Thursday, 18 June 2026

ਗਿੱਦੜਬਾਹਾ ’ਚ ਕਾਂਗਰਸ ਅਤੇ ਅਕਾਲੀ ਦਲ ’ਚ ਸਖਤ ਟੱਕਰ ਹੋਣ ਦੀ ਸੰਭਾਵਨਾ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ’ਚ ਚਾਰ ਵਿਧਾਨ ਸਭਾ ਸੀਟਾਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣ ਨੂੰ ਲੈ ਕੇ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਹਲਚਲ ਵਧਾ ਦਿੱਤੀ ਹੈ। ਚੋਣ ਕਮਿਸ਼ਨ ਵਲੋਂ ਅਜੇ ਤੱਕ ਇਨ੍ਹਾਂ ਚਾਰ ਹਲਕਿਆਂ ਦੀਆਂ ਚੋਣਾਂ ਲਈ ਤਰੀਕਾਂ ਦਾ ਐਲਾਨ ਭਾਵੇਂ ਅਜੇ ਤੱਕ ਨਹੀਂ ਕੀਤਾ ਗਿਆ, ਪਰ ਸਿਆਸੀ ਆਗੂਆਂ ਨੇ ਇਨ੍ਹਾਂ ਹਲਕਿਆਂ ਵਿਚ ਸਰਗਰਮੀਆਂ ਪੂਰੀ ਤਰ੍ਹਾਂ ਤੇਜ਼ ਕਰ ਦਿੱਤੀਆਂ ਹਨ। ਵਿਧਾਨ ਸਭਾ ਹਲਕਾ ਗਿੱਦੜਬਾਹਾ ਦੀ ਸੀਟ ਇਨ੍ਹਾਂ ਚਾਰਾਂ ਸੀਟਾਂ ਵਿਚੋਂ ਅਹਿਮ ਮੰਨੀ ਜਾ ਰਹੀ ਹੈ ਅਤੇ ਇਸ ਸੀਟ ’ਤੇ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਫਸਵਾਂ ਮੁਕਾਬਲਾ ਹੋਣ ਦੇ ਅਸਾਰ ਬਣ ਗਏ ਹਨ। ਗਿੱਦੜਬਾਹਾ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਰਾਜਾ ਵੜਿੰਗ ਵਿਧਾਇਕ ਸਨ ਅਤੇ ਉਨ੍ਹਾਂ ਨੇ ਲੋਕ ਸਭਾ ਦੀ ਚੋਣ ਜਿੱਤ ਕੇ ਵਿਧਾਇਕੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਗਿੱਦੜਬਾਹਾ ਸੀਟ ’ਤੇ ਕਈ ਸਿਆਸੀ ਆਗੂ ਚੋਣ ਮੈਦਾਨ ਵਿਚ ਆਉਣ ਲਈ ਤਿਆਰ ਹਨ। ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਗਿੱਦੜਬਾਹਾ ਤੋਂ ਚੋਣ ਲੜ ਸਕਦੇ ਹਨ ਅਤੇ ਉਨ੍ਹਾਂ ਨੇ ਵੀ ਇਸ ਹਲਕੇ ਵਿਚ ਮੀਟਿੰਗਾਂ ਦਾ ਦੌਰ ਲਗਾਤਾਰ ਚਲਾਇਆ ਹੋਇਆ ਹੈ। ਇਸੇ ਤਰ੍ਹਾਂ ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਵੀ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਧਿਆਨ ਰਹੇ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵੀ ਇਹ ਚਾਰੋ ਸੀਟਾਂ ਜਿੱਤਣ ਲਈ ਪੂਰਾ ਜ਼ੋਰ ਲਗਾਏਗੀ।

 

 

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਵਿਚ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਬਰਨਾਲਾ ਅਤੇ ਚੱਬੇਵਾਲ ’ਚ ਜ਼ਿਮਨੀ ਚੋਣ ਨਵੰਬਰ ਮਹੀਨੇ ’ਚ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਚਾਰਾਂ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਨੇ ਲੋਕ ਸਭਾ ਦੀ ਚੋਣ ਜਿੱਤ ਲਈ ਸੀ ਅਤੇ ਇਨ੍ਹਾਂ ਚਾਰਾਂ ਵਿਧਾਇਕਾਂ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਮੀਤ ਹੇਅਰ ਅਤੇ ਰਾਜ ਕੁਮਾਰ ਚੱਬੇਵਾਲ ਨੇ ਵਿਧਾਇਕੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਮੀਡੀਆ ਹਲਕਿਆਂ ਵਿਚ ਚਰਚਾ ਚੱਲ ਪਈ ਹੈ ਕਿ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹੁਣ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੋਣ ਲੜ ਸਕਦੇ ਹਨ। ਜਾਣਕਾਰੀ ਮਿਲੀ ਹੈ ਕਿ ਸੁਖਬੀਰ ਸਿੰਘ ਬਾਦਲ ਵਲੋਂ ਗਿੱਦੜਬਾਹਾ ਹਲਕੇ ਵਿਚ ਲਗਾਤਾਰ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਗਿੱਦੜਬਾਹਾ ਹਲਕੇ ਤੋਂ ਰਾਜਾ ਵੜਿੰਗ ਕਾਂਗਰਸ ਪਾਰਟੀ ਵਲੋਂ ਵਿਧਾਇਕ ਸਨ।  

 

 

 

  

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਐਤਵਾਰ 18 ਅਗਸਤ ਨੂੰ ਚੰਡੀਗੜ੍ਹ ਵਿਚ ਪੈਰਿਸ ਉਲੰਪਿਕ 2024 ’ਚ ਦੇਸ਼ ਦਾ ਮਾਣ ਵਧਾਉਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਉਲੰਪਿਕ ਵਿਚ ਹਿੱਸਾ ਲੈ ਕੇ ਪਰਤੇ ਪੰਜਾਬੀ ਖਿਡਾਰੀਆਂ ਨੂੰ 9 ਕਰੋੜ 35 ਲੱਖ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ। ਸੀਐਮ ਮਾਨ ਨੇ ਜੇਤੂ ਖਿਡਾਰੀਆਂ ਨੂੰ ਐਲਾਨ ਦੇ ਮੁਤਾਬਕ 1-1 ਕਰੋੜ ਰੁਪਏ ਅਤੇ ਬਾਕੀਆਂ ਨੂੰ 15-15 ਲੱਖ ਰੁਪਏ ਦਿੱਤੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਬਹੁਤ ਹੀ ਖੁਸ਼ੀ ਦਾ ਦਿਨ ਹੈ ਅਤੇ ਅੱਜ ਖਿਡਾਰੀਆਂ ਲਈ ਢੋਲ ਵੱਜ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿਚ ਇਕ ਵੱਡਾ ਹਾਕੀ ਟੁੂਰਨਾਮੈਂਟ ਕਰਵਾਉਣ ਬਾਰੇ ਸੋਚ ਰਹੇ ਹਾਂ, ਜਿਸ ਲਈ ਉਹ ਹਾਕੀ ਇੰਡੀਆ ਨਾਲ ਗੱਲ ਕਰਨਗੇ। ਸੀਐਮ ਨੇ ਕਿਹਾ ਕਿ ਹੁਣ ਖੇਡਾਂ ਲਈ ਜ਼ੋਨ ਬਣਾਏ ਜਾਣਗੇ, ਜਿਵੇਂ ਮਾਹਿਲਪੁਰ ਵਿਚ ਫੁੱਟਬਾਲ, ਸੁਨਾਮ ਵਿਚ ਮੁੱਕੇਬਾਜ਼ੀ, ਜਲੰਧਰ ਵਿਚ ਹਾਕੀ ਅਤੇ ਲੁਧਿਆਣਾ ਵਿਚ ਐਥਲੈਟਿਕਸ ਲਈ ਜ਼ੋਨ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਲਈ ਆਪਣੇ ਦਰਵਾਜ਼ੇ ਖੁੱਲ੍ਹੇ ਰੱਖੇਗੀ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਉਲੰਪਿਕ ਵਿਚ ਜਿੱਤ ਕੇ ਆਏ ਖਿਡਾਰੀਆਂ ਨੂੰ ਅਸੀਂ ਨੌਕਰੀਆਂ ਵੀ ਦਿਆਂਗੇ ਅਤੇ ਜਿਹੜੇ ਖਿਡਾਰੀ ਪਹਿਲਾਂ ਹੀ ਨੌਕਰੀ ਕਰ ਰਹੇ ਹਨ, ਉਨ੍ਹਾਂ ਨੂੰ ਤਰੱਕੀਆਂ ਦਿੱਤੀਆਂ ਜਾਣਗੀਆਂ।   

 

 

 

  

ਪੰਜਾਬ ’ਚ ਅਕਾਲੀ ਦਲ ਕੋਲ ਰਹਿ ਗਏ ਸਿਰਫ 2 ਵਿਧਾਇਕ

ਚੰਡੀਗੜ੍ਹ/ਬਿਊਰੋ ਨਿਊਜ਼

ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਵਿਧਾਨ ਸਭਾ ਹਲਕਾ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ’ਚ ਪ੍ਰੈੱਸ ਕਾਨਫਰੰਸ ਦੌਰਾਨ ਡਾ. ਸੁੱਖੀ ਨੂੰ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਦਿੱਤੀ ਅਤੇ ਉਨ੍ਹਾਂ ਦਾ ‘ਆਪ’ ਵਿਚ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਡਾ.  ਸੁੱਖੀ ਸ਼ੋ੍ਰਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਵੀ ਹਨ। ਪ੍ਰੈਸ ਕਾਨਫਰੰਸ ਮੌਕੇ ਆਮ ਆਦਮੀ ਪਾਰਟੀ ਦੇ ਸਕੱਤਰ ਜਨਰਲ ਡਾ. ਸੰਦੀਪ ਪਾਠਕ ਵੀ ਹਾਜ਼ਰ ਸਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਆਮ ਆਦਮੀ ਪਾਰਟੀ ਵਿਚ ਆਮ ਵਿਅਕਤੀ ਹਨ ਜਦਕਿ ਦੂਜੀਆਂ ਸਿਆਸੀ ਪਾਰਟੀਆਂ ’ਚ ਭਾਈ-ਭਤੀਜਾਵਾਦ ਭਾਰੂ ਹੈ। ਸੀਐਮ ਮਾਨ ਨੇ ਕਿਹਾ ਕਿ ਡਾ. ਸੁਖਵਿੰਦਰ ਸੁੱਖੀ ਨੂੰ ਪਾਰਟੀ ਵਿਚ ਬਣਦਾ ਸਨਮਾਨ ਦਿੱਤਾ ਜਾਵੇਗਾ। ਧਿਆਨ ਰਹੇ ਕਿ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਕੋਲ ਹੁਣ ਸਿਰਫ ਦੋ ਵਿਧਾਇਕ ਰਹਿ ਗਏ ਹਨ, ਜਿਨ੍ਹਾਂ ਵਿਚ ਮੁੱਲਾਂਪੁਰ ਦਾਖਾ ਤੋਂ ਮਨਪ੍ਰੀਤ ਸਿੰਘ ਇਆਲੀ ਅਤੇ ਮਜੀਠਾ ਹਲਕੇ ਤੋਂ ਵਿਧਾਇਕ ਗਨੀਵ ਕੌਰ ਸ਼ਾਮਲ ਹਨ।  

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.