Friday, 19 June 2026

ਹਾਈਕੋਰਟ ਨੇ 10 ਦਿਨਾਂ ਵਿਚ ਨੋਟੀਫਿਕੇਸ਼ਨ ਜਾਰੀ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵਿਚ ਨਗਰ ਨਿਗਮਾਂ ਦੀਆਂ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਸਖਤ ਰੁਖ ਅਖਤਿਆਰ ਕੀਤਾ ਹੈ। ਹਾਈਕੋਰਟ ਨੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਅਤੇ ਸੂਬੇ ਦੇ ਚੋਣ ਕਮਿਸ਼ਨ ਨੂੰ ਮਾਣਹਾਨੀ ਦਾ ਨੋਟਿਸ ਵੀ ਜਾਰੀ ਕਰ ਦਿੱਤਾ ਹੈ। ਇਨ੍ਹਾਂ ’ਤੇ ਹਾਈਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਦਾ ਆਰੋਪ ਹੈ। ਇਸ ਤੋਂ ਪਹਿਲਾਂ ਅਦਾਲਤ ਨੇ 15 ਦਿਨਾਂ ਵਿਚ ਨਗਰ ਨਿਗਮ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਨਿਰਦੇਸ਼ ਪੰਜਾਬ ਸਰਕਾਰ ਅਤੇ ਸੂਬੇ ਦੇ ਚੋਣ ਕਮਿਸ਼ਨ ਨੂੰ ਦਿੱਤੇ ਸਨ। ਪਰ ਇਸ ਸਬੰਧੀ ਕੋਈ ਵੀ ਕਾਰਵਾਈ ਨਹੀਂ ਹੋਈ ਹੈ, ਜਿਸ ਤੋਂ ਬਾਅਦ ਅਦਾਲਤ ਵਿਚ ਇਸ ਸਬੰਧੀ ਪਟੀਸ਼ਨ ਦਾਇਰ ਹੋਈ ਹੈ। ਇਸਦੇ ਚੱਲਦਿਆਂ ਅਦਾਲਤ ਨੇ ਕਿਹਾ ਕਿ ਹੁਣ 10 ਦਿਨਾਂ ਵਿਚ ਨੋਟੀਫਿਕੇਸ਼ਨ ਜਾਰੀ ਨਾ ਹੋਇਆ ਤਾਂ 50 ਹਜ਼ਾਰ ਰੁਪਏ ਜੁਰਮਾਨਾ ਲੱਗੇਗਾ ਅਤੇ ਮਾਣਹਾਨੀ ਦਾ ਕੇਸ ਵੀ ਚੱਲੇਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਫਗਵਾੜਾ, ਅੰਮਿ੍ਰਤਸਰ, ਪਟਿਆਲਾ, ਜਲੰਧਰ ਅਤੇ ਲੁਧਿਆਣਾ ਨਗਰ ਨਿਗਮਾਂ ਦਾ ਕਾਰਜਕਾਲ ਖਤਮ ਹੋ ਚੁੱਕਾ ਹੈ।  

 

 

ਕੇਜਰੀਵਾਲ ਅਤੇ ਭਗਵੰਤ ਮਾਨ 9 ਤੇ 10 ਨਵੰਬਰ ਨੂੰ ਕਰਨਗੇ ਚੋਣ ਰੈਲੀਆਂ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ’ਚ 4 ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ’ਚ 20 ਨਵੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਨੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਾ ਦਿੱਤਾ ਹੈ। ਧਿਆਨ ਰਹੇ ਕਿ ਇਹ ਜ਼ਿਮਨੀ ਚੋਣਾਂ ਪਹਿਲਾਂ 13 ਨਵੰਬਰ ਨੂੰ ਹੋਣੀਆਂ ਸਨ, ਪਰ ਇਨ੍ਹਾਂ ਚੋਣਾਂ ਦੀ ਤਰੀਕ ਬਦਲ ਕੇ 20 ਨਵੰਬਰ ਕਰ ਦਿੱਤੀ ਗਈ ਹੈ ਅਤੇ ਨਤੀਜੇ 23 ਨਵੰਬਰ ਨੂੰ ਆਉਣੇ ਹਨ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਲੰਘੇ ਕੱਲ੍ਹ ਬਰਨਾਲਾ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿਚ ਰੋਡ ਸ਼ੋਅ ਕੀਤਾ ਹੈ। ਇਸ ਦੇ ਚੱਲਦਿਆਂ 9 ਨਵੰਬਰ ਨੂੰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਾਂਝੇ ਤੌਰ ’ਤੇ ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਚੋਣ ਰੈਲੀਆਂ ਕਰਨਗੇ। ਇਸੇ ਤਰ੍ਹਾਂ ਕੇਜਰੀਵਾਲ ਅਤੇ ਭਗਵੰਤ ਮਾਨ 10 ਨਵੰਬਰ ਨੂੰ ਗਿੱਦੜਬਾਹਾ ਅਤੇ ਬਰਨਾਲਾ ਵਿਚ ਵੀ ਚੋਣ ਰੈਲੀਆਂ ਕਰਨਗੇ। ਇਨ੍ਹਾਂ ਜ਼ਿਮਨੀ ਚੋਣਾਂ ਵਿਚ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਵਿਚਾਲੇ ਹੈ ਅਤੇ ਸ਼ੋ੍ਰਮਣੀ ਅਕਾਲੀ ਦਲ ਨੇ ਇਨ੍ਹਾਂ ਚੋਣਾਂ ਵਿਚ ਆਪਣੇ ਉਮੀਦਵਾਰ ਖੜ੍ਹੇ ਨਹੀਂ ਕੀਤੇ ਹਨ। ਜ਼ਿਕਰਯੋਗ ਹੈ ਕਿ ‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ 8 ਨਵੰਬਰ ਨੂੰ ਵੀ ਪੰਜਾਬ ਪਹੁੰਚਣਗੇ ਅਤੇ ਮੁੱਖ ਮਹਿਮਾਨ ਵਜੋਂ ਲੁਧਿਆਣਾ ਵਿੱਚ ਹੋ ਰਹੇ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣਗੇ।

ਲੁਧਿਆਣਾ ਦੀ ਸਾਈਕਲ ਵੈਲੀ ’ਚ ਹੋਵੇਗਾ ਸੂਬਾ ਪੱਧਰੀ ਸਮਾਗਮ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਨਵੇਂ ਚੁਣੇ ਸਰਪੰਚਾਂ ਨੂੰ 8 ਨਵੰਬਰ ਦਿਨ ਸ਼ੁੱਕਰਵਾਰ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਇਸ ਸਬੰਧੀ ਸਮਾਗਮ ਲੁਧਿਆਣਾ ਦੀ ਸਾਈਕਲ ਵੈਲੀ ਵਿਚ ਹੋਵੇਗਾ। ਇਸ ਸਮਾਗਮ ’ਚ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਹੋਣਗੇ। ਸੂਬੇ ਦੀਆਂ 13,098 ਪੰਚਾਇਤਾਂ ਦੀ ਹੋਈ ਚੋਣ ਵਿਚ 3812 ਸਰਪੰਚ ਤੇ 45,595 ਪੰਚ ਸਰਬ ਸੰਮਤੀ ਨਾਲ ਚੁਣੇ ਗਏ ਹਨ। ਸੂਬੇ ਵਿਚ ਕੁੱਲ 13,130 ਪੰਚਾਇਤਾਂ ਹਨ, ਜਿਨ੍ਹਾਂ ਵਿਚੋਂ 138 ਪੰਚਾਇਤਾਂ ਦੀਆਂ ਚੋਣਾਂ ਰੱਦ ਹੋ ਗਈਆਂ ਸਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪੰਚਾਇਤ ਮੈਂਬਰਾਂ ਨੂੰ ਜ਼ਿਲ੍ਹਾ ਪੱਧਰ ਜਾਂ ਬਲਾਕ ਪੱਧਰ ’ਤੇ ਸਹੁੰ ਚਕਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਪੰਜਾਬ ਦੇ ਚੋਣ ਅਧਿਕਾਰੀ ਰਾਜ ਕਮਲ ਚੌਧਰੀ ਨੇ ਦੱਸਿਆ ਕਿ 13,098 ਗ੍ਰਾਮ ਪੰਚਾਇਤਾਂ ਦੀ ਚੋਣ ਪ੍ਰੀਕਿਰਿਆ ਹੋਣ ’ਤੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

 

ਵਿਵਾਦਾਂ ’ਚ ਘਿਰੇ ਰਹੇ ਹਨ ਸਾਬਕਾ ਡੀਜੀਪੀ ਸੁਮੇਧ ਸੈਣੀ

ਮੁਹਾਲੀ/ਬਿਊਰੋ ਨਿਊਜ਼

ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਖਿਲਾਫ 33 ਸਾਲ ਪਹਿਲਾਂ ਮੁਹਾਲੀ ਦੇ ਵਸਨੀਕ ਅਤੇ ਜੂਨੀਅਰ ਇੰਜਨੀਅਰ ਬਲਵੰਤ ਸਿੰਘ ਮੁਲਤਾਨੀ ਦੀ ਹੱਤਿਆ ਦਾ ਆਰੋਪ ਹੈ। ਬਲਵੰਤ ਸਿੰਘ ਮੁਲਤਾਨੀ ਨੂੰ ਘਰੋਂ ਅਗਵਾ ਕਰਨ ਅਤੇ ਬਾਅਦ ਵਿੱਚ ਉਸਦੀ ਲਾਸ਼ ਖ਼ੁਰਦ ਬੁਰਦ ਕਰਨ ਦੇ ਮਾਮਲੇ ’ਚ ਸਾਬਕਾ ਡੀਜੀਪੀ ਸੁਮੇਧ ਸੈਣੀ ਖਿਲਾਫ ਕੇਸ ਦਰਜ ਹੋਣ ਤੋਂ 4 ਸਾਲ ਬਾਅਦ ਟਰਾਇਲ ਸ਼ੁਰੂ ਹੋ ਗਿਆ ਹੈ। ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਸੁਮੇਧ ਸੈਣੀ ਦੇ ਵਕੀਲਾਂ ਅਤੇ ਸਾਬਕਾ ਡੀਐਸਪੀ ਕੇ.ਆਈ.ਪੀ. ਸਿੰਘ ਨੂੰ ਮੁੱਖ ਚਲਾਨ ਅਤੇ ਸਪਲੀਮੈਂਟਰੀ ਚਲਾਨ ਦੀਆਂ ਕਾਪੀਆਂ ਦੇ ਦਿੱਤੀਆਂ ਹਨ। ਮਾਮਲੇ ਦੀ ਜਾਂਚ ਕਰ ਰਹੀ ਐਸ.ਆਈ.ਟੀ. ਨੇ ਦਸੰਬਰ 2020 ਵਿਚ ਸੁਮੇਧ ਸੈਣੀ ਖਿਲਾਫ ਹੱਤਿਆ ਸਣੇ 7 ਧਰਾਵਾਂ ਦੇ ਤਹਿਤ ਚਾਰਜਸ਼ੀਟ ਦਾਖਲ ਕੀਤੀ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 26 ਨਵੰਬਰ ਨੂੰ ਹੋਵੇਗੀ। ਇਸ ਮਾਮਲੇ ਵਿੱਚ ਨਾਮਜ਼ਦ ਸਾਬਕਾ ਡੀਐੱਸਪੀ ਬਲਦੇਵ ਸਿੰਘ ਸੈਣੀ ਅਤੇ ਇੰਸਪੈਕਟਰ ਸਤਵੀਰ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਬਾਅਦ ਵਿੱਚ ਪੁਲਿਸ ਨੇ ਸਾਬਕਾ ਡੀਐੱਸਪੀ ਕੇ.ਆਈ.ਪੀ. ਸਿੰਘ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕਰ ਲਿਆ ਸੀ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.