Thursday, 18 June 2026

 

ਅਸਲ੍ਹਾਖਾਨੇ ਵਿੱਚੋਂ ਗਾਇਬ ਹੋਏ 10 ’ਚੋਂ 9 ਹਥਿਆਰਾਂ ਨੂੰ ਬਰਾਮਦ ਕਰਨ ਵਿੱਚ ਅਸਫਲ ਰਹੀ ਪੁਲਿਸ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗਾਇਬ ਹਥਿਆਰਾਂ ਨੂੰ ਲੈ ਕੇ ਪੰਜਾਬ ਪੁਲਿਸ ਦੀ ਖਿਚਾਈ ਕੀਤੀ ਹੈ। ਹਾਈਕੋਰਟ ਨੇ ਅਧਿਕਾਰੀਆਂ ਦੇ ਭਰੋਸੇ ਦੇ ਬਾਵਜੂਦ ਸੂਬੇ ਦੇ ਅਸਲ੍ਹਾਖਾਨੇ ਵਿੱਚੋਂ ਗਾਇਬ ਹੋਏ 10 ਵਿੱਚੋਂ 9 ਹਥਿਆਰਾਂ ਨੂੰ ਬਰਾਮਦ ਕਰਨ ਵਿੱਚ ਅਸਫਲ ਰਹਿਣ ਲਈ ਪੰਜਾਬ ਪੁਲਿਸ ਪ੍ਰਤੀ ਅਸੰਤੁਸ਼ਟੀ ਜ਼ਾਹਰ ਕੀਤੀ ਹੈ। ਜਸਟਿਸ ਵਿਨੋਦ ਐਸ ਭਾਰਦਵਾਜ ਨੇ ਕਿਹਾ ਕਿ ਚਾਰ ਮਹੀਨੇ ਬੀਤ ਚੁੱਕੇ ਹਨ ਜਦੋਂ ਸੂਬੇ ਅਤੇ ਹੋਰ ਜਵਾਬਦੇਹੀਆਂ ਨੇ ਬਰਾਮਦਗੀ ਯਕੀਨੀ ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਹੁਣ ਤੱਕ ਸਿਰਫ ਇੱਕ ਹਥਿਆਰ ਹੀ ਬਰਾਮਦ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਅਦਾਲਤ ਨੂੰ ਸ਼ੁਰੂ ਵਿੱਚ 14 ਹਥਿਆਰਾਂ ਦੇ ਗੁੰਮ ਹੋਣ ਬਾਰੇ ਸੂਚਿਤ ਕੀਤਾ ਗਿਆ ਸੀ, ਪਰ ਕੁਝ ਰਿਕਵਰੀ ਤੋਂ ਬਾਅਦ ਇਹ ਗਿਣਤੀ ਘਟਾ ਕੇ 10 ਕਰ ਦਿੱਤੀ ਗਈ ਸੀ। ਇਸ ਮਾਮਲੇ ’ਤੇ ਸੁਣਵਾਈ 12 ਨਵੰਬਰ ਤੱਕ ਮੁਲਤਵੀ ਕਰਦਿਆਂ ਜਸਟਿਸ ਭਾਰਦਵਾਜ ਨੇ ਉਦੋਂ ਤੱਕ ਮਾਮਲੇ ਦੀ ਤਾਜ਼ਾ ਸਥਿਤੀ ਰਿਪੋਰਟ ਮੰਗੀ ਹੈ। 

 

 

ਧੋਖੇਬਾਜ਼ ਟਰੈਵਲ ਏਜੰਟਾਂ ਤੋਂ ਸਾਵਧਾਨ ਰਹਿਣ ਦੀ ਅਪੀਲ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਹੇਰਾਫੇਰੀਆਂ ਕਰਨ ਵਾਲੇ 25 ਟਰੈਵਲ ਏਜੰਟਾਂ ਖਿਲਾਫ ਕੇਸ ਦਰਜ ਕੀਤੇ ਹਨ। ਇਸਦੇ ਨਾਲ ਹੀ ਪੁਲਿਸ ਨੇ ਬਿਨਾਂ ਲਾਇਸੈਂਸ ਤੋਂ ਸੋਸ਼ਲ ਮੀਡੀਆ ’ਤੇ ਇਸ਼ਤਿਹਾਰਬਾਜ਼ੀ ਕਰਕੇ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਨੌਕਰੀਆਂ ਦਾ ਲਾਲਚ ਦੇਣ ਵਾਲਿਆਂ ਵਿਰੁੱਧ ਵੀ 20 ਕੇਸ ਦਰਜ ਕੀਤੇ ਹਨ। ਇਹ ਕਾਰਵਾਈ ਪੰਜਾਬ ਪੁਲਿਸ ਦੇ ਐੱਨਆਰਆਈ ਮਾਮਲੇ ਵਿੰਗ ਅਤੇ ਸਾਈਬਰ ਕ੍ਰਾਈਮ ਵਿੰਗ ਨੇ ਕੀਤੀ ਹੈ। ਪੁਲਿਸ ਨੇ ਲੁਧਿਆਣਾ ਦੇ 6, ਜਲੰਧਰ ਤੇ ਅੰਮਿ੍ਰਤਸਰ ਦੇ 5-5, ਹੁਸ਼ਿਆਰਪੁਰ ਦੇ ਤਿੰਨ, ਮੁਹਾਲੀ ਤੇ ਸੰਗਰੂਰ ਦੇ 2-2, ਪਟਿਆਲਾ ਅਤੇ ਕਪੂਰਥਲਾ ਦੇ ਇਕ-ਇਕ ਟਰੈਵਲ ਏਜੰਟ ਵਿਰੁੱਧ ਕੇਸ ਦਰਜ ਕੀਤੇ ਹਨ। ਐੱਨਆਰਆਈ ਮਾਮਲਿਆਂ ਦੇ ਏਡੀਜੀਪੀ ਪ੍ਰਵੀਨ ਕੇ. ਸਿਨਹਾ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸੂਬੇ ਵਿੱਚ ਗੈਰ-ਕਾਨੂੰਨੀ ਟਰੈਵਲ ਏਜੰਟਾਂ ਅਤੇ ਬਿਨਾਂ ਲਾਇਸੈਂਸ ਤੋਂ ਵਿਦੇਸ਼ ਭੇਜਣ ਬਾਰੇ ਸੋਸ਼ਲ ਮੀਡੀਆ ’ਤੇ ਇਸ਼ਤਿਹਾਰਬਾਜ਼ੀ ਕਰਕੇ ਲੋਕਾਂ ਨਾਲ ਧੋਖਾਧੜੀ ਦੀਆਂ ਘਟਨਾਵਾਂ ਵਾਪਰ ਰਹੀਆਂ ਸਨ। ਇਸੇ ਨੂੰ ਵੇਖਦਿਆਂ ਸੂਬੇ ਵਿੱਚ ਚੈਕਿੰਗ ਮੁਹਿੰਮ ਚਲਾਈ ਗਈ। ਉਨ੍ਹਾਂ ਕਿਹਾ ਕਿ ਬਿਨਾਂ ਲਾਇਸੈਂਸਾਂ ਤੋਂ ਵਿਦੇਸ਼ਾਂ ਵਿੱਚ ਨੌਕਰੀਆਂ ਲਈ ਇੰਸਟਾਗ੍ਰਾਮ ਅਤੇ ਫੇਸਬੁੱਕ ’ਤੇ ਇਸ਼ਤਿਹਾਰ ਦੇਣ ਵਾਲਿਆਂ ਵਿਰੁੱਧ ਵੀ ਕੇਸ ਦਰਜ ਕੀਤਾ ਹੈ। ਸਿਨਹਾ ਨੇ ਨਾਗਰਿਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਟਰੈਵਲ ਏਜੰਟਾਂ ਨੂੰ ਦਸਤਾਵੇਜ਼ ਅਤੇ ਪੈਸੇ ਦੇਣ ਤੋਂ ਪਹਿਲਾਂ ਉਨ੍ਹਾਂ ਦੇ ਪ੍ਰਮਾਣ ਪੱਤਰਾਂ ਦੀ ਪੁਸ਼ਟੀ ਜ਼ਰੂਰ ਕੀਤੀ ਜਾਵੇ।

 

ਇਕਬਾਲ ਸਿੰਘ ਲਾਲਪੁਰਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਦੱਸਿਆ ਵਿਸ਼ਨੂੰ ਦਾ ਅਵਤਾਰ

ਅੰਮਿ੍ਰਤਸਰ/ਬਿਊਰੋ ਨਿਊਜ਼

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ ਦੇ ਬਿਆਨ ’ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੋਰਚਾ ਖੋਲ੍ਹ ਦਿੱਤਾ ਹੈ। ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਲਾਲਪੁਰਾ ਦੇ ਬਿਆਨ ’ਤੇ ਸਖਤ ਇਤਰਾਜ਼ ਪ੍ਰਗਟ ਕੀਤਾ ਹੈ। ਇਕਬਾਲ ਸਿੰਘ ਲਾਲਪੁਰਾ ’ਤੇ ਦਿੱਲੀ ਵਿਚ ਇਕ ਸਮਾਗਮ ਦੌਰਾਨ ਸਿੱਖਾਂ ਪ੍ਰਤੀ ਮਨਘੜਤ ਬਿਆਨਬਾਜ਼ੀ ਕਰਨ ਦਾ ਆਰੋਪ ਲਗਾਇਆ ਗਿਆ ਹੈ। ਦੱਸਿਆ ਗਿਆ ਕਿ ਲਾਲਪੁਰਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਵਿਸ਼ਨੂੰ ਦਾ ਅਵਤਾਰ ਦੱਸਿਆ ਹੈ। ਐਸਜੀਪੀਸੀ ਦੇ ਪ੍ਰਧਾਨ ਧਾਮੀ ਨੇ ਕਿਹਾ ਕਿ ਲਾਲਪੁਰਾ ਦਾ ਇਹ ਬਿਆਨ ਆਰ.ਐਸ.ਐਸ. ਅਤੇ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਖੁਸ਼ ਕਰਨ ਲਈ ਇਕ ਸ਼ਰਾਰਤ ਹੈ। ਧਾਮੀ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਅਪੀਲ ਕੀਤੀ ਕਿ ਲਾਲਪੁਰਾ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਭਵਿੱਖ ਵਿਚ ਅਜਿਹੀ ਸਿੱਖ ਵਿਰੋਧੀ ਬਿਆਨਬਾਜ਼ੀ ’ਤੇ ਰੋਕ ਲੱਗ ਸਕੇ। ਉਧਰ ਦੂੁਜੇ ਪਾਸੇ ਇਕਬਾਲ ਸਿੰਘ ਲਾਲਪੁਰਾ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। 

 

 

ਵਿਧਾਨ ਸਭਾ ਹਲਕਾ ਅਜਨਾਲਾ ਨਾਲ ਸਬੰਧਤ ਮੁੱਦੇ ਉਠਾਏ

ਨਵੀਂ ਦਿੱਲੀ/ਬਿਊਰੋ ਨਿਊਜ਼

ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਮੰਗਲਵਾਰ ਨੂੰ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਨਵੀਂ ਦਿੱਲੀ ਵਿਚ ਮੁਲਾਕਾਤ ਕੀਤੀ ਹੈ। ਇਸ ਦੌਰਾਨ ਧਾਲੀਵਾਲ ਨੇ ਪੰਜਾਬ ਅਤੇ ਖਾਸ ਕਰਕੇ ਆਪਣੇ ਵਿਧਾਨ ਸਭਾ ਹਲਕੇ ਅਜਨਾਲਾ ਨਾਲ ਸਬੰਧਤ ਮੁੱਦਿਆਂ ਨੂੰ ਕੇਂਦਰੀ ਮੰਤਰੀ ਦੇ ਧਿਆਨ ਵਿਚ ਲਿਆਂਦਾ। ਧਾਲੀਵਾਲ ਨੇ ਅਜਨਾਲਾ ਦੇ ਸਰਹੱਦੀ ਖੇਤਰ ਬੱਲੜਵਾਲ ਤੱਕ ਰੇਲਵੇ ਲਾਈਨ ਦੇ ਵਿਸਥਾਰ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਸਬਾ ਰਮਦਾਸ ਦੇ ਰੇਲਵੇ ਸਟੇਸ਼ਨ ਨੂੰ ਵੀ ਬਾਬਾ ਬੁੱਢਾ ਸਾਹਿਬ ਦਾ ਨਾਮ ਦਿੱਤਾ ਜਾਵੇ। ਧਾਲੀਵਾਲ ਨੇ ਇਹ ਵੀ ਮੰਗ ਰੱਖੀ ਕਿ ਡੇਰਾ ਬਾਬਾ ਨਾਨਕ ਜਾਣ ਵਾਲੀ ਰੇਲ ਗੱਡੀ ਵਿਚ ਏ.ਸੀ. ਕੋਚ ਦੀ ਵਿਵਸਥਾ ਕੀਤੀ ਜਾਣੀ ਚਾਹੀਦੀ ਹੈ। ਮੀਟਿੰਗ ਤੋਂ ਬਾਅਦ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਕੇਂਦਰੀ ਮੰਤਰੀ ਰਵਨੀਤ ਬਿੱਟੂ ਨਾਲ ਚੰਗੇ ਮਾਹੌਲ ਵਿਚ ਗੱਲਬਾਤ ਹੋਈ ਹੈ ਅਤੇ ਕੇਂਦਰੀ ਮੰਤਰੀ ਨੇ ਇਹ ਸਾਰੇ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ ਹੈ।  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.