Friday, 19 June 2026

1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤਾ ਜਾਵੇਗਾ ਆਮ ਬਜਟ

ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ 1 ਫਰਵਰੀ ਆਮ ਬਜਟ ਪੇਸ਼ ਕੀਤਾ ਜਾਵੇਗਾ ਅਤੇ ਉਨ੍ਹਾਂ ਵੱਲੋਂ ਲਗਾਤਾਰ ਪੇਸ਼ ਕੀਤਾ ਜਾਣ ਵਾਲਾ ਇਹ 8ਵਾਂ ਬਜਟ ਹੋਵੇਗਾ। ਇਸ ਬਜਟ ਦੌਰਾਨ ਵਿੱਤ ਮੰਤਰੀ ਵੱਲੋਂ ਕਈ ਵੱਡੇ ਐਲਾਨ ਕੀਤੇ ਜਾ ਸਕਦੇ ਹਨ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬਜਟ ਦੌਰਾਨ ਪੈਟਰੋਲ ਅਤੇ ਡੀਜ਼ਲ ’ਤੇ ਕਸਟਮ ਡਿਊਟੀ ਘਟਾਈ ਜਾ ਸਕਦੀ ਹੈ, ਜਿਸ ਦੇ ਚਲਦਿਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟ ਸਕਦੀਆਂ ਹਨ। ਧਿਆਨ ਰਹੇ ਕਿ ਇਸ ਸਮੇਂ ਪੈਟਰੋਲ ’ਤੇ 19 ਰੁਪਏ 90 ਪੈਸੇ ਅਤੇ ਡੀਜ਼ਲ ’ਤੇ 15 ਰੁਪਏ 80 ਪੈਸੇ ਕਸਟਮ ਡਿਊਟੀ ਲਗਦੀ ਹੈ। ਇਸ ਤੋਂ ਇਲਾਵਾ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਆਮ ਬਜਟ ਦੌਰਾਨ 10 ਲੱਖ ਰੁਪਏ ਤੱਕ ਦੀ ਆਮਦਨ ਨੂੰ ਵੀ ਟੈਕਸ ਫਰੀ ਕੀਤਾ ਜਾ ਸਕਦਾ ਹੈ।

ਕੈਬਨਿਟ ਮੀਟਿੰਗ ਦੌਰਾਨ ਲਏ ਜਾ ਸਕਦੇ ਨੇ ਕਈ ਵੱਡੇ ਫੈਸਲੇ

ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਦੀ ਸਾਲ 2025 ਦੀ ਪਹਿਲੀ ਕੈਬਨਿਟ ਮੀਟਿੰਗ ਆਉਂਦੀ 6 ਫਰਵਰੀ ਨੂੰ ਹੋਣ ਜਾ ਰਹੀ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਇਹ ਕੈਬਨਿਟ ਮੀਟਿੰਗ ਚੰਡੀਗੜ੍ਹ ਸਥਿਤ ਸਿਵਲ ਸਕੱਤਰੇਤ ਵਿਖੇ 6 ਫਰਵਰੀ ਨੂੰ ਸਵੇਰੇ 11 ਵਜੇ ਹੋਵੇਗੀ। ਇਸ ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ ਅਤੇ ਕਈ ਹੋਰ ਵੱਡੇ ਫੈਸਲੇ ਵੀ ਲਏ ਜਾ ਸਕਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੀ ਸਮੁੱਚੀ ਕੈਬਨਿਟ ਇਸ ਸਮੇਂ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਲਈ ਪ੍ਰਚਾਰ ਕਰਨ ਵਿਚ ਰੁੱਝੀ ਹੋਈ ਅਤੇ ਇਥੋਂ ਚੋਣ ਪ੍ਰਚਾਰ ਤੋਂ ਵਿਹਲੇ ਹੋ ਕੇ ਸਾਰੇ ਮੰਤਰੀ ਕੈਬਨਿਟ ਵਿਚ ਸ਼ਾਮਲ ਹੋਣਗੇ।

ਦਿੱਲੀ ਵਾਸੀਆਂ ਨੂੰ ਕਾਂਗਰਸ ਪਾਰਟੀ ਨੇ ਦਿੱਤੀਆਂ ਪੰਜ ਗਰੰਟੀਆਂ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਚੋਣਾਂ ਤੋਂ ਕੁਝ ਦਿਨ ਪਹਿਲਾਂ ਕਾਂਗਰਸ ਪਾਰਟੀ ਨੇ ਅੱਜ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਦਾਅਵਾ ਕੀਤਾ ਕਿ ਜੇ ਸਾਡੀ ਪਾਰਟੀ ਸੱਤਾ ’ਚ ਆਉਂਦੀ ਹੈ ਤਾਂ ਜਾਤੀ ਜਨਗਣਨਾ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਦਿੱਲੀ ਕਾਂਗਰਸ ਪ੍ਰਧਾਨ ਵੱਲੋਂ ਜਾਰੀ ਕੀਤੇ ਗਏ ਮੈਨੀਫੈਸਟੋ ’ਚ ਕਾਂਗਰਸ ਪਾਰਟੀ ਨੇ ਔਰਤਾਂ ਨੂੰ 2500 ਰੁਪਏ ਮਹੀਨਾ, 300 ਯੂਨਿਟ ਮੁਫਤ ਬਿਜਲੀ ਅਤੇ 500 ਰੁਪਏ ਵਿੱਚ ਐਲਪੀਜੀ ਸਿਲੰਡਰ ਦੇਣ ਦਾ ਵਾਅਦਾ ਕੀਤਾ ਗਿਆ। ਜਦਕਿ 25 ਲੱਖ ਰੁਪਏ ਤੱਕ ਦਾ ਮੁਫਤ ਸਿਹਤ ਬੀਮਾ ਅਤੇ ਮੁਫਤ ਰਾਸ਼ਨ ਕਿੱਟਾਂ ਵੀ ਪਾਰਟੀ ਦੀਆਂ ਗਾਰੰਟੀਆਂ ਵਿੱਚ ਸ਼ਾਮਲ ਸਨ। ਮੈਨੀਫੈਸਟੋ ’ਚ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਇੱਕ ਸਾਲ ਲਈ 8500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੇਣ ਦਾ ਵੀ ਵਾਅਦਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਾਰਟੀ ਵੱਲੋਂ ਦਿੱਲੀ ’ਚ ਇੰਦਰਾ ਕੰਟੀਨਾਂ ਸ਼ੁਰੂ ਕੀਤੀਆਂ ਜਾਣਗੀਆਂ ਜਿੱਥੇ 5 ਰੁਪਏ ਵਿੱਚ ਖਾਣਾ ਮੁਹੱਈਆ ਕਰਵਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਦਿੱਲੀ ਵਿਧਾਨ ਸਭਾ ਲਈ 5 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ।

ਫਰਵਰੀ ਮਹੀਨੇ ਦੌਰਾਨ ਭਾਜਪਾ ਸੰਗਠਨ ਦੀ ਕੀਤੀ ਜਾਵੇਗੀ ਚੋਣ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੀਆਂ 2027 ’ਚ ਹੋਣ ਵਾਲੀਆਂ ਚੋਣਾਂ ਲਈ ਪੰਜਾਬ ਭਾਜਪਾ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਲਈ ਸਭ ਤੋਂ ਪਹਿਲਾਂ ਸੰਗਠਨ ਨੂੰ ਮਜ਼ਬੂਤ ਕਰਨ ਲਈ ਬੂਥ ਪ੍ਰਧਾਨ, ਮੰਡਲ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਕੀਤੀ ਜਾਵੇਗੀ ਅਤੇ ਇਸ ਪ੍ਰਕਿਰਿਆ ਨੂੰ 27 ਫਰਵਰੀ ਤੱਕ ਪੂਰਾ ਕਰਨ ਦਾ ਪੰਜਾਬ ਭਾਜਪਾ ਵੱਲੋਂ ਟੀਚਾ ਮਿੱਥਿਆ ਗਿਆ ਹੈ। ਪੰਜਾਬ ਭਾਜਪਾ ਦੇ ਸੂਬਾ ਚੋਣ ਅਧਿਕਾਰੀ ਅਤੇ ਸਾਬਕਾ ਡਿਪਟੀ ਸਪੀਕਰ ਦਿਨੇਸ਼ ਸਿੰਘ ਬੱਬੂ ਨੇ ਦੱਸਿਆ ਕਿ ਸੰਗਠਨ ਦੀ ਮਜ਼ਬੂਤੀ ਲਈ ਤਿਆਰੀਆਂ ਜ਼ੋਰਾਂ ’ਤੇ ਹਨ ਅਤੇ ਤੈਅ ਸਮੇਂ ਅਨੁਸਾਰ ਇਸ ਪ੍ਰਕ੍ਰਿਰਿਆ ਨੂੰ ਪੂਰਾ ਕਰ ਲਿਆ ਜਾਵੇਗਾ। ਪੰਜਾਬ ਭਾਜਪਾ 14 ਤੋਂ 18 ਫਰਵਰੀ ਤੱਕ 24400 ਬੂਥ ਕਮੇਟੀਆਂ ਦੇ ਪ੍ਰਧਾਨਾਂ ਦੀ ਚੋਣ ਕਰੇਗੀ ਜਦਕਿ 19 ਤੋਂ 21 ਫਰਵਰੀ ਤੱਕ 544 ਮੰਡਲ ਪ੍ਰਧਾਨਾਂ ਦੀ ਚੋਣ ਕੀਤੀ ਜਾਵੇਗੀ। ਇਸ ਤੋਂ ਇਲਾਵਾ 25 ਤੋਂ 27 ਫਰਵਰੀ ਤੱਕ ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਪ੍ਰਕਿਰਿਆ ਨੂੰ ਪੂਰਾ ਕੀਤਾ ਜਾਵੇਗਾ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.