Friday, 19 June 2026

ਅੰਮਿ੍ਰਤਪਾਲ ਸਿੰਘ ਅਸਾਮ ਦੀ ਜੇਲ੍ਹ ਵਿਚ ਹੈ ਨਜ਼ਰਬੰਦ

ਚੰਡੀਗੜ੍ਹ/ਬਿਊਰੋ ਨਿਊਜ਼

ਭਾਰਤ ਸਰਕਾਰ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੀ ਮੈਂਬਰਸ਼ਿਪ ਅਤੇ ਸੈਸ਼ਨ ’ਚੋਂ ਗੈਰਹਾਜ਼ਰੀ ਦੇ ਮੁੱਦੇ ’ਤੇ ਇਕ ਕਮੇਟੀ ਬਣਾਈ ਹੈ। ਲੋਕ ਸਭਾ ਦੇ ਸਪੀਕਰ ਵਲੋਂ ਬਣਾਈ ਗਈ ਇਸ ਕਮੇਟੀ ਨੂੰ ਮਾਮਲੇ ਦੀ ਸਮੀਖਿਆ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਵਲੋਂ ਸਦਨ ਵਿਚ ਸ਼ਾਮਲ ਹੋਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਕੇਂਦਰ ਸਰਕਾਰ ਤੋਂ ਪੁੱਛਿਆ ਸੀ ਕਿ ਕੀ ਸੰਸਦ ਮੈਂਬਰਾਂ ਦੀ ਛੁੱਟੀ ਮਨਜ਼ੂਰ ਕਰਨ ਲਈ ਕੋਈ ਕਮੇਟੀ ਬਣਾਈ ਗਈ ਹੈ ਜਾਂ ਨਹੀਂ। ਇਸ ਸੰਬੰਧੀ ਡਿਵੀਜ਼ਨ ਬੈਂਚ ਨੇ ਐਡੀਸ਼ਨਲ ਸਾਲਿਸਟਰ ਜਨਰਲ ਸੱਤਿਆਪਾਲ ਜੈਨ ਨੂੰ ਹਦਾਇਤਾਂ ਲੈਣ ਅਤੇ 25 ਫਰਵਰੀ ਨੂੰ ਅਦਾਲਤ ਨੂੰ ਸੂਚਿਤ ਕਰਨ ਲਈ ਕਿਹਾ ਗਿਆ ਸੀ। ਜ਼ਿਕਰਯੋਗ ਹੈ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਨੇ ਲੋਕ ਸਭਾ ਦੀ ਕਾਰਵਾਈ ਵਿਚ ਹਿੱਸਾ ਲੈਣ ਦੀ ਇਜਾਜ਼ਤ ਮੰਗਣ ਲਈ ਪਟੀਸ਼ਨ ਦਾਇਰ ਕੀਤੀ ਸੀ। ਅੰਮਿ੍ਰਤਪਾਲ ਸਿੰਘ ਨੇ ਕਿਹਾ ਕਿ ਉਹ 2023 ਤੋਂ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਅਸਾਮ ਵਿਚ ਨਜ਼ਰਬੰਦ ਹੈ। ਇਸ ਤੋਂ ਇਲਾਵਾ, ਅੰਮਿ੍ਰਤਪਾਲ ਸਿੰਘ ਨੇ ਆਪਣੀ ਪਟੀਸ਼ਨ ਵਿਚ ਇਹ ਵੀ ਮੰਗ ਕੀਤੀ ਸੀ ਕਿ ਉਸ ਨੂੰ ਐਮ.ਪੀ. ਲੋਕਲ ਏਰੀਆ ਡਿਵੈਲਪਮੈਂਟ ਸਕੀਮ ਤਹਿਤ ਅਧਿਕਾਰੀਆਂ ਅਤੇ ਮੰਤਰੀਆਂ ਨਾਲ ਮੀਟਿੰਗਾਂ ਵਿਚ ਸ਼ਾਮਿਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ। 

 

ਕਾਂਗਰਸ ਨੇ ‘ਆਪ’ ਸਰਕਾਰ ਤੋਂ ਭਿ੍ਰਸ਼ਟਾਚਾਰ ਦੇ ਦੋਸ਼ਾਂ ਬਾਰੇ ਜਵਾਬ ਮੰਗਿਆ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵਿਧਾਨ ਸਭਾ ਦੇ ਦੋ ਦਿਨਾ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਵਿਧਾਨ ਸਭਾ ਵਿਚ ਹੰਗਾਮਾ ਦੇਖਣ ਨੂੰ ਮਿਲਿਆ। ਕਾਂਗਰਸ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਤੋਂ ਭਿ੍ਰਸ਼ਟਾਚਾਰ ਦੇ ਦੋਸ਼ਾਂ ਬਾਰੇ ਜਵਾਬ ਮੰਗਿਆ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੀ.ਐੱਸ.ਈ.ਬੀ. ਇੰਜਨੀਅਰਜ਼ ਐਸੋਸੀਏਸ਼ਨ ਵੱਲੋਂ ਲਗਾਏ ਗਏ ਭਿ੍ਰਸ਼ਟਾਚਾਰ ਦੇ ਦੋਸ਼ਾਂ ਬਾਰੇ ਸਰਕਾਰ ਤੋਂ ਜਵਾਬ ਮੰਗਿਆ। ਉਨ੍ਹਾਂ ਦਾਅਵਾ ਕੀਤਾ ਕਿ ਸੱਤਾਧਾਰੀ ਪਾਰਟੀ ਦੇ ਇੱਕ ਸਿਆਸਤਦਾਨ ਨੇ ਐਸੋਸੀਏਸ਼ਨ ਨੂੰ ਪਾਰਟੀ ਲਈ ਫੰਡ ਇਕੱਠਾ ਕਰਨ ਲਈ ਕਿਹਾ ਸੀ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਾਲਾਂਕਿ ਇਸ ਗੱਲ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਬਾਜਵਾ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਫੰਡ ਕਿਸ ਵੱਲੋਂ ਮੰਗੇ ਗਏ ਸਨ। ਇਸੇ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਹਿਸ ਵਿੱਚ ਸ਼ਾਮਲ ਹੁੰਦਿਆਂ ਕਿਹਾ ਕਿ ਪੀਐੱਸਈਬੀ ਇੰਜਨੀਅਰਜ਼ ਐਸੋਸੀਏਸ਼ਨ ਨੇ ਕਦੇ ਵੀ ਵਿਜੀਲੈਂਸ ਬਿਊਰੋ ਨੂੰ ਆਪਣਾ ਬਿਆਨ ਨਹੀਂ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧੀ ਜਾਂਚ ਜਾਰੀ ਹੈ। ਇਸੇ ਦੌਰਾਨ ਹਰਪਾਲ ਸਿੰਘ ਚੀਮਾ ਨੇ ਦਿੱਲੀ ਦੇ ਮੁੱਖ ਮੰਤਰੀ ਦਫਤਰ ’ਚੋਂ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਫੋਟੋ ਲਾਹੇ ਜਾਣ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿਚ ਨਿੰਦਾ ਮਤਾ ਲੈ ਕੇ ਆਉਣ ਦੀ ਮੰਗ ਕੀਤੀ, ਜਿਸਦੀ ਪ੍ਰਤਾਪ ਸਿੰਘ ਬਾਜਵਾ ਨੇ ਹਮਾਇਤ ਵੀ ਕੀਤੀ।

 

ਕੋਮਲ ਮਿੱਤਲ ਬਣੀ ਮੋਹਾਲੀ ਦੀ ਨਵੀਂ ਡੀਸੀ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਫੇਰਬਦਲ ਦੇ ਤਹਿਤ 6 ਡਿਪਟੀ ਕਮਿਸ਼ਨਰਾਂ ਸਣੇ 8 ਆਈਪੀਐਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। ਇਸ ਬਦਲਾਅ ਦੇ ਤਹਿਤ ਆਈ.ਏ.ਐਸ. ਅਧਿਕਾਰੀ ਕੋਮਲ ਮਿੱਤਲ ਨੂੰ ਮੁਹਾਲੀ ਦੀ ਨਵੀਂ ਡੀਸੀ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਵਿਨੀਤ ਕੁਮਾਰ ਹੁਣ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਲਿਮਿਟਡ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਉਣਗੇ। ਪੂਨਮਦੀਪ ਕੌਰ ਨੂੰ ਫਰੀਦਕੋਟ ਦੀ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਆਸ਼ੀਕਾ ਜੈਨ ਹੁਣ ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਹੋਵੇਗੀ। ਇਸੇ ਤਰ੍ਹਾਂ ਪਰਮਿੰਦਰ ਪਾਲ ਸਿੰਘ ਨੂੰ ਐਸ.ਏ.ਐਸ. ਨਗਰ ਦਾ ਨਗਰ ਨਿਗਮ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਅੰਕੁਰਜੀਤ ਸਿੰਘ ਹੁਣ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਹੋਣਗੇ। ਇਸੇ ਤਰ੍ਹਾਂ ਟੀ. ਬੇਨਿਥ ਬਰਨਾਲਾ ਦੇ ਡਿਪਟੀ ਕਮਿਸ਼ਨਰ ਬਣੇ ਹਨ ਅਤੇ ਵਿਰਾਜ ਸ਼ਿਆਮਕਰਨ ਤਿਡਕੇ ਦੀ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵਜੋਂ ਨਿਯੁਕਤੀ ਹੋਈ ਹੈ।

ਕਿਸਾਨ ਆਗੂ ਪੰਧੇਰ ਨੇ ਕਿਹਾ : ਕਿਸਾਨਾਂ ਦੀਆਂ ਜ਼ਮੀਨਾਂ ’ਤੇ ਜਬਰੀ ਕਬਜ਼ੇ ਨਾ ਕੀਤੇ ਜਾਣ

ਅੰਮਿ੍ਰਤਸਰ/ਬਿਊਰੋ ਨਿਊਜ਼

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕਿਸਾਨਾਂ ਦੀਆਂ 12 ਮੰਗਾਂ ਵਾਲਾ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਣ ਦੀ ਮੰਗ ਕੀਤੀ ਹੈ। ਇਸ ਦੌਰਾਨ ਭਲਕੇ 25 ਫਰਵਰੀ ਨੂੰ 101 ਕਿਸਾਨਾਂ ਦੇ ਸ਼ੰਭੂ ਬਾਰਡਰ ਤੋਂ ਦਿੱਲੀ ਜਾਣ ਵਾਲੇ ਜਥੇ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ। ਪੰਧੇਰ ਨੇ ਚੇਤਾਵਨੀ ਦਿੱਤੀ ਕਿ ਭਾਰਤ ਮਾਲਾ ਪ੍ਰਾਜੈਕਟ ਦੇ ਹਵਾਲੇ ਨਾਲ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਜਬਰੀ ਕਬਜ਼ੇ ਨਾ ਕੀਤੇ ਜਾਣ, ਨਹੀਂ ਤਾਂ ਉਹ ਪੰਜਾਬ ਸਰਕਾਰ ਖਿਲਾਫ਼ ਵੀ ਮੋਰਚਾ ਖੋਲ੍ਹਣ ਲਈ ਮਜਬੂਰ ਹੋਣਗੇ। ਪੰਧੇਰ ਨੇ ਅੰਮਿ੍ਰਤਸਰ ’ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨਾਲ ਕਿਸਾਨੀ ਮੁੱਦਿਆਂ ਬਾਰੇ ਗੱਲਬਾਤ ਦੇ ਦੋ ਦੌਰ ਹੋ ਚੁੱਕੇ ਹਨ ਅਤੇ ਤੀਜੇ ਦੌਰ ਦੀ ਮੀਟਿੰਗ 25 ਮਾਰਚ ਨੂੰ ਚੰਡੀਗੜ੍ਹ ਵਿੱਚ ਹੋਵੇਗੀ। ਉਨ੍ਹਾਂ ਭਗਵੰਤ ਮਾਨ ਸਰਕਾਰ ਕੋਲੋਂ ਮੰਗ ਕੀਤੀ ਕਿ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਦਾ ਸਮਾਂ ਵਧਾਇਆ ਜਾਵੇ ਅਤੇ ਇਸ ਵਿੱਚ ਲੋਕ ਮੁੱਦੇ ਵਿਚਾਰੇ ਜਾਣ।  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.