Friday, 19 June 2026

ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 30ਵੇਂ ਦਿਨ ਵੀ ਜਾਰੀ

ਸੰਗਰੂਰ/ਬਿਊਰੋ ਨਿਊਜ਼ 

ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 30ਵੇਂ ਦਿਨ ਵੀ ਜਾਰੀ ਰਿਹਾ। ਧਿਆਨ ਰਹੇ ਕਿ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਵੀ ਹੁਣ ਬਹੁਤ ਜ਼ਿਆਦਾ ਚਿੰਤਾਜਨਕ ਹੋ ਰਹੀ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਡੱਲੇਵਾਲ ਨੂੰ ਮਿਲਣ ਤਾਂ ਜਾ ਰਹੇ ਹਨ, ਪਰ ਮਸਲੇ ਦਾ ਹੱਲ ਨਿਕਲਦਾ ਦਿਖਾਈ ਨਹੀਂ ਦੇ ਰਿਹਾ। ਇਸਦੇ ਚੱਲਦਿਆਂ ਅੰਮਿ੍ਰਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਪਹੁੰਚੇ। ਔਜਲਾ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲ ਕੇ ਉਨ੍ਹਾਂ ਦੀ ਸਿਹਤ ਸੰਬੰਧੀ ਹਾਲ-ਚਾਲ ਪੁੱਛਿਆ ਤੇ ਉਨ੍ਹਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਕਿਸਾਨ ਆਗੂਆਂ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਤੇ ਹਰਿਆਣਾ ਸਰਕਾਰ ਦੇ ਕਿਸਾਨਾਂ ਪ੍ਰਤੀ ਬੇਰੁਖੀ ਵਾਲੇ ਰੱਵਈਏ ਦੀ ਸਖਤ ਅਲੋਚਨਾ ਕੀਤੀ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਤੁਰੰਤ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖਤਮ ਕਰਵਾਉਣ ਦੀ ਅਪੀਲ ਵੀ ਕੀਤੀ ਹੈ।

 

ਜਨਵਰੀ ਦੇ ਪਹਿਲੇ ਹਫਤੇ ਅਕਾਲੀ ਦਲ ਬੁਲਾਏਗਾ ਬੈਠਕ

ਚੰਡੀਗੜ੍ਹ/ਬਿਊਰੋ ਨਿਊਜ਼

ਸ੍ਰੀ ਅਕਾਲ ਤਖਤ ਸਾਹਿਬ ਦੇ ਨਿਰਦੇਸ਼ਾਂ ਦੇ ਤਹਿਤ ਸੁਖਬੀਰ ਸਿੰਘ ਬਾਦਲ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਹੁਦੇ ਤੋਂ ਦਿੱਤੇ ਅਸਤੀਫੇ ਨੂੰ ਲੈ ਕੇ ਅਕਾਲੀ ਦਲ ਜਲਦ ਫੈਸਲਾ ਲੈ ਸਕਦਾ ਹੈ। ਸ਼ੋ੍ਰਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਜਨਵਰੀ ਮਹੀਨੇ ਦੇ ਪਹਿਲੇ ਹਫਤੇ ਵਿਚ ਬੁਲਾਈ ਜਾ ਸਕਦੀ ਹੈ। ਇਹ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵਲੋਂ ਸਾਂਝੀ ਕੀਤੀ ਗਈ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਇਹ ਵੀ ਦੱਸਿਆ ਕਿ ਸੁਖਬੀਰ ਬਾਦਲ ਚਾਹੁੰਦੇ ਸਨ ਕਿ ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਦੁਬਾਰਾ ਚੋਣ ਕਰਵਾਈ ਜਾਵੇ ਅਤੇ ਚੁਣਾਵੀ ਪ੍ਰਕਿਰਿਆ ਨਾਲ ਅਕਾਲੀ ਦਲ ਦਾ ਪ੍ਰਧਾਨ ਚੁਣਿਆ ਜਾਏ। ਇਸੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਨੇ ਵੀ ਹੁਣ ਅਕਾਲੀ ਦਲ ਦੀ ਕੋਰ ਕਮੇਟੀ ਨੂੰ ਇਸ ’ਤੇ ਫੈਸਲਾ ਲੈਣ ਲਈ ਕਿਹਾ ਹੈ ਅਤੇ ਉਸ ਸਬੰਧੀ ਰਿਪੋਰਟ ਸੌਂਪਣ ਨੂੰ ਕਿਹਾ ਹੈ। ਇਸਦੇ ਚੱਲਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹੁਣ ਕੋਰ ਕਮੇਟੀ ਦੀ ਬੈਠਕ ਜਨਵਰੀ ਮਹੀਨੇ ਦੇ ਪਹਿਲੇ ਹਫਤੇ ਬੁਲਾਈ ਜਾ ਸਕਦੀ ਹੈ। ਬੈਠਕ ਵਿਚ ਫੈਸਲਾ ਲਿਆ ਜਾਵੇਗਾ ਕਿ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਮਨਜੂਰ ਕੀਤਾ ਜਾਏ ਜਾਂ ਉਸ ਨੂੰ ਲੈ ਕੇ ਕੋਈ ਇਕੱਤਰਤਾ ਬੁਲਾਈ ਜਾਏ।  

 

ਸੰਸਦ ਮੈਂਬਰ ਔਜਲਾ ਨੂੰ ਪੰਜਾਬ, ਚੰਡੀਗੜ੍ਹ ਤੇ ਜੰਮੂ ਕਸ਼ਮੀਰ ਦਾ ਕਨਵੀਨਰ ਬਣਾਇਆ

ਅੰਮਿ੍ਰਤਸਰ/ਬਿਊਰੋ ਨਿਊਜ਼  

ਕਾਂਗਰਸ ਪਾਰਟੀ ਦੇ ਸੰਸਦੀ ਦਲ ਵੱਲੋਂ ਅੰਮਿ੍ਰਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਪੰਜਾਬ, ਚੰਡੀਗੜ੍ਹ ਅਤੇ ਜੰਮੂ ਕਸ਼ਮੀਰ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਇਸ ਨਿਯੁਕਤੀ ਲਈ ਕਾਂਗਰਸ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਵੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ। ਔਜਲਾ ਨੇ ਕਿਹਾ ਕਿ ਲੋਕਾਂ ਦੀ ਭਲਾਈ ਅਤੇ ਦੇਸ਼ ਦਾ ਵਿਕਾਸ ਉਨ੍ਹਾਂ ਦਾ ਸੁਫਨਾ ਹੈ। ਔਜਲਾ ਨੇ ਕਿਹਾ ਕਿ ਕਨਵੀਨਰ ਨਿਯੁਕਤ ਕਰਨ ਲਈ ਕਾਂਗਰਸ ਪਾਰਟੀ ਨੇ ਉਨ੍ਹਾਂ ’ਤੇ ਜੋ ਭਰੋਸਾ ਕੀਤਾ ਹੈ, ਉਹ ਉਸ ਉੱਪਰ ਖਰੇ ਉਤਰਨ ਲਈ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਸੰਵਿਧਾਨ ਦੀ ਰਾਖੀ ਲਈ ਕੰਮ ਕਰਦੀ ਰਹੇਗੀ ਅਤੇ ਲੋਕਾਂ ਦੇ ਹੱਕਾਂ ਲਈ ਹਮੇਸ਼ਾ ਖੜ੍ਹੀ ਰਹੇਗੀ।

ਪੰਜਾਬ ਸਰਕਾਰ ਨੇ ਝਾਕੀ ਤਿਆਰ ਕਰਨ ਲਈ ਤਿਆਰੀਆਂ ਵਿੱਢੀਆਂ

ਚੰਡੀਗੜ੍ਹ/ਬਿਊਰੋ ਨਿਊਜ਼

ਭਾਰਤ ਦੀ ਰਾਜਧਾਨੀ ਦਿੱਲੀ ’ਚ 26 ਜਨਵਰੀ ਨੂੰ ਗਣਤੰਤਰ ਦਿਵਸ ਪਰੇਡ ਵਿੱਚ ਦੋ ਸਾਲਾਂ ਬਾਅਦ ਪੰਜਾਬ ਦੀ ਝਾਕੀ ਦਿਖੇਗੀ। ਰੱਖਿਆ ਮੰਤਰਾਲੇ ਨੇ ਪੰਜਾਬ ਦੀ ਝਾਕੀ ਨੂੰ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ ਕਰਨ ਦੀ ਮਨਜ਼ੂਰੀ ਦਿੱਤੀ ਹੈ। ਸੂਬਾ ਸਰਕਾਰ ਵੱਲੋਂ ਇਸ ਵਾਰ ਗਣਤੰਤਰ ਦਿਵਸ ਦੀ ਕੌਮੀ ਪਰੇਡ ਵਿੱਚ ਪੇਸ਼ ਕੀਤੀ ਜਾਣ ਵਾਲੀ ਝਾਕੀ ਵਿੱਚ ਬਾਬਾ ਫਰੀਦ, ਪੰਜਾਬ ਦੇ ਸੰਗੀਤ ਅਤੇ ਸੱਭਿਆਚਾਰ ਨੂੰ ਪੇਸ਼ ਕੀਤਾ ਜਾਵੇਗਾ। ਇਸ ਝਾਕੀ ਵਿੱਚ ਦੋ ਬਲਦ ਵੀ ਦਿਖਾਏ ਜਾਣਗੇ। ਪੰਜਾਬ ਸਰਕਾਰ ਨੇ ਝਾਕੀ ਤਿਆਰ ਕਰਨ ਲਈ ਸਾਰੀਆਂ ਤਿਆਰੀਆਂ ਵਿੱਢ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੀ ਝਾਕੀ ਨੂੰ ਗਣਤੰਤਰ ਦਿਵਸ ’ਤੇ ਦਿੱਲੀ ’ਚ ਹੋਣ ਵਾਲੀ ਕੌਮੀ ਪਰੇਡ ਵਿੱਚ ਪਹਿਲਾਂ ਹਰ ਸਾਲ ਸ਼ਾਮਲ ਕੀਤਾ ਜਾਂਦਾ ਸੀ ਪਰ ਸਾਲ 2023 ਅਤੇ 2024 ਵਿੱਚ ਰੱਖਿਆ ਮੰਤਰਾਲੇ ਨੇ ਸੂਬੇ ਦੀ ਝਾਕੀ ਨੂੰ ਨਾਮਨਜ਼ੂਰ ਕਰ ਦਿੱਤਾ ਸੀ। ਰੱਖਿਆ ਮੰਤਰਾਲੇ ਦੇ ਰਵੱਈਏ ਤੋਂ ਨਾਰਾਜ਼ ਹੁੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਵੱਲੋਂ ਤਿਆਰ ਕੀਤੀਆਂ ਗਈਆਂ ਝਾਕੀਆਂ ਸੂਬੇ ਦੇ ਲੋਕਾਂ ਨੂੰ ਦਿਖਾਉਣ ਦਾ ਫੈਸਲਾ ਕੀਤਾ ਸੀ। ਜਾਣਕਾਰੀ ਅਨੁਸਾਰ ਰੱਖਿਆ ਮੰਤਰਾਲੇ ਨੇ ਇਸ ਵਾਰ ਗਣਤੰਤਰ ਦਿਵਸ ਪਰੇਡ ਵਿੱਚ 15 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਝਾਕੀਆਂ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.