Friday, 19 June 2026

ਸੰਗਤਾਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ

ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਦਸਮ ਪਾਤਿਸ਼ਾਹ ਜੀ ਦਾ ਜੀਵਨ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜਿਸ ਤੋਂ ਸੇਧ ਲੈ ਕੇ ਜੀਵਨ ਦੀਆਂ ਤਰਜੀਹਾਂ ਨਿਰਧਾਰਤ ਕਰਨੀਆਂ ਚਾਹੀਦੀਆਂ ਹਨ। ਗੁਰੂ ਸਾਹਿਬ ਇਕ ਕ੍ਰਾਂਤੀਕਾਰੀ ਰਹਿਬਰ ਸਨ, ਜਿਨ੍ਹਾਂ ਨੇ ਜਬਰ ਜ਼ੁਲਮ ਵਿਰੁੱਧ ਆਵਾਜ਼ ਉਠਾਈ ਅਤੇ ਮਨੁੱਖਤਾ ਨੂੰ ਸਵੈਮਾਨ ਨਾਲ ਜੀਵਨ ਜਿਊਣ ਲਈ ਉਤਸ਼ਾਹਿਤ ਕੀਤਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪਣਾ ਸਰਬੰਸ ਮਾਨਵਤਾ ਲਈ ਵਾਰ ਕੇ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਇਕ ਵਿਲੱਖਣ ਮਿਸਾਲ ਕਾਇਮ ਕੀਤੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸਮਾਜਿਕ ਬੁਰਾਈਆਂ ਵਿਰੁੱਧ ਆਵਾਜ਼ ਬੁਲੰਦ ਕਰਨ ਅਤੇ ਗੁਰੂ ਸਾਹਿਬ ਦੇ ਜੀਵਨ ਤੇ ਉਪਦੇਸ਼ਾਂ ’ਤੇ ਚੱਲ ਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ।

 

ਮੁੱਖ ਮੰਤਰੀ ਭਗਵੰਤ ਮਾਨ ਅਤੇ ਕੁਲਤਾਰ ਸਿੰਘ ਸੰਧਵਾਂ ਨੂੰ ਲਿਖਿਆ ਪੱਤਰ

ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ‘ਭਾਰਤ ਰਤਨ’ ਦੇਣ ਦੀ ਸਿਫਾਰਸ਼ ਸਬੰਧੀ ਪੰਜਾਬ ਵਿਧਾਨ ਸਭਾ ਵਿਚ ਸਾਂਝਾ ਮਤਾ ਲਿਆਂਦਾ ਜਾਵੇ। ਬਾਜਵਾ ਨੇ ਕਿਹਾ ਕਿ ਦੇਸ਼ ਦੀ ਤਰੱਕੀ ਲਈ ਕੀਤੇ ਕੰਮਾਂ ਤੇ ਬੇਮਿਸਾਲ ਸੇਵਾ ਨੂੰ ਪਛਾਣ ਦਿੰਦਿਆਂ ਡਾ.ਮਨਮੋਹਨ ਸਿੰਘ ਨੂੰ ਭਾਰਤ ਦਾ ਸਿਖਰਲਾ ਨਾਗਰਿਕ ਸਨਮਾਨ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਇਸ ਬਾਰੇ ਭਾਜਪਾ ਆਗੂ ਅਸ਼ਵਨੀ ਸ਼ਰਮਾ, ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਤੇ ਬਸਪਾ ਦੇ ਨਛੱਤਰ ਪਾਲ ਨੂੰ ਵੀ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਸਰਬ ਪਾਰਟੀ ਵਫ਼ਦ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਕੇ ਮਰਹੂਮ ਡਾ.ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇਣ ਦੀ ਮੰਗ ਕਰਨੀ ਚਾਹੀਦੀ ਹੈ।

 

 

ਆਸਟਰੇਲੀਆ ਨੇ ਦਸ ਸਾਲਾਂ ਬਾਅਦ ਬਾਰਡਰ ਗਾਵਸਕਰ ਟਰਾਫੀ ਜਿੱਤੀ

ਸਿਡਨੀ/ਬਿਊਰੋ ਨਿਊਜ਼ : ਭਾਰਤ ਸਿਡਨੀ ਟੈਸਟ ਵਿਚ ਮੇਜ਼ਬਾਨ ਆਸਟਰੇਲੀਆ ਹੱਥੋਂ ਮਿਲੀ 6 ਵਿਕਟਾਂ ਦੀ ਹਾਰ ਨਾਲ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਖਿਤਾਬੀ ਮੁਕਾਬਲੇ ’ਚੋਂ ਵੀ ਬਾਹਰ ਹੋ ਗਿਆ ਹੈ। ਆਸਟਰੇਲੀਆ ਨੇ ਪੰਜ ਟੈਸਟ ਮੈਚਾਂ ਦੀ ਲੜੀ 3-1 ਨਾਲ ਜਿੱਤ ਕੇ ਦਸ ਸਾਲਾਂ ਮਗਰੋਂ ਬਾਰਡਰ ਗਾਵਸਕਰ ਟਰਾਫ਼ੀ ਆਪਣੇ ਨਾਮ ਕੀਤੀ ਹੈ। ਆਸਟਰੇਲੀਆ ਹੁਣ 11 ਤੋਂ 15 ਜੂਨ ਨੂੰ ਲਾਰਡਜ਼ ਵਿਚ ਦੱਖਣੀ ਅਫ਼ਰੀਕਾ ਖਿਲਾਫ਼ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਖੇਡੇਗਾ। ਭਾਰਤ ਨੇ ਸਿਡਨੀ ਟੈਸਟ ਦੇ ਤੀਜੇ ਦਿਨ ਮੇਜ਼ਬਾਨ ਟੀਮ ਨੂੰ ਜਿੱਤ ਲਈ 162 ਦੌੜਾਂ ਦਾ ਟੀਚਾ ਦਿੱਤਾ ਸੀ, ਜਿਸ ਨੂੰ ਆਸਟਰੇਲੀਅਨ ਟੀਮ ਨੇ 27 ਓਵਰਾਂ ਵਿਚ ਚਾਰ ਵਿਕਟਾਂ ਦੇ ਨੁਕਸਾਨ ਨਾਲ ਪੂਰਾ ਕਰ ਲਿਆ।

 

ਅਮਲੇ ਦੇ ਤਿੰਨ ਮੈਂਬਰਾਂ ਦੀ ਹਸਪਤਾਲ ’ਚ ਹੋਈ ਮੌਤ

ਪੋਰਬੰਦਰ/ਬਿਊਰੋ ਨਿਊਜ਼ : ਭਾਰਤੀ ਕੋਸਟ ਗਾਰਡ (ਆਈਸੀਜੀ) ਦਾ ਹੈਲੀਕਾਪਟਰ ਐਤਵਾਰ ਦੁਪਹਿਰੇ ਗੁਜਰਾਤ ਦੇ ਪੋਰਬੰਦਰ ਵਿਚ ਲੈਂਡਿੰਗ ਮੌਕੇ ਹਾਦਸਾਗ੍ਰਸਤ ਹੋ ਗਿਆ। ਹਾਦਸੇ ਵਿਚ ਅਮਲੇ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਪੋਰਬੰਦਰ ਦੇ ਐੱਸਪੀ ਨੇ ਦੱਸਿਆ ਕਿ ਇਹ ਹਾਦਸਾ ਦੁਪਹਿਰੇ 12:10 ਵਜੇ ਹੋਇਆ। ਭਾਰਤੀ ਕੋਸਟ ਗਾਰਡ ਦੇ ਐਡਵਾਂਸਡ ਲਾਈਟ ਹੈਲੀਕਾਪਟਰ ਉੱਤੇ ਅਮਲੇ ਦੇ ਤਿੰਨ ਮੈਂਬਰ ਸਵਾਰ ਸਨ, ਜੋ ਬੁਰੀ ਤਰ੍ਹਾਂ ਝੁਲਸ ਗਏ ਤੇ ਉਨ੍ਹਾਂ ਨੂੰ ਪੋਰਬੰਦਰ ਦੇ ਹਸਪਤਾਲ ਲਿਜਾਇਆ ਗਿਆ। ਕਮਲਾ ਬਾਗ ਪੁਲੀਸ ਥਾਣੇ ਦੇ ਇੰਸਪੈਕਟਰ ਰਾਜੇਸ਼ ਕਨਮੀਆ ਨੇ ਕਿਹਾ ਕਿ ਅਮਲਾ ਮੈਬਰਾਂ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਹਸਪਤਾਲ ਵਿਚ ਦਮ ਤੋੜ ਦਿੱਤਾ। 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.