Friday, 19 June 2026

ਵਿਰੋਧੀ ਧਿਰ ਵਲੋਂ ਕੀਤਾ ਗਿਆ ਵਾਕ ਆਊਟ

ਅੰਮਿ੍ਰਤਸਰ/ਬਿਊਰੋ ਨਿਊਜ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਬਜਟ ਇਜਲਾਸ ਅੱਜ ਸ਼ੁੱਕਰਵਾਰ ਨੂੰ ਅੰਮਿ੍ਰਤਸਰ ’ਚ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਪੇਸ਼ ਕੀਤਾ ਗਿਆ। ਇਸ ਮੌਕੇ ਸਾਲ 2025-26 ਲਈ 13 ਅਰਬ 86 ਕਰੋੜ 47 ਲੱਖ 80 ਹਜ਼ਾਰ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ, ਜੋ ਕਿ ਪਿਛਲੇ ਸਾਲ ਨਾਲੋਂ 10 ਫੀਸਦ ਵੱਧ ਹੈ। ਇਹ ਬਜਟ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਨੇ ਪੇਸ਼ ਕੀਤਾ। ਆਪਣੇ ਬਜਟ ਭਾਸ਼ਣ ਵਿੱਚ ਮੰਡਵਾਲਾ ਨੇ ਕਿਹਾ ਹੈ ਕਿ ਇਸ ਵਿਤੀ ਸਾਲ ਵਿੱਚ ਅਨੁਮਾਨਤ ਖ਼ਰਚਾ 1376 ਕਰੋੜ 47 ਲੱਖ ਰੁਪਏ ਦਾ ਹੋਵੇਗਾ। ਇਸ ਨਾਲ ਸ਼੍ਰੋਮਣੀ ਕਮੇਟੀ ਦੀ ਆਮਦਨ ਨਾਲੋਂ 10 ਕਰੋੜ ਰੁਪਏ ਘੱਟ ਖ਼ਰਚ ਹੋਣ ਦਾ ਅਨੁਮਾਨ ਹੈ। ਇਸੇ ਦੌਰਾਨ ਵਿਰੋਧੀ ਧਿਰ ਦੇ ਮੈਂਬਰਾਂ ਨੇ ਬਜਟ ਇਜਲਾਸ ਦਾ ਬਾਈਕਾਟ ਵੀ ਕੀਤਾ। ਉਧਰ ਦੂਜੇ ਪਾਸੇ ਗੋਲਡਨ ਗੇਟ ਵਿਖੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਹੇਠ ਸੰਗਤਾਂ ਦਾ ਵੱਡਾ ਇਕੱਠ ਹੋਇਆ ਅਤੇ ਉਹਨਾਂ ਰੋਸ ਮਾਰਚ ਵੀ ਕੀਤਾ। ਰੋਸ ਮਾਰਚ ਦੀ ਅਗਵਾਈ ਕਰ ਰਹੇ ਬਾਬਾ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਸਾਡੀ ਮੁੱਖ ਮੰਗ ਸੇਵਾਮੁਕਤ ਕੀਤੇ ਗਏ ਜਥੇਦਾਰਾਂ ਦੀ ਬਹਾਲੀ ਕਰਵਾਉਣਾ ਹੈ। 

ਹਰਜੋਤ ਸਿੰਘ ਬੈਂਸ ਨੇ ਰਾਤੋ ਰਾਤ ਬਦਲੇ ਗਏ ਜਥੇਦਾਰਾਂ ਦਾ ਮੁੱਦਾ ਚੁੱਕਿਆ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਗਿਆ। ਇਸੇ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਰਾਤੋ ਰਾਤ ਬਦਲੇ ਗਏ ਜਥੇਦਾਰਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਇਹ ਮਾਮਲਾ ਦੁਨੀਆ ਭਰ ਦੇ ਹਰ ਸਿੱਖ ਨਾਲ ਜੁੜਿਆ ਹੈ। ਉਨ੍ਹਾਂ ਕਿਹਾ ਕਿ ਧਰਮ ਅਤੇ ਰਾਜਨੀਤੀ ਨੂੰ ਵੱਖ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਸਾਡੇ ਲਈ ਸਰਵਉਚ ਹੈ ਅਤੇ ਇੱਥੇ ਹਰ ਸਿੱਖ ਆਪਣਾ ਸਿਰ ਝੁਕਾਉਂਦਾ ਹੈ। ਉਨ੍ਹਾਂ ਆਰੋਪ ਲਗਾਉਂਦਿਆਂ ਕਿਹਾ ਕਿ ਜੋ ਰਾਤੋ ਰਾਤ ਜਥੇਦਾਰਾਂ ਨੂੰ ਹਟਾਇਆ ਗਿਆ, ਇਹ ਸਭ ਰਾਜਨੀਤਕ ਦਬਾਅ ਕਾਰਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਦਨ ਵਿਚ ਚਰਚਾ ਹੋਣੀ ਚਾਹੀਦੀ ਹੈ। ਇਸੇ ਦੌਰਾਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਵਿਚ ਬੱਸਾਂ ਦੀ ਕਮੀ ਨੂੰ ਦੂਰ ਕਰਨ ਦੇ ਲਈ ਸਰਕਾਰ ਵਲੋਂ 83 ਬੱਸਾਂ ਕਿਲੋਮੀਟਰ ਸਕੀਮ ਤਹਿਤ ਚਲਾਈਆਂ ਜਾਣਗੀਆਂ। 

ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਨੇ ਸੁਪਰੀਮ ਕੋਰਟ ਨੂੰ ਵੀ ਦਿੱਤੀ ਜਾਣਕਾਰੀ

ਪਟਿਆਲਾ/ਬਿਊਰੋ ਨਿਊਜ਼ 

ਪਿਛਲੇ ਦਿਨਾਂ ਤੋਂ ਪਟਿਆਲਾ ਵਿਚ ਪਾਰਕ ਹਸਪਤਾਲ ਵਿਖੇ ਜ਼ੇਰੇ ਇਲਾਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਸਾਰੇ ਕਿਸਾਨਾਂ ਦੀ ਰਿਹਾਈ ਹੋ ਜਾਣ ਉਪਰੰਤ ਪਾਣੀ ਪੀ ਕੇ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਜਿਸ ਦੌਰਾਨ ਰਿਟਾਇਰਡ ਏਡੀਜੀਪੀ ਜਸਕਰਨ ਸਿੰਘ ਅਤੇ ਰਿਟਾਇਰਡ ਡੀਆਈਜੀ ਨਰਿੰਦਰ ਭਾਰਗਵ ਨੇ ਉਨਾਂ ਨੂੰ ਪਾਣੀ ਪਿਲਾਇਆ। ਇਸ ਮੌਕੇ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਅਤੇ ਦੋ ਹੋਰ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਅਤੇ ਕੋਹਾੜ ਵੀ ਮੌਜੂਦ ਰਹੇ। ਜ਼ਿਕਰਯੋਗ ਹੈ ਕਿ ਸਰਕਾਰ ਵੱਲੋਂ ਕਿਸਾਨੀ ਮੋਰਚਿਆਂ ਖਿਲਾਫ ਕੀਤੀ ਕਾਰਵਾਈ ਦੇ ਰੋਸ ਵਜੋਂ ਡੱਲੇਵਾਲ ਨੇ 19 ਮਾਰਚ ਤੋਂ ਪਾਣੀ ਪੀਣਾ ਵੀ ਛੱਡ ਦਿੱਤਾ ਸੀ ਅਤੇ ਨਾ ਹੀ ਉਹ ਟਰੀਟਮੈਂਟ ਲੈ ਰਹੇ ਸਨ। ਕਿਸਾਨਾਂ ਦੀ ਰਿਹਾਈ ਉਪਰੰਤ ਅੱਜ ਸ਼ੁੱਕਰਵਾਰ ਤੋਂ ਉਨ੍ਹਾਂ ਨੇ ਪਾਣੀ ਪੀਣਾ ਸ਼ੁਰੂ ਕਰ ਦਿੱਤਾ ਤੇ ਟਰੀਟਮੈਂਟ ਲੈਣ ਦੀ ਸਹਿਮਤੀ ਵੀ ਦੇ ਦਿੱਤੀ ਹੈ। ਇਸਦੇ ਚੱਲਦਿਆਂ ਡੱਲੇਵਾਲ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਮਰਨ ਵਰਤ ਕਿਸਾਨੀ ਮੰਗਾਂ ਦੀ ਪੂਰਤੀ ਤੱਕ ਜਾਰੀ ਰਹੇਗਾ। ਉਧਰ ਦੂਜੇ ਪਾਸੇ ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪਾਣੀ ਸਵੀਕਾਰ ਕੀਤਾ ਹੈ। 

 

ਕਿਹਾ : ਸੂਬਾ ਸਰਕਾਰ ਨੇ ਕੇਂਦਰ ਦੀ ਭਾਜਪਾ ਸਰਕਾਰ ਦੇ ਕਹਿਣ ’ਤੇ ਹਟਾਏ ਮੋਰਚੇ

ਪਟਿਆਲਾ/ਬਿਊਰੋ ਨਿਊਜ਼

ਜੇਲ੍ਹੋਂ ਰਿਹਾਅ ਹੋ ਕੇ ਪਰਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪਟਿਆਲਾ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਉਨ੍ਹਾਂ ਕਿਸਾਨ ਮੋਰਚੇ ਹਟਾਉਣ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਲੰਮੇ ਹੱਥੀਂ ਲਿਆ ਹੈ। ਉਹਨਾਂ ਆਰੋਪ ਲਾਇਆ ਕਿ ਇਹ ਸਭ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੇਂਦਰ ਦੀ ਭਾਜਪਾ ਸਰਕਾਰ ਦੇ ਕਹਿਣ ’ਤੇ ਕੀਤਾ ਹੈ। ਉਹਨਾਂ ਇਹ ਵੀ ਆਖਿਆ ਕਿ ਹੁਣ ਸਾਬਤ ਹੋ ਗਿਆ ਹੈ ਕਿ 2027 ਦੀਆਂ ਪੰਜਾਬ ਚੋਣਾਂ ਭਾਜਪਾ ਤੇ ‘ਆਪ’ ਇੱਕਜੁੱਟ ਹੋ ਕੇ ਲੜਨਗੇ। ਪੰਧੇਰ ਨੇ ਕਿਸਾਨ ਜਥੇਬੰਦੀਆਂ ਵਿੱਚ ਏਕਤਾ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਹਨਾਂ ਦਾ ਕਹਿਣਾ ਸੀ ਕਿ ਬਿਨਾਂ ਸ਼ੱਕ ਆਪਸੀ ਮੱਤਭੇਦ ਹੁੰਦੇ ਹਨ, ਪਰ ਸਰਕਾਰਾਂ ਦੇ ਖਿਲਾਫ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਲੜਨਾ ਚਾਹੀਦਾ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸਰਵਣ ਸਿੰਘ ਪੰਧੇਰ ਸਮੇਤ ਵੱਡੀ ਗਿਣਤੀ ਕਿਸਾਨਾਂ ਨੂੰ ਜੇਲ੍ਹਾਂ ਵਿਚੋਂ ਰਿਹਾਅ ਕਰ ਦਿੱਤਾ ਹੈ।

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.