Tuesday, 16 June 2026

ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨੇ ਆਪਸ ’ਚ ਕੀਤੀ ਗੱਲਬਾਤ

ਨਵੀਂ ਦਿੱਲੀ/ਬਿਊਰੋ ਨਿਊਜ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ ਹੈ। ਇਨ੍ਹਾਂ ਦੋਵਾਂ ਆਗੂਆਂ ਨੇ ਭਾਰਤ-ਨਿਊਜ਼ੀਲੈਂਡ ਵਿਚਾਲੇ ਇਕ ਇਤਿਹਾਸਕ ਮੁਕਤ ਵਪਾਰਕ ਸਮਝੌਤੇ ਦਾ ਸਾਂਝੇ ਰੂਪ ਵਿਚ ਐਲਾਨ ਕੀਤਾ। ਦੋਵੇਂ ਆਗੂੁਆਂ ਨੇ ਸਹਿਮਤੀ ਪ੍ਰਗਟਾਈ ਹੈ ਕਿ ਇਹ ਸਮਝੌਤਾ ਦੋਵੇਂ ਦੇਸ਼ਾਂ ਵਿਚਾਲੇ ਵਪਾਰ, ਨਿਵੇਸ਼ ਅਤੇ ਸਾਂਝੇ ਮੌਕਿਆਂ ਨੂੰ ਉਤਸ਼ਾਹਿਤ ਕਰੇਗਾ। ਇਨ੍ਹਾਂ ਆਗੂਆਂ ਨੇ ਰੱਖਿਆ, ਖੇਡ, ਸਿੱਖਿਆ ਅਤੇ ਲੋਕਾਂ ਵਿਚਾਲੇ ਸੰਪਰਕ ਸਹਿਤ ਦੁਵੱਲੇ ਸਹਿਯੋਗ ਸਬੰਧੀ ਹੋਰ ਖੇਤਰਾਂ ਵਿਚ ਹੋਈ ਪ੍ਰਗਤੀ ਦਾ ਵੀ ਸਵਾਗਤ ਕੀਤਾ। ਦੱਸਣਯੋਗ ਹੈ ਕਿ ਇਨ੍ਹਾਂ ਦੋਵਾਂ ਦੇਸ਼ਾਂ ਵਿਚਕਾਰ ਗੱਲਬਾਤ 2010 ਵਿਚ ਸ਼ੁਰੂ ਹੋਈ ਸੀ ਅਤੇ ਫਿਰ 9 ਦੌਰਾਂ ਤੋਂ ਬਾਅਦ ਇਹ ਗੱਲਬਾਤ ਬੰਦ ਹੋ ਗਈ ਸੀ ਤੇ ਇਸ ਸਾਲ ਇਹ ਗੱਲਬਾਤ ਦੁਬਾਰਾ ਸ਼ੁਰੂ ਹੋਈ ਸੀ। 

ਭਾਰਤ ਨਾਲ ਰਣਨੀਤਕ ਸਾਂਝ ਹੋਵੇਗੀ ਹੋਰ ਮਜ਼ਬੂਤ

ਵਾਸ਼ਿੰਗਟਨ/ਬਿਊਰੋ ਨਿਊਜ਼     

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਾਲਾਨਾ ਰੱਖਿਆ ਨੀਤੀ ਬਿੱਲ-2026 ’ਤੇ ਦਸਤਖਤ ਕਰਕੇ ਇਸ ਨੂੰ ਕਾਨੂੰਨ ਵਜੋਂ ਮਾਨਤਾ ਦੇ ਦਿੱਤੀ ਹੈ। ਇਹ ਨਵਾਂ ਕਾਨੂੰਨ ਭਾਰਤ ਅਤੇ ਅਮਰੀਕਾ ਦੇ ਰਿਸ਼ਤਿਆਂ ਵਿੱਚ ਇੱਕ ਨਵਾਂ ਮੀਲ ਪੱਥਰ ਸਾਬਤ ਹੋਵੇਗਾ ਅਤੇ ਇਸ ਵਿੱਚ ਭਾਰਤ ਨਾਲ ਰੱਖਿਆ ਸਬੰਧਾਂ ਨੂੰ ਹੋਰ ਮਜ਼ਬੂਤ ਅਤੇ ਵੱਡਾ ਕਰਨ ਉਤੇ ਜ਼ੋਰ ਦਿੱਤਾ ਗਿਆ ਹੈ। ਇਸ ਕਾਨੂੰਨ ਤਹਿਤ ‘ਕੁਆਡ’ ਦੇਸ਼ਾਂ ਰਾਹੀਂ ਹਿੰਦ-ਪ੍ਰਸ਼ਾਂਤ ਖੇਤਰ ਨੂੰ ਮੁਕਤ ਅਤੇ ਖੁੱਲ੍ਹਾ ਰੱਖਣ ਦੇ ਸਾਂਝੇ ਉਦੇਸ਼ ਨੂੰ ਅੱਗੇ ਵਧਾਇਆ ਜਾਵੇਗਾ ਤਾਂ ਜੋ ਚੀਨ ਵੱਲੋਂ ਪੇਸ਼ ਕੀਤੀਆਂ ਜਾ ਰਹੀਆਂ ਚੁਣੌਤੀਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਸਾਹਮਣਾ ਕੀਤਾ ਜਾ ਸਕੇ। ਇਸ ਕਾਨੂੰਨ ਵਿੱਚ ਭਾਰਤ ਨੂੰ ਇੱਕ ਅਹਿਮ ਭਾਈਵਾਲ ਵਜੋਂ ਮਾਨਤਾ ਦਿੱਤੀ ਗਈ ਹੈ ਅਤੇ ਸਾਂਝੇ ਫੌਜੀ ਅਭਿਆਸਾਂ ਤੇ ਸਮੁੰਦਰੀ ਸੁਰੱਖਿਆ ਵਿੱਚ ਸਹਿਯੋਗ ਵਧਾਉਣ ਦੀ ਗੱਲ ਵੀ ਕਹੀ ਗਈ ਹੈ। ਇਸ ਕਾਨੂੰਨ ਬਾਰੇ ਦੱਸਿਆ ਗਿਆ ਹੈ ਕਿ ਇਹ ਕਾਨੂੰਨ ਗਲੋਬਲ ਸੁਰੱਖਿਆ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।     

 

 

 

  

ਢਾਕਾ/ਬਿਊਰੋ ਨਿਊਜ਼

ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਵਿਰੋਧੀ ਨੇਤਾ ਉਸਮਾਨ ਹਾਦੀ ਦੀ ਵੀਰਵਾਰ ਰਾਤ ਨੂੰ ਮੌਤ ਹੋ ਗਈ। ਉਸਮਾਨ ਹਾਦੀ ਦੀ ਮੌਤ ਤੋਂ ਬਾਅਦ ਬੰਗਲਾਦੇਸ਼ ਵਿਚ ਹਾਲਾਤ ਵਿਗੜ ਗਏ ਹਨ ਅਤੇ ਕਈ ਥਾਵਾਂ ’ਤੇ ਹਿੰਸਾ ਵੀ ਹੋਈ ਹੈ। ਪ੍ਰਦਰਸ਼ਨਕਾਰੀਆਂ ਨੇ ਦੇਸ਼ ਦੇ ਵੱਡੇ ਅਖਬਾਰਾਂ ਦੇ ਦਫਤਰਾਂ ਵਿਚ ਦਾਖਲ ਹੋ ਕੇ ਭੰਨਤੋੜ ਕੀਤੀ ਅਤੇ ਕਈ ਥਾਵਾਂ ’ਤੇ ਅਗਜ਼ਨੀ ਦੀਆਂ ਘਟਨਾਵਾਂ ਵੀ ਵਾਪਰੀਆਂ ਹਨ। ਜ਼ਿਕਰਯੋਗ ਹੈ ਕਿ ਹਾਦੀ 12 ਫਰਵਰੀ 2026 ਨੂੰ ਹੋਣ ਵਾਲੀਆਂ ਆਮ ਚੋਣਾਂ ਵਿਚ ਉਮੀਦਵਾਰ ਵੀ ਸੀ। ਪਿਛਲੇ ਹਫਤੇ ਢਾਕਾ ਦੇ ਬਿਜੋਏਨਗਰ ਇਲਾਕੇ ਵਿਚ ਚੋਣ ਪ੍ਰਚਾਰ ਦੌਰਾਨ ਹਮਲਾਵਰਾਂ ਨੇ ਉਸਦੇ ਸਿਰ ਵਿਚ ਗੋਲੀ ਮਾਰ ਦਿੱਤੀ ਸੀ ਅਤੇ ਹਸਪਤਾਲ ਵਿਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ ਹੈ। ਹਾਦੀ 2024 ਦੇ ਵਿਦਿਆਰਥੀ ਅੰਦੋਲਨ ਦੇ ਪ੍ਰਮੁੱਖ ਆਗੂਆਂ ਵਿਚੋਂ ਇਕ ਸੀ। 

 

ਕਿਹਾ : ਅਮਰੀਕਾ ਨੇ ਟੈਰਿਫ ਨਾਲ ਉਮੀਦ ਤੋਂ ਜ਼ਿਆਦਾ ਪੈਸਾ ਕਮਾਇਆ

ਵਾਸ਼ਿੰਗਟਨ/ਬਿਊਰੋ ਨਿਊਜ਼  

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਟੈਰਿਫ ਅੰਗਰੇਜ਼ੀ ਦਾ ਉਨ੍ਹਾਂ ਦਾ ਮਨਪਸੰਦ ਸ਼ਬਦ ਹੈ। ਟਰੰਪ ਨੇ ਦਾਅਵਾ ਕੀਤਾ ਕਿ ਇਸਦੀ ਮੱਦਦ ਨਾਲ ਉਨ੍ਹਾਂ ਨੇ ਆਪਣੇ ਕਾਰਜਕਾਲ ਦੇ ਪਹਿਲੇ 10 ਮਹੀਨਿਆਂ ਵਿਚ ਦੁਨੀਆ ਭਰ ਵਿਚ 8 ਜੰਗਾਂ ਨੂੰ ਰੋਕਿਆ ਹੈ। ਟਰੰਪ ਨੇ ਆਪਣੇ ਕਾਰਜਕਾਲ ਦੇ 11 ਮਹੀਨੇ ਪੂਰੇ ਹੋਣ ’ਤੇ ਵਾਈਟ ਹਾਊਸ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ। ਟਰੰਪ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜੋਅ ਬਾਈਡਨ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਨੇ ਸੱਤਾ ਛੱਡਣ ਸਮੇਂ ਸਾਨੂੰ ਵੱਡਾ ਸੰਕਟ ਸੌਂਪਿਆ ਸੀ। ਡੋਨਾਲਡ ਟਰੰਪ ਨੇ ਅਮਰੀਕਾ ਵਿਚ ਮਹਿੰਗਾਈ ਦੇ ਮੁੱਦੇ ਨੂੰ ਨਜ਼ਰਅੰਦਾਜ ਕਰਦੇ ਹੋਏ ਕਿਹਾ ਕਿ ਕੈਨੇਡਾ, ਮੈਕਸੀਕੋ, ਬ੍ਰਾਜ਼ੀਲ ਅਤੇ ਭਾਰਤ ਸਣੇ ਕਈ ਦੇਸ਼ਾਂ ’ਤੇ ਲਗਾਏ ਟੈਰਿਫ ਤੋਂ ਅਮਰੀਕੀ ਅਰਥ ਵਿਵਸਥਾ ਨੂੰ ਫਾਇਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਟੈਰਿਫ ਨਾਲ ਅਮਰੀਕਾ ਨੇ ਉਮੀਦ ਤੋਂ ਜ਼ਿਆਦਾ ਪੈਸਾ ਕਮਾਇਆ ਹੈ। 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.