Thursday, 18 June 2026

48 ਘੰਟਿਆਂ ਦੇ ਅੰਦਰ ਮੁਆਫੀ ਮੰਗਣ ਲਈ ਕਿਹਾ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਰਾਜਬੀਰ ਸਿੰਘ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਓਐਸਡੀ ਰਾਜਬੀਰ ਸਿੰਘ ਨੇ ਕਿਹਾ ਹੈ ਕਿ ਬਿਕਰਮ ਮਜੀਠੀਆ ਦੇ ਬਿਆਨ ਨਾਲ ਮੇਰੇ ਅਕਸ ਨੂੰ ਢਾਹ ਲੱਗੀ ਹੈ ਅਤੇ ਮਜੀਠੀਆ 48 ਘੰਟਿਆਂ ਦੇ ਅੰਦਰ-ਅੰਦਰ ਲਿਖਤੀ ਤੌਰ ’ਤੇ ਮੁਆਫੀ ਮੰਗਣ। ਰਾਜਬੀਰ ਸਿੰਘ ਨੇ ਕਿਹਾ ਕਿ ਜੇਕਰ ਮਜੀਠੀਆ ਨੇ ਮੁਆਫੀ ਨਾ ਮੰਗੀ ਤਾਂ ਉਹ ਅਦਾਲਤ ਦਾ ਰੁਖ ਕਰਨਗੇ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਮਜੀਠੀਆ ਵਲੋਂ ਰਾਜਬੀਰ ਸਿੰਘ ਉਪਰ ਪੈਸੇ ਦੇ ਲੈਣ-ਦੇਣ ਸਬੰਧੀ ਕਈ ਤਰ੍ਹਾਂ ਦੇ ਇਲਜ਼ਾਮ ਲਗਾਏ ਗਏ ਸਨ। ਇਸ ਮਾਮਲੇ ਨੂੰ ਲੈ ਕੇ ਰਾਜਬੀਰ ਸਿੰਘ ਨੇ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ ਅਤੇ ਮੁਆਫੀ ਮੰਗਣ ਲਈ ਕਿਹਾ ਹੈ।

ਪੰਜਾਬ ਸਰਕਾਰ ਨੇ ਕੀਤਾ ਵੱਡਾ ਪ੍ਰਸ਼ਾਸਨਿਕ ਫੇਰਬਦਲ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਇਸਦੇ ਚੱਲਦਿਆਂ 1992 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀ ਕੈਪ ਸਿਨਹਾ ਨੂੰ ਪੰਜਾਬ ਦਾ ਨਵਾਂ ਚੀਫ ਸੈਕਟਰੀ ਲਗਾ ਦਿੱਤਾ ਗਿਆ ਹੈ। ਜਦੋਂ ਕਿ ਅਨੁਰਾਗ ਵਰਮਾ ਨੂੰ ਇਸ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਇਸ ਸਬੰਧੀ ਨਿਰਦੇਸ਼ ਵੀ ਤੁਰੰਤ ਪ੍ਰਭਾਵ ਨਾਲ ਜਾਰੀ ਕਰ ਦਿੱਤੇ ਗਏ ਹਨ। ਅਨੁਰਾਗ ਵਰਮਾ ਹੁਣ ਵਧੀਕ ਮੁੱਖ ਸਕੱਤਰ ਮਾਲੀਆ ਵਜੋਂ ਕੰਮਕਾਜ ਦੇਖਣਗੇ। ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਸਿਆਸੀ ਹਲਕਿਆਂ ਵਿਚ ਚਰਚਾ ਚੱਲ ਰਹੀ ਸੀ ਕਿ ਮੁੱਖ ਮੰਤਰੀ ਦਫਤਰ ਵਿਚ ਵੱਡੀ ਪੱਧਰ ’ਤੇ ਬਦਲਾਅ ਹੋਣਗੇ। 

ਡਾਇਰੈਕਟਰ ਕਮਿਊਨੀਕੇਸ਼ਨ ਸੋਸ਼ਲ ਮੀਡੀਆ ਮਨਪ੍ਰੀਤ ਕੌਰ ਵਲੋਂ ਵੀ ਅਸਤੀਫਾ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦੋ ਨੇੜਲਿਆਂ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਪੰਨੂ ਅਤੇ ਡਾਇਰੈਕਟਰ ਕਮਿਊਨੀਕੇਸ਼ਨਜ਼ ਸੋਸ਼ਲ ਮੀਡੀਆ ਮਨਪ੍ਰੀਤ ਕੌਰ ਨੇ ਵੀ ਆਪਣੇ-ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਦੇ ਓਐਸਡੀ ਉਂਕਾਰ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਅਤੇ ਇਸ ਤੋਂ ਬਾਅਦ ਡਾਇਰੈਕਟਰ ਸੰਚਾਰ ਨਵਨੀਤ ਵਧਵਾ ਨੇ ਆਪਣਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਵਿਚੋਂ ਬਾਹਰ ਆਉਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿਚ ਹਲਚਲ ਵਧੀ ਹੈ। ਹੁਣ ਚਰਚਾ ਚੱਲ ਰਹੀ ਹੈ ਕਿ ਅਰਵਿੰਦ ਕੇਜਰੀਵਾਲ ਦੇ ਭਰੋਸੇਮੰਦ ਇਕ ਵਿਅਕਤੀ ਨੂੰ ਮੁੱਖ ਮੰਤਰੀ ਮਾਨ ਦਾ ਸਲਾਹਕਾਰ ਨਿਯੁਕਤ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀਂ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੰਤਰੀਆਂ ਨੂੰ ਦਿੱਲੀ ਸੱਦ ਕੇ ਉਨ੍ਹਾਂ ਨਾਲ ਮੀਟਿੰਗ ਵੀ ਕੀਤੀ ਸੀ ਅਤੇ ਵਿਭਾਗਾਂ ਦੇ ਕੰਮਾਂ ਸਬੰਧੀ ਜਾਣਕਾਰੀ ਲਈ ਸੀ। ਪੰਜਾਬ ਸਰਕਾਰ ਦੇ ਕੰਮਾਂ ’ਚ ਆਮ ਆਦਮੀ ਪਾਰਟੀ ਦੀ ਹਾਈਕਮਾਨ ਦੇ ਵਧਦੇ ਦਖਲ ਨੇ ਨਵੀਂ ਚਰਚਾ ਵੀ ਛੇੜ ਦਿੱਤੀ ਹੈ।  

 

 

28 ਅਕਤੂਬਰ ਨੂੰ ਹੋਣੀ ਹੈ ਸ਼ੋ੍ਰਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ

ਅੰਮਿ੍ਰਤਸਰ/ਬਿਊਰੋ ਨਿਊਜ਼

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 28 ਅਕਤੂਬਰ ਨੂੰ ਹੋਣ ਵਾਲਾ ਸਲਾਨਾ ਜਨਰਲ ਇਜਲਾਸ ਇਸ ਵਾਰ ਅਹਿਮ ਹੋਵੇਗਾ।  ਅੰਮਿ੍ਰਤਸਰ ’ਚ 28 ਅਕਤੂਬਰ ਨੂੰ ਮੌਜੂਦਾ ਹਾਊਸ ਦੇ ਸ਼੍ਰੋਮਣੀ ਕਮੇਟੀ ਮੈਂਬਰ ਅਧਿਕਾਰਤ ਤੌਰ ’ਤੇ ਆਪਣੀ ਵੋਟ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ, ਅਹੁਦੇਦਾਰਾਂ ਤੇ ਅੰਤਿ੍ਰੰਗ ਕਮੇਟੀ ਮੈਂਬਰਾਂ ਦੀ ਚੋਣ ਕਰਨਗੇ। ਇਸ ਵਾਰ ਇਹ ਚੋਣ ਹੋਰ ਵੀ ਅਹਿਮ ਮੰਨੀ ਜਾ ਰਹੀ ਹੈ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਬਾਗੀ ਹੋ ਕੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਬਣਾ ਕੇ ਚੱਲੇ ਟਕਸਾਲੀ ਆਗੂ ਵੀ ਮਜ਼ਬੂਤ ਧੜੇ ਵਜੋਂ ਉੱਭਰ ਕੇ ਸਾਹਮਣੇ ਆ ਸਕਦੇ ਹਨ।  ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਵਾਰ ਫਿਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਉਮੀਦਵਾਰ ਹੋ ਸਕਦੇ ਹਨ। ਇਸੇ ਤਰ੍ਹਾਂ ਸ਼ੋ੍ਰਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਬਣਾਈ ਗਈ ਸੁਧਾਰ ਲਹਿਰ ਵੱਲੋਂ ਬੀਬੀ ਜਗੀਰ ਕੌਰ ਨੂੰ ਪ੍ਰਧਾਨਗੀ ਦੇ ਅਹੁਦੇ ਲਈ ਉਮੀਦਵਾਰ ਐਲਾਨਿਆ ਜਾ ਸਕਦਾ ਹੈ। ਇਹ ਦੋਵੇਂ ਆਗੂ ਪਿਛਲੇ ਸਮੇਂ ਤੋਂ ਮੈਂਬਰਾਂ ਨਾਲ ਲਗਾਤਾਰ ਰਾਬਤਾ ਕਾਇਮ ਕਰ ਰਹੇ ਹਨ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.