Friday, 19 June 2026

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਖਿਲਾਫ਼ ਸਖਤ ਕਾਰਵਾਈ ਦੀ ਕੀਤੀ ਮੰਗ

ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਲੰਘੇ ਦਿਨੀਂ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਖਿਲਾਫ਼ ਅਪਸ਼ਬਦ ਬੋਲੇ ਗਏ ਸਨ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਬੀਬੀਆਂ ਦੇ ਇਕ ਵਫ਼ਦ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਕ ਮੰਗ ਪੱਤਰ ਦਿੱਤਾ। ਇਸ ਮੌਕੇ ਬੀਬੀ ਕਿਰਨਜੋਤ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਹੁਦੇ ’ਤੇ ਬੈਠੇ ਵਿਅਕਤੀ ਨੂੰ ਅਜਿਹੀ ਭਾਸ਼ਾ ਬੋਲਣੀ ਸ਼ੋਭਾ ਨਹੀਂ ਦਿੰਦੀ। ਬੀਬੀ ਕਿਰਨਜੋਤ ਕੌਰ ਨੇ ਅੱਗੇ ਕਿਹਾ ਕਿ ਐਡਵੋਕੇਟ ਧਾਮੀ ਨੇ ਬੀਬੀ ਜਗੀਰ ਕੌਰ ਖਿਲਾਫ ਹੀ ਨਹੀਂ ਬਲਕਿ ਸਮੁੱਚੀ ਔਰਤ ਜਾਤ ਪ੍ਰਤੀ ਮੰਦੀ ਸ਼ਬਦਾਵਲੀ ਵਰਤੀ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਨੂੰ ਆਪਣੀ ਗਲਤੀ ਮੰਨਦੇ ਹੋਏ ਸ਼ੋ੍ਰਮਣੀ ਕਮੇਟੀ ਦੀ ਪ੍ਰਧਾਨਗੀ ਤੋਂ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ। ਮੰਗ ਪੱਤਰ ਰਾਹੀਂ ਉਨ੍ਹਾਂ ਜਥੇਦਾਰ ਗਿਆਨੀ ਰਘਬੀਰ ਸਿੰਘ ਕੋਲੋਂ ਮੰਗ ਕੀਤੀ ਕਿ ਐਡਵੋਕੇਟ ਧਾਮੀ ਵਿਰੁੱਧ ਪੰਥਕ ਮਰਿਆਦਾ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।

ਇਲੈਕਟਿ੍ਰਕ ਸਕੂਟਰ ’ਚ ਟੀਐਨਟੀ ਲਗਾ ਕੇ ਕੀਤੀ ਗਈ ਹੱਤਿਆ

ਮਾਸਕੋ/ਬਿਊਰੋ ਨਿਊਜ਼ : ਰੂਸ ਦੇ ਨਿਊਕਲੀਅਰ ਚੀਫ਼ ਇਗੋਰ ਕਿਰੀਲੋਵ ਦੀ ਅੱਜ ਮਾਸਕੋ ’ਚ ਹੋਏ ਇਕ ਧਮਾਕੇ ਦੌਰਾਨ ਮੌਤ ਹੋ ਗਈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜਨਰਲ ਕਿਰੀਲੋਵ ਅਪਾਰਟਮੈਂਟ ਤੋਂ ਬਾਹਰ ਨਿਕਲ ਰਹੇ ਸਨ ਅਤੇ ਉਸੇ ਸਮੇਂ ਉਨ੍ਹਾਂ ਦੇ ਨੇੜੇ ਖੜੇ ਇਕ ਇਲੈਕਟਿ੍ਰਕ ਸਕੂਟਰ ’ਚ ਧਮਾਕਾ ਹੋ ਗਿਆ। ਇਸ ਧਮਾਕੇ ਦੌਰਾਨ ਕਿਰੀਲੋਵ ਦੇ ਨਾਲ-ਨਾਲ ਉਨ੍ਹਾਂ ਦਾ ਅਸਿਸਟੈਂਟ ਵੀ ਮਾਰਿਆ ਗਿਆ। ਧਮਾਕਾ ਮਾਸਕੋ ਸਥਿਤ ਰਾਸ਼ਟਰਪਤੀ ਭਵਨ ਤੋਂ ਸਿਰਫ 7 ਕਿਲੋਮੀਟਰ ਦੀ ਦੂਰੀ ’ਤੇ ਹੋਇਆ। ਰੂਸ ਦੀ ਜਾਂਚ ਏਜੰਸੀ ਨੇ ਦੱਸਿਆ ਕਿ ਧਮਾਕੇ ਦੇ ਲਈ 300 ਗ੍ਰਾਮ ਟੀਐਨਟੀ ਦਾ ਇਸਤੇਮਾਲ ਕੀਤਾ ਗਿਆ ਸੀ ਅਤੇ ਅਪਰਾਧਿਕ ਹੱਤਿਆ ਦਾ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਏਜੰਸੀਆਂ ਅਨੁਸਾਰ ਕਿਰੀਲੋਵ ਦੀ ਹੱਤਿਆ ਯੂਕਰੇਨ ਵੱਲੋਂ ਕਰਵਾਈ ਗਈ ਹੈ ਜਦਕਿ ਯੂਕਰੇਨ ਦੀ ਸਕਿਓਰਿਟੀ ਸਰਵਿਸ ਏਜੰਸੀ ਨਾਲ ਜੁੜੇ ਇਕ ਸੂਤਰ ਨੇ ਇਸ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ।

 

ਮੌੜ ਮੰਡੀ ਬੰਬ ਧਮਾਕਾ ਮਾਮਲੇ ’ਚ ਕੀਤਾ ਗਿਆ ਤਲਬ

ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਦੇ ਮੌੜ ਮੰਡੀ ’ਚ 31 ਜਨਵਰੀ 2017 ਨੂੰ ਹੋਏ ਬੰਬ ਧਮਾਕੇ ਦੇ ਮਾਮਲੇ ’ਚ ਤਲਵੰਡੀ ਸਾਬੋ ਦੀ ਟ੍ਰਾਇਲ ਕੋਰਟ ਨੇ ਭਾਜਪਾ ਆਗੂ ਹਰਮੰਦਰ ਸਿੰਘ ਜੱਸੀ ਨੂੰ ਸੰਮਨ ਜਾਰੀ ਕੀਤਾ ਹੈ ਅਤੇ ਉਨ੍ਹਾਂ ਨੂੰ 21 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ ਹੈ। ਧਿਆਨ ਰਹੇ ਕਿ ਇਸ ਬੰਬ ਧਮਾਕੇ ਦੌਰਾਨ ਪੰਜ ਬੱਚਿਆਂ ਸਮੇਤ 7 ਵਿਅਕਤੀਆਂ ਦੀ ਮੌਤ ਹੋ ਗਈ ਸੀ। 8 ਸਾਲ ਬਾਅਦ ਮੌੜ ਮੰਡੀ ਬੰਬ ਧਮਾਕਾ ਮਾਮਲੇ ’ਚ ਪਹਿਲੀ ਵਾਰ ਹਰਮੰਦਰ ਸਿਘ ਜੱਸੀ ਨੂੰ ਅਦਾਲਤ ਵੱਲੋਂ ਸੰਮਨ ਕੀਤਾ ਗਿਆ ਹੈ। ਜਿਸ ਸਮੇਂ ਇਹ ਬੰਬ ਧਮਾਕਾ ਹੋਇਆ ਸੀ ਉਸ ਸਮੇਂ ਹਰਮੰਦਰ ਜੱਸੀ ਦੀ ਰੈਲੀ ਚੱਲ ਰਹੀ ਸੀ ਅਤੇ ਉਸ ਸਮੇਂ ਉਹ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸੀ ਉਮੀਦਵਾਰ ਵਜੋਂ ਚੋਣ ਮੈਦਾਨ ਸਨ। ਇਸ ਮਾਮਲੇ ਦੇ ਮੁੱਖ ਆਰੋਪੀ ਗੁਰਤੇਜ ਸਿੰਘ, ਅਵਤਾਰ ਸਿੰਘ ਅਤੇ ਅਮਰੀਕ ਸਿੰਘ ਗਿ੍ਰਫਤਾਰ ਨਹੀਂ ਹੋ ਸਕੇ ਅਤੇ ਅਦਾਲਤ ਵੱਲੋਂ ਉਨ੍ਹਾਂ ਭਗੌੜਾ ਕਰਾਰ ਦਿੱਤਾ ਹੋਇਆ ਹੈ। ਜਦਕਿ ਮਾਮਲੇ ਦੀ ਜਾਂਚ ਲਈ ਐਸਆਈਟੀ ਦਾ ਗਠਨ ਵੀ ਕੀਤਾ ਗਿਆ ਅਤੇ ਚਾਰ ਸਾਲ ਪਹਿਲਾਂ ਹਰਮੰਦਰ ਜੱਸੀ ਐਸ ਆਈ ਟੀ ਅੱਗੇ ਪੇਸ਼ ਹੋਏ ਸਨ।

 

ਕਿਹਾ : ਸ਼ਹਿਰ ’ਚ ਪੈਂਡਿੰਗਾਂ ਕੰਮਾਂ ਨੂੰ ਜਲਦੀ ਤੋਂ ਜਲਦੀ ਕਰਾਂਗੇ ਪੂਰਾ

ਜਲੰਧਰ/ਬਿਊਰੋ ਨਿਊਜ਼ : ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਜਲੰਧਰ ਪਹੁੰਚ ਕੇ ਨਗਰ ਨਿਗਮ ਚੋਣਾਂ ਸੰਬੰਧੀ ਅਹਿਮ ਗੱਲਾਂ ਕਹੀਆਂ। ਅਮਨ ਅਰੋੜਾ ਨੇ ਸ਼ਹਿਰ ਵਾਸੀਆਂ ਨੂੰ 5 ਗਾਰੰਟੀਆਂ ਦਿੱਤੀਆਂ, ਜਿਸ ਵਿਚ ਉਨ੍ਹਾਂ ਸ਼ਹਿਰ ਦੇ ਫਲਾਈਓਵਰਾਂ ਅਤੇ ਪੈਂਡਿੰਗ ਕੰਮਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਉਪਰੋਕਤ ਗਾਰੰਟੀਆਂ ਆਉਣ ਵਾਲੇ ਦੋ ਸਾਲਾਂ ਵਿਚ ਪੂਰੀਆਂ ਕਰ ਦਿੱਤੀਆਂ ਜਾਣਗੀਆਂ, ਜਿਸ ਨਾਲ ਸ਼ਹਿਰ ਦੇ ਲੋਕਾਂ ਨੂੰ ਫਾਇਦਾ ਹੋਵੇਗਾ। ਅਮਨ ਅਰੋੜਾ ਦੇ ਨਾਲ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਮੰਤਰੀ ਮਹਿੰਦਰ ਭਗਤ ਅਤੇ ਵਿਧਾਇਕ ਰਮਨ ਅਰੋੜਾ ਅਤੇ ਕਲਸੀ ਸਮੇਤ ਕਈ ਸੀਨੀਅਰ ਆਗੂ ਮੌਜੂਦ ਸਨ। ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅੱਜ ਨਗਰ ਨਿਗਮ ਚੋਣਾਂ ਨੂੰ ਲੈ ਕੇ ਨਵੀਂ ਮੁਹਿੰਮ ਸ਼ੁਰੂ ਕਰ ਰਹੀ ਹੈ। ਸਾਰੇ ਉਮੀਦਵਾਰਾਂ ਨੂੰ 350 ਤੋਂ ਵੱਧ ਸੀਨੀਅਰ ਆਗੂਆਂ, ਮੰਤਰੀਆਂ ਅਤੇ ਵਿਧਾਇਕਾਂ ਦੀ ਰਾਏ ਲੈ ਕੇ ਮੈਦਾਨ ਵਿਚ ਉਤਾਰਿਆ ਗਿਆ ਹੈ। ਅਸੀਂ ਕੰਮ ਕੀਤਾ ਹੈ, ਜਿਸ ਕਾਰਨ ਪੰਜਾਬ ਭਰ ਦੇ ਚੰਗੇ ਆਗੂ ਆਪੋ-ਆਪਣੀਆਂ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ।

  

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.