Friday, 19 June 2026

ਚੱਬੇਵਾਲ ਜ਼ਿਮਨੀ ਚੋਣ ਲਈ ਮਿਲ ਸਕਦੀ ਹੈ ਟਿਕਟ

ਹੁਸ਼ਿਆਰਪੁਰ/ਬਿਊਰੋ ਨਿਊਜ਼

ਸਾਬਕਾ ਅਕਾਲੀ ਮੰਤਰੀ ਸੋਹਣ ਸਿੰਘ ਠੰਡਲ ਅੱਜ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਵਿਜੇ ਰੁਪਾਨੀ ਦੀ ਅਗਵਾਈ ਵਿਚ ਸੋਹਣ ਸਿੰਘ ਠੰਡਲ ਨੇ ਭਾਜਪਾ ’ਚ ਸ਼ਮੂਲੀਅਤ ਕੀਤੀ ਹੈ। ਵਿਧਾਨ ਸਭਾ ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਲਈ ਠੰਡਲ ਨੂੰ ਭਾਜਪਾ ਵਲੋਂ ਟਿਕਟ ਦਿੱਤੀ ਜਾਣੀ ਯਕੀਨੀ ਹੈ। ਸੋਹਣ ਸਿੰਘ ਠੰਡਲ ਵਲੋਂ ਸ਼ੋ੍ਰਮਣੀ ਅਕਾਲੀ ਦਲ ਨੂੰ ਛੱਡ ਕੇ ਭਾਜਪਾ ਵਿਚ ਜਾਣ ਨਾਲ ਹੁਸ਼ਿਆਰਪੁਰ ਜ਼ਿਲ੍ਹੇ ਦੀ ਸਿਆਸਤ ਵਿਚ ਵੱਡਾ ਸਿਆਸੀ ਉਲਟਫੇਰ ਹੋਣ ਦੀ ਸੰਭਾਵਨਾ ਹੈ।

 

ਐਫ.ਸੀ.ਆਈ. ਸਣੇ ਸੂਬਾ ਤੇ ਕੇਂਦਰ ਨੂੰ ਨੋਟਿਸ-ਮਾਮਲੇ ਦੀ ਸੁਣਵਾਈ 29 ਅਕਤੂਬਰ ਨੂੰ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਸਹੀ ਤਰੀਕੇ ਨਾਲ ਲਿਫਟਿੰਗ ਨਾ ਹੋਣ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਹੁੰਚ ਗਿਆ ਹੈ। ਇਸ ਮਾਮਲੇ ਵਿਚ ਹਾਈਕੋਰਟ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਐਫ.ਸੀ.ਆਈ. ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਹਾਈਕੋਰਟ ਨੇ ਇਸ ਮਾਮਲੇ ਵਿਚ 29 ਅਕਤੂਬਰ ਤੱਕ ਜਵਾਬ ਦਾਖਲ ਕਰਨ ਲਈ ਕਿਹਾ ਹੈ। ਉਧਰ ਦੂਜੇ ਪਾਸੇ ਇਸ ਮਾਮਲੇ ਨੇ ਸਿਆਸੀ ਰੰਗ ਵੀ ਲੈ ਲਿਆ ਹੈ। ਪੰਜਾਬ ਸਰਕਾਰ ਇਸ ਸਥਿਤੀ ਦੇ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਰਹੀ ਹੈ। ਇਸੇ ਦੌਰਾਨ ਝੋਨੇ ਦੀ ਲਿਫਟਿੰਗ ਨਾ ਹੋਣ ਕਰਕੇ ਕਿਸਾਨਾਂ ਵਲੋਂ ਵੀ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਸਰਕਾਰਾਂ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪਿਛਲੇ ਦਿਨੀਂ ਝੋਨੇ ਦੀ ਖਰੀਦ ਸਬੰਧੀ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਗੱਲਬਾਤ ਕੀਤੀ ਸੀ। ਉਨ੍ਹਾਂ ਨੇ ਰਾਈਸ ਮਿੱਲਰਾਂ ਦੇ ਮਾਮਲੇ ਨੂੰ ਵੀ ਗ੍ਰਹਿ ਮੰਤਰੀ ਦੇ ਧਿਆਨ ਵਿਚ ਲਿਆਂਦਾ ਸੀ। 

  

 

ਡਰੱਗ ਮਾਮਲੇ ’ਚ ਸਤਕਾਰ ਕੌਰ ਗਹਿਰੀ ਦੀ ਹੋਈ ਹੈ ਗਿ੍ਰਫਤਾਰੀ

ਚੰਡੀਗੜ੍ਹ/ਬਿਊਰੋ ਨਿਊਜ਼

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਨਿਰਦੇਸ਼ਾਂ ’ਤੇ ਅੱਜ ਸਾਬਕਾ ਐਮ.ਐਲ.ਏ. ਸਤਕਾਰ ਕੌਰ ਗਹਿਰੀ ਨੂੰ 6 ਸਾਲ ਲਈ ਪਾਰਟੀ ਵਿਚੋਂ ਕੱਢ ਦਿੱਤਾ ਗਿਆ। ਇਸ ਸੰਬੰਧੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਵਲੋਂ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸਤਕਾਰ ਕੌਰ ਗਹਿਰੀ 2017 ਤੋਂ 2022 ਤੱਕ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਹੇ ਹਨ। ਲੰਘੇ ਕੱਲ੍ਹ ਉਨ੍ਹਾਂ ਨੂੰ ਡਰੱਗ ਦੇ ਮਾਮਲੇ ਵਿਚ ਗਿ੍ਰਫਤਾਰ ਕੀਤਾ ਗਿਆ ਸੀ। ਸਤਕਾਰ ਕੌਰ ਗਹਿਰੀ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਝੂਠੇ ਮਾਮਲੇ ਵਿਚ ਫਸਾਇਆ ਜਾ ਰਿਹਾ ਹੈ। ਧਿਆਨ ਰਹੇ ਕਿ ਸਤਕਾਰ ਕੌਰ ਗਹਿਰੀ ਕਾਂਗਰਸ ਪਾਰਟੀ ਦੀ ਟਿਕਟ ’ਤੇ ਵਿਧਾਇਕ ਬਣੇ ਸਨ ਅਤੇ ਹੁਣ ਉਹ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ।

 

4 ਵਿਧਾਨ ਸਭਾ ਹਲਕਿਆਂ ’ਚ ਵੋਟਾਂ 13 ਨਵੰਬਰ ਨੂੰ 

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਤੇ ਬਰਨਾਲਾ ਵਿਚ ਜ਼ਿਮਨੀ ਚੋਣ 13 ਨਵੰਬਰ ਨੂੰ ਹੋਣੀ ਹੈ। ਇਸ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਨੇ ਆਪਣੇ-ਆਪਣੇ ਸਟਾਰ ਪ੍ਰਚਾਰਕਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਜ਼ਿਮਨੀ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਐਲਾਨੀ ਹੈ, ਜਿਸ ਵਿਚ ਪੰਜਾਬ ਦੇ ਭਾਜਪਾ ਆਗੂਆਂ ਦੇ ਨਾਲ-ਨਾਲ ਕਈ ਕੇਂਦਰੀ ਆਗੂਆਂ ਤੇ ਗੁਆਂਢੀ ਸੂਬੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

ਇਸ ਸੂਚੀ ਵਿੱਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦਾ ਨਾਮ ਸਭ ਤੋਂ ਉਪਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਮ 12ਵੇਂ ਨੰਬਰ ’ਤੇ ਦਰਜ ਹੈ। ਇਸ ਸੂਚੀ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਵਲੋਂ ਵੀ ਮੁੱਖ ਮੰਤਰੀ ਭਗਵੰਤ ਮਾਨ ਸਣੇ 40 ਸਟਾਰ ਪ੍ਰਚਾਰਕਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੂਚੀ ਵਿਚ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਸਣੇ ਕਈ ਆਗੂਆਂ ਦੇ ਨਾਮ ਸ਼ਾਮਲ ਹਨ।  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.