Friday, 19 June 2026

7 ਵਿਧਾਨ ਸਭਾ ਹਲਕਿਆਂ ਦਾ ਰੰਧਾਵਾ ਨੂੰ ਬਣਾਇਆ ਇੰਚਾਰਜ

ਨਵੀਂ ਦਿੱਲੀ/ਬਿਊਰੋ ਨਿਊਜ਼  

ਦਿੱਲੀ ਵਿਚ 5 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਲਈ ਕਾਂਗਰਸ ਪਾਰਟੀ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੱਡੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਰੰਧਾਵਾ ਨੂੰ ਦਿੱਲੀ ਦੇ 7 ਵਿਧਾਨ ਸਭਾ ਹਲਕਿਆਂ ਦਾ ਇੰਚਾਰਜ ਬਣਾਇਆ ਗਿਆ ਹੈ। ਇਨ੍ਹਾਂ ਵਿਧਾਨ ਸਭਾ ਹਲਕਿਆਂ ਵਿਚ ਕਾਲਕਾ, ਨਵੀਂ ਦਿੱਲੀ, ਮਾਲਵੀਆ ਨਗਰ, ਅੰਬੇਡਕਰ ਨਗਰ, ਦਿੱਲੀ ਕੈਂਟ, ਰਾਜੌਰੀ ਗਾਰਡਨ ਅਤੇ ਹਰੀ ਨਗਰ ਸ਼ਾਮਲ ਹੈ। ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਵਲੋਂ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਸੀ। ਜ਼ਿਕਰਯੋਗ ਹੈ ਕਿ ਇਨ੍ਹਾਂ 7 ਵਿਧਾਨ ਸਭਾ ਹਲਕਿਆਂ ਵਿਚ ਪੰਜਾਬੀ ਵੋਟਰਾਂ ਦੀ ਸੰਖਿਆ ਜ਼ਿਆਦਾ ਹੈ।  

ਕਿਹਾ : ਨੌਜਵਾਨਾਂ ਨੂੰ ਕਮਜ਼ੋਰ ਕਰਨ ਦੀ ਰਚੀ ਜਾ ਰਹੀ ਸਾਜਿਸ਼

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿਚ ਨਸ਼ਿਆਂ ਨੂੰ ਲੈ ਕੇ ਪਾਕਿਸਤਾਨ ’ਤੇ ਸਵਾਲ ਚੁੱਕੇ ਹਨ। ਰਾਜਪਾਲ ਕਟਾਰੀਆ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਪਾਕਿਸਤਾਨ ਸਿੱਧਾ ਸਾਡੇ ਨਾਲ ਲੜਾਈ ਨਹੀਂ ਲੜ ਸਕਦਾ। ਇਸ ਲਈ ਉਸ ਨੇ ਨਸ਼ੇ ਦਾ ਰਸਤਾ ਕੱਢਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕਿ ਇੱਥੇ ਬਗਾਵਤ ਦਾ ਮਾਹੌਲ ਤਿਆਰ ਹੋ ਸਕੇ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ ਹੈ। ਰਾਜਪਾਲ ਨੇ ਲਾਅ ਐਂਡ ਆਰਡਰ ਦੇ ਮਾਮਲੇ ਵਿਚ ਪੰਜਾਬ ਦੀ ਤਾਰੀਫ ਕੀਤੀ ਹੈ। 

ਐਸਜੀਪੀਸੀ ਪ੍ਰਧਾਨ ਧਾਮੀ ਵਲੋਂ ਮੱਤੇਵਾਲ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦਿਹਾਂਤ ਹੋ ਗਿਆ ਹੈ। ਹਰਦੇਵ ਸਿੰਘ ਮੱਤੇਵਾਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਭ ਤੋਂ ਨੇੜਲੇ ਸਾਥੀਆਂ ਵਿਚੋਂ ਇਕ ਸਨ। ਇਸਦੇ ਚੱਲਦਿਆਂ ਸੁਖਬੀਰ ਸਿੰਘ ਬਾਦਲ ਨੇ ਹਰਦੇਵ ਸਿੰਘ ਮੱਤੇਵਾਲ ਦੇ ਦਿਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਹਰਦੇਵ ਸਿੰਘ ਮੱਤੇਵਾਲ ਦੇ ਅਕਾਲ ਚਲਾਣਾ ਕਰ ਜਾਣ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਮੱਤੇਵਾਲ ਨੇ ਕਾਨੂੰਨੀ ਖੇਤਰ ਵਿਚ ਵੱਡਾ ਯੋਗਦਾਨ ਪਾਇਆ ਅਤੇ ਐਡਵੋਕੇਟ ਜਨਰਲ ਵਜੋਂ ਪੰਜਾਬ ਦੇ ਹਿੱਤਾਂ ਤੇ ਹੱਕਾਂ ਲਈ ਅਹਿਮ ਕਾਰਜ ਕੀਤੇ ਹਨ। ਧਾਮੀ ਨੇ ਕਿਹਾ ਕਿ ਐਡਵੋਕੇਟ ਹਰਦੇਵ ਸਿੰਘ ਮੱਤੇਵਾਲ ਵਲੋਂ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਡੇਢ ਦਹਾਕੇ ਤੋਂ ਵੱਧ ਨਿਸ਼ਕਾਮ ਤੌਰ ’ਤੇ ਦਿੱਤੀਆਂ ਕਾਨੂੰਨੀ ਸੇਵਾਵਾਂ ਨੂੰ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਅਜਿਹੀ ਸ਼ਖ਼ਸੀਅਤ ਦਾ ਅਕਾਲ ਚਲਾਣਾ ਪਰਿਵਾਰ ਅਤੇ ਸਮਾਜ ਲਈ ਵੱਡਾ ਘਾਟਾ ਹੈ।

ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ : ਸੱਤ ਮੈਂਬਰੀ ਕਮੇਟੀ ’ਚ ਹੀ ਕੰਮ ਕਰਾਂਗਾ 

ਚੰਡੀਗੜ੍ਹ/ਬਿਊਰੋ ਨਿਊਜ਼ 

ਗੁਰਪ੍ਰਤਾਪ ਸਿੰਘ ਵਡਾਲਾ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਥਾਪੇ ਆਬਜ਼ਰਵਰ ਵਜੋਂ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸੱਤ ਮੈਂਬਰੀ ਕਮੇਟੀ ’ਚ ਹੀ ਕੰਮ ਕਰਨਗੇ। ਇਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਰਾਜ਼ ਧੜੇ ਨੂੰ ਮਨਾਉਣ ਦੀ ਮੁਹਿੰਮ ਫੇਲ੍ਹ ਹੋ ਗਈ ਹੈ। ਜ਼ਿਕਰਯੋਗ ਹੈ ਕਿ ਅਕਾਲੀ ਦਲ ਨੇ ਨਾਰਾਜ਼ ਧੜੇ ਦੇ ਮੋਹਰੀ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਪਾਰਟੀ ਦੀ ਮੈਂਬਰਸ਼ਿਪ ਭਰਤੀ ਦੇ ਨਿਗਰਾਨ ਵਜੋਂ ਫਰੀਦਕੋਟ ਦਾ ਆਬਜ਼ਰਵਰ ਲਾਇਆ ਸੀ। ਇਸ ਤੋਂ ਬਾਅਦ ਨਾਰਾਜ਼ ਧੜੇ ਵਿਚ ਇਹ ਸੁਰ ਉੱਭਰੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਵਡਾਲਾ ਨੂੰ ਇਹ ਜ਼ਿੰਮੇਵਾਰੀ ਸੌਂਪ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਸੱਤ ਮੈਂਬਰੀ ਕਮੇਟੀ ਨੂੰ ਅਰਥਹੀਣ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸਦੇ ਚੱਲਦਿਆਂ ਗੁਰਪ੍ਰਤਾਪ ਸਿੰਘ ਵਡਾਲਾ ਨੇ ਅਕਾਲੀ ਦਲ ਦੇ ਇਸ ਫੈਸਲੇ ਨੂੰ ਨਾਮਨਜ਼ੂਰ ਕਰ ਦਿੱਤਾ ਹੈ। ਵਡਾਲਾ ਦਾ ਕਹਿਣਾ ਸੀ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਦੀ ਇੰਨ-ਬਿੰਨ ਪਾਲਣਾ ਕਰਨਗੇ।  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.