Thursday, 18 June 2026

ਸਾਰੀਆਂ ਸਿਆਸੀ ਪਾਰਟੀਆਂ ਨੂੰ ਸਮਰਥਨ ਲਈ ਕੀਤੀ ਅਪੀਲ

ਨਵੀਂ ਦਿੱਲੀ/ਬਿਊਰੋ ਨਿਊਜ਼ 

ਬਠਿੰਡਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਾਰੀਆਂ ਫਸਲਾਂ ’ਤੇ ਐਮਐਸਪੀ ਨੂੰ ਕਾਨੂੰਨੀ ਗਾਰੰਟੀ ਬਣਾਉਣ ਦੇ ਲਈ ਇਕ ਪ੍ਰਾਈਵੇਟ ਬਿੱਲ ਸੰਸਦ ਨੂੰ ਭੇਜਿਆ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਿਸਾਨਾਂ ਨੂੰ ਇਸ ਸਮੇਂ ਕਰਜ਼ੇ ਤੋਂ ਬਚਾਉਣਾ ਸਮੇਂ ਦੀ ਜ਼ਰੂਰਤ ਹੈ ਅਤੇ ਇਹ ਸਭ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਦੇ ਮੁਤਾਬਿਕ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਕਿਸਾਨ ਪਰੇਸ਼ਾਨ ਹੈ ਕਿਉਂਕਿ ਉਨ੍ਹਾਂ ਨੂੰ ਖਪਤਕਾਰ ਵਲੋਂ ਅਦਾ ਕੀਤੀ ਕੀਮਤ ਦਾ ਸਿਰਫ ਤੀਹ ਫੀਸਦੀ ਹੀ ਮਿਲਦਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਦੇ ਲਈ ਸਾਰੀਆਂ ਸਿਆਸੀ ਪਾਰਟੀਆਂ ਕੋਲੋਂ ਇਸ ਬਿੱਲ ਦੇ ਸਮਰਥਨ ਲਈ ਅਪੀਲ ਕਰਦੇ ਹਨ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਸੋਮਵਾਰ ਨੂੰ ਦਿੱਲੀ ਵਿਚ ਹਰਸਿਮਰਤ ਕੌਰ ਬਾਦਲ ਸਣੇ ਹੋਰ ਸਿਆਸੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਸੀ। ਇਨ੍ਹਾਂ ਸੰਸਦ ਮੈਂਬਰਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਸੀ ਕਿ ਉਹ ਹਰ ਕਦਮ ’ਤੇ ਉਨ੍ਹਾਂ ਦੇ ਨਾਲ ਹਨ ਅਤੇ ਕੋਸ਼ਿਸ਼ ਕੀਤੀ ਜਾਵੇਗੀ ਕਿ ਕਿਸਾਨਾਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਕਰਨਾ ਪਵੇ।

 

 

 

  

ਕਿਸਾਨ ਆਗੂ ਸਰਵਨ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਦਿੱਤੀ ਜਾਣਕਾਰੀ

ਨਵੀਂ ਦਿੱਲੀ/ਬਿਊਰੋ ਨਿਊਜ਼   

ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਨੇ ਦਿੱਲੀ ਵਿਚ ਪ੍ਰੈਸ ਕਾਨਫਰੰਸ ਕਰਦਿਆਂ ਹੋਇਆ ਵੱਡਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂ ਸਰਵਨ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਕਿਸਾਨ ਭਾਰਤ ਭਰ ’ਚ 15 ਅਗਸਤ ਨੂੰ ਟਰੈਕਟਰ ਮਾਰਚ ਕਰਨਗੇ। ਉਨ੍ਹਾਂ ਦੱਸਿਆ ਕਿ ਇਸਦੇ ਨਾਲ ਹੀ ਕੇਂਦਰ ਸਰਕਾਰ ਦੇ ਨਵੇਂ ਅਪਰਾਧਕ ਕਾਨੂੰਨ ਦੀਆਂ ਕਾਪੀਆਂ ਵੀ ਸਾੜੀਆਂ ਜਾਣਗੀਆਂ। ਧਿਆਨ ਰਹੇ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪਿਛਲੇ ਦਿਨੀਂ ਆਪਣੇ ਹੁਕਮਾਂ ਵਿਚ ਕਿਹਾ ਸੀ ਕਿ ਜਦੋਂ ਸ਼ੰਭੂ ਬਾਰਡਰ ’ਤੇ ਸਥਿਤੀ ਸ਼ਾਂਤੀਪੂਰਨ ਹੈ ਤਾਂ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਦਾ ਕੋਈ ਮਤਲਬ ਨਹੀਂ ਹੈ। ਹਾਈਕੋਰਟ ਨੇ ਕਿਹਾ ਸੀ ਕਿ ਆਪਣੀਆਂ ਮੰਗਾਂ ਲਈ ਸੰਘਰਸ਼ ਕਰਨਾ ਲੋਕਤੰਤਰਿਕ ਅਧਿਕਾਰ ਹੈ ਅਤੇ ਕਿਸਾਨਾਂ ਨੂੰ ਹਰਿਆਣਾ ਵਿਚ ਦਾਖਲ ਹੋਣ ਤੋਂ ਰੋਕਿਆ ਨਹੀਂ ਜਾ ਸਕਦਾ। ਜ਼ਿਕਰਯੋਗ ਹੈ ਕਿ ਸ਼ੰਭੂ ਅਤੇ ਖਨੌਰੀ ਦੇ ਬਾਰਡਰ ਤੋਂ ਕਿਸਾਨਾਂ ਨੂੰ ਹਰਿਆਣਾ ਸਰਕਾਰ ਨੇ ਅੱਗੇ ਨਹੀਂ ਲੰਘਣ ਦਿੱਤਾ ਸੀ ਤਾਂ ਕਿਸਾਨ ਉਥੇ ਹੀ ਧਰਨਾ ਲਗਾ ਕੇ ਬੈਠ ਗਏ ਸਨ। 

 

ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਵੀ ਫੂਕੇ ਗਏ

ਚੰਡੀਗੜ੍ਹ/ਬਿਊਰੋ ਨਿਊਜ਼

ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੱਦੇ ’ਤੇ ਅੱਜ ਪੰਜਾਬ ਵਿਚ ਵੱਖ ਵੱਖ ਥਾਈਂ ਸੂਬਾ ਸਰਕਾਰ ਖਿਲਾਫ ਜੰਮ ਦੇ ਰੋਸ ਪ੍ਰਦਰਸ਼ਨ ਹੋਏ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਵੀ ਫੂਕੇ ਗਏ ਹਨ। ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਠੇਕੇ ’ਤੇ ਕੰਮ ਕਰ ਰਹੇ ਕਰਮਚਾਰੀਆਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਪੱਕੇ ਕੀਤਾ ਜਾਵੇ। ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਤੋਂ ਪਹਿਲਾਂ ਜੋ ਵਾਅਦੇ ਕੀਤੇ ਸਨ, ਉਹ ਸਰਕਾਰ ਬਣਨ ਤੋਂ ਬਾਅਦ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਠੇਕੇ ’ਤੇ ਕੰਮ ਕਰ ਰਹੇ ਕਰਮਚਾਰੀਆਂ ਨਾਲ ਝੂਠੇ ਵਾਅਦੇ ਕਰ ਰਹੀ ਹੈ। ਇਸੇ ਦੌਰਾਨ ਅੱਜ ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਪਠਾਨਕੋਟ ਸਣੇ ਵੱਖ ਵੱਖ ਥਾਈਂ ਪੰਜਾਬ ਸਰਕਾਰ ਖਿਲਾਫ ਜੰਮ ਕੇ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਨਾਅਰੇਬਾਜ਼ੀ ਵੀ ਕੀਤੀ ਗਈ ਹੈ। ਯੂਨੀਅਨ ਆਗੂਆਂ ਦਾ ਇਹ ਵੀ ਕਹਿਣਾ ਸੀ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਫਿਰ ਵੱਡੇ ਸੰਘਰਸ਼ ਦੀ ਤਿਆਰੀ ਕੀਤੀ ਜਾਵੇਗੀ। 

 

ਪਿਛਲੇ ਦਿਨੀਂ ਓਮਾਨ ਦੇ ਸਮੁੰਦਰ ’ਚ ਪਲਟ ਗਿਆ ਸੀ ਤੇਲ ਵਾਲਾ ਸਮੁੰਦਰੀ ਟੈਂਕਰ

ਨਵੀਂ ਦਿੱਲੀ/ਬਿਊਰੋ ਨਿਊਜ਼

ਅਫਰੀਕੀ ਦੇਸ਼ ਕੋਮੋਰੋਸ ਦਾ ਝੰਡਾ ਲੱਗਾ ਇਕ ਤੇਲ ਵਾਲਾ ਸਮੁੰਦਰੀ ਟੈਂਕਰ ਲੰਘੀ 14 ਜੁਲਾਈ ਨੂੰ ਓਮਾਨ ਦੇ ਤੱਟ ’ਤੇ ਡੁੱਬਣ ਤੋਂ ਬਾਅਦ ਲਾਪਤਾ ਹੋ ਗਿਆ ਸੀ। ਇਸ ਸਮੁੰਦਰੀ ਟੈਂਕਰ ਵਿਚ 13 ਭਾਰਤੀਆਂ ਸਣੇ 16 ਕਰੂ ਮੈਂਬਰ ਸਵਾਰ ਸਨ। ਇਨ੍ਹਾਂ ਵਿਚੋਂ 9 ਕਰੂ ਮੈਂਬਰਾਂ ਨੂੰ ਤਾਂ ਸੁਰੱਖਿਅਤ ਲੱਭ ਲਿਆ ਗਿਆ ਸੀ ਅਤੇ ਇਕ ਕਰੂ ਮੈਂਬਰ ਮਿ੍ਰਤਕ ਪਾਇਆ ਗਿਆ ਸੀ। ਇਸ ਜਹਾਜ਼ ਦੇ ਚਾਲਕ ਦਲ ਵਿਚ ਪਠਾਨਕੋਟ ਨਿਵਾਸੀ ਮਰਚੈਂਟ ਨੇਵੀ ਅਫਸਰ ਰਾਜਿੰਦਰ ਸਿੰਘ ਵੀ ਸ਼ਾਮਲ ਸੀ। ਜਿਸ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ। ਨੇਵੀ ਅਫਸਰ ਰਾਜਿੰਦਰ ਸਿੰਘ ਦੀ ਪਤਨੀ ਨਿਰਮਲ ਮਿਨਹਾਸ ਨੇ ਦੱਸਿਆ ਕਿ ਉਨ੍ਹਾਂ ਦਾ ਪਤੀ 11 ਜੁਲਾਈ ਨੂੰ ਹੀ ਡਿਊਟੀ ’ਤੇ ਗਿਆ ਸੀ ਅਤੇ 14 ਜੁਲਾਈ ਨੂੰ ਖਬਰ ਆ ਗਈ ਕਿ ਉਨ੍ਹਾਂ ਦਾ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਨੇਵੀ ਅਫਸਰ ਰਾਜਿੰਦਰ ਸਿੰਘ ਸਣੇ 6 ਕਰੂ ਮੈਂਬਰ ਅਜੇ ਵੀ ਲਾਪਤਾ ਹੀ ਹਨ।    

 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.