Friday, 19 June 2026

ਪੰਜਾਬ ਸਰਕਾਰ ਨੇ ਵੀ ਨਸ਼ਿਆਂ ਖਿਲਾਫ ਛੇੜੀ ਹੋਈ ਹੈ ਮੁਹਿੰਮ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ‘ਰੰਗਲਾ ਪੰਜਾਬ’ ਬਣਾਉਣ ਅਤੇ ਨਸ਼ਿਆਂ ਖਿਲਾਫ ਛੇ ਦਿਨਾਂ ਪਦ ਯਾਤਰਾ ਡੇਰਾ ਬਾਬਾ ਨਾਨਕ ਤੋਂ ਸ਼ੁਰੂ ਕਰਨਗੇ। ਰਾਜਪਾਲ ਇਹ ਯਾਤਰਾ 3 ਅਪਰੈਲ ਨੂੰ ਸ੍ਰੀ ਕਰਤਾਰਪੁਰ ਸਾਹਿਬ ਕੌਰੀਡੋਰ ਤੋਂ ਸ਼ੁਰੂ ਕਰਨਗੇ ਅਤੇ ਇਹ 8 ਅਪਰੈਲ ਨੂੰ ਜੱਲ੍ਹਿਆਂਵਾਲਾ ਬਾਗ ਅੰਮਿ੍ਰਤਸਰ ਵਿਖੇ ਸਮਾਪਤ ਹੋਵੇਗੀ। ਰਾਜਪਾਲ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪਦ ਯਾਤਰਾ ਵਿੱਚ ਸ਼ਾਮਲ ਹੋਣ ਵਾਸਤੇ ਸੱਦਾ ਪੱਤਰ ਭੇਜਿਆ ਹੈ। ਜਦੋਂ ਕਿ ਪੰਜਾਬ ਸਰਕਾਰ ਨੇ ਵੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਛੇੜੀ ਹੋਈ ਹੈ। ਠੀਕ ਉਸ ਸਮੇਂ ਰਾਜਪਾਲ ਨੇ ਵੱਖਰੀ ‘ਪਦ ਯਾਤਰਾ’ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਰਾਜਪਾਲ ਵੱਲੋਂ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਅਲਾਮਤ ਨਾਲ ਨਜਿੱਠਣ ਦੀ ਪੰਜਾਬ ਸਰਕਾਰ ਦੀ ਵੀ ਤਰਜੀਹ ਹੈ। ਰਾਜਪਾਲ ਨੇ ਲਿਖਿਆ ਹੈ ਕਿ ਇਸ ਮੁਹਿੰਮ ਵਾਸਤੇ ਸਾਰਿਆਂ ਨੂੰ ਸਾਂਝੇ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾ ਸਕੀਏ।

 

ਕਿਹਾ : ਆਮ ਆਦਮੀ ਪਾਰਟੀ ਦਾ ਸ਼ਹੀਦਾਂ ਪ੍ਰਤੀ ਰਵੱਈਆ ਹੋਇਆ ਜੱਗ ਜ਼ਾਹਰ

ਚੰਡੀਗੜ੍ਹ/ਬਿਊਰੋ ਨਿਊਜ਼

ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਫਤਰਾਂ ਵਿੱਚ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਮਹਿਜ਼ ਦਿਖਾਵੇ ਲਈ ਲਗਾਈਆਂ ਹੋਈਆਂ ਹਨ। ਇਸ ਗੱਲ ਦਾ ਪ੍ਰਗਟਾਵਾ ਬਾਜਵਾ ਅਤੇ ਹੋਰ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਵਿੱਚੋਂ ਵਾਕ ਆਊਟ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਵਿੱਚ ਸ਼ਹੀਦ ਭਗਤ ਸਿੰਘ ਨੂੰ ਭਾਰਤ ਰਤਨ ਐਵਾਰਡ ਦਿੱਤੇ ਜਾਣ ਲਈ ਮਤਾ ਪੇਸ਼ ਕੀਤਾ ਸੀ, ਜਿਸ ਨੂੰ ਵਿਧਾਨ ਸਭਾ ਸਪੀਕਰ ਵੱਲੋਂ ਠੁਕਰਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਆਮ ਆਦਮੀ ਪਾਰਟੀ ਦਾ ਸ਼ਹੀਦਾਂ ਪ੍ਰਤੀ ਰਵੱਈਆ ਜੱਗਜ਼ਾਹਰ ਹੋ ਗਿਆ ਹੈ। 

 

ਸਪੀਕਰ ਨੇ ਬਾਜਵਾ ਨੂੰ ਸੁਲਤਾਨਪੁਰ ਲੋਧੀ ਜਾ ਕੇ ਆਉਣ ਦੀ ਦਿੱਤੀ ਸਲਾਹ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ‘ਸੀਚੇਵਾਲ ਮਾਡਲ’ ਨੂੰ ਲੈ ਕੇ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਤਿੱਖੀ ਬਹਿਸ ਹੋ ਗਈ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਮੰਗ ਕੀਤੀ ਕਿ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਪ੍ਰਤੀ ਵਰਤੀ ਗਈ ਸ਼ਬਦਾਵਲੀ ਲਈ ਪ੍ਰਤਾਪ ਸਿੰਘ ਬਾਜਵਾ ਮੁਆਫੀ ਮੰਗਣ। ‘ਆਪ’ ਦੇ ਸੂਬਾ ਪ੍ਰਧਾਨ ਅਤੇ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਸਿਰਫ ਆਪਣੀ ਗੱਲ ਕਹਿਣ ਲਈ ਕੁਝ ਸਮੇਂ ਲਈ ਹੀ ਸਦਨ ਵਿਚ ਆਏ ਅਤੇ ਬਿਨਾਂ ਕਿਸੇ ਦੀ ਗੱਲ ਸੁਣੇ ਚਲੇ ਗਏ।  ਇਸ ਦੌਰਾਨ ਵਿਰੋਧੀ ਧਿਰ ਕਾਂਗਰਸ ਵਲੋਂ ਸਦਨ ਵਿਚ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ ਅਤੇ ਕਾਂਗਰਸੀ ਵਿਧਾਇਕਾਂ ਨੇ ਸਦਨ ’ਚੋਂ ਵਾਕ ਆਊਟ ਕਰ ਦਿੱਤਾ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪ੍ਰਤਾਪ ਬਾਜਵਾ ਨੂੰ ਸਲਾਹ ਵੀ ਦਿੱਤੀ ਕਿ ਉਹ ਇਕ ਵਾਰ ਸੁਲਤਾਨਪੁਰ ਲੋਧੀ ਜਾ ਕੇ ਆਉਣ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕੀਤੇ ਕੰਮਾਂ ਨੂੰ ਸਮਝ ਕੇ ਆਉਣ। ਸੰਧਵਾਂ ਨੇ ਇਹ ਵੀ ਕਿਹਾ ਕਿ ਮੈਨੂੰ ਸੀਚੇਵਾਲ ਹੋਰਾਂ ਦੀ ਯੋਗਤਾ ਵਿਚ ਪੂਰਾ ਭਰੋਸਾ ਹੈ।

 

ਬਾਜਵਾ ਨੇ ਕਿਹਾ : ਪੰਜਾਬ ਸਰਕਾਰ ਨੇ ਬਜਟ ’ਚ ਹਰ ਵਰਗ ਨੂੰ ਅਣਡਿੱਠ ਕੀਤਾ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤੇ ਗਏ ਬਜਟ ਦੀ ਭਗਵੰਤ ਮਾਨ ਸਰਕਾਰ ਨੇ ਤਾਰੀਫ ਕੀਤੀ ਹੈ, ਪਰ ਵਿਰੋਧੀਆਂ ਨੇ ਇਸ ਬਜਟ ਨੂੰ ਭੰਡਿਆ ਹੈ। ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ  ਬਜਟ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਜਟ ਵਿੱਚ ਹਰ ਵਰਗ ਨੂੰ ਅਣਗੌਲਿਆ ਕਰ ਦਿੱਤਾ ਹੈ। ਇਸ ਬਜਟ ਵਿੱਚ ਕਿਸਾਨ, ਮਹਿਲਾਵਾਂ, ਵਪਾਰ ਅਤੇ ਹੋਰ ਸਾਰੇ ਹੀ ਖੇਤਰਾਂ ਨੂੰ ਨਜ਼ਰ ਅੰਦਾਜ਼ ਕੀਤਾ ਗਿਆ ਹੈ। ਸੀਚੇਵਾਲ ਮਾਡਲ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਿਚਕਾਰ ਬਹਿਸ ਵੀ ਹੋਈ ਹੈ। ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਦੇ ਬਜਟ ਵਿੱਚ ਅੰਕੜਿਆਂ ਨਾਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ। ਭਾਜਪਾ ਆਗੂ ਤੇ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਬਜਟ ਦੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਦੇ ਬਜਟ ਨੇ ਸਿਰਫ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਹੀ ਪਿੱਠ ਥਾਪੜੀ ਹੈ।

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.