Thursday, 18 June 2026

17 ਸਾਬਕਾ ਮੰਤਰੀਆਂ ਦੇ ਨਾਵਾਂ ਵਾਲੀ ਚਿੱਠੀ ਕੀਤੀ ਗਈ ਜਨਤਕ

ਅੰਮਿ੍ਰਤਸਰ/ਬਿਊਰੋ ਨਿਊਜ਼ 

ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਸਮੇਂ ਦੇ 17 ਸਾਬਕਾ ਮੰਤਰੀਆਂ ਤੋਂ ਸ੍ਰੀ ਅਕਾਲ ਤਖਤ ਸਾਹਿਬ ਨੇ ਸਪੱਸ਼ਟੀਕਰਨ ਮੰਗਿਆ ਹੈ। ਇਸ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਇਕ ਚਿੱਠੀ ਜਨਤਕ ਕਰ ਦਿੱਤੀ ਗਈ ਹੈ। ਜਿਸ ਵਿਚ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਮੰਤਰੀ ਰਹੇ 17 ਵਿਅਕਤੀਆਂ ਕੋਲੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ। ਜਿਨ੍ਹਾਂ ਸਾਬਕਾ ਮੰਤਰੀਆਂ ਕੋਲੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ ਉਨ੍ਹਾਂ ਵਿਚ ਬੀਬੀ ਉਪਿੰਦਰਜੀਤ ਕੌਰ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਗੁਲਜ਼ਾਰ ਸਿੰਘ ਰਣੀਕੇ, ਪਰਮਿੰਦਰ ਸਿੰਘ ਢੀਂਡਸਾ, ਸੁੱਚਾ ਸਿੰਘ ਲੰਗਾਹ, ਜਨਮੇਜਾ ਸਿੰਘ ਸੇਖੋਂ ਅਤੇ ਹੀਰਾ ਸਿੰਘ ਗਾਬੜੀਆ ਸ਼ਾਮਲ ਹਨ। ਇਸੇ ਤਰ੍ਹਾਂ ਸਰਵਨ ਸਿੰਘ ਫਿਲੌਰ, ਸੋਹਣ ਸਿੰਘ ਠੰਡਲ, ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਬੀਬੀ ਜਗੀਰ ਕੌਰ, ਬਿਕਰਮ ਸਿੰਘ ਮਜੀਠੀਆ, ਮਨਪ੍ਰੀਤ ਸਿੰਘ ਬਾਦਲ, ਸ਼ਰਨਜੀਤ ਸਿੰਘ ਢਿੱਲੋਂ, ਸੁਰਜੀਤ ਸਿੰਘ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਦਾ ਨਾਮ ਵੀ ਇਸ ਚਿੱਠੀ ਵਿਚ ਸ਼ਾਮਲ ਹੈ। ਜ਼ਿਕਰਯੋਗ ਹੈ ਕਿ 2007 ਤੋਂ 2017 ਤੱਕ ਅਕਾਲੀ ਸਰਕਾਰ ਸਮੇਂ ਪੰਜਾਬ ਵਿਚ ਪੰਥ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਵਾਪਰੀਆਂ ਘਟਨਾਵਾਂ ਕਰਕੇ ਸੁਖਬੀਰ ਸਿੰਘ ਬਾਦਲ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਦੌਰਾਨ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਇਸਦੇ ਨਾਲ ਹੀ ਉਸ ਸਮੇਂ ਦੇ 17 ਮੰਤਰੀਆਂ ਕੋਲੋਂ ਵੀ 15 ਦਿਨਾਂ ਦੇ ਅੰਦਰ-ਅੰਦਰ ਸਪੱਸ਼ਟੀਕਰਨ ਮੰਗਿਆ ਗਿਆ ਹੈ। ਧਿਆਨ ਰਹੇ ਕਿ ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਸ਼ਰਨਜੀਤ ਸਿੰਘ ਢਿੱਲੋਂ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਵਲੋਂ ਆਪਣਾ ਸਪੱਸ਼ਟੀਕਰਨ ਅਕਾਲ ਤਖਤ ਸਾਹਿਬ ਦੇ ਦਫਤਰ ਵਿਖੇ ਸੌਂਪ ਦਿੱਤਾ ਗਿਆ ਹੈ ਅਤੇ ਬਾਕੀ ਸਾਬਕਾ ਮੰਤਰੀਆਂ ਦੇ ਸਪੱਸ਼ਟੀਕਰਨ ਦੀ ਉਡੀਕ ਕੀਤੀ ਜਾ ਰਹੀ ਹੈ।   

 

ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਉਤਰਾਧਿਕਾਰੀ ਐਲਾਨਿਆ

ਚੰਡੀਗੜ੍ਹ/ਬਿਊਰੋ ਨਿਊਜ਼ 
ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਆਪਣੇ ਵਾਰਿਸ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਉਤਰਾਅਧਿਕਾਰੀ ਚੁਣ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਡੇਰਾ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ, ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਰਿਸ਼ਤੇਦਾਰਾਂ ਵਿਚੋਂ ਹੀ ਹਨ ਅਤੇ ਉਹ ਲੰਮੇ ਸਮੇਂ ਤੋਂ ਪਰਿਵਾਰ ਸਮੇਤ ਡੇਰਾ ਬਿਆਸ ਨਾਲ ਜੁੜੇ ਹੋਏ ਹਨ। ਜਸਦੀਪ ਸਿੰਘ ਗਿੱਲ ਨੇ ਆਈ.ਆਈ.ਟੀ. ਦਿੱਲੀ ਤੋਂ ਬੀ.ਟੈਕ ਤੇ ਐਮ ਟੈਕ ਦੀ ਪੜ੍ਹਾਈ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪੀਐਚ ਡੀ ਵੀ ਕੀਤੀ ਹੋਈ ਹੈ। ਇਸੇ ਦੌਰਾਨ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਸੰਗਤਾਂ ਦਾ ਭਰਪੂਰ ਸਹਿਯੋਗ ਅਤੇ ਪਿਆਰ ਮਿਲਿਆ ਹੈ। ਇਸੇ ਤਰ੍ਹਾਂ ਹੀ ਜਸਦੀਪ ਸਿੰਘ ਗਿੱਲ ਨੂੰ ਵੀ ਇਹੋ ਜਿਹਾ ਹੀ ਪਿਆਰ ਅਤੇ ਸਨੇਹ ਬਖਸ਼ਿਆ ਜਾਵੇ। ਡੇਰਾ ਬਿਆਸ ਦਾ ਭਾਰਤ ਸਣੇ ਕਈ ਹੋਰ ਵੱਖ-ਵੱਖ ਦੇਸ਼ਾਂ ਵਿਚ ਚੰਗਾ ਅਧਾਰ ਹੈ।

 

ਐਸ.ਕੇ.ਐਮ. ਨੇ ਵੀ ਚੰਡੀਗੜ੍ਹ ’ਚ ਕੀਤੀ ਮਹਾਂ ਪੰਚਾਇਤ

ਚੰਡੀਗੜ੍ਹ/ਬਿਊਰੋ ਨਿਊਜ਼

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨ ਅੱਜ ਰੋਸ ਪ੍ਰਦਰਸ਼ਨ ਕਰਨ ਲਈ ਚੰਡੀਗੜ੍ਹ ਪਹੁੰਚ ਗਏ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਸੈਕਟਰ 34 ਤੋਂ ਮਟਕਾ ਚੌਕ ਤੱਕ ਰੋਸ ਮਾਰਚ ਵੀ ਕੀਤਾ ਹੈ। ਚੰਡੀਗੜ੍ਹ ਪ੍ਰਸ਼ਾਸਨ ਵਲੋਂ ਇਸ ਮਾਰਚ ਦਾ ਰੂਟ ਤੈਅ ਕੀਤਾ ਗਿਆ ਸੀ। ਚੰਡੀਗੜ੍ਹ ਪ੍ਰਸ਼ਾਸਨ ਵਲੋਂ ਉਗਰਾਹਾਂ ਜਥੇਬੰਦੀ ਨੂੰ ਮਾਰਚ ਵਿਚ ਇਕ ਹਜ਼ਾਰ ਕਿਸਾਨਾਂ ਤੱਕ ਦੀ ਇਜਾਜ਼ਤ ਦਿੱਤੀ ਗਈ ਸੀ। ਇਹ ਮਾਰਚ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਸ਼ੁਰੂ ਹੋਇਆ ਅਤੇ ਇਸ ਵਿਚ ਮਹਿਲਾਵਾਂ ਵਲੋਂ ਵੀ ਸ਼ਮੂਲੀਅਤ ਕੀਤੀ ਗਈ। ਯੂਨੀਅਨ ਦੇ ਝੰਡੇ ਹੱਥ ਵਿਚ ਫੜ ਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਇਸੇ ਦੌਰਾਨ ਪੁਲਿਸ ਵਲੋਂ ਵੀ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਸਨ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਤਾਂ ਚੰਡੀਗੜ੍ਹ ਵਿਚ ਪੱਕਾ ਮੋਰਚਾ ਵੀ ਲਗਾ ਦਿੱਤਾ ਹੈ। ਉਧਰ ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ ਨੇ ਵੀ ਸੈਕਟਰ 34 ਵਿਚ ਮਹਾਂ ਪੰਚਾਇਤ ਕੀਤੀ ਹੈ।

 

ਕਿਹਾ : ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਬੇਹੱਦ ਮਾੜੀ 

ਚੰਡੀਗੜ੍ਹ/ਬਿਊਰੋ ਨਿਊਜ਼

ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲ ਚੁੱਕੇ ਹਨ। ਬਾਜਵਾ ਨੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਚੰਡੀਗੜ੍ਹ ’ਚ ਵਿਧਾਨ ਸਭਾ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਹਾਲਤ ਬੇਹੱਦ ਮਾੜੀ ਹੈ ਅਤੇ ਸੂਬੇ ਵਿਚ ਜੰਗਲ ਰਾਜ ਵਰਗੇ ਹਾਲਾਤ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਕੋਲ ਨੌਕਰੀ ਨਹੀਂ ਹੈ। ਬੇਅਦਬੀ ਤੇ ਬਹਿਬਲ ਕਲਾਂ ਮਾਮਲਿਆਂ ਵਿਚ ਵੀ ਇਨਸਾਫ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਅਤੇ ਕਿਸਾਨ ਧਰਨਿਆਂ ’ਤੇ ਹਨ, ਪਰ ਸਰਕਾਰ ਕੋਲ ਵਿਧਾਨ ਸਭਾ ਵਿਚ ਨਾ ਚਰਚਾ ਕਰਨ ਲਈ ਸਮਾਂ ਹੈ ਅਤੇ ਨਾ ਹੀ ਇਨ੍ਹਾਂ ਕੋਲ ਕੋਈ ਕੰਮ ਹੈ। 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.