Friday, 19 June 2026

ਰਾਹੁਲ ਗਾਂਧੀ ਬੋਲੇ : ਅਡਾਨੀ ਨੂੰ ਹੋਣਾ ਚਾਹੀਦਾ ਹੈ ਜੇਲ੍ਹ ’ਚ, ਪਰ ਸਰਕਾਰ ਉਸਦਾ ਕਰ ਰਹੀ ਹੈ ਬਚਾਅ

ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਦੂਜਾ ਦਿਨ ਸੀ ਅਤੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਗੌਤਮ ਅਡਾਨੀ ਦੇ ਮੁੱਦੇ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਭਾਰੀ ਹੰਗਾਮਾ ਕੀਤਾ ਗਿਆ। 12 ਵਜੇ ਲੋਕ ਸਭਾ ਦੀ ਕਾਰਵਾਈ ਫਿਰ ਤੋਂ ਸ਼ੁਰੂ ਹੋਇਆ ਪਰ ਵਿਰੋਧੀ ਧਿਰ ਫਿਰ ਹੰਗਾਮਾ ਕੀਤਾ ਗਿਆ, ਜਿਸ ਤੋਂ ਬਾਅਦ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਨੂੰ 28 ਨਵੰਬਰ ਤੱਕ ਮੁਲਤਵੀ ਕਰ ਦਿੱਤਾ ਗਿਆ। ਸਦਨ ਤੋਂ ਬਾਹਰ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਗੌਤਮ ਅਡਾਨੀ ’ਤੇ ਅਮਰੀਕਾ ’ਚ 2 ਹਜ਼ਾਰ ਕਰੋੜ ਰੁਪਏ ਦੀ ਰਿਸ਼ਵਤ ਦੇਣ ਦਾ ਆਰੋਪ ਹੈ। ਜਿਸ ਦੇ ਚਲਦਿਆਂ ਉਸ ਨੂੰ ਜੇਲ੍ਹ ਵਿਚ ਹੋਣਾ ਚਾਹੀਦਾ ਹੈ ਪਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਗੌਤਮ ਅਡਾਨੀ ਨੂੰ ਬਚਾਉਣ ’ਚ ਲੱਗੀ ਹੋਈ ਹੈ। ਜ਼ਿਕਰਯੋਗ ਹੈ ਕਿ ਲੰਘੀ 21 ਨਵੰਬਰ ਨੂੰ ਯੂਨਾਈਟਿਡ ਸਟੇਟਸ ਅਟਾਰਨੀ ਦਫ਼ਤਰ ਵੱਲੋਂ ਕਿਹਾ ਗਿਆ ਸੀ ਕਿ ਗੌਤਮ ਅਡਾਨੀ ਨੇ ਭਾਰਤ ’ਚ ਸੋਲਰ ਐਨਰਜੀ ਨਾਲ ਜੁੜੇ ਕੰਟਰੈਕਟ ਨੂੰ ਹਾਸਲ ਕਰਨ ਲਈ ਭਾਰਤੀ ਅਧਿਕਾਰੀਆਂ ਨੂੰ 2200 ਕਰੋੜ ਰੁਪਏ ਦੀ ਰਿਸ਼ਵਤ ਦਿੱਤੀ ਜਾਂ ਰਿਸ਼ਵਤ ਦੇਣ ਯੋਜਨਾ ਬਣਾਈ ਸੀ।

ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ

ਅੰਮਿ੍ਰਤਸਰ/ਬਿਊਰੋ ਨਿਊਜ਼ : ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਤੇ ਮੈਂਬਰ ਪਾਰਲੀਮੈਂਟ ਅੰਮਿ੍ਰਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਇਨ੍ਹਾਂ ਦੋਵੇਂ ਆਗੂਆਂ ਵੱਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ। ਇਸ ਮੰਗ ਪੱਤਰ ਰਾਹੀਂ ਉਨ੍ਹਾਂ ਮੰਗ ਕੀਤੀ ਕਿ ਸੁਖਬੀਰ ਸਿੰਘ ਬਾਦਲ ਨੂੰ ਧਾਰਮਿਕ ਸਜਾ ਸੁਣਾਉਣ ਤੋਂ ਪਹਿਲਾਂ ਪੰਥਕ ਨੁਮਾਇੰਦਿਆਂ ਦਾ ਇਕੱਠ ਬੁਲਾਇਆ ਜਾਵੇ। ਉਨ੍ਹਾਂ ਸ਼ੋ੍ਰਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਤਾਲਮੇਲ ਕਮੇਟੀ ਦਾ ਗਠਨ ਕਰਨ ਲਈ ਵੀ ਕਿਹਾ। ਇਸ ਦੇ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਅਤੇ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਵੀ ਮੰਗ ਕੀਤੀ।

 

ਕਿਹਾ : ਜੇਕਰ ਮਾਨ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਸਮਝੋ ਇਨ੍ਹਾਂ ਦੀ ਕੇਂਦਰ ਨਾਲ ਹੈ ਸੈਟਿੰਗ

ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਕਰਵਾਉਣ ਲਈ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਵਿਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਅਤੇ ਹਰਿਆਣਾ ਨੂੰ ਵਿਧਾਨ ਸਭਾ ਲਈ ਚੰਡੀਗੜ੍ਹ ’ਚ ਜਗ੍ਹਾ ਦੇਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਤੁਰੰਤ ਵਿਧਾਨ ਸਭਾ ਸੈਸ਼ਨ ਬੁਲਾਉਣਾ ਚਾਹੀਦਾ ਹੈ। ਮਜੀਠੀਆ ਨੇ ਕਿਹਾ ਕਿ ਜੇਕਰ ਪੰਜਾਬ ਦੀ ਮਾਨ ਸਰਕਾਰ ਸੈਸ਼ਨ ਨਹੀਂ ਬੁਲਾਉਂਦੀ ਤਾਂ ਪੰਜਾਬ ਦੇ ਲੋਕਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਪੰਜਾਬ ਸਰਕਾਰ ਦੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨਾਲ ਪੂਰੀ ਤਰ੍ਹਾਂ ਨਾਲ ਸੈਟਿੰਗ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ’ਤੇ ਪੂਰੀ ਤਰ੍ਹਾਂ ਨਾਲ ਪੰਜਾਬ ਦਾ ਹੱਕ ਹੈ ਅਤੇ ਜੇਕਰ ਭਾਰਤੀ ਜਨਤਾ ਪਾਰਟੀ ਅਸਲ ਵਿਚ ਸੰਵਿਧਾਨ ਨੂੰ ਸਮਰਪਿਤ ਹੈ ਤਾਂ ਉਹ ਪੰਜਾਬ ਦੇ ਹੱਕ ਨੂੰ ਨਹੀਂ ਖੋ ਸਕਦੀ। ਜ਼ਿਕਰਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਕਰਵਾਉਣ ਲਈ ਵਿਦਿਆਰਥੀਆਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ।

 

ਕਿਹਾ : ਸੰਤੁਲਿਤ ਭੋਜਨ ਹੀ ਜੀਵਨ ਦੀ ਸਭ ਤੋਂ ਚੰਗੀ ਦਵਾਈ ਹੈ

ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧ ਵੱਲੋਂ ਲੰਘੇ ਦਿਨੀਂ ਪ੍ਰੈਸ ਕਾਨਫਰੰਸ ਕਰਕੇ ਆਪਣੀ ਪਤਨੀ ਡਾ. ਨਵਜੋਤ ਕੌਰ ਸਿੱਧੂ ਦੇ ਕੈਂਸਰ ਦਾ ਇਲਾਜ਼ ਆਯੂਰਵੈਦਿਕ ਤਰੀਕੇ ਨਾਲ ਕਰਨ ਦਾ ਦਾਅਵਾ ਕੀਤਾ ਗਿਆ ਸੀ। ਜਦਕਿ ਕੁੱਝ ਡਾਕਟਰਾਂ ਵੱਲੋਂ ਨਵਜੋਤ ਸਿੰਘ ਸਿੱਧੂ ਦੇ ਇਸ ਦਾਅਵੇ ਦਾ ਖੰਡਨ ਕੀਤਾ ਗਿਆ ਸੀ। ਪਰ ਸਿੱਧੂ ਦੇ ਇਸ ਦਾਅਵੇ ਦੇ ਹੱਕ ਵਿਚ ਹੁਣ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐਸ ਫੂਲਕਾ ਉਤਰ ਆਏ ਹਨ। ਫੂਲਕਾ ਨੇ ਸਿੱਧੂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਆਪਣੇ ਸੰਘਰਸ਼ ਦਾ ਤਜ਼ਰਬਾ ਜਨਤਾ ਨਾਲ ਸ਼ੇਅਰ ਕੀਤਾ ਹੈ ਅਤੇ ਉਨ੍ਹਾਂ ਪ੍ਰੈਸ ਕਾਨਫਰੰਸ ਦੌਰਾਨ ਜੋ ਕੁੱਝ ਵੀ ਕਿਹਾ ਉਹ ਬਿਲਕੁਲ ਸਹੀ ਹੈ। ਸੀਨੀਅਰ ਐਡਵੋਕੇਟ ਐਚ ਐਸ ਫੂਲਕਾ ਨੇ ਅੱਗੇ ਕਿਹਾ ਕਿ ਸੰਤੁਲਿਤ ਭੋਜਨ ਹੀ ਸਾਡੇ ਜੀਵਨ ਦੀ ਸਭ ਤੋਂ ਚੰਗੀ ਦਵਾਈ ਹੈ ਅਤੇ ਅਸੀਂ ਕਰੋਨਾ ਮਹਾਮਾਰੀ ਨੂੰ ਵੀ ਸੰਤੁਲਿਤ ਭੋਜਨ ਨਾਲ ਹੀ ਠੀਕ ਕੀਤਾ ਸੀ। ਫੂਲਕਾ ਨੇ ਅੱਗੇ ਕਿਹਾ ਕਿ ਸਿਰਫ਼ ਬਿਮਾਰੀ ਦੇ ਸਮੇਂ ਹੀ ਨਹੀਂ ਬਲਕਿ ਆਪਣੇ ਜੀਵਨ ਵਿਚ ਭੋਜਨ ਨੂੰ ਇਸ ਤਰ੍ਹਾਂ ਬਣਾਓ ਕਿ ਉਹ ਦਵਾਈ ਤਰ੍ਹਾਂ ਕੰਮ ਕਰੇ ਅਤੇ ਤੁਹਾਡੇ ਸਰੀਰ ਨੂੰ ਫਿੱਟ ਰੱਖੇ।

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.