Friday, 19 June 2026

 

ਕੇਜਰੀਵਾਲ ਨੇ ਰੰਧਾਵਾ ਨੂੰ ਕਹਿ ਦਿੱਤਾ ਸੀ ਬੇਈਮਾਨ

ਪਠਾਨਕੋਟ/ਬਿਊਰੋ ਨਿਊਜ਼

ਕਾਂਗਰਸ ਪਾਰਟੀ ਦੇ ਹਲਕਾ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਧਿਆਨ ਰਹੇ ਕਿ ਕੇਜਰੀਵਾਲ ’ਤੇ ਆਰੋਪ ਹੈ ਕਿ ਉਨ੍ਹਾਂ ਲੰਘੇ ਕੱਲ੍ਹ ਡੇਰਾ ਬਾਬਾ ਨਾਨਕ ਵਿਖੇ ਇਕ ਚੋਣ ਰੈਲੀ ਦੌਰਾਨ ਰੰਧਾਵਾ ਨੂੰ ਬੇਈਮਾਨ ਕਹਿ ਦਿੱਤਾ ਸੀ। ਇਸ ਕਰਕੇ ਰੰਧਾਵਾ ਨੇ ਅਰਵਿੰਦ ਕੇਜਰੀਵਾਲ ਨੂੰ ਕਾਨੂੰਨੀ ਨੋਟਿਸ ਭੇਜ ਕਿ ਮੁਆਫੀ ਮੰਗਣ ਲਈ ਕਿਹਾ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਦਿੱਲੀ ਸ਼ਰਾਬ ਘੁਟਾਲੇ ਵਿਚ ਤੁਸੀਂ ਜੇਲ੍ਹ ਗਏ ਸੀ  ਤੇ ਬੇਈਮਾਨ ਮੈਨੂੰ ਦੱਸ ਰਹੇ ਹੋ। ਰੰਧਾਵਾ ਨੇ ਕਿਹਾ ਕਿ ਜੇਕਰ ਅਰਵਿੰਦ ਕੇਜਰੀਵਾਲ ਨੇ ਮੁਆਫੀ ਨਾ ਮੰਗੀ ਤਾਂ ਉਹ ਆਪ ਸੁਪਰੀਮੋ ਵਿਰੁੱਧ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਮਾਣਹਾਨੀ ਕੇਸ ਦਾਇਰ ਕਰਨਗੇ। ਧਿਆਨ ਰਹੇ ਕਿ ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਵਿਚ ਜ਼ਿਮਨੀ ਚੋਣ 20 ਨਵੰਬਰ ਨੂੰ ਹੋਣੀ ਹੈ, ਜਿਸ ਨੂੰ ਲੈ ਕੇ ਸਿਆਸੀ ਆਗੂ ਇਕ ਦੂਜੇ ਖਿਲਾਫ ਦੂਸ਼ਣਬਾਜ਼ੀ ਕਰ ਰਹੇ ਹਨ।

 

ਵੱਧ ਤੋਂ ਵੱਧ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਜਾਣ : ਐਡਵੋਕੇਟ ਧਾਮੀ

ਅੰਮਿ੍ਰਤਸਰ/ਬਿਊਰੋ ਨਿਊਜ਼ 

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰੂ ਧਾਮਾਂ ਦੀ ਯਾਤਰਾ ਲਈ ਕਰੀਬ 3000 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਗਏ ਹਨ। ਇਹ ਖੁਲਾਸਾ ਦਿੱਲੀ ਸਥਿਤ ਪਾਕਿਸਤਾਨ ਦੇ ਹਾਈ ਕਮਿਸ਼ਨ ਦਫਤਰ ਵੱਲੋਂ ਸੋਸ਼ਲ ਮੀਡੀਆ ਰਾਹੀਂ ਕੀਤਾ ਗਿਆ ਹੈ। ਐਕਸ ’ਤੇ ਇਸ ਸਬੰਧੀ ਆਪਣੀ ਦਫਤਰੀ ਸਾਈਟ ਤੋਂ ਇਹ ਜਾਣਕਾਰੀ ਦਿੰਦਿਆਂ ਪਾਕਿਸਤਾਨ ਹਾਈ ਕਮਿਸ਼ਨ ਨੇ ਦੱਸਿਆ ਕਿ ਇਸ ਵਾਰ ਭਾਰਤ ਵਿੱਚੋਂ 3 ਹਜ਼ਾਰ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਗਏ ਹਨ। ਇਹ ਸ਼ਰਧਾਲੂ 14 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਵਾਸਤੇ ਪਾਕਿਸਤਾਨ ਲਈ ਰਵਾਨਾ ਹੋਣਗੇ ਅਤੇ 23 ਨਵੰਬਰ ਨੂੰ ਵਾਪਸ ਭਾਰਤ ਪਰਤ ਆਉਣਗੇ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਾਅਵਾ ਕੀਤਾ ਸੀ ਕਿ ਉਸਦੇ 1481 ਸ਼ਰਧਾਲੂਆਂ ਨੂੰ ਵੀਜ਼ੇ ਨਹੀਂ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਨੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੁਲ 2244 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨੀ ਦੂਤਾਵਾਸ ਨੂੰ ਵੀਜ਼ੇ ਲੱਗਣ ਵਾਸਤੇ ਭੇਜੇ ਸਨ, ਜਿਨ੍ਹਾਂ ਵਿੱਚੋਂ 1481 ਸ਼ਰਧਾਲੂਆਂ ਨੂੰ ਵੀਜ਼ੇ ਦੇਣ ਤੋਂ ਨਾਂਹ ਕਰ ਦਿੱਤੀ ਗਈ ਹੈ ਅਤੇ ਸਿਰਫ 763 ਸ਼ਰਧਾਲੂਆਂ ਨੂੰ ਹੀ ਵੀਜ਼ੇ ਦਿੱਤੇ ਗਏ ਹਨ। ਉਨ੍ਹਾਂ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿੱਚ ਵੱਧ ਤੋਂ ਵੱਧ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਜਾਣ।  

ਅਰਵਿੰਦ ਕੇਜਰੀਵਾਲ ਨੇ ਸਾਰੇ ਸਰਪੰਚਾਂ ਨੂੰ ਵਧਾਈ ਦਿੱਤੀ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਦੀ ਸਾਈਕਲ ਵੈਲੀ ਵਿਚ ਸੂਬੇ ਦੇ 10 ਹਜ਼ਾਰ ਦੇ ਕਰੀਬ ਨਵੇਂ ਚੁਣੇ ਗਏ ਸਰਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾ ਦਿੱਤੀ ਹੈ ਅਤੇ ਸਾਰੇ ਸਰਪੰਚਾਂ ਨੂੰ ਵਧਾਈਆਂ ਵੀ ਦਿੱਤੀਆਂ। ਸਹੁੰ ਚੁੱਕ ਸਮਾਗਮ ਵਿਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਹਾਜ਼ਰ ਰਹੇ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਸਾਰੇ  ਸਰਪੰਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਤੁਸੀਂ ਇਮਾਨਦਾਰੀ ਨਾਲ ਕੰਮ ਕਰੋ ਅਤੇ ਪੰਜਾਬ ਸਰਕਾਰ ਤੁਹਾਡੇ ਨਾਲ ਖੜ੍ਹੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਸਰਪੰਚਾਂ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ। ਮਾਨ ਨੇ ਨਵੇਂ ਚੁਣੇ ਸਰਪੰਚਾਂ ਨੂੰ ਪਿੰਡਾਂ ਦੇ ਸਰਵਪੱਖੀ ਵਿਕਾਸ ਵੱਲ ਧਿਆਨ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੀ ਪੰਜਾਬ ਨਾਲ ਸਬੰਧਤ ਸਮੁੱਚੀ ਲੀਡਰਸ਼ਿਪ ਵੀ ਹਾਜ਼ਰ ਰਹੀ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਸੂਬੇ ਭਰ ਦੇ 23 ਜ਼ਿਲ੍ਹਿਆਂ ਵਿੱਚ ਨਵੀਆਂ ਚੁਣੀਆਂ 13,147 ਪੰਚਾਇਤਾਂ ਵਿੱਚੋਂ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਮੁੱਖ ਮੰਤਰੀ ਵੱਲੋਂ ਅਹੁਦੇ ਦਾ ਹਲਫ਼ ਦਿਵਾਇਆ। ਬਾਕੀ ਚਾਰ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ 23 ਜ਼ਿਲ੍ਹਿਆਂ ਦੇ 81,808 ਨਵੇਂ ਚੁਣੇ ਪੰਚਾਂ ਨੂੰ ਜ਼ਿਮਨੀ ਚੋਣਾਂ ਤੋਂ ਬਾਅਦ ਸਹੁੰ ਚੁਕਾਈ ਜਾਵੇਗੀ। 

ਕਿਹਾ :  80 ਫੀਸਦੀ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ

ਅੰਮਿ੍ਰਤਸਰ/ਬਿਊਰੋ ਨਿਊਜ਼ 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਭਾਰਤ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਸੇਵਾਵਾਂ ’ਚ ਨੌਕਰੀ ਕਰਨ ਵਾਲੇ ਅੰਮਿ੍ਰਤਧਾਰੀ ਮੁਲਾਜ਼ਮਾਂ ਖਿਲਾਫ ਕਿਰਪਾਨ ਪਹਿਨਣ ’ਤੇ ਪਾਬੰਦੀ ਦੇ ਆਦੇਸ਼ ਨੂੰ ਸਿੱਖਾਂ ਦੀ ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ ਦਿੱਤਾ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਰਤ ਨੂੰ ਸਦੀਆਂ ਦੀ ਗੁਲਾਮੀ ਤੋਂ ਆਜ਼ਾਦ ਕਰਵਾਉਣ ਲਈ ਸਿੱਖਾਂ ਨੇ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਕਿਰਪਾਨ ਸਿੱਖਾਂ ਨੂੰ ਗੁਰੂ ਸਾਹਿਬਾਨ ਵਲੋਂ ਕਕਾਰ ਵਜੋਂ ਦਿੱਤੀ ਗਈ ਹੈ, ਜੋ ਸਿੱਖੀ ਜੀਵਨ ਦਾ ਅਨਿੱਖੜਵਾਂ ਅੰਗ ਹੈ। ਗਿਆਨੀ ਰਘਬੀਰ ਸਿੰਘ ਨੇ ਐਸਜੀਪੀਸੀ ਨੂੰ ਆਦੇਸ਼ ਕੀਤਾ ਹੈ ਕਿ ਤੁਰੰਤ ਹੀ ਭਾਰਤ ਦੇ ਗ੍ਰਹਿ ਮੰਤਰਾਲੇ ਅਤੇ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ ਕੇ ਇਸ ਅਨਿਆਂਕਾਰੀ ਪਾਬੰਦੀ ਵਿਰੁੱਧ ਸਿੱਖ ਕੌਮ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ ਜਾਵੇ ਅਤੇ ਇਕ ਉੱਚ ਪੱਧਰੀ ਵਫਦ ਬਣਾ ਕੇ ਭੇਜਿਆ ਜਾਵੇ।  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.