Friday, 19 June 2026

ਕਿਹਾ : ਮੇਰੇ ਪਰਿਵਾਰ ਨੂੰ ਲਗਾਤਾਰ ਕੀਤਾ ਜਾ ਰਿਹਾ ਹੈ ਪ੍ਰੇਸ਼ਾਨ

ਤਲਵੰਡੀ ਸਾਬੋ/ਬਿਊਰੋ ਨਿਊਜ਼ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ  ਕਿਹਾ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸਿੰਘ ਸਾਹਿਬਾਨ ਵਲੋਂ ਸੁਣਾਏ ਗਏ ਫੈਸਲੇ ’ਚ ਸ਼ਾਮਿਲ ਹੋਣਾ ਮੇਰਾ ਗੁਨਾਹ ਹੋ ਨਿੱਬੜਿਆ ਹੈ ਅਤੇ ਉਸ ਦੇ ਬਾਅਦ ਤੋਂ ਲਗਾਤਾਰ ਮੈਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਮੇਰੀ ਕਿਰਦਾਰਕੁਸ਼ੀ ਕੀਤੀ ਜਾ ਰਹੀ ਹੈ ਅਤੇ ਮੇਰਾ ਪਰਿਵਾਰ ਪਿਛਲੇ 15 ਦਿਨਾਂ ਤੋਂ ਸੌਂ ਨਹੀਂ ਸਕਿਆ। ਉਨ੍ਹਾਂ ਇਸ ਸਭ ਦੇ ਪਿੱਛੇ ਇਕ ਸਾਬਕਾ ਅਕਾਲੀ ਆਗੂ ਦਾ ਹੱਥ ਦੱਸਿਆ ਹੈ।  ਉਨ੍ਹਾਂ ਅੱਗੇ ਕਿਹਾ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਣਾਏ ਫੈਸਲੇ ਨੂੰ ਬਦਲਣ ਲਈ ਜੇਕਰ ਪੰਜ ਸਿੰਘ ਸਾਹਿਬਾਨ ਕੋਈ ਮੀਟਿੰਗ ਬੁਲਾਉਂਦੇ ਹਨ ਤਾਂ ਮੈਂ ਉਸ ਵਿਚ ਸ਼ਾਮਿਲ ਨਹੀਂ ਹੋਵਾਂਗਾ। ਉਨ੍ਹਾਂ ਖਦਸ਼ਾ ਪ੍ਰਗਟ ਕੀਤਾ ਕਿ ਸ਼ਾਇਦ ਅਸਤੀਫਿਆਂ ਦੇ ਫੈਸਲੇ ਨੂੰ ਬਦਲਣ ਲਈ ਕੁਝ ਹੋ ਸਕਦਾ ਹੈ। ਉਨ੍ਹਾਂ ਭਾਜਪਾ ਨਾਲ ਆਪਣੇ ਸਬੰਧਾਂ ਨੂੰ ਸਿਰੇ ਤੋਂ ਨਕਾਰਦੇ ਹੋਏ ਸਰਾਸਰ ਗਲਤ ਦੱਸਿਆ। 

48 ਥਾਵਾਂ ’ਤੇ ਕਿਸਾਨਾਂ ਵੱਲੋਂ ਰੇਲਵੇ ਟਰੈਕਾਂ ’ਤੇ ਦਿੱਤੇ ਗਏ ਧਰਨੇ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ’ਚ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ ’ਚ ਤਿੰਨ ਘੰਟੇ ਰੇਲਾਂ ਦਾ ਚੱਕਾ ਜਾਮ ਰੱਖਿਆ ਗਿਆ। 48 ਥਾਵਾਂ ’ਤੇ ਕਿਸਾਨ ਜਥੇਬੰਦੀਆਂ ਨੇ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਰੇਲਵੇ ਟਰੈਕਾਂ ’ਤੇ ਧਰਨਾ ਦਿੱਤਾ ਅਤੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨ ਜਥੇਬੰਦੀਆਂ ਦੇ ਰੇਲ ਰੋਕੋ ਪ੍ਰਦਰਸ਼ਨ ਵਿਚ ਮਹਿਲਾਵਾਂ ਵੀ ਵੱਡੀ ਗਿਣਤੀ ਵਿਚ ਸ਼ਾਮਲ ਹੋਈਆਂ। ਪ੍ਰਦਰਸ਼ਨ ਦੇ ਚਲਦਿਆਂ ਜਲੰਧਰ ਕੈਂਟ ਤੋਂ ਜੰਮੂ ਆਉਣ-ਜਾਣ ਵਾਲੀਆਂ 3 ਰੇਲ ਗੱਡੀਆਂ ਨੂੰ ਰੱਦ ਕਰ ਦਿੱਤਾ ਗਿਆ ਜਦਕਿ ਸ਼ਤਾਬਦੀ ਐਕਸਪ੍ਰੈਸ ਅਤੇ ਸ਼ਾਨ ਏ ਪੰਜਾਬ ਰੇਲ ਗੱਡੀ ਨੂੰ ਲੁਧਿਆਣਾ ਦੇ ਢੰਡਾਰੀ ਕਲਾਂ ’ਚ ਰੋਕ ਦਿੱਤਾ ਗਿਆ। ਤਿੰਨ ਘੰਟੇ ਰੇਲਾਂ ਰੋਕੇ ਜਾਣ ਕਾਰਨ ਰੇਲਾਂ ਵਿਚ ਸਫ਼ਰ ਕਰਨ ਵਾਲੇ ਯਾਤਰੇ ਖੱਜਲ ਖੁਆਰ ਹੁੰਦੇ ਦੇਖੇ ਗਏ। ਉਧਰ ਕਿਸਾਨ ਮਜ਼ਦੂਰ ਮੋਰਚਾ ਅਤੇ ਐਸ ਕੇ ਐਮ ਗੈਰਰਾਜਨੀਤਿਕ ਵੱਲੋਂ ਆਉਂਦੀ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦੇ ਦਿੱਤਾ ਗਿਆ ਹੈ ਅਤੇ ਉਨ੍ਹਾਂ ਇਸ ਬੰਦ ਨੂੰ ਸਫਲ ਕਰਨ ਲਈ ਸਮੂਹ ਪੰਜਾਬੀਆਂ ਨੂੰ ਅਪੀਲ ਵੀ ਕੀਤੀ।

 

ਕਿਹਾ : ਕਿਸਾਨੀ ਤੇ ਹੋਰ ਮੁੱਦਿਆਂ ਨੂੰ ਸੰਸਦ ’ਚ ਚੁੱਕਣ ਲਈ ਦਿੱਤਾ ਜਾਵੇ ਸਮਾਂ

ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਚਿੱਠੀ ਲਿਖ ਕੇ ਉਨ੍ਹਾਂ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸਦਨ ਦੀ ਕਾਰਵਾਈ ਨਾ ਚੱਲਣ ਕਾਰਨ ਕਿਸਾਨੀ ਅਤੇ ਦੇਸ਼ ਦੇ ਕਈ ਮਹੱਤਵਪੂਰਨ ਮੁੱਦਿਆਂ ’ਤੇ ਕੋਈ ਚਰਚਾ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਸਦਨ ਵਿਚ ਵਿਦੇਸ਼ਾਂ ’ਚ ਫ਼ਸੀਆਂ ਕੁੜੀਆਂ ਦੇ ਮਾਮਲੇ ਸਬੰਧੀ ਚਰਚਾ ਹੋਣੀ ਚਾਹੀਦੀ ਹੈ ਤੇ ਇਸ ਦੇ ਨਾਲ ਹੀ ਯੁਕਰੇਨ ਜੰਗ ਵਿਚ ਫਸੇ ਭਾਰਤੀਆਂ ਨੂੰ ਭਾਰਤ ਵਾਪਸ ਲਿਆਉਣ ਲਈ ਯਤਨ ਸ਼ੁਰੂ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਦਨ ਨਾ ਚੱਲਣ ਕਾਰਨ ਅਸੀਂ ਕਈ ਮੁੱਦਿਆਂ ਨੂੰ ਸੰਸਦ ਅਤੇ ਸਰਕਾਰ ਸਾਹਮਣੇ ਨਹੀਂ ਰੱਖ ਸਕੇ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸੈਸ਼ਨ ਖ਼ਤਮ ਹੋਣ ਵਿਚ ਸਿਰਫ਼ ਚਾਰ ਦਿਨਾਂ ਦਾ ਸਮਾਂ ਰਹਿ ਗਿਆ ਹੈ ਤਾਂ ਇਨੇ ਘੱਟ ਸਮੇਂ ਵਿਚ ਲੋਕਾਂ ਦੇ ਗੰਭੀਰ ਮੁੱਦਿਆਂ ਨੂੰ ਕਿਵੇਂ ਚੁੱਕਿਆ ਜਾ ਸਕਦਾ ਹੈ। ਉਨ੍ਹਾਂ ਪੱਤਰ ’ਚ ਲਿਖਿਆ ਕਿ ਸਾਨੂੰ ਸੰਸਦ ਵਿਚ ਬੋਲਣ ਦਾ ਸਮਾਂ ਦਿੱਤਾ ਜਾਵੇ।

ਕਿਹਾ : ਕਿਸਾਨਾਂ ਦੀ ਮੰਗਾਂ ਮੰਨ ਕੇ ਡੱਲੇਵਾਲ ਦੀ ਭੁੱਖ ਹੜਤਾਲ ਖਤਮ ਕਰਵਾਏ ਕੇਂਦਰ ਸਰਕਾਰ

ਖਨੌਰੀ/ਬਿਊਰੋ ਨਿਊਜ਼ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਮਰਨ ਵਰਤ ਲਗਾਤਾਰ ਜਾਰੀ ਹੈ ਅਤੇ ਉਨ੍ਹਾਂ ਸਿਹਤ ਵਿਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਜਿਸ ਦੇ ਚਲਦਿਆਂ ਸਾਰੀਆਂ ਸਿਆਸੀ ਧਿਰਾਂ ਵੱਲੋਂ ਡੱਲੇਵਾਲ ਦੀ ਸਿਹਤ ਪ੍ਰਤੀ ਚਿੰਤਾ ਪ੍ਰਗਟਾਈ ਜਾ ਰਹੀ ਹੈ ਅਤੇ ਉਨ੍ਹਾਂ ਨਾਲ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਮੁਲਾਕਾਤ ਕੀਤੀ ਜਾ ਰਹੀ ਹੈ। ਇਸੇ ਦੌਰਾਨ ਪੰਜਾਬ ਦੀ ਸੱਤਾਧਾਰੀ ਧਿਰ ਦੇ ਤਿੰਨ ਵਿਧਾਇਕ ਚੇਤਨ ਜੌੜਾ ਮਾਜਰਾ, ਕੁਲਵੰਤ ਸਿੰਘ ਬਾਜੀਗਰ ਅਤੇ ਹਰਮੀਤ ਸਿੰਘ ਪਠਾਣ ਮਾਜਰਾ ਵੱਲੋਂ ਵੀ ਡੱਲੇਵਾਲ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦੀ ਸਿਹਤ ਸਬੰਧੀ ਹਾਲ ਜਾਣਿਆ। ਆਪ ਵਿਧਾਇਕਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਜਲਦੀ ਤੋਂ ਜਲਦੀ ਕਿਸਾਨੀ ਮੰਗਾਂ ਨੂੰ ਮੰਨ ਕੇ ਡੱਲੇਵਾਲ ਦੀ ਭੁੱਖ ਹੜਤਾਲ ਨੂੰ ਖਤਮ ਕਰਵਾਏ। ਇਸ ਤੋਂ ਪਹਿਲਾਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਡੱਲੇਵਾਲ ਨਾਲ ਮੁਲਾਕਾਤ ਕੀਤੀ ਗਈ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.