Tuesday, 16 June 2026

ਕਿਹਾ : ਅਮਰੀਕੀਆਂ ਨੂੰ ਟੈਰਿਫ ਮਾਲੀਏ ’ਚੋਂ ਦਿਆਂਗੇ ਲਾਭ

ਵਾਸ਼ਿੰਗਟਨ/ਬਿਊਰੋ ਨਿਊਜ਼ 

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੀ ਟੈਰਿਫ ਨੀਤੀ ਦਾ ਬਚਾਅ ਕਰਦੇ ਹੋਏ ਇਸਦਾ ਵਿਰੋਧ ਕਰਨ ਵਾਲਿਆਂ ਨੂੰ ‘ਮੂਰਖ’ ਦੱਸਿਆ। ਟਰੰਪ ਨੇ ਦਾਅਵਾ ਕੀਤਾ ਹੈ ਕਿ ਟੈਰਿਫ ਨੇ ਅਮਰੀਕਾ ਨੂੰ ਵਿਸ਼ਵ ਦਾ ਸਭ ਤੋਂ ਅਮੀਰ ਅਤੇ ਸਤਿਕਾਰਤ ਦੇਸ਼ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਚ ਆਮਦਨ ਵਾਲੇ ਵਿਅਕਤੀਆਂ ਨੂੰ ਛੱਡ ਕੇ ਟੈਰਿਫ ਮਾਲੀਏ ਵਿਚੋਂ ਘੱਟੋ-ਘੱਟ 2 ਹਜ਼ਾਰ ਡਾਲਰ ਅਮਰੀਕਾ ਦੇ ਹਰ ਇਕ ਵਾਸੀ ਨੂੰ ਦਿੱਤਾ ਜਾਵੇਗਾ। ਟਰੰਪ ਨੇ ਦਾਅਵਾ ਕੀਤਾ ਹੈ ਕਿ ਅਮਰੀਕਾ ਟੈਰਿਫ ਤੋਂ ‘ਖਰਬਾਂ’ ਡਾਲਰ ਲੈ ਰਿਹਾ ਹੈ ਅਤੇ ਅਮਰੀਕਾ ਜਲਦੀ ਹੀ ਆਪਣੇ ਵੱਡੇ ਕਰਜ਼ੇ 37 ਟਿ੍ਰਲੀਅਨ ਡਾਲਰ ਦਾ ਭੁਗਤਾਨ ਕਰਨਾ ਸ਼ੁਰੂ ਕਰ ਦੇਵੇਗਾ। ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਦੇਸ਼ ਵਿਚ ਰਿਕਾਰਡ ਨਿਵੇਸ਼ ਆ ਰਿਹਾ ਹੈ ਅਤੇ ਹਰ ਥਾਂ ਪਲਾਟ ਅਤੇ ਫੈਕਟਰੀਆਂ ਵਧ ਰਹੀਆਂ ਹਨ। ਇਹ ਵੀ ਦੱਸਣਯੋਗ ਹੈ ਕਿ ਡੋਨਾਲਡ ਟਰੰਪ ਨੇ ਲੰਘੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧੀਆ ਇਨਸਾਨ ਦੱਸਿਆ ਸੀ। 

ਟਰੰਪ ਨੇ ਫਿਰ ਪੀਐਮ ਨਰਿੰਦਰ ਮੋਦੀ ਨੂੰ ਦੱਸਿਆ ਚੰਗਾ ਇਨਸਾਨ

ਵਾਸ਼ਿੰਗਟਨ/ਬਿਊਰੋ ਨਿਊਜ਼    

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹ ਅਗਲੇ ਸਾਲ ਭਾਰਤ ਜਾ ਸਕਦੇ ਹਨ। ਟਰੰਪ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਗੱਲਬਾਤ ਬਹੁਤ ਵਧੀਆ ਚੱਲ ਰਹੀ ਹੈ ਅਤੇ ਦੋਵੇਂ ਦੇਸ਼ਾਂ ਭਾਰਤ ਅਤੇ ਅਮਰੀਕਾ ਵਿਚਾਲੇ ਵਪਾਰ ਸਮਝੌਤੇ ’ਤੇ ਚਰਚਾ ਵੀ ਅੱਗੇ ਵਧ ਰਹੀ ਹੈ। ਵਾਈਟ ਹਾਊਸ ਦੇ ਓਵਲ ਦਫਤਰ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਟਰੰਪ ਨੇ ਇਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ਦੋਸਤ ਅਤੇ ਚੰਗਾ ਇਨਸਾਨ ਦੱਸਿਆ ਹੈ। ਜਦੋਂ ਮੀਡੀਆ ਨੇ ਟਰੰਪ ਕੋਲੋਂ ਪੁੱਛਿਆ ਕਿ ਕੀ ਉਹ ਅਗਲੇ ਸਾਲ ਭਾਰਤ ਜਾਣਗੇ ਤਾਂ ਟਰੰਪ ਨੇ ਹੱਸਦੇ ਹੋਏ ਕਿਹਾ ਕਿ ਹੋ ਸਕਦਾ ਹੈ। ਇਸੇ ਦੌਰਾਨ ਅਮਰੀਕੀ ਰਾਸ਼ਟਰਪਤੀ ਨੇ ਫਿਰ ਦਾਅਵਾ ਕੀਤਾ ਕਿ ਉਨ੍ਹਾਂ ਨੇ ਭਾਰਤ-ਪਾਕਿਸਤਾਨ ਯੁੱਧ ਨੂੰ ਟੈਰਿਫ ਦਾ ਡਰ ਦਿਖਾ ਕੇ ਰੋਕ ਦਿੱਤਾ ਸੀ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੋਵੇਂ ਪ੍ਰਮਾਣੂ ਦੇਸ਼ ਹਨ ਅਤੇ ਇਹ ਦੋਵੇਂ ਯੁੱਧ ਦੀ ਕਗਾਰ ’ਤੇ ਸਨ।

ਨਵੀਂ ਦਿੱਲੀ/ਬਿਊੁਰੋ ਨਿਊਜ਼

ਕਾਂਗਰਸੀ ਆਗੂ ਰਾਹੁਲ ਗਾਂਧੀ ਵਲੋਂ ਹਰਿਆਣਾ ਵਿਚ ਫਰਜ਼ੀ ਵੋਟਿੰਗ ਦੇ ਮੁੱਦੇ ’ਤੇ ਬ੍ਰਾਜ਼ੀਲ ਦੀ ਇਕ ਮਾਡਲ ਦੀ ਫੋਟੋ ਦਿਖਾਉਣ ਮਗਰੋਂ ਇਹ ਮਾਮਲਾ ਪੂਰੇ ਦੇਸ਼ ਵਿਚ ਸੁਰਖੀਆਂ ’ਚ ਹੈ। ਕਾਂਗਰਸ ਦਾ ਦਾਅਵਾ ਸੀ ਕਿ ਬ੍ਰਾਜ਼ੀਲ ਦੀ ਇਸ ਮਾਡਲ ਦੀ ਫੋਟੋ ਦੀ ਵਰਤੋਂ ਕਰਕੇ ਹਰਿਆਣਾ ਵਿਚ ਵੱਖ-ਵੱਖ ਨਾਵਾਂ ’ਤੇ 22 ਵੋਟਾਂ ਪਾਈਆਂ ਗਈਆਂ। ਇਸ ਦੇ ਚੱਲਦਿਆਂ ਹੁਣ ਆਪਣੀ ਇਸ ਫੋਟੋ ਨੂੰ ਲੈ ਕੇ ਖੁਦ ਮਾਡਲ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਬ੍ਰਾਜ਼ੀਲ ਦੀ ਇਸ ਮਾਡਲ ਦਾ ਨਾਮ ਲਾਰਿਸਾ ਹੈ। ਲਾਰਿਸਾ ਦਾ ਕਹਿਣਾ ਹੈ ਕਿ ਉਸਦੀ ਫੋਟੋ ਦਾ ਗਲਤ ਇਸਤੇਮਾਲ ਕੀਤਾ ਗਿਆ ਹੈ ਅਤੇ ਉਸਦਾ ਭਾਰਤ ਦੀ ਸਿਆਸਤ ਨਾਲ ਕੋਈ ਲਾਗਾ ਦੇਗਾ ਨਹੀਂ ਹੈ। ਉਸਨੇ ਦੱਸਿਆ ਕਿ ਵੋਟਰ ਲਿਸਟ ਵਿਚ ਮੇਰੀ ਫੋਟੋ ਦੀ ਗਲਤ ਵਰਤੋਂ ਕੀਤੀ ਗਈ ਹੈ। 

ਵੱਡੀ ਗਿਣਤੀ ਸੰਗਤ ਨੇ ਗੁਰਦੁਆਰਾ ਸਾਹਿਬਾਨਾਂ ’ਚ ਟੇਕਿਆ ਮੱਥਾ

ਅੰਮਿ੍ਰਤਸਰ/ਬਿਊਰੋ ਨਿਊਜ਼  

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਦੇਸ਼ ਅਤੇ ਵਿਦੇਸ਼ਾਂ ਵਿਚ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਵਿਖੇ ਵੱਡੀ ਗਿਣਤੀ ਸੰਗਤ ਨੇ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ ਹੈ ਅਤੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਿਆ। ਗੁਰਪੁਰਬ ਮੌਕੇ ਗੁਰਦੁਆਰਾ ਸਾਹਿਬਾਨਾਂ ’ਚ ਸੰਗਤ ਨੇ ਗੁਰਬਾਣੀ ਕੀਰਤਨ ਸੁਣਿਆ ਅਤੇ ਆਪਣਾ ਜੀਵਨ ਸਫਲਾ ਕੀਤਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌਅ ਵੀ ਸਜਾਏ ਗਏ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ ਹੈ। 

ਪ੍ਰਕਾਸ਼ ਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ

ਨਨਕਾਣਾ ਸਾਹਿਬ/ਬਿਊਰੋ ਨਿਊਜ਼ 

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਸੰਗਤ ਨੇ ਹਿੱਸਾ ਲਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਤੇ ਸੂਬਾਈ ਸਿੱਖ ਮੰਤਰੀ ਰਮੇਸ਼ ਸਿੰਘ ਅਰੋੜਾ ਵੀ ਇਸ ਨਗਰ ਕੀਰਤਨ ਵਿਚ ਸ਼ਾਮਲ ਰਹੇ। ਇਹ ਨਗਰ ਕੀਰਤਨ ਵਿਸ਼ੇਸ਼ ਤੌਰ ਉਤੇ ਵਿਛਾਏ ਰੈੱਡ ਕਾਰਪੈਟ ਉਤੇ ਚਲਦਾ ਹੋਇਆ ਅਤੇ ਸ੍ਰੀ ਨਨਕਾਣਾ ਸਾਹਿਬ ਦੇ ਮੁੱਖ ਬਾਜ਼ਾਰ ਵਿਚੋਂ ਗੁਜ਼ਰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਜਨਮ ਅਸਥਾਨ ਵਿਖੇ ਪਹੁੰਚ ਕੇ ਸੰਪਨ ਹੋਇਆ। 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.