Tuesday, 16 June 2026

ਅਮਰੀਕਾ ਜਾਣ ਵਾਲੇ ਵਿਦਿਆਰਖੀਆਂ ਦੇ ਸ਼ੋਸ਼ਲ ਮੀਡੀਆ ਦੀ ਹੋਵੇਗੀ ਜਾਂਚ

ਵਾਸ਼ਿੰਗਟਨ/ਬਿਊਰੋ ਨਿਊਜ਼ 

ਅਮਰੀਕਾ ’ਚ ਡੋਨਾਲਡ ਟਰੰਪ ਦੀ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਦੇ ਲਈ ਨਵੀਂ ਵੀਜ਼ਾ ਇੰਟਰਵਿਊ ’ਤੇ ਰੋਕ ਲਗਾ ਦਿੱਤੀ ਹੈ। ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਇਸ ਨੂੰ ਲੈ ਕੇ ਨਿਰਦੇਸ਼ ਜਾਰੀ ਕੀਤਾ ਹੈ। ਇਸ ਨਿਰਦੇਸ਼ ਦਾ ਮਕਸਦ ਦੇਸ਼ ਦੀਆਂ ਯੂਨੀਵਰਸਿਟੀਆਂ ਵਿਚ ਯਹੂਦੀ ਵਿਰੋਧ ਅਤੇ ਵਿਰੋਧੀ ਵਿਚਾਰਾਂ ਨੂੰ ਰੋਕਣਾ ਹੈ। ਰੂਬੀਓ ਨੇ ਦੁਨੀਆ ਭਰ ਵਿਚ ਅਮਰੀਕੀ ਦੂਤਾਵਾਸਾਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਹ ਸਟੂਡੈਂਟ ਵੀਜ਼ਾ ਲਈ ਨਵੀਆਂ ਇੰਟਰਵਿਊ ਨਾ ਕਰਨ। ਉਹ ਇਸ ਲਈ ਹੈ ਕਿ ਡੋਨਾਲਡ ਟਰੰਪ ਸਰਕਾਰ ਅਮਰੀਕਾ ’ਚ ਆਉਣ-ਜਾਣ ਵਾਲੇ ਵਿਦਿਆਰਥੀਆਂ ਦੀ ਸ਼ੋਸ਼ਲ ਮੀਡੀਆ ਪ੍ਰੋਫਾਈਲ ਦੀ ਜਾਂਚ ਨੂੰ ਸਖਤ ਕਰਨ ਜਾ ਰਹੀ ਹੈ। ਹਾਲਾਂਕਿ ਇਸ ਨਿਰਦੇਸ਼ ਵਿਚ ਇਹ ਨਹੀਂ ਦੱਸਿਆ ਗਿਆ ਕਿ ਭਵਿੱਖ ਵਿਚ ਸ਼ੋਸ਼ਲ ਮੀਡੀਆ ਜਾਂਚ ਵਿਚ ਕੀ ਦੇਖਿਆ ਜਾਵੇਗਾ। ਪਹਿਲਾਂ, ਸੋਸ਼ਲ ਮੀਡੀਆ ਜਾਂਚ ਕੇਵਲ ਉਨ੍ਹਾਂ ਵਿਦਿਆਰਥੀਆਂ ਦੇ ਲਈ ਲਾਗੂ ਸੀ, ਜੋ ਫਲਸਤੀਨ ਸਮਰਥਕ ਪ੍ਰਦਰਸ਼ਨਾਂ ਵਿਚ ਸ਼ਾਮਲ ਸਨ।  

 

ਹਾਰਵਰਡ ਨੇ ਇਸ ਫੈਸਲੇ ਨੂੰ ਗਲਤ ਦੱਸਦਿਆਂ ਵਿਦੇਸ਼ੀ ਵਿਦਿਆਰਥੀਆਂ ਦੇ ਸਮਰਥਨ ਦਾ ਕੀਤਾ ਵਾਅਦਾ  

ਬੋਸਟਨ/ਬਿਊਰੋ ਨਿਊਜ਼

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਪ੍ਰਸ਼ਾਸਨ ਨੇ ਹਾਰਵਰਡ ਯੂਨੀਵਰਸਿਟੀ ਵਿੱਚ ਹੋਰ ਦੇਸ਼ਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ ਲਗਾ ਦਿੱਤੀ ਹੈ। ਟਰੰਪ ਪ੍ਰਸ਼ਾਸਨ ਵੱਲੋਂ ਇਸ ਯੂਨੀਵਰਸਿਟੀ ਵਿਚ ਪੜ੍ਹਦੇ ਵਿਦੇਸ਼ੀ ਵਿਦਿਆਰਥੀਆਂ ਨੂੰ ਦੂਜੇ ਸਕੂਲਾਂ ਵਿੱਚ ਤਬਦੀਲ ਕਰਨ ਲਈ ਦਬਾਅ ਪਾਇਆ ਜਾ ਰਿਹਾ ਹੈ ਜਾਂ ਇਨ੍ਹਾਂ ਵਿਦਿਆਰਥੀਆਂ ਨੂੰ ਕਾਨੂੰਨੀ ਸਥਿਤੀ ਦਾ ਦਰਜਾ ਨਾ ਮਿਲਣ ਬਾਰੇ ਕਿਹਾ ਜਾ ਰਿਹਾ ਹੈ। ਇਸ ਤੋਂ ਇਲਾਵਾ ਹੋਰ ਕਾਲਜਾਂ ਵਿੱਚ ਵੀ ਅਜਿਹਾ ਕਰਨ ਦੀ ਚਿਤਾਵਨੀ ਦਿੱਤੀ ਜਾ ਰਹੀ ਹੈ। ਉਧਰ ਦੂਜੇ ਪਾਸੇ ਹਾਰਵਰਡ ਯੂਨੀਵਰਸਿਟੀ ਨੇ ਕਿਹਾ ਕਿ ਟਰੰਪ ਪ੍ਰਸ਼ਾਸਨ ਦਾ ਇਹ ਕਦਮ ਹਜ਼ਾਰਾਂ ਵਿਦਿਆਰਥੀਆਂ ਨੂੰ ਪ੍ਰਭਾਵਿਤ ਕਰ ਰਿਹਾ ਹੈ ਅਤੇ ਇਹ ਬਦਲੇ ਦੀ ਭਾਵਨਾ ਨਾਲ ਲਿਆ ਗਿਆ ਫੈਸਲਾ ਹੈ। ਹਾਰਵਰਡ ਯੂਨੀਵਰਸਿਟੀ ਨੇ ਵਿਦੇਸ਼ੀ ਵਿਦਿਆਰਥੀਆਂ ਦੇ ਸਮਰਥਨ ਦਾ ਵਾਅਦਾ ਵੀ ਕੀਤਾ ਹੈ। 

 

ਸਿੰਧੂ ਨਦੀ ਦਾ ਪਾਣੀ ਡਾਈਵਰਟ ਕਰਨ ਦੀ ਸਕੀਮ ਦੇ ਖਿਲਾਫ ਪ੍ਰਦਰਸ਼ਨ

ਨਵੀਂ ਦਿੱਲੀ/ਬਿਊਰੋ ਨਿਊਜ਼

ਪਾਕਿਸਤਾਨ ਵਿਚ ਪ੍ਰਦਰਸ਼ਨਕਾਰੀਆਂ ਨੇ ਸਿੰਧ ਦੇ ਗ੍ਰਹਿ ਮੰਤਰੀ ਜਿਯਾਤਲ ਹਸਨ ਲੰਜਰ ਦਾ ਘਰ ਸਾੜ ਦਿੱਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਪ੍ਰਦਰਸ਼ਨਕਾਰੀਆਂ ਨੇ ਘਰ ਦੀ ਸੁਰੱਖਿਆ ਵਿਚ ਤਾਇਨਾਤ ਗਾਰਡਾਂ ਨੂੰ ਵੀ ਕੁੱਟਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਿੰਧ ਦੇ ਨੌਸ਼ਹਿਰੋ ਫਿਰੋਜ਼ ਜ਼ਿਲ੍ਹੇ ਵਿਚ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪ ਹੋਈ। ਇਸਦੇ ਚੱਲਦਿਆਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਨੇ ਲਾਠੀਚਾਰਜ ਵੀ ਕੀਤਾ ਅਤੇ ਗੋਲੀਆਂ ਵੀ ਚਲਾਈਆਂ। ਦੱਸਿਆ ਗਿਆ ਹੈ ਕਿ ਪੁਲਿਸ ਦੇ ਲਾਠੀਚਾਰਜ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਵੀ ਹੋਏ ਹਨ।  

ਪੀਐਨਬੀ ਨਾਲ 14,500 ਕਰੋੜ ਦੇ ਫਰਾਡ ਦਾ ਆਰੋਪ

ਨਵੀਂ ਦਿੱਲੀ/ਬਿਊਰੋ ਨਿਊਜ਼

ਪੰਜਾਬ ਨੈਸ਼ਨਲ ਬੈਂਕ ਘੁਟਾਲਾ ਮਾਮਲੇ ਵਿਚ ਮੁੱਖ ਆਰੋਪੀ ਭਗੌੜੇ ਨੀਰਵ ਮੋਦੀ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ। ਲੰਡਨ ਦੀ ਕਿੰਗਜ਼ ਬੈਂਚ ਡਿਵੀਜ਼ਨ ਹਾਈਕੋਰਟ ਨੇ ਸੁਣਵਾਈ ਤੋਂ ਬਾਅਦ ਇਸ ਨੂੰ ਖਾਰਜ ਕੀਤਾ। ਭਾਰਤ ਵਲੋਂ ਸੀਬੀਆਈ ਦੇ ਵਕੀਲ ਨੇ ਨੀਰਵ ਮੋਦੀ ਦੀਆਂ ਦਲੀਲਾਂ ਦਾ ਵਿਰੋਧ ਕੀਤਾ ਸੀ। ਨੀਰਵ ਮੋਦੀ ’ਤੇ ਪੰਜਾਬ ਨੈਸ਼ਨਲ ਬੈਂਕ ਕੋਲੋਂ ਕਰਜ਼ਾ ਲੈ ਕੇ ਕਰੀਬ 14,500 ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਆਰੋਪ ਹੈ। ਘੁਟਾਲਾ ਸਾਹਮਣੇ ਆਉਣ ਤੋਂ ਬਾਅਦ ਉਹ ਜਨਵਰੀ 2018 ਵਿਚ ਦੇਸ਼ ਛੱਡ ਕੇ ਫਰਾਰ ਹੋ ਗਿਆ ਸੀ। ਨੀਰਵ ਮੋਦੀ ਨੂੰ ਸਾਊਥ-ਵੈਸਟ ਲੰਡਨ ਤੋਂ 19 ਮਾਰਚ, 2019 ਨੂੰ ਗਿ੍ਰਫਤਾਰ ਕੀਤਾ ਗਿਆ ਸੀ ਅਤੇ ਉਦੋਂ ਤੋਂ ਹੀ ਉਹ ਜੇਲ੍ਹ ਵਿਚ ਬੰਦ ਹੈ। ਦੱਸਣਯੋਗ ਹੈ ਕਿ ਭਾਰਤ ਵਿਚ ਨੀਰਵ ਮੋਦੀ ਖਿਲਾਫ ਧੋਖਾਧੜੀ ਦੇ ਤਿੰਨ ਕੇਸ ਦਰਜ ਹਨ।    

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.