Thursday, 18 June 2026

 

ਉਲੰਪਿਕ ’ਚ ਵਿਨੇਸ਼ ਫੋਗਾਟ ਨੂੰ ਆਯੋਗ ਕਰਾਰ ਦਿੱਤੇ ਜਾਣ ਦੀ ਕੀਤੀ ਤਿੱਖੀ ਆਲੋਚਨਾ

ਚੰਡੀਗੜ੍ਹ/ਬਿਊਰੋ ਨਿਊਜ਼

ਪੈਰਿਸ ’ਚ ਹੋ ਰਹੀਆਂ ਉਲੰਪਿਕ ਖੇਡਾਂ ਦੌਰਾਨ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ 100 ਗਰਾਮ ਭਾਰ ਜ਼ਿਆਦਾ ਹੋਣ ਕਾਰਨ ਇਤਿਹਾਸ ਰਚਣ ਵਾਲੇ ਫਾਈਨਲ ਮੁਕਾਬਲੇ ਤੋਂ ਆਯੋਗ ਕਰਾਰ ਦਿੱਤਾ ਗਿਆ ਸੀ। ਇਸ ਕਾਰਨ ਭਾਰਤ ਇਕ ਤਮਗੇ ਤੋਂ ਵਾਂਝਾ ਰਹਿ ਗਿਆ। ਇਸ ਘਟੀਆ ਫੈਸਲੇ ਕਾਰਨ ਵਿਨੇਸ਼ ਫੋਗਾਟ ਦਾ ਹੌਸਲਾ ਟੁੱਟ ਗਿਆ ਅਤੇ ਉਸਨੇ ਕੁਸ਼ਤੀ ਖੇਡ ਤੋਂ ਸੰਨਿਆਸ ਲੈਣ ਦਾ ਐਲਾਨ ਵੀ ਕਰ ਦਿੱਤਾ। ਇਸਦੇ ਨਾਲ ਹੀ ਹਰ ਭਾਰਤੀ ਦੇ ਦਿਲ ਨੂੰ ਵੀ ਠੇਸ ਪਹੁੰਚੀ ਹੈ। ਇਸੇ ਦੌਰਾਨ ਪਿ੍ਰੰਸੀਪਲ ਸਰਵਣ ਸਿੰਘ ਨੇ ਪਹਿਲਵਾਨ ਵਿਨੇਸ਼ ਫੋਗਾਟ ਨੂੰ ਅਯੋਗ ਕਰਾਰ ਦਿੱਤੇ ਜਾਣ ਵਾਲੇ ਮਾਮਲੇ ਦੀ ਆਲੋਚਨਾ ਕਰਦਿਆਂ ਕਿਹਾ ਕਿ ਪਹਿਲਵਾਨ ਨੂੰ ਘਿਨੌਣੀ ਸਾਜਿਸ਼ ਦਾ ਸ਼ਿਕਾਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਵਿਨੇਸ਼ ਫੋਗਾਟ ਨੂੰ ਇਸ ਵੇਲੇ ਸਭ ਤੋਂ ਵੱਧ ਆਪਣੇ ਲੋਕਾਂ ਦੇ ਪਿਆਰ ਅਤੇ ਆਸ਼ੀਰਵਾਦ ਦੀ ਜ਼ਰੂਰਤ ਹੈ। ਇਸੇ ਦੌਰਾਨ ਪਿ੍ਰੰਸੀਪਲ ਸਰਵਣ ਸਿੰਘ ਨੇ ਐਲਾਨ ਕੀਤਾ ਹੈ ਕਿ ਉਹ ਆਪਣੀਆਂ ਉਮਰ ਭਰ ਦੀਆਂ ਪ੍ਰਾਪਤੀਆਂ ਲਈ ਮਿਲੇ ਸਵਾ ਦੋ ਤੋਲੇ ਸੋਨੇ ਦੇ ਤਮਗੇ ਨੂੰ ਵਿਨੇਸ਼ ਫੋਗਾਟ ਦੀ ਝੋਲੀ ਪਾਉਣਗੇ। ਧਿਆਨ ਰਹੇ ਕਿ ਲੇਖਕ ਪਿ੍ਰੰਸੀਪਲ ਸਰਵਣ ਸਿੰਘ ਨੂੰ 5 ਮਾਰਚ 2023 ਨੂੰ ਪੰਜਾਬੀ ਖੇਡ ਪ੍ਰਮੋਟਰਾਂ ਵਲੋਂ ‘ਖੇਡ ਰਤਨ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਸੀ। 

 

ਲੋੜੀਂਦਾ ਮੀਂਹ ਨਾ ਪਿਆ ਤਾਂ ਬਿਜਲੀ ਦੀ ਵੀ ਹੋਵੇਗੀ ਸਮੱਸਿਆ

ਚੰਡੀਗੜ੍ਹ/ਬਿਊਰੋ ਨਿਊਜ਼  

ਉਤਰ ਭਾਰਤ ਵਿਚ ਇਸ ਵਾਰ ਹੁਣ ਤੱਕ ਉਮੀਦ ਦੇ ਮੁਤਾਬਕ ਮਾਨਸੂਨ ਦੀ ਸਰਗਰਮੀ ਨਹੀਂ ਰਹੀ, ਜਿਸ ਕਾਰਨ ਪੰਜਾਬ, ਹਰਿਆਣਾ ਅਤੇ ਹਿਮਾਚਲ ਵਿਚ ਘੱਟ ਮੀਂਹ ਪਿਆ  ਹੈ। ਇਹੀ ਕਾਰਨ ਹੈ ਕਿ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ ਭਾਖੜਾ ਡੈਮ ਦੇ ਪਾਣੀ ਦਾ ਪੱਧਰ 51 ਫੁੱਟ ਘੱਟ ਰਿਹਾ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਭਾਖੜਾ ਤੋਂ ਹੀ ਪੰਜਾਬ, ਹਰਿਆਣਾ, ਰਾਜਸਥਾਨ, ਚੰਡੀਗੜ੍ਹ ਅਤੇ ਦਿੱਲੀ ਨੂੰ ਪਾਣੀ ਜਾਂਦਾ ਹੈ। ਹੁਣ ਮਾਨਸੂਨ ਦਾ ਕਰੀਬ ਇਕ ਮਹੀਨਾ ਰਹਿ ਗਿਆ ਹੈ, ਜੇਕਰ ਅਗਲੇ ਦਿਨਾਂ ਦੌਰਾਨ ਲੋੜੀਂਦਾ ਮੀਂਹ ਨਾ ਪਿਆ ਤਾਂ ਪਾਣੀ ਅਤੇ ਬਿਜਲੀ ਦਾ ਗੰਭੀਰ ਸੰਕਟ ਪੈਦਾ ਹੋ ਸਕਦਾ ਹੈ। ਭਾਖੜਾ ਡੈਮ ਦੇ ਪਾਣੀ ਦਾ ਪੱਧਰ 1615 ਫੁੱਟ ਦਰਜ ਕੀਤਾ ਗਿਆ, ਜੋ ਪਿਛਲੇ ਸਾਲ 2023 ’ਚ ਇਨ੍ਹਾਂ ਦਿਨਾਂ ਦੌਰਾਨ 1666 ਫੁੱਟ ਸੀ। ਭਾਖੜਾ ਬਿਆਸ ਪ੍ਰਬੰਧਨ ਬੋਰਡ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਨਸੂਨ ਦਾ ਕਾਫੀ ਸਮਾਂ ਅਜੇ ਬਾਕੀ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਆਉਂਦੇ ਦਿਨਾਂ ਦੌਰਾਨ ਭਰਵੀਂ ਬਰਸਾਤ ਹੋਵੇਗੀ ਅਤੇ ਡੈਮ ਦੇ ਪਾਣੀ ਦਾ ਪੱਧਰ ਵਧ ਜਾਵੇਗਾ। ਧਿਆਨ ਰਹੇ ਕਿ ਭਾਖੜਾ ਡੈਮ ਦਾ ਪਾਣੀ ਜੇਕਰ 1680 ਫੁੱਟ ਤੱਕ ਚਲਾ ਜਾਵੇ ਤਾਂ ਇਸ ਨੂੰ ਖਤਰਾ ਮੰਨਿਆ ਜਾਂਦਾ ਹੈ।

 

ਬਲਵਿੰਦਰ ਸਿੰਘ ਭੂੰਦੜ ਨੂੰ ਬਣਾਇਆ ਗਿਆ ਬੋਰਡ ਦਾ ਚੇਅਰਮੈਨ

ਚੰਡੀਗੜ੍ਹ/ਬਿਊਰੋ ਨਿਊਜ਼

ਸ਼ੋ੍ਰਮਣੀ ਅਕਾਲੀ ਦਲ ਵਿਚ ਪੈਦਾ ਹੋਏ ਸਿਆਸੀ ਕਲੇਸ਼ ਦੇ ਚੱਲਦਿਆਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਕ ਸੰਸਦੀ ਬੋਰਡ ਦਾ ਗਠਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ। ਚੀਮਾ ਨੇ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਸੰਸਦੀ ਬੋਰਡ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਇਕ ਚੇਅਰਮੈਨ ਅਤੇ ਪੰਜ ਮੈਂਬਰ ਹੋਣਗੇ। ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਇਸ ਸੰਸਦੀ ਬੋਰਡ ਦਾ ਚੇਅਰਮੈਨ ਬਣਾਇਆ ਗਿਆ ਹੈ। ਇਸ ਸੰਸਦੀ ਬੋਰਡ ਵਿਚ ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ ਅਤੇ ਹੀਰਾ ਸਿੰਘ ਗਾਬੜੀਆ ਨੂੰ ਸ਼ਾਮਲ ਕੀਤਾ ਗਿਆ ਹੈ।  

ਆਜ਼ਾਦੀ ਦਿਵਸ ਸਮਾਗਮਾਂ ਦੇ ਮੱਦੇਨਜ਼ਰ ਪੁਲਿਸ ਨੇ ਵਧਾਈ ਚੌਕਸੀ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ ਯਾਨੀ ਆਜ਼ਾਦੀ ਦਿਵਸ ਮੌਕੇ ਜਲੰਧਰ ਵਿਖੇ ਸੂਬਾ ਪੱਧਰੀ ਸਮਾਗਮ ’ਚ ਸ਼ਿਰਕਤ ਕਰਨਗੇ ਅਤੇ ਤਿਰੰਗਾ ਲਹਿਰਾਉਣਗੇ। ਆਜ਼ਾਦੀ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਰੂਪਨਗਰ ਵਿਖੇ ਤਿਰੰਗਾ ਲਹਿਰਾਉਣਗੇ। ਇਸੇ ਤਰ੍ਹਾਂ ਮੰਤਰੀ ਹਰਪਾਲ ਸਿੰਘ ਚੀਮਾ ਪਟਿਆਲਾ, ਅਮਨ ਅਰੋੜਾ ਫਾਜ਼ਿਲਕਾ, ਡਾ. ਬਲਜੀਤ ਕੌਰ ਬਰਨਾਲਾ, ਕੁਲਦੀਪ ਸਿੰਘ ਧਾਲੀਵਾਲ ਤਰਨਤਾਰਨ ਅਤੇ ਲਾਲਜੀਤ ਸਿੰਘ ਭੁੱਲਰ ਫਿਰੋਜ਼ਪੁਰ ਵਿਖੇ ਤਿਰੰਗਾ ਲਹਿਰਾਉਣਗੇ। ਇਸਦੇ ਚੱਲਦਿਆਂ ਹਰਜੋਤ ਸਿੰਘ ਬੈਂਸ ਐਸ.ਏ.ਐਸ. ਨਗਰ, ਹਰਭਜਨ ਸਿੰਘ ਮੋਗਾ, ਚੇਤਨ ਸਿੰਘ ਜੌੜਾਮਾਜਰਾ ਮਾਨਸਾ, ਅਨਮੋਲ ਗਗਨ ਮਾਨ ਐਸ.ਬੀ.ਐਸ. ਨਗਰ, ਬਲਕਾਰ ਸਿੰਘ ਲੁਧਿਆਣਾ ਅਤੇ ਗੁਰਮੀਤ ਸਿੰਘ ਖੁੱਡੀਆਂ ਅੰਮਿ੍ਰਤਸਰ ਵਿਖੇ ਆਜ਼ਾਦੀ ਦਿਵਸ ਸਮਾਗਮਾਂ ਵਿਚ ਸ਼ਾਮਲ ਹੋਣਗੇ ਅਤੇ ਤਿਰੰਗਾ ਲਹਿਰਾਉਗੇ। ਇਸੇ ਤਰ੍ਹਾਂ ਬਾਕੀ ਰਹਿੰਦੇ ਜ਼ਿਲ੍ਹਿਆਂ ਵਿਚ ਡਿਵੀਜ਼ਨਲ ਕਮਿਸ਼ਨਰਜ਼ ਅਤੇ ਡਿਪਟੀ ਕਮਿਸ਼ਨਰਜ਼ ਵਲੋਂ ਆਜ਼ਾਦੀ ਦਿਵਸ ਸਮਾਗਮਾਂ ਦੀ ਪ੍ਰਧਾਨਗੀ ਕੀਤੀ ਜਾਵੇਗੀ। ਆਜ਼ਾਦੀ ਦਿਵਸ ਸਮਾਗਮਾਂ ਦੇ ਮੱਦੇਨਜ਼ਰ ਪੰਜਾਬ ਵਿਚ ਪੁਲਿਸ ਨੇ ਚੌਕਸੀ ਵਧਾ ਦਿੱਤੀ ਹੈ ਅਤੇ ਥਾਂ-ਥਾਂ ’ਤੇ ਚੈਕਿੰਗ ਵੀ ਕੀਤੀ ਜਾ ਰਹੀ ਹੈ। 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.