Friday, 19 June 2026

 

ਤਨਖਾਹੀਆ ਕਰਾਰ ਦਿੱਤੇ ਗਏ ਸੁਖਬੀਰ ਨੇ ਕਿਹਾ-ਜਲਦੀ ਕਰੋ ਫੈਸਲਾ

ਚੰਡੀਗੜ੍ਹ/ਬਿਊਰੋ ਨਿਊਜ਼

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸੁਖਬੀਰ ਸਿੰਘ ਬਾਦਲ ਨੇ ਮੁੜ ਅਪੀਲ ਕੀਤੀ ਹੈ। ਸੁਖਬੀਰ ਬਾਦਲ ਨੇ ਜਥੇਦਾਰ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਉਸ ਨੂੰ ਤਨਖਾਹੀਆ ਕਰਾਰ ਤਾਂ ਦਿੱਤਾ ਜਾ ਚੁੱਕਿਆ ਹੈ, ਉਸ ’ਤੇ ਜਲਦ ਫੈਸਲਾ ਸੁਣਾਇਆ ਜਾਵੇ। ਸੁਖਬੀਰ ਨੇ ਜਥੇਦਾਰ ਨੂੰ ਲਿਖੀ ਚਿੱਠੀ ਵਿਚ ਕਿਹਾ ਹੈ ਕਿ ਉਸ ਵੱਲੋਂ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ ਅਤੇ ਉਹ ਹੁਣ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋਣਾ ਚਾਹੁੰਦਾ ਹੈ ਅਤੇ ਜਲਦ ਇਸ ਸਬੰਧੀ ਫੈਸਲਾ ਕੀਤਾ ਜਾਵੇ। ਧਿਆਨ ਰਹੇ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ, ਪਰ ਤਨਖਾਹ ਲਗਾਉਣ ਸਬੰਧੀ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਹੈ।   

 

 

ਸਰਵਣ ਸਿੰਘ ਪੰਧੇਰ ਦਾ ਆਰੋਪ : ਸੋਲਰ ਪ੍ਰੋਜੈਕਟ ਦਾ ਸਮਝੌਤਾ ਪੰਜਾਬ ਸਣੇ 12 ਸੂਬਿਆਂ ਨਾਲ ਹੋਇਆ ਸੀ 

ਜਲੰਧਰ/ਬਿਊਰੋ ਨਿਊਜ਼ 

ਗੌਤਮ ਅਡਾਨੀ ’ਤੇ ਲੱਗੇ ਭਿ੍ਰਸ਼ਟਾਚਾਰ ਅਤੇ ਰਿਸ਼ਵਤ ਦੇਣ ਦੇ ਆਰੋਪਾਂ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵੀ ਸਵਾਲ ਚੁੱਕੇ ਹਨ। ਇਸ ਮਾਮਲੇ ਵਿਚ ਕਿਸਾਨ ਆਗੂ ਪੰਧੇਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਦੇਸ਼ ਦੀਆਂ ਕਈ ਸਰਕਾਰਾਂ ’ਤੇ ਗੰਭੀਰ ਆਰੋਪ ਲਗਾਏ ਹਨ। ਪੰਧੇਰ ਨੇ ਸੂਬੇ ’ਚ ਸੱਤਾਧਾਰੀ ਆਮ ਆਦਮੀ ਪਾਰਟੀ ਕੋਲੋਂ ਵੀ ਅਡਾਨੀ ਮਾਮਲੇ ਵਿਚ ਜਵਾਬ ਮੰਗਿਆ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਵਿਚ ਕਰੀਬ ਦੋ ਸਾਲ ਦੀ ਜਾਂਚ ਤੋਂ ਬਾਅਦ ਗੌਤਮ ਅਡਾਨੀ ’ਤੇ ਅਰੋਪ ਲੱਗੇ ਹਨ ਅਤੇ ਉਨ੍ਹਾਂ ਦੀ ਗਿ੍ਰਫਤਾਰੀ ਦਾ ਵਾਰੰਟ ਵੀ ਜਾਰੀ ਹੋਇਆ ਹੈ। ਜ਼ਿਕਰਯੋਗ ਹੈ ਕਿ ਭਾਰਤ ਵਿਚ ਸੋਲਰ ਐਨਰਜੀ ਨਾਲ ਜੁੜਿਆ ਕੰਟਰੈਕਟ ਹਾਸਲ ਕਰਨ ਦੇ ਲਈ ਭਾਰਤੀ ਅਧਿਕਾਰੀਆਂ ਨੂੰ ਕਰੀਬ 2200 ਕਰੋੜ ਰੁਪਏ ਦੀ ਰਿਸ਼ਵਤ ਦੇਣ ਦੇ ਗੌਤਮ ਅਡਾਨੀ ’ਤੇ ਆਰੋਪ ਲੱਗੇ ਹਨ। ਇਹ ਪੂਰਾ ਮਾਮਲਾ ਅਡਾਨੀ ਗਰੁੱਪ ਦੀ ਕੰਪਨੀ ਅਡਾਨੀ ਗਰੀਨ ਐਨਰਜੀ ਲਿਮਟਿਡ ਅਤੇ ਇਕ ਹੋਰ ਫਰਮ ਨਾਲ ਜੁੜਿਆ ਹੋਇਆ ਹੈ। ਕਿਸਾਨ ਆਗੂ ਪੰਧੇਰ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਇਹ ਸਮਝੌਤਾ ਕਰੀਬ 12 ਸੂਬਿਆਂ ਨਾਲ ਕੀਤਾ ਗਿਆ ਸੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਤੋਂ ਵੱਖ ਨਹੀਂ ਹਨ। ਉਨ੍ਹਾਂ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਤਾਂ ਜੋ ਸੱਚਾਈ ਸਾਹਮਣੇ ਆ ਸਕੇ। 

 

 

ਦਿੱਲੀ ਦੇ ‘ਆਪ’ ਆਗੂ ਵਿਭਵ ਕੁਮਾਰ ਨੂੰ ਭਗਵੰਤ ਮਾਨ ਦਾ ਸਲਾਹਕਾਰ ਲਗਾਉਣ ’ਤੇ ਉਠਣ ਲੱਗੇ ਸਵਾਲ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮੁੱਖ ਸਲਾਹਕਾਰ ਦੇ ਤੌਰ ’ਤੇ ਦਿੱਲੀ ਦੇ ‘ਆਪ’ ਆਗੂ ਵਿਭਵ ਕੁਮਾਰ ਦੀ ਨਿਯੁਕਤੀ ਦੀ ਚਰਚਾ ਦੌਰਾਨ ਪੰਜਾਬ ਦੀ ਰਾਜਨੀਤੀ ਵਿਚ ਉਥਲ ਪੁਥਲ ਸ਼ੁਰੂ ਹੋ ਗਈ ਹੈ। ਇਸ ਨੂੰ ਲੈ ਕੇ ਦਿੱਲੀ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ਨੇ ਵਿਭਵ ਕੁਮਾਰ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਸੀਐਮ ਅਰਵਿੰਦ ਕੇਜਰੀਵਾਲ ’ਤੇ ਸਵਾਲ ਚੁੱਕੇ ਹਨ। ਹਾਲਾਂਕਿ, ਵਿਭਵ ਕੁਮਾਰ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਇਕ ਪਰਗਟ ਸਿੰਘ ਨੇ ਵੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ’ਤੇ ਸਵਾਲ ਚੁੱਕੇ ਹਨ ਅਤੇ ਸਵਾਤੀ ਮਾਲੀਵਾਲ ਦੇ ਸਵਾਲਾਂ ਦਾ ਜਵਾਬ ਦੇਣ ਲਈ ਕਿਹਾ ਹੈ। ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਤੀ ਮਾਲੀਵਾਲ ਵਲੋਂ ਵਿਭਵ ਕੁਮਾਰ ’ਤੇ ਲਗਾਏ ਗਏ ਗੰਭੀਰ ਆਰੋਪਾਂ ਸਬੰਧੀ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਧਿਆਨ ਰਹੇ ਕਿ ਸਵਾਤੀ ਮਾਲੀਵਾਲ ਨੇ ਵਿਭਵ ਕੁਮਾਰ ’ਤੇ ਕੁੱਟਮਾਰ ਕਰਨ ਦੇ ਆਰੋਪ ਲਗਾਏ ਸਨ। 

 

 

ਭਾਜਪਾ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦਾ ਫੈਸਲਾ ਠੀਕ ਨਹੀਂ ਹੈ : ਗਿਆਨੀ ਹਰਪ੍ਰੀਤ ਸਿੰਘ
ਅੰਮਿ੍ਰਤਸਰ/ਬਿਊਰੋ ਨਿਊਜ਼ 
ਦਮਦਮੀ ਟਕਸਾਲ ਵੱਲੋਂ ਮਹਾਰਾਸ਼ਟਰ ’ਚ ਚੋਣਾਂ ਦੌਰਾਨ ਭਾਜਪਾ ਨੂੰ ਸਮਰਥਨ ਦੇਣ ਦਾ ਮੁੱਦਾ ਭਖ ਗਿਆ ਹੈ। ਇਸ ਮਾਮਲੇ ’ਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਭਾਜਪਾ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦਾ ਫੈਸਲਾ ਠੀਕ ਨਹੀਂ ਹੈ ਅਤੇ ਬਿਨਾਂ ਸ਼ਰਤ ਸਮਰਥਨ ਨਹੀਂ ਸੀ ਦਿੱਤਾ ਜਾਣਾ ਚਾਹੀਦਾ। ਉਨ੍ਹਾਂ ਆਖਿਆ ਕਿ ਸਿੱਖ ਮਾਮਲਿਆਂ ’ਚ ਸਰਕਾਰਾਂ ਲਗਾਤਾਰ ਸਿੱਖਾਂ ਨੂੰ ਨਜ਼ਰਅੰਦਾਜ਼ ਕਰ ਰਹੀਆਂ ਹਨ ਅਤੇ ਐਲਾਨ ਦੇ ਬਾਵਜੂਦ ਵੀ ਬੰਦੀ ਸਿੱਖਾਂ ਦੀ ਰਿਹਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਹੁਣ ਚੰਡੀਗੜ੍ਹ ਦੇ ਮਾਮਲੇ ’ਚ ਵੀ ਪੰਜਾਬ ਦੇ ਹੱਕ ਖੋਹੇ ਜਾ ਰਹੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਭਾਜਪਾ ਨੂੰ ਬਿਨਾਂ ਸ਼ਰਤ ਹੀ ਸਮਰਥਨ ਦਿੱਤਾ ਗਿਆ ਸੀ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਆਖਿਆ ਕਿ ਭਾਜਪਾ ਸਰਕਾਰ ਨੇ ਹੁਣ ਤੱਕ ਸਿੱਖਾਂ ਦਾ ਕੋਈ ਮਸਲਾ ਹੱਲ ਨਹੀਂ ਕੀਤਾ। 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.