Friday, 19 June 2026

ਬੀਬੀਐੱਮਬੀ ਨੇ ਸੂਬਿਆਂ ਨੂੰ ਕੀਤਾ ਚੌਕਸ

ਚੰਡੀਗੜ੍ਹ/ਬਿਊਰੋ ਨਿਊਜ਼ 

ਮੌਨਸੂਨ ਮਗਰੋਂ ਘੱਟ ਮੀਂਹ ਪੈਣ ਅਤੇ ਵੱਡੇ ਡੈਮਾਂ ਵਾਲੇ ਇਲਾਕਿਆਂ ’ਚ ਬਰਫ ਜੰਮਣ ਕਾਰਨ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐੱਮਬੀ) ਨੇ ਪਾਣੀ ਦੀ ਉਪਲੱਬਧਤਾ ਬਾਰੇ ਚੌਕਸ ਰਹਿਣ ਦੀ ਚਿਤਾਵਨੀ ਦਿੱਤੀ ਹੈ। ਬੋਰਡ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਜੇ ਠੰਢ ਦੇ ਮੌਸਮ ਦੌਰਾਨ ਬਹੁਤੇ ਮੀਂਹ ਨਾ ਪਏ ਤਾਂ ਪੰਜਾਬ ਅਤੇ ਹਰਿਆਣਾ ਸਮੇਤ ਹੋਰ ਸੂਬਿਆਂ ਨੂੰ ਗਰਮੀਆਂ ’ਚ ਪਾਣੀ ਅਤੇ ਬਿਜਲੀ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬੀਬੀਐੱਮਬੀ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਅਸੀਂ ਆਪਣੇ ਮੈਂਬਰ ਸੂਬਿਆਂ ਨੂੰ ਆਉਂਦੇ ਮਹੀਨਿਆਂ ’ਚ ਪਾਣੀ ਦੀ ਮੰਗ ਦਾ ਅੰਦਾਜ਼ਾ ਲਗਾਉਣ ’ਚ ਸਾਵਧਾਨੀ ਵਰਤਣ ਲਈ ਕਿਹਾ ਹੈ ਕਿਉਂਕਿ ਮੌਜੂਦਾ ਭੰਡਾਰਣ ਅਤੇ ਪ੍ਰਵਾਹ ਸਾਲ ਦੇ ਇਸ ਸਮੇਂ ਲਈ ਆਮ ਨਾਲੋਂ ਘੱਟ ਹੈ। ਧਿਆਨ ਰਹੇ ਕਿ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਰਾਜਸਥਾਨ ਬੀਬੀਐੱਮਬੀ ਦੇ ਮੈਂਬਰ ਹਨ, ਜੋ ਭਾਖੜਾ ਅਤੇ ਪੌਂਗ ਡੈਮਾਂ ਤੋਂ ਪਾਣੀ ਲੈਂਦੇ ਹਨ। ਭਾਖੜਾ ਡੈਮ ’ਚ ਪਾਣੀ ਦਾ ਪੱਧਰ 1633 ਫੁੱਟ ਦਰਜ ਕੀਤਾ ਗਿਆ ਜੋ ਪਿਛਲੇ ਸਾਲ ਦੇ ਮੁਕਾਬਲੇ ’ਚ ਕਰੀਬ 15 ਫੁੱਟ ਹੇਠਾਂ ਹੈ। ਉਧਰ ਪੌਂਗ ਡੈਮ ’ਚ ਪਾਣੀ ਦਾ ਪੱਧਰ 1343 ਫੁੱਟ ਰਿਕਾਰਡ ਹੋਇਆ ਜੋ ਪਿਛਲੇ ਸਾਲ ਨਾਲੋਂ ਕਰੀਬ 18 ਫੁੱਟ ਘੱਟ ਹੈ।

23 ਨਵੰਬਰ ਦਿਨ ਸ਼ਨੀਵਾਰ ਨੂੰ ਆਉਣਗੇ ਨਤੀਜੇ
ਚੰਡੀਗੜ੍ਹ/ਬਿਊਰੋ ਨਿਊਜ਼   
ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਤੇ ਚੱਬੇਵਾਲ ’ਚ ਜ਼ਿਮਨੀ ਚੋਣ ਲਈ ਅੱਜ ਵੋਟਾਂ ਪੈਣ ਦਾ ਕੰਮ ਸਮਾਪਤ ਹੋ ਗਿਆ ਹੈ। ਇਨ੍ਹਾਂ ਵੋਟਾਂ ਦੇ ਨਤੀਜੇ 23 ਨਵੰਬਰ ਦਿਨ ਸ਼ਨੀਵਾਰ ਨੂੰ ਐਲਾਨੇ ਜਾਣਗੇ। ਇਨ੍ਹਾਂ ਜ਼ਿਮਨੀ ਚੋਣਾਂ ਨੂੰ ਦੇਖਦਿਆਂ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਦਾ ਭਵਿੱਖ ਵੀ ਦਾਅ ’ਤੇ ਲੱਗਾ ਹੋਇਆ ਹੈ। ਇਨ੍ਹਾਂ ਚੋਣਾਂ ਵਿਚ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਵਿਚ ਮੁਕਾਬਲਾ ਹੋ ਰਿਹਾ ਹੈ ਅਤੇ ਸ਼ੋ੍ਰਮਣੀ ਅਕਾਲੀ ਦਲ ਨੇ ਇਨ੍ਹਾਂ ਜ਼ਿਮਨੀ ਚੋਣਾਂ ਵਿਚ ਆਪਣੇ ਉਮੀਦਵਾਰ ਖੜ੍ਹੇ ਨਹੀਂ ਕੀਤੇ ਹਨ। ਇਨ੍ਹਾਂ ਚਾਰ ਵਿਧਾਨ ਸਭਾ ਹਲਕਿਆਂ ’ਚ 45 ਉਮੀਦਵਾਰ ਚੋਣ ਲੜ ਰਹੇ ਹਨ ਜਿਨ੍ਹਾਂ ਵਿਚ ਮਹਿਲਾ ਉਮੀਦਵਾਰਾਂ ਦੀ ਗਿਣਤੀ ਸਿਰਫ ਦੋ ਹੈ।  ਜ਼ਿਕਰਯੋਗ ਹੈ ਕਿ ਅੱਜ ਮਹਾਰਾਸ਼ਟਰ ਅਤੇ ਝਾਰਖੰਡ ਵਿਚ ਵੀ ਵਿਧਾਨ ਸਭਾ ਲਈ ਵੋਟਾਂ ਪਈਆਂ ਹਨ ਅਤੇ ਇਨ੍ਹਾਂ ਦੇ ਨਤੀਜੇ ਵੀ 23 ਨਵੰਬਰ ਨੂੰ ਹੀ ਆਉਣਗੇ।  

 

ਸੰਗਰੂਰ ਜ਼ਿਲ੍ਹੇ ਦੇ ਪੰਚਾਂ ਦੇ ਸਹੁੰ ਚੁੱਕ ਸਮਾਗਮ ’ਚ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ

ਸੰਗਰੂਰ/ਬਿਊਰੋ ਨਿਊਜ਼

ਪੰਜਾਬ ਵਿਚ ਚੁਣੇ ਗਏ ਨਵੇਂ ਪੰਚਾਂ ਨੂੰ ਅੱਜ ਮੰਗਲਵਾਰ ਨੂੰ ਜ਼ਿਲ੍ਹਾ ਪੱਧਰ ’ਤੇ ਹੋਏ ਵੱਖ-ਵੱਖ ਸਮਾਗਮਾਂ ’ਚ ਅਹੁਦੇ ਦੀ ਸਹੁੰ ਚੁਕਾਈ ਗਈ। ਇਸੇ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਪੰਚਾਂ ਦੇ ਹੋਏ ਸਹੁੰ ਚੁੱਕ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਅਤੇ ਹੋਰ ਜ਼ਿਲ੍ਹਿਆਂ ਵਿਚ ਹੋਏ ਸਮਾਗਮਾਂ ਵਿਚ ਪੰਜਾਬ ਦੇ ਮੰਤਰੀਆਂ ਨੇ ਸ਼ਮੂਲੀਅਤ ਕੀਤੀ। ਸੰਗਰੂਰ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਨੂੰ ਆਪਣੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਤਰਜੀਹੀ ਆਧਾਰ ’ਤੇ ਵੰਡਣਾ ਚਾਹੀਦਾ ਹੈ ਤਾਂ ਕਿ ਸੂਬਾ ਸਰਕਾਰ ਕੰਮ ਸ਼ੁਰੂ ਕਰਵਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਚਾਇਤਾਂ ਪਿੰਡਾਂ ਦੇ ਸਮੁੱਚੇ ਵਿਕਾਸ ਲਈ ਮਤੇ ਜ਼ਰੂਰ ਪਾਸ ਕਰਨ। ਧਿਆਨ ਰਹੇ ਕਿ ਲੰਘੀ 8 ਨਵੰਬਰ ਨੂੰ ਨਵੇਂ ਚੁਣੇ ਗਏ ਸਰਪੰਚਾਂ ਨੂੰ ਵੀ ਅਹੁਦੇ ਦੀ ਸਹੁੰ ਚੁਕਾਈ ਗਈ ਸੀ। ਇੱਥੇ ਇਹ ਦੱਸਣਾ ਵੀ ਜ਼ਰੂਰੀ ਹੈ ਕਿ ਚਾਰ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਹੁਸ਼ਿਆਰਪੁਰ ਅਤੇ ਗੁਰਦਾਸਪੁਰ  ਦੇ ਸਰਪੰਚਾਂ ਅਤੇ ਪੰਚਾਂ ਨੂੰ ਜ਼ਿਮਨੀ ਚੋਣ ਤੋਂ ਬਾਅਦ ਸਹੁੰ ਚੁਕਾਈ ਜਾਵੇਗੀ।

ਮਹਿਲਾਵਾਂ ਬਾਰੇ ਦਿੱਤੇ ਆਪਣੇ ਬਿਆਨ ਨੂੰ ਚੰਨੀ ਨੇ ਦੱਸਿਆ ਚੁਟਕਲਾ

ਚੰਡੀਗੜ੍ਹ/ਬਿਊਰੋ ਨਿਊਜ਼

ਸਾਬਕਾ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਹਿਲਾਵਾਂ ਬਾਰੇ ਦਿੱਤੇ ਆਪਣੇ ਬਿਆਨ ਲਈ ਮੁਆਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਮੇਰਾ ਮਕਸਦ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ ਤੇ ਜੇ ਕਿਸੇ ਦੀ ਭਾਵਨਾ ਨੂੰ ਠੇਸ ਪੁੱਜੀ ਹੈ ਤਾਂ ਮੈਂ ਇਸ ਲਈ ਮੁਆਫੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਉਸ ਦਿਨ ਮੈਂ ਤਾਂ ਸਿਰਫ ਸੁਣਿਆ ਸੁਣਾਇਆ ਚੁਟਕਲਾ ਹੀ ਬੋਲਿਆ ਸੀ, ਜਿਸ ਨੂੰ ਮੁੱਦਾ ਬਣਾ ਲਿਆ ਗਿਆ। ਧਿਆਨ ਰਹੇ ਕਿ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੂੰ ਮਹਿਲਾ ਕਮਿਸ਼ਨ ਵਲੋਂ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਅੱਜ ਕਮਿਸ਼ਨ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਚਰਨਜੀਤ ਸਿੰਘ ਚੰਨੀ ਨੇ ਮੁਆਫੀ ਤਾਂ ਮੰਗ ਲਈ ਹੈ, ਪਰ ਉਹ ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ। ਜ਼ਿਕਰਯੋਗ ਹੈ ਕਿ ਚੰਨੀ ਵਲੋਂ ਗਿੱਦੜਬਾਹਾ ’ਚ ਚੋਣ ਪ੍ਰਚਾਰ ਦੌਰਾਨ ਮਹਿਲਾਵਾਂ ਨੂੰ ਲੈ ਕੇ ਵਿਵਾਦਤ ਬਿਆਨ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਆਮ ਆਦਮੀ ਪਾਰਟੀ ਵਲੋਂ ਕਾਰਵਾਈ ਦੀ ਮੰਗ ਕੀਤੀ ਗਈ ਸੀ।   

 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.