Friday, 19 June 2026

ਅੰਮਿ੍ਰਤਪਾਲ ਸਿੰਘ ਦੇ ਸਾਥੀਆਂ ਦਾ ਪੁਲਿਸ ਨੂੰ ਚਾਰ ਦਿਨਾਂ ਦਾ ਮਿਲਿਆ ਰਿਮਾਂਡ

ਚੰਡੀਗੜ੍ਹ/ਬਿਊਰੋ ਨਿਊਜ਼ 

ਕੌਮੀ ਸੁਰੱਖਿਆ ਐਕਟ (ਐਨ.ਐਸ.ਏ.) ਹਟਾਏ ਜਾਣ ਮਗਰੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਵਾਪਸ ਪੰਜਾਬ ਲਿਆਂਦੇ ਗਏ ਅੰਮਿ੍ਰਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਅਜਨਾਲਾ ਕੋਰਟ ਵਿਚ ਪੇਸ਼ ਕੀਤਾ ਗਿਆ। ਜਿੱਥੋਂ ਪੁਲਿਸ ਨੇ ਉਨ੍ਹਾਂ ਦਾ ਚਾਰ ਦਿਨਾ ਰਿਮਾਂਡ ਹਾਸਲ ਕਰ ਲਿਆ ਹੈ। ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਸਾਥੀਆਂ ਨੂੰ ਹੁਣ 25 ਮਾਰਚ ਨੂੰ ਮੁੜ ਕੋਰਟ ਵਿਚ ਪੇਸ਼ ਕੀਤਾ ਜਾਵੇਗਾ। ਉਂਝ ਪੁਲਿਸ ਨੇ ਸੱਤ ਦਿਨਾ ਰਿਮਾਂਡ ਦੀ ਮੰਗ ਕੀਤੀ ਸੀ। ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਲਿਆਂਦੇ ਗਏ ਇਨ੍ਹਾਂ ਵਿਅਕਤੀਆਂ ਖਿਲਾਫ 23 ਫਰਵਰੀ 2023 ਨੂੰ ਅਜਨਾਲਾ ਪੁਲਿਸ ਸਟੇਸ਼ਨ ’ਤੇ ਹਮਲੇ ਦੇ ਆਰੋਪ ਵਿਚ ਕੇਸ ਦਰਜ ਕੀਤਾ ਗਿਆ ਸੀ। ਸੰਸਦ ਮੈਂਬਰ ਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮਿ੍ਰਤਪਾਲ ਸਿੰਘ ਵੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ। 

 

ਕਿਹਾ : ਕੇਜਰੀਵਾਲ ਦੇ ਹੁਕਮਾਂ ’ਤੇ ਪੰਜਾਬ ਦੇ ਕਿਸਾਨਾਂ ’ਤੇ ਹੋ ਰਹੇ ਜ਼ੁਲਮ 

ਬਠਿੰਡਾ/ਬਿਊਰੋ ਨਿਊਜ਼ 

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੇ ਨਾਲ ਖੜ੍ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ’ਤੇ ਕੀਤੇ ਜਾ ਰਹੇ ਜ਼ੁਲਮ ਦਾ ਡਟ ਕੇ ਵਿਰੋਧ ਕਰਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਪਹਿਲੀ ਵਾਰੀ ਹੋਇਆ ਹੈ ਕਿ ਸੂਬਾ ਅਤੇ ਕੇਂਦਰ ਸਰਕਾਰ ਨੇ ਕਿਸਾਨ ਆਗੂਆਂ ਨੂੰ ਗੱਲਬਾਤ ਲਈ ਸੱਦ ਕੇ ਹਿਰਾਸਤ ’ਚ ਲਿਆ ਹੋਵੇ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੱਢਣ ਦੇ ਆਪਣੇ ਵਾਅਦੇ ਤੋਂ ਮੁੱਕਰ ਗਈ ਹੈ। ਸੁਖਬੀਰ ਨੇ ਕਿਹਾ ਕਿ ਕਿਸਾਨ ਆਗੂਆਂ ਦੀ ਗਿ੍ਰਫਤਾਰੀ, ਸ਼ੰਭੂ ਤੇ ਖਨੌਰੀ ਵਿੱਚ ਧਰਨੇ ਹਟਾਉਣ ਅਤੇ ਕਿਸਾਨਾਂ ਉਤੇ ਲਾਠੀਚਾਰਜ ਵਰਗੇ ਜ਼ੁਲਮ ਸਾਬਤ ਕਰ ਰਹੇ ਹਨ ਕਿ ਹੁਣ ਅਰਵਿੰਦ ਕੇਜਰੀਵਾਲ ਹੀ ਪੰਜਾਬ ਦੇ ‘ਅਸਲੀ ਮੁੱਖ ਮੰਤਰੀ’ ਬਣ ਗਏ ਹਨ ਅਤੇ ਉਨ੍ਹਾਂ ਦੇ ਹੁਕਮਾਂ ’ਤੇ ਹੀ ਕਿਸਾਨਾਂ ’ਤੇ ਇਹ ਜ਼ੁਲਮ ਹੋ ਰਹੇ ਹਨ।

ਅਲਾਟ ਕੀਤੇ ਗਏ 450 ਕਰੋੜ ਅਤੇ ਖਰਚ ਹੋਏ 800 ਕਰੋੜ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੀਆਂ ਸਰਕਾਰੀ ਬੱਸਾਂ ਵਿਚ ਮਹਿਲਾਵਾਂ ਲਈ ਮੁਫਤ ਸਫਰ ਦੀ ਸਹੂਲਤ ਪੰਜਾਬ ਟਰਾਂਸਪੋਰਟ ਵਿਭਾਗ ਨੂੰ ਬਹੁਤ ਮਹਿੰਗੀ ਪੈ ਰਹੀ ਹੈ।  450 ਕਰੋੜ ਰੁਪਏ ਦੇ ਸਲਾਨਾ ਅਲਾਟਮੈਂਟ ਦੇ ਮੁਕਾਬਲੇ ਵਿਚ ਮੁਫਤ ਸਹੂਲਤ ਰਾਜ ਟਰਾਂਸਪੋਰਟ ਦੇ ਅਦਾਰਿਆਂ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ, ਪਨਬਸ ਅਤੇ ਪੰਜਾਬ ਰੋਡਵੇਜ਼ ਨੂੰ ਕਰੀਬ 800 ਕਰੋੜ ਰੁਪਏ ਵਿਚ ਪੈ ਰਹੀ ਹੈ। ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਅਧਿਕਾਰਤ ਰਿਕਾਰਡ ਅਨੁਸਾਰ ਰੋਜ਼ਾਨਾ 3 ਲੱਖ ਤੋਂ ਵੱਧ ਮਹਿਲਾਵਾਂ ਮੁਫਤ ਬੱਸ ਸਫਰ ਦੀ ਸਹੂੁਲਤ ਦਾ ਲਾਭ ਉਠਾਉਂਦੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਸਰਕਾਰੀ ਬੱਸਾਂ ’ਚ ਮਹਿਲਾਵਾਂ ਨੂੰ ਮੁਫਤ ਬੱਸ ਸਫਰ ਦੀ  ਯੋਜਨਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੌਰਾਨ 2021 ਵਿਚ ਸ਼ੁਰੂ ਕੀਤੀ ਗਈ ਸੀ।

ਕਾਂਗਰਸੀ ਵਿਧਾਇਕਾਂ ਨੇ ਰਾਜਪਾਲ ਦੇ ਭਾਸ਼ਣ ਨੂੰ ਝੂਠ ਦਾ ਪੁਲੰਦਾ ਦੱਸਿਆ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਸ਼ੁੱਕਰਵਾਰ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਸ਼ੁਰੂ ਹੋਇਆ। ਰਾਜਪਾਲ ਨੇ ਆਪਣੇ ਭਾਸ਼ਣ ਵਿਚ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ। ਇਸਦੇ ਚੱਲਦਿਆਂ ਰਾਜਪਾਲ ਦੇ ਭਾਸ਼ਣ ਦਾ ਕਾਂਗਰਸੀ ਵਿਧਾਇਕਾਂ ਨੇ ਬਾਈਕਾਟ ਕੀਤਾ ਅਤੇ ਰਾਜਪਾਲ ਦੇ ਭਾਸ਼ਣ ਨੂੰ ਝੂਠ ਦਾ ਪੁਲੰਦਾ ਦੱਸਿਆ। ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਵਿਚ ਸੂਬਾ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਰਾਜਪਾਲ ਦੇ ਭਾਸ਼ਣ ਵਿਚ ਕੁਝ ਵੀ ਸੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਕਿਸਾਨਾਂ ਪ੍ਰਤੀ ਵਤੀਰਾ ਬਹੁਤ ਗਲਤ ਹੈ ਅਤੇ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਧਿਆਨ ਰਹੇ ਕਿ ਪੰਜਾਬ ਦਾ ਬਜਟ ਇਜਲਾਸ 28 ਮਾਰਚ ਤੱਕ ਚੱਲਣਾ ਹੈ ਅਤੇ 26 ਮਾਰਚ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਜਟ ਪੇਸ਼ ਕਰਨਗੇ।  

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.