇ ਮੀਡੀਆ ਨੂੰ ਕੋਈ ਬਿਆਨ ਨਾ ਦੇਣ। ਸੁਪਰੀਮ ਕੋਰਟ ਨੇ ਕਿਹਾ ਕਿ ਮਜੀਠੀਆ ਜੇਕਰ ਡਰੱਗਜ਼ ਮਾਮਲੇ ਵਿਚ ਗਵਾਹਾਂ ਜਾਂ ਮੁਕੱਦਮੇ ਨੂੰ ਅਸਰਅੰਦਾਜ਼ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਨਸ਼ਾ ਵਿਰੋਧੀ ਵਿਸ਼ੇਸ਼ ਟਾਸਕ ਫੋਰਸ ਨੂੰ ਮਜੀਠੀਆ ਦੀ ਜ਼ਮਾਨਤ ਰੱਦ ਕਰਨ ਸਬੰਧੀ ਪਟੀਸ਼ਨ ਦਾਇਰ ਕਰਨ ਦੀ ਖੁੱਲ੍ਹ ਰਹੇਗੀ। ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਦਿੱਤੀ ਜ਼ਮਾਨਤ ਮਗਰੋਂ ਮਜੀਠੀਆ ਪਟਿਆਲਾ ਜੇਲ੍ਹ ਤੋਂ ਜ਼ਮਾਨਤ ’ਤੇ ਬਾਹਰ ਆਇਆ ਸੀ।

ਕਿਸਾਨ ਆਗੂ ਉਗਰਾਹਾਂ ਦੀ ਅਗਵਾਈ ’ਚ ਹੋਈ ਮੀਟਿੰਗ ਦੌਰਾਨ ਹੋਇਆ ਫੈਸਲਾ

ਸੰਗਰੂਰ/ਬਿਊਰੋ ਨਿਊਜ਼  

ਸੰਗਰੂਰ ਜ਼ਿਲ੍ਹੇ ਦੇ ਪਿੰਡ ਚੀਮਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਿਰੁੱਧ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਗਿਆ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਚਾਉਕੇ ਆਦਰਸ਼ ਸਕੂਲ ਸੰਘਰਸ਼ ਦੌਰਾਨ ਗਿ੍ਰਫਤਾਰ ਕੀਤੇ ਆਗੂ ਵਰਕਰਾਂ ਦੀ ਰਿਹਾਈ ਅਤੇ ਪੁਲਿਸ ਜਬਰ ਵਿਰੁੱਧ ਸੰਘਰਸ਼ ਨੂੰ ਤੇਜ਼ ਕਰਦਿਆਂ ਭਲਕੇ 24 ਅਪਰੈਲ ਨੂੰ ਮਾਨਸਾ ਵਿਖੇ ਹੋ ਰਹੇ ਮੁਜ਼ਾਹਰੇ ’ਚ ਜਥੇਬੰਦੀ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਦੌਰਾਨ ਕਿਸਾਨ ਆਗੂਆਂ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਸੰਘਰਸ਼ ਕਰਨ ਦੇ ਜਮਹੂਰੀ ਹੱਕ ਨੂੰ ਕੁਚਲਣ ਦੇ ਰਾਹ ’ਤੇ ਹੈ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿਚ ਮੁੱਖ ਮੰਤਰੀ, ਮੰਤਰੀਆਂ ਤੇ ਵਿਧਾਇਕਾਂ ਦਾ ਪਿੰਡਾਂ ਵਿਚ ਆਉਣ ਸਮੇਂ ਕਾਲੀਆਂ ਝੰਡੀਆਂ ਨਾਲ ਜ਼ਬਰਦਸਤ ਵਿਰੋਧ ਕੀਤਾ ਜਾਵੇਗਾ। 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.