Friday, 19 June 2026

ਦੋ ਸਾਲ ਪਹਿਲਾਂ ਭਾਰਤੀ ਫੌਜ ’ਚ ਹੋਇਆ ਸੀ ਭਰਤੀ

ਮਾਨਸਾ/ਬਿਊਰੋ ਨਿਊਜ਼ : ਪੰਜਾਬ ਦੇ ਮਾਨਸਾ ਜ਼ਿਲ੍ਹੇ ਦਾ ਅਗਨੀਵੀਰ 24 ਸਾਲਾ ਲਵਪ੍ਰੀਤ ਨਰਿੰਦਰ ਕੁੱਪਵਾੜਾ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਸ਼ਹੀਦ ਹੋ ਗਿਆ। ਸ਼ਹੀਦ ਅਗਨੀਵੀਰ ਲਵਪ੍ਰੀਤ ਮਾਨਸਾ ਜ਼ਿਲ੍ਹੇ ਦੇ ਪਿੰਡ ਅਕਲੀਆਂ ਦਾ ਰਹਿਣ ਵਾਲਾ ਸੀ ਅਤੇ ਉਹ ਮੀਡੀਅਮ ਰੈਜੀਮੈਂਟ ’ਚ ਤਾਇਨਾਤ ਸੀ। ਸ਼ਹੀਦ ਲਵਪ੍ਰੀਤ ਦੋ ਸਾਲ ਪਹਿਲਾਂ ਅਗਨੀਵੀਰ ਯੋਜਨਾ ਤਹਿਤ ਭਾਰਤੀ ਫੌਜ ਵਿਚ ਭਰਤੀ ਹੋਇਆ ਸੀ। ਲਵਪ੍ਰੀਤ ਦੇ ਸ਼ਹੀਦ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸਮੁੱਚੇ ਪਿੰਡ ਵਿਚ ਸ਼ੋਕ ਦੀ ਲਹਿਰ ਛਾ ਗਈ ਅਤੇ ਵੱਡੀ ਗਿਣਤੀ ਲੋਕ ਪਰਿਵਾਰਕ ਮੈਂਬਰ ਦਿਲਾਸਾ ਦੇਣ ਲਈ ਪਹੁੰਚੇ। ਇਸ ਮੌਕੇ ਪਿੰਡ ਦੇ ਸਰਪੰਚ ਨੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਚਾਰ ਸਾਲ ਦੀ ਸਮਾਂ ਸੀਮਾ ਵਾਲੀ ਇਸ ਯੋਜਨਾ ਤਹਿਤ ਭਰਤੀ ਹੋਏ ਨੌਜਵਾਨਾਂ ਨੂੰ ਵੀ ਦੂਜੇ ਫੌਜੀ ਜਵਾਨਾਂ ਦੇ ਬਰਾਬਰ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ।  

ਘਰ-ਘਰ ਜਾ ਕੇ ਪਾਰਟੀ ਉਮੀਦਵਾਰਾਂ ਦੇ ਹੱਕ ’ਚ ਕਰ ਰਹੇ ਹਨ ਚੋਣ ਪ੍ਰਚਾਰ 

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਲਈ ਆਉਂਦੀ 5 ਫਰਵਰੀ ਨੂੰ ਵੋਟਾਂ ਪਾਈਆਂ ਜਾਣਗੀਆਂ। ਜਿਸ ਦੇ ਚਲਦਿਆਂ ਚੋਣ ਪ੍ਰਚਾਰ ਲਈ ਆਮ ਆਦਮੀ ਪਾਰਟੀ ਵੱਲੋਂ ਲੰਘੇ ਦਿਨੀਂ 40 ਸਟਾਰ ਪ੍ਰਚਾਰਕਾਂ ਦੀ ਸੂਚੀ ਵੀ ਜਾਰੀ ਕੀਤੀ ਗਈ ਸੀ। ਇਸ ਸੂਚੀ ਵਿਚ ਬੇਸ਼ੱਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦਾ ਨਾਮ ਸ਼ਾਮਲ ਨਹੀਂ ਹੈ, ਪਰ ਉਹ ਫਿਰ ਵੀ ਦਿੱਲੀ ਚੋਣਾਂ ’ਚ ਪ੍ਰਚਾਰ ਦੀ ਕਮਾਂਡ ਸੰਭਾਲ ਰਹੇ ਹਨ ਅਤੇ ਪਿਛਲੇ ਕਈ ਦਿਨਾਂ ਤੋਂ ਦਿੱਲੀ ’ਚ ਸਰਗਰਮੀ ਨਾਲ ਚੋਣ ਪ੍ਰਚਾਰ ਕਰ ਰਹੇ ਹਨ। ਡਾ. ਗੁਰਪ੍ਰੀਤ ਕੌਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਘਰ-ਘਰ ਜਾ ਚੋਣ ਪ੍ਰਚਾਰ ਕਰ ਰਹੇ ਹਨ ਅਤੇ ਉਹ ਪੰਜਾਬ ਸਰਕਾਰ ਵੱਲੋਂ ਸੂਬੇ ’ਚ ਕੀਤੇ ਗਏ ਚੰਗੇ ਕੰਮਾਂ ਸਬੰਧੀ ਦੱਸ ਕੇ ਲੋਕਾਂ ਨੂੰ ਪਾਰਟੀ ਨਾਲ ਜੋੜ ਰਹੇ ਹਨ। ‘ਆਪ’ ਉਮੀਦਵਾਰਾਂ ਨੂੰ ਆਸ ਹੈ ਕਿ ਉਨ੍ਹਾਂ ਦੇ ਪ੍ਰਚਾਰ ਨਾਲ ਪਾਰਟੀ ਨੂੰ ਜ਼ਰੂਰ ਫਾਇਦਾ ਮਿਲੇਗਾ। ਜ਼ਿਕਰਯੋਗ ਹੈ ਕਿ ਡਾ. ਗੁਰਪ੍ਰੀਤ ਕੌਰ ਲੋਕ ਸਭਾ ਚੋਣਾਂ 2024 ਦੌਰਾਨ ਵੀ ਚੋਣ ਪ੍ਰਚਾਰ ਕਰ ਚੁੱਕੇ ਹਨ।

ਗਣਤੰਤਰ ਦਿਵਸ ਦੀ ਪਰੇਡ ਅਤੇ ਸੈਸ਼ਨ ’ਚ ਸ਼ਾਮਲ ਹੋਣ ਦੀ ਮੰਗੀ ਆਗਿਆ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਦੇ ਪ੍ਰਧਾਨ ਅੰਮਿ੍ਰਤਪਾਲ ਸਿੰਘ ਵੱਲੋਂ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਰਾਹੀਂ ਉਨ੍ਹਾਂ ਗਣਤੰਤਰ ਦਿਵਸ ਦੀ ਪਰੇਡ ਅਤੇ ਸੰਸਦ ਦੇ ਸੈਸ਼ਨ ਵਿਚ ਹਿੱਸਾ ਲੈਣ ਦੀ ਆਗਿਆ ਮੰਗੀ ਹੈ। ਅੰਮਿ੍ਰਤਪਾਲ ਸਿੰਘ ਨੇ ਆਪਣੀ ਪਟੀਸ਼ਨ ਵਿਚ ਦਲੀਲ ਦਿੱਤੀ ਕਿ ਗਣਤੰਤਰ ਦਿਵਸ ਅਤੇ ਸੰਸਦ ਦੇ ਸੈਸ਼ਨ ਵਿਚ ਉਨ੍ਹਾਂ ਦੀ ਸ਼ਮੂਲੀਅਤ ਨਿਆਂ ਅਤੇ ਸਮਾਨਤਾ ਦੇ ਹਿੱਤ ਵਿਚ ਹੈ। ਉਨ੍ਹਾਂ ਕਿਹਾ ਕਿ ਇਕ ਸੰਸਦ ਮੈਂਬਰ ਹੋਣ ਦੇ ਨਾਤੇ ਉਨ੍ਹਾਂ ਦਾ ਇਹ ਸੰਵਿਧਾਨਕ ਫ਼ਰਜ਼ ਬਣਦਾ ਹੈ ਕਿ ਉਹ ਸੰਸਦ ਦੇ ਸੈਸ਼ਨਾਂ ਵਿਚ ਸ਼ਾਮਿਲ ਹੋਣ ਅਤੇ ਸੰਸਦ ਵਿਚ ਜਨਤਕ ਮੁੱਦੇ ਉਠਾਉਣ। ਪਟੀਸ਼ਨ ਵਿਚ ਅੰਮਿ੍ਰਤਪਾਲ ਸਿੰਘ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਧਿਰ ਬਣਾਇਆ ਹੈ। ਧਿਆਨ ਰਹੇ ਕਿ ਅੰਮਿ੍ਰਤਪਾਲ ਸਿੰਘ ਇਸ ਸਮੇਂ ਐਨਐਸਏ ਐਕਟ ਦੇ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ। 

 

ਕਿਹਾ : ਉਮੀਦ ਹੈ ਕਿ ਡੱਲੇਵਾਲ ਆਪਣੀ ਸਿਹਤ ਦਾ ਰੱਖਣਗੇ ਖਿਆਲ

ਨਵੀਂ ਦਿੱਲੀ/ਬਿਊਰੋ ਨਿਊਜ਼ : ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ’ਤੇ ਭੁੱਖ ਹੜਤਾਲ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਦਾ ਪੱਖ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਵੱਲੋਂ ਰੱਖਿਆ ਗਿਆ ਹੈ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ 18 ਜਨਵਰੀ ਨੂੰ ਕੇਂਦਰ ਸਰਕਾਰ ਵੱਲੋਂ ਆਪਣਾ ਇਕ ਪ੍ਰਤੀਨਿਧੀ ਮੰਡਲ ਖਨੌਰੀ ਭੇਜਿਆ ਗਿਆ ਸੀ ਅਤੇ ਉਨ੍ਹਾਂ ਵੱਲੋਂ 14 ਫਰਵਰੀ ਨੂੰ ਕਿਸਾਨਾਂ ਦੇ ਨਾਲ ਮੀਟਿੰਗ ਤੈਅ ਕੀਤੀ ਗਈ ਹੈ। ਜਿਸ ਤੋਂ ਬਾਅਦ ਡੱਲੇਵਾਲ ਨੇ ਮੈਡੀਕਲ ਸਹਾਇਤਾ ਲੈਣੀ ਸ਼ੁਰੂ ਕਰ ਦਿੱਤੀ ਸੀ ਅਤੇ ਡੱਲੇਵਾਲ ਦੀ ਸਿਹਤ ’ਚ ਸੁਧਾਰ ਹੋਇਆ ਹੈ। ਇਸ ਤੋਂ ਬਾਅਦ ਜਸਟਿਸ ਕਾਂਤ ਨੇ ਕਿਹਾ ਕਿ ਉਮੀਦ ਹੈ ਕਿ ਡੱਲੇਵਾਲ ਆਪਣੀ ਸਿਹਤ ਦਾ ਖਿਆਲ ਰੱਖਣਗੇ ਕਿਉਂਕਿ ਉਹ ਮਾਨਸਿਕ ਰੂਪ ਨਾਲ ਮਜ਼ਬੂਤ ਹਨ ਅਤੇ ਉਹ ਆਪਣੇ ਹੱਕਾਂ ਲਈ ਲੜ ਰਹੇ ਹਨ। ਡੱਲੇਵਾਲ ਦੀ ਸਿਹਤ ਸਬੰਧੀ ਰਿਪੋਰਟ ਪੇਸ਼ ਕਰਨ ’ਤੇ ਜਸਟਿਸ ਕਾਂਤ ਭੜਕ ਉਠੇ ਅਤੇ ਉਨ੍ਹਾਂ ਕਿਹਾ ਕਿ ਰਿਪੋਰਟ ’ਚੋਂ ਇਹ ਲਾਈਨ ਹਟਾ ਦਿੱਤੀ ਜਾਵੇ ਜਿਸ ’ਚ ਕਿਹਾ ਗਿਆ ਹੈ ਕਿ ਡੱਲੇਵਾਲ ਹੁਣ ਖਤਰੇ ਤੋਂ ਬਾਹਰ ਹਨ। ਉਨ੍ਹਾਂ ਕਿਹਾ ਕਿ ਰਿਪੋਰਟ ’ਚ ਸਿਰਫ਼ ਇਹ ਲਿਖਿਆ ਜਾਵੇ ਕਿ ਉਨ੍ਹਾਂ ਦੀ ਸਿਹਤ ’ਚ ਸੁਧਾਰ ਹੋਇਆ ਹੈ।

 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.