Friday, 19 June 2026

ਕਿਰਪਾਨ ਸਾਡਾ ਧਾਰਮਿਕ ਚਿੰਨ੍ਹ : ਧਾਲੀਵਾਲ

ਅੰਮਿ੍ਰਤਸਰ/ਬਿਊਰੋ ਨਿਊਜ਼

ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਵਲੋਂ ਅੰਮਿ੍ਰਤਧਾਰੀ ਸਿੱਖ ਕਰਮਚਾਰੀਆਂ ਨੂੰ ਕਕਾਰ ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਸੰਬੰਧੀ ਜਾਰੀ ਹੁਕਮਾਂ ਦੀ ਪੰਜਾਬ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਖਤ ਨਿੰਦਾ ਕੀਤੀ ਹੈ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਐੱਨ.ਆਰ.ਆਈ. ਮਾਮਲਿਆਂ ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਰਪਾਨ ਸਾਡਾ ਧਾਰਮਿਕ ਚਿੰਨ੍ਹ ਹੈ ਅਤੇ ਜਿਸ ਵੀ ਵਿਅਕਤੀ ਨੇ ਅੰਮਿ੍ਰਤ ਛੱਕਿਆ ਹੈ, ਉਨ੍ਹਾਂ ਲਈ ਕਿਰਪਾਨ ਪਹਿਨਣਾ ਜ਼ਰੂਰੀ ਹੈ। ਇਸ ਲਈ ਕਕਾਰ ਪਹਿਨ ਕੇ ਡਿਊਟੀ ਨਾ ਕਰਨ ਸੰਬੰਧੀ ਜਾਰੀ ਪੱਤਰ ਤੁਰੰਤ ਵਾਪਸ ਲਿਆ ਜਾਵੇ। ਜ਼ਿਕਰਯੋਗ ਹੈ ਕਿ ਭਾਰਤ ਦੇ ਹਵਾਈ ਅੱਡਿਆਂ ’ਤੇ ਕੰਮ ਕਰਨ ਵਾਲੇ ਸਿੱਖ ਕਰਮਚਾਰੀਆਂ ਨੂੰ ਗਾਤਰਾ ਪਹਿਨਣ ਦੀ ਆਗਿਆ ਨਾ ਦੇਣ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ। ਦਾ ਬਿਊਰੋ ਆਫ ਸਿਵਲ ਏਵੀਏਸ਼ਨ ਵੱਲੋਂ ਇਹ ਹੁਕਮ ਜਾਰੀ ਕੀਤਾ ਗਿਆ ਹੈ ਕਿ ਹਵਾਈ ਅੱਡਿਆਂ ’ਤੇ ਕੰਮ ਕਰਨ ਵਾਲੇ ਸਿੱਖ ਕਰਮਚਾਰੀ ਸੁਰੱਖਿਆ ਦੇ ਮੱਦੇਨਜ਼ਰ ਹੁਣ ਗਾਤਰਾ ਨਹੀਂ ਪਹਿਨ ਸਕਣਗੇ।  

 

ਪੰਥਕ ਹਿੱਤਾਂ ਦੀ ਰਾਖੀ ਲਈ ਅਕਾਲੀ ਦਲ ਦੀ ਹੋਂਦ ਜ਼ਰੂਰੀ : ਜਾਖੜ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦਾ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਹੇਜ ਜਾਗ ਗਿਆ ਹੈ। ਇਸਦੇ ਚੱਲਦਿਆਂ ਜਾਖੜ ਨੇ ਕਿਹਾ ਕਿ ਪੰਥ ਅਤੇ ਪੰਜਾਬ ਦੇ ਹਿੱਤਾਂ ਲਈ ਅਕਾਲੀ ਦਲ ਦੀ ਹੋਂਦ ਬਹੁਤ ਜ਼ਰੂਰੀ ਹੈ। ਸੁਨੀਲ ਜਾਖੜ ਨੇ ਕਿਹਾ ਕਿ ਪੰਥ ਦੀ ਨੁਮਾਇੰਦਗੀ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਨੂੰ ਮੌਜੂਦਾ ਹਾਲਾਤ ਬਾਰੇ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੋਚਣ ਵਾਲੀ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਤਨਖਾਹੀਆ ਕਰਾਰ ਦਿੱਤੇ ਹੋਣ ਕਾਰਨ ਪਾਰਟੀ ਆਪਣੇ ਗੜ੍ਹ ’ਚ ਵੀ ਜ਼ਿਮਨੀ ਚੋਣਾਂ ਲੜਨ ਦੀ ਹਿੰਮਤ ਨਹੀਂ ਕਰ ਸਕੀ। ਜਾਖੜ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਵੱਡੇ ਗੁਨਾਹ ਹੋਏ ਹਨ। ਇਨ੍ਹਾਂ ਗੁਨਾਹਾਂ ਲਈ ਗੁਨਾਹਗਾਰਾਂ ਨੂੰ ਅਹਿਸਾਸ ਦਿਵਾਉਣ ਲਈ ਸਜ਼ਾ ਮਿਲਣੀ ਵੀ ਜ਼ਰੂਰੀ ਹੈ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਬੇਨਤੀ ਕੀਤੀ ਕਿ ਗੁਨਾਹਗਾਰਾਂ ਨੂੰ ਸਜ਼ਾ ਲਗਾਉਂਦੇ ਹੋਏ ਪੰਥਕ ਪਾਰਟੀ ਨੂੰ ਬਚਾ ਕੇ ਰੱਖਣ ਦਾ ਵੀ ਧਿਆਨ ਰੱਖਿਆ ਜਾਵੇ। 

ਕੇਂਦਰ ਸਰਕਾਰ ਖਿਲਾਫ ਕੱਢੀ ਭੜਾਸ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ’ਚ ਸੈਨੇਟ ਚੋਣਾਂ ਨਾ ਕਰਵਾਉਣ ਦੇ ਵਿਰੋਧ ਵਿਚ ਵਿਰੋਧੀ ਧਿਰ ਇਕਜੁੱਟ ਹੋ ਗਈਆਂ ਹਨ। ਇਸ ਮਾਮਲੇ ਨੂੰ ਲੈ ਕੇ ਅੱਜ ਕਾਂਗਰਸ ਪਾਰਟੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਵਲੋਂ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ, ਪ੍ਰਗਟ ਸਿੰਘ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਸਣੇ ਕਈ ਵੱਡੇ ਆਗੂ ਸ਼ਾਮਲ ਹੋਏ। ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਪੰਜਾਬ ਦੇ ਅਧਿਕਾਰ ਖੋਹੇ ਜਾ ਰਹੇ ਹਨ, ਜੋ ਕਿ ਬਿਲਕੁਲ ਗਲਤ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਦੀ ਖੁਦਮੁਖਤਿਆਰੀ ਨੂੰ ਖੋਰਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਤੋਂ ਇਲਾਵਾ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀਆਂ ਪ੍ਰਮੁੱਖ ਸੰਸਥਾਵਾਂ ਨੂੰ ਕੇਂਦਰ ਵਲੋਂ ਹਥਿਆਉਣ ਦੀਆਂ ਕੋਸ਼ਿਸ਼ਾਂ ਵਾਰ-ਵਾਰ ਹੋ ਰਹੀਆਂ ਹਨ।  ਇਨ੍ਹਾਂ ਸਾਰਿਆਂ ਨੇ ਇਕਜੁੱਟ ਹੋ ਕੇ ਮੰਗ ਕੀਤੀ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੀਆਂ ਚੋਣਾਂ ਜਲਦ ਕਰਵਾਈਆਂ ਜਾਣ। 

 

ਭਲਕੇ 8 ਨਵੰਬਰ ਨੂੰ ਲੁਧਿਆਣਾ ਦੀ ਸਾਈਕਲ ਵੈਲੀ ’ਚ ਹੋਵੇਗਾ ਸੂਬਾ ਪੱਧਰੀ ਸਮਾਗਮ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵਿਚ ਨਵੇਂ ਚੁਣੇ ਗਏ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਭਲਕੇ 8 ਨਵੰਬਰ ਨੂੰ ਲੁਧਿਆਣਾ ਦੀ ਸਾਈਕਲ ਵੈਲੀ ਵਿਚ ਹੋਵੇਗਾ। ਇਸ ਸੂਬਾ ਪੱਧਰੀ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਨਵੇਂ ਚੁਣੇ ਗਏ ਸਰਪੰਚਾਂ ਨੂੰ ਸਹੁੰ ਚੁਕਾਉਣਗੇ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਹਾਜ਼ਰ ਰਹਿਣਗੇ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਸੂਬੇ ਭਰ ਦੇ 23 ਜ਼ਿਲ੍ਹਿਆਂ ਵਿੱਚ ਨਵੀਆਂ ਚੁਣੀਆਂ 13,147 ਪੰਚਾਇਤਾਂ ਵਿੱਚੋਂ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਮੁੱਖ ਮੰਤਰੀ ਵੱਲੋਂ ਅਹੁਦੇ ਦਾ ਹਲਫ਼ ਦਿਵਾਇਆ ਜਾਵੇਗਾ। ਬਾਕੀ ਚਾਰ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ 23 ਜ਼ਿਲ੍ਹਿਆਂ ਦੇ 81,808 ਨਵੇਂ ਚੁਣੇ ਪੰਚਾਂ ਨੂੰ ਜ਼ਿਮਨੀ ਚੋਣਾਂ ਤੋਂ ਬਾਅਦ ਸਹੁੰ ਚੁਕਾਈ ਜਾਵੇਗੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦੀ ਸਫਲਤਾ ਲਈ ਢੁਕਵੇਂ ਇੰਤਜ਼ਾਮ ਕੀਤੇ ਗਏ ਹਨ। 

 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.