Friday, 19 June 2026

ਅਕਾਲੀ ਆਗੂ ਨੇ ਸਿੱਟ ਮੂਹਰੇ ਪੇਸ਼ ਹੋਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ’ਚ ਮੱਥਾ ਟੇਕਿਆ

ਪਟਿਆਲਾ/ਬਿਊਰੋ ਨਿਊਜ਼

ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਮੰਗਲਵਾਰ ਨੂੰ ਲਗਾਤਾਰ ਦੂਜੇ ਦਿਨ ਪਟਿਆਲਾ ’ਚ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠਲੀ ‘ਸਿਟ’ ਅੱਗੇ ਪੇਸ਼ ਹੋਏ ਹਨ। ਵਿਸ਼ੇਸ਼ ਜਾਂਚ ਟੀਮ ਸਾਢੇ ਤਿੰਨ ਸਾਲ ਪੁਰਾਣੇ ਨਸ਼ਾ ਤਸਕਰੀ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਤੋਂ ਪਹਿਲਾਂ ਮਜੀਠੀਆ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ। ਯਾਦ ਰਹੇ ਕਿ ਸਿਟ ਵੱਲੋਂ ਲੰਘੇ ਕੱਲ੍ਹ ਸੋਮਵਾਰ ਨੂੰ ਵੀ ਮਜੀਠੀਆ ਤੋਂ ਕਈ ਘੰਟੇ ਪੁੱਛਗਿੱਛ ਕੀਤੀ ਗਈ ਸੀ। ਇਹ ਪੁੱਛ ਪੜਤਾਲ ਪਟਿਆਲਾ ’ਚ ਪੁਲਿਸ ਲਾਈਨ ਸਥਿਤ ‘ਸਿਟ’ ਦੇ ਦਫਤਰ ਵਿੱਚ ਚੱਲੀ ਹੈ। ਵਿਸ਼ੇਸ਼ ਜਾਂਚ ਟੀਮ ਵਿੱਚ ਹਰਚਰਨ ਸਿੰਘ ਭੁੱਲਰ ਚੇਅਰਮੈਨ ਹਨ। ਜਾਂਚ ਟੀਮ ਵਿਚ ਆਈਪੀਐਸ ਵਰੁਣ ਸ਼ਰਮਾ, ਪਟਿਆਲਾ ਦੇ ਐਸਪੀ ਇਨਵੈਸਟੀਗੇਸ਼ਨ ਯੋਗੇਸ਼ ਸ਼ਰਮਾ ਤੇ ਏਡੀਏ ਅਨਮੋਲਜੀਤ ਸਮੇਤ ਕੁਝ ਹੋਰ ਵੀ ਮੈਂਬਰਾਂ ਵਜੋਂ ਸ਼ਾਮਲ ਹਨ। ਇਸ ਮੌਕੇ ਅਕਾਲੀ ਦਲ ਦੇ ਬੁਲਾਰੇ ਅਤੇ ਵਕੀਲ, ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵੀ ਬਿਕਰਮ ਸਿੰਘ ਮਜੀਠੀਆ ਨਾਲ ਮੌਜੂਦ ਰਹੇ। 

 

 

ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਸਬੰਧੀ ਕੇਂਦਰ ਸਰਕਾਰ ਦਾ ਪੱਤਰ ਮਿਲਿਆ

ਪਟਿਆਲਾ/ਬਿਊਰੋ ਨਿਊਜ਼ 

ਕਿਸਾਨਾਂ ਦੀਆਂ ਮੰਗਾਂ ਸਬੰਧੀ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ ਤੀਜੇ ਗੇੜ ਦੀ ਗੱਲਬਾਤ ਭਲਕੇ ਬੁੱਧਵਾਰ 19 ਮਾਰਚ ਨੂੰ ਚੰਡੀਗੜ੍ਹ ਵਿਚ ਹੋਵੇਗੀ। ਇਸ ਗੱਲਬਾਤ ਲਈ ਕੇਂਦਰ ਸਰਕਾਰ ਵੱਲੋਂ ਦੋਵਾਂ ਕਿਸਾਨ ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨੂੰ ਪੱਤਰ ਭੇਜਿਆ ਗਿਆ ਹੈ। ਇਸ ਪੱਤਰ ਤਹਿਤ ਤੀਜੇ ਗੇੜ ਦੀ ਇਹ ਬੈਠਕ ਚੰਡੀਗੜ੍ਹ ਵਿਚ ਭਲਕੇ ਸਵੇਰੇ 11 ਵਜੇ ਹੋਵੇਗੀ। ਇਸ ਸਬੰਧੀ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਇਕ ਵੀਡੀਓ ਸੁਨੇਹੇ ਵਿਚ ਕਿਹਾ ਕਿ ਕੇਂਦਰ ਸਰਕਾਰ ਨਾਲ ਤੀਜੇ ਗੇੜ ਦੀ ਗੱਲਬਾਤ ਸਵੇਰੇ 11 ਵਜੇ ਚੰਡੀਗੜ੍ਹ ਵਿਚ ਸੈਕਟਰ 26 ਵਿਚ ਹੋਵੇਗੀ। ਜ਼ਿਕਰਯੋਗ ਹੈ ਕਿ ਕਿਸਾਨਾਂ ਦਾ ਇਹ ਸੰਘਰਸ਼ ਪਿਛਲੇ ਸਾਲ 13 ਫਰਵਰੀ ਤੋਂ ਜਾਰੀ ਹੈ। 

 

ਧਾਮੀ ਨੂੰ ਮਨਾਉਣ ਲਈ ਕੋਸ਼ਿਸ਼ਾਂ ਜਾਰੀ

ਅੰਮਿ੍ਰਤਸਰ/ਬਿਊਰੋ ਨਿਊਜ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੰਡੀਗੜ੍ਹ ਵਿੱਚ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਪ੍ਰਧਾਨਗੀ ਵਿੱਚ ਅੰਤਰਿੰਗ ਕਮੇਟੀ ਦੀ ਮੀਟਿੰਗ ਹੋਈ ਹੈ। ਮੀਟਿੰਗ ਵਿੱਚ ਮੈਂਬਰਾਂ ਨੇ ਸਰਬਸੰਮਤੀ ਨਾਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾਮਨਜ਼ੂਰ ਕਰਦਿਆਂ ਉਨ੍ਹਾਂ ਨੂੰ ਸਿੱਖ ਸੰਸਥਾ ਦੇ ਮੁੱਖ ਸੇਵਾਦਾਰ ਦੀਆਂ ਸੇਵਾਵਾਂ ਤੁਰੰਤ ਸੰਭਾਲਣ ਦੀ ਅਪੀਲ ਕੀਤੀ ਹੈ। ਐਡਵੋਕੇਟ ਧਾਮੀ ਨੇ ਕੁਝ ਸਮਾਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਭਰਤੀ ਸਬੰਧੀ ਸੱਤ ਮੈਂਬਰੀ ਕਮੇਟੀ ਦੇ ਮੁਖੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਰਘੂਜੀਤ ਸਿੰਘ ਵਿਰਕ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਨੂੰ ਆਪਣਾ ਫੈਸਲਾ ਬਦਲਣ ਲਈ ਕਿਹਾ ਗਿਆ ਹੈ।

ਨਸ਼ਾ ਤਸਕਰੀ ਦੇ ਮਾਮਲੇ ’ਚ ਘਿਰੇ ਹੋਏ ਹਨ ਮਜੀਠੀਆ

ਪਟਿਆਲਾ/ਬਿਊਰੋ ਨਿਊਜ਼

ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨਸ਼ਾ ਤਸਕਰੀ ਦੇ ਮਾਮਲੇ ਵਿਚ ਘਿਰੇ ਹੋਏ ਹਨ। ਇਸਦੇ ਚੱਲਦਿਆਂ ਅੱਜ ਪਟਿਆਲਾ ਵਿਚ ਵਿਸ਼ੇਸ਼ ਜਾਂਚ ਟੀਮ ਨੇ ਮਜੀਠੀਆ ਕੋਲੋਂ ਪੁੱਛਗਿੱਛ ਕੀਤੀ ਹੈ। ਨਸ਼ਾ ਤਸਕਰੀ ’ਤੇ ਅਧਾਰਤ ਕੇਸ ਦੀ ਜਾਂਚ ਲਈ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਬਣਾਈ ਗਈ ਸੀ। ਇਸ ਜਾਂਚ ਟੀਮ ਦੇ ਚੇਅਰਮੈਨ ਡੀਆਈਜੀ ਹਰਚਰਨ ਸਿੰਘ ਭੁੱਲਰ ਹਨ ਅਤੇ ਹੋਰਨਾਂ ਮੈਂਬਰਾਂ ਵਿਚ ਆਈਪੀਐਸ ਵਰੁਣ ਸ਼ਰਮਾ, ਐਸਪੀ ਡੀ ਜਗੇਸ਼ ਸ਼ਰਮਾ ਤੇ ਇੰਸਪੈਕਟਰ ਦਰਬਾਰਾ ਸਿੰਘ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਮਾਣਯੋਗ ਹਾਈ ਕੋਰਟ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਸਿੱਟ ਸਾਹਮਣੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਗਏ ਸਨ, ਜਿਸ ਤੋਂ ਬਾਅਦ ਮਜੀਠੀਆ ਅੱਜ ਪੇਸ਼ ਹੋਏ ਹਨ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.