2 ਤੋਂ 4 ਸਤੰਬਰ ਤੱਕ ਚੱਲਣਾ ਹੈ ਪੰਜਾਬ ਵਿਧਾਨ ਸਭਾ ਦਾ ਇਜਲਾਸ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ 2 ਸਤੰਬਰ ਤੋਂ 4 ਸਤੰਬਰ ਤੱਕ, ਸਿਰਫ ਤਿੰਨ ਦਿਨ ਲਈ ਬੁਲਾਇਆ ਗਿਆ ਹੈ। ਇਸ ਇਜਲਾਸ ਦੀ ਮਨਜੂਰੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਵੀ ਦੇ ਦਿੱਤੀ ਗਈ ਹੈ। ਉਧਰ ਦੂਜੇ ਪਾਸੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਪੰਜਾਬ ਵਿਧਾਨ ਸਭਾ ਦੇ ਆਉਂਦੇ ਮਾਨਸੂਨ ਇਜਲਾਸ ਨੂੰ 3 ਦਿਨਾਂ ਤੋਂ ਵਧਾ ਕੇ ਇਕ ਮਹੀਨੇ ਦਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਤਿੰਨ ਦਿਨਾਂ ਵਿਚ ਪੰਜਾਬ ਦੇ ਅਹਿਮ ਮਸਲਿਆਂ ’ਤੇ ਵਿਚਾਰ-ਵਟਾਂਦਰਾ ਨਹੀਂ ਹੋ ਸਕਦਾ, ਇਸ ਕਰਕੇ ਇਜਲਾਸ ਦੀ ਮਿਆਦ ਇਕ ਮਹੀਨਾ ਕੀਤੀ ਜਾਣੀ ਚਾਹੀਦੀ ਹੈ। ਇਸਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੇ ਬਾਗੀ ਆਗੂ ਨਾਗਪੁਰ ਤੋਂ ਆਰ.ਐਸ.ਐਸ. ਅਤੇ ਦਿੱਲੀ ਤੋਂ ਭਾਜਪਾ ਹਾਈਕਮਾਂਡ ਦੀ ਸਲਾਹ ਲੈ ਰਹੇ ਹਨ। ਸੁਖਬੀਰ ਨੇ ਕਿਹਾ ਕਿ ਇਨ੍ਹਾਂ ਸਾਰਿਆਂ ਦਾ ਮਕਸਦ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਹੈ ਅਤੇ ਇਹ ਸਫਲ ਨਹੀਂ ਹੋਣਗੇ।
ਰਾਜੇਵਾਲ ਨੇ ਕਿਹਾ : ਧਰਤੀ ਹੇਠਲਾ ਪ੍ਰਦੂਸ਼ਿਤ ਪਾਣੀ ਭਿਆਨਕ ਬਿਮਾਰੀਆਂ ਦਾ ਕਾਰਨ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਪੰਜਾਬ ਵਿਚ ਧਰਤੀ ਹੇਠਲਾ ਪਾਣੀ ਖਤਰਨਾਕ ਹੱਦ ਤੱਕ ਪ੍ਰਦੂਸ਼ਿਤ ਹੋ ਚੁੱਕਾ ਹੈ, ਜੋ ਕਿ ਸੂਬੇ ਲਈ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਸਿੰਜਾਈ ਮੰਤਰੀ ਨੇ ਸੰਸਦ ਵਿੱਚ ਪਾਣੀ ਦੇ ਦੂਸ਼ਿਤ ਹੋਣ ਵਾਲੀ ਪੇਸ਼ ਕੀਤੀ ਰਿਪੋਰਟ ਵਿੱਚ ਮੰਨਿਆ ਹੈ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਧਰਤੀ ਹੇਠਲਾ ਪ੍ਰਦੂਸ਼ਿਤ ਪਾਣੀ ਭਿਆਨਕ ਬਿਮਾਰੀਆਂ ਫੈਲਾ ਰਿਹਾ ਹੈ। ਰਾਜੇਵਾਲ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਤਹਿ ਬਹੁਤ ਸਾਰੇ ਜ਼ਹਿਰੀਲੇ ਰਸਾਇਣਾਂ ਕਾਰਨ ਇੰਨੀ ਦੂਸ਼ਿਤ ਹੋ ਗਈ ਹੈ ਕਿ ਉਸ ਦਾ ਪਾਣੀ ਨਾ ਫਸਲਾਂ ਲਈ ਵਰਤਣਯੋਗ ਰਿਹਾ ਅਤੇ ਨਾ ਹੀ ਪੀਣਯੋਗ ਰਹੇਗਾ। ਇਸ ਲਈ ਪੰਜਾਬ ਵਾਸੀਆਂ ਨੂੰ ਆਪਣੇ ਭਵਿੱਖ ਨੂੰ ਸੁਰੱਖਿਅਤ ਰੱਖਣ ਲਈ ਪੰਜਾਬ ਦੇ ਹਰ ਘਰ ਅਤੇ ਖੇਤੀ ਲਈ ਨਹਿਰੀ ਪਾਣੀ ਲੈਣ ਲਈ ਸੰਘਰਸ਼ ਕਰਨਾ ਪਵੇਗਾ।
ਨਵਾਂਸ਼ਹਿਰ-ਖੰਨਾ ਅਤੇ ਬਲਾਚੌਰ-ਰੋਪੜ ਲਈ ਰੇਲਵੇ ਲਾਈਨ ਵੀ ਮੰਗੀ
ਚੰਡੀਗੜ੍ਹ: ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਚੋਣ ਲੜ ਚੁੱਕੇ ਡਾ. ਸੁਭਾਸ਼ ਸ਼ਰਮਾ ਨੇ ਦਿੱਲੀ ਵਿਖੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਰੇਲਵੇ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਮੰਗ ਪੱਤਰ ਸੌਂਪਿਆ। ਮੀਟਿੰਗ ਦੌਰਾਨ ਡਾ: ਸੁਭਾਸ਼ ਸ਼ਰਮਾ ਨੇ ਮੁਹਾਲੀ, ਰੋਪੜ ਅਤੇ ਨਵਾਂਸ਼ਹਿਰ ਜ਼ਿਲ੍ਹਿਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਰੇਲ ਮੰਤਰੀ ਨੂੰ ਜਾਣਕਾਰੀ ਦਿੱਤੀ।
ਓਹਨਾ ਦੱਸਿਆ ਕਿ ਮੋਹਾਲੀ ਦੇ ਪਿੰਡ ਸ਼ਾਮਪੁਰ ਅਤੇ ਰਾਏਪੁਰ ਕਲਾਂ ਵਿਚਕਾਰ ਰੇਲਵੇ ਅੰਡਰਪਾਸ 'ਤੇ ਇੱਕ ਸ਼ੈੱਡ ਦੀ ਜ਼ਰੂਰਤ ਹੈ ਤਾਂ ਜੋ ਬਰਸਾਤ ਦੇ ਮੌਸਮ ਵਿੱਚ ਪਾਣੀ ਉੱਥੇ ਨਾ ਖੜ੍ਹੇ। ਇਸ ਤੋਂ ਇਲਾਵਾ ਮੁਹਾਲੀ ਦੇ ਪਿੰਡ ਸਨੇਟਾ ਵਿੱਚ ਲਾਂਡਰਾ ਰੋਡ ’ਤੇ ਬਣੇ ਓਵਰਬ੍ਰਿਜ ਨੂੰ ਚੌੜਾ ਕੀਤਾ ਜਾਵੇ। ਖਰੜ ਰੇਲਵੇ ਸਟੇਸ਼ਨ 'ਤੇ ਵੰਦੇ ਭਾਰਤ (ਊਨਾ ਤੋਂ ਦਿੱਲੀ) ਸਟਾਪੇਜ ਬਣਾਇਆ ਜਾਵੇ। ਡਾ: ਸੁਭਾਸ਼ ਸ਼ਰਮਾ ਨੇ ਦੱਸਿਆ ਕਿ ਰੋਪੜ ਜ਼ਿਲ੍ਹੇ ਦੇ ਅਧੀਨ ਆਉਂਦੀ ਦਿੱਲੀ-ਊਨਾ ਰੇਲਵੇ ਲਾਈਨ ਨੇ ਨੰਗਲ ਨੂੰ ਦੋ ਹਿੱਸਿਆਂ ਵਿੱਚ ਵੰਡ ਦਿੱਤਾ ਹੈ, ਇਸ ਕਰਕੇ ਇੱਥੇ ਅੰਡਰਪਾਸ ਬਣਨਾ ਜਰੂਰੀ ਹੈ। ਇਸ ਤੋਂ ਇਲਾਵਾ ਸੱਚਖੰਡ ਅਤੇ ਸਵਰਮਤੀ ਐਕਸਪ੍ਰੈਸ ਦਾ ਸਟਾਪੇਜ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਦਿੱਤਾ ਜਾਵੇ। ਨਾਲ ਹੀ ਮੋਰਿੰਡਾ ਰੇਲਵੇ ਸਟੇਸ਼ਨ ਦਾ ਨਾਮ ਮਾਤਾ ਗੁਜਰੀ ਜੀ ਦੇ ਨਾਂ 'ਤੇ ਰੱਖਿਆ ਜਾਵੇ। ਨਵਾਂਸ਼ਹਿਰ ਜ਼ਿਲ੍ਹੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਨਵਾਂਸ਼ਹਿਰ ਨੂੰ ਖੰਨਾ ਨਾਲ ਨਵੀਂ ਰੇਲ ਲਾਈਨ (40 ਕਿਲੋਮੀਟਰ) ਅਤੇ ਬਲਾਚੌਰ ਨੂੰ ਰੋਪੜ ਨਾਲ ਨਵੀਂ ਰੇਲ ਲਾਈਨ (30 ਕਿਲੋਮੀਟਰ) ਰਾਹੀਂ ਜੋੜਿਆ ਜਾਣਾ ਚਾਹੀਦਾ ਹੈ।
ਇਨ੍ਹਾਂ ਸਾਰੇ ਮੁੱਦਿਆਂ ਬਾਰੇ ਗੱਲਬਾਤ ਕਰਦਿਆਂ ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਉਹ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਵਿਕਾਸ ਲਈ ਵਚਨਬੱਧ ਹਨ ਅਤੇ ਇਸ ਲਈ ਉਨ੍ਹਾਂ ਨੇ ਰੇਲ ਮੰਤਰੀ ਨੂੰ ਇਸ ਸਬੰਧੀ ਲੋੜੀਂਦੇ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਡਾ: ਸੁਭਾਸ਼ ਸ਼ਰਮਾ ਨੇ ਦੱਸਿਆ ਕਿ ਰੇਲ ਮੰਤਰੀ ਨੇ ਉਨ੍ਹਾਂ ਦੀ ਬੇਨਤੀ ਨੂੰ ਪ੍ਰਵਾਨ ਕਰ ਲਿਆ ਹੈ ਅਤੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਗੰਭੀਰਤਾ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ।
Thursday, 18 June 2026
Thursday, 18 June 2026
Thursday, 18 June 2026
Thursday, 18 June 2026

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.