Friday, 19 June 2026

ਲਖਨਊ/ਬਿਊਰੋ ਨਿਊਜ਼ : ਉੱਤਰ ਪ੍ਰਦੇਸ਼, ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਬਸਪਾ ਦੀ ਕੌਮੀ ਪ੍ਰਧਾਨ ਮਾਇਆਵਤੀ ਨੇ ਅੱਜ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਉਦੋਂ ਤਕ ਦੇਸ਼ ਵਿੱਚ ਕੋਈ ਵੀ ਉਪ ਚੋਣ ਨਹੀਂ ਲੜੇਗੀ ਜਦੋਂ ਤੱਕ ਚੋਣ ਕਮਿਸ਼ਨ ਇਨ੍ਹਾਂ ਚੋਣਾਂ ਵਿੱਚ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦਾ ਭਰੋਸਾ ਨਹੀਂ ਦਿੰਦਾ। ਬਸਪਾ ਪ੍ਰਧਾਨ ਨੇ ਦੋਸ਼ ਲਾਇਆ ਕਿ ਉੱਤਰ ਪ੍ਰਦੇਸ਼ ਦੀਆਂ ਜਮਿਨੀ ਚੋਣਾਂ ਦੌਰਾਨ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਇਆਵਤੀ ਨੇ ਕਿਹਾ ਕਿ ਯੂਪੀ ਵਿਧਾਨ ਸਭਾ ਦੀਆਂ ਨੌਂ ਸੀਟਾਂ ’ਤੇ ਹੋਈਆਂ ਜਮਿਨੀ ਚੋਣਾਂ ਵਿੱਚ ਇਹ ਆਮ ਚਰਚਾ ਰਹੀ ਕਿ ਇਨ੍ਹਾਂ ਵਿਚ ਈਵੀਐਮ ਵਿਚ ਹੇਰਫੇਰ ਕਰ ਕੇ ਵੋਟਾਂ ਪਵਾਈਆਂ ਗਈਆਂ। ਉਨ੍ਹਾਂ ਕਿਹਾ ਕਿ ਪਹਿਲਾਂ ਬੈਲਟ ਪੇਪਰ ਰਾਹੀਂ ਦੁਰਵਰਤੋਂ ਹੋਣ ਦੀਆਂ ਗੱਲਾਂ ਹੁੰਦੀਆਂ ਸਨ ਪਰ ਹੁਣ ਈਵੀਐਮ ਵਿੱਚ ਵੀ ਅਜਿਹਾ ਹੀ ਕੀਤਾ ਜਾ ਰਿਹਾ ਹੈ ਜਿਹੜਾ ਲੋਕਤੰਤਰ ਵਿੱਚ ਗਲਤ ਹੈ। ਹੁਣ ਮਹਾਰਾਸ਼ਟਰ ਦੇ ਚੋਣ ਨਤੀਜਿਆਂ ’ਤੇ ਵੀ ਸਵਾਲ ਉਠਾਏ ਜਾ ਰਹੇ ਹਨ। ਇਹ ਦੇਸ਼ ਲਈ ਚਿੰਤਾਜਨਕ ਹੈ। ਇਸ ਕਰ ਕੇ ਉਨ੍ਹਾਂ ਦੀ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਜਦੋਂ ਤੱਕ ਦੇਸ਼ ਦਾ ਚੋਣ ਕਮਿਸ਼ਨ ਇਸ ਸਥਿਤੀ ਨੂੰ ਰੋਕਣ ਲਈ ਕੁਝ ਸਖਤ ਕਦਮ ਨਹੀਂ ਚੁੱਕਦਾ, ਉਦੋਂ ਤਕ ਉਨ੍ਹਾਂ ਦੀ ਪਾਰਟੀ ਕੋਈ ਵੀ ਉਪ ਚੋਣ ਨਹੀਂ ਲੜੇਗੀ।  

ਸ਼ਿਵਸੈਨਾ ਨੇ ਏਕਨਾਥ ਸ਼ਿੰਦੇ ਨੂੰ ਆਪਣਾ ਆਗੂ ਚੁਣਿਆ

ਨਵੀਂ ਦਿੱਲੀ/ਬਿਊਰੋ ਨਿਊਜ਼ : ਮਹਾਰਾਸ਼ਟਰ ’ਚ ਇਤਿਹਾਸਕ ਜਿੱਤ ਹਾਸਲ ਕਰਨ ਤੋਂ ਬਾਅਦ ਭਾਜਪਾ ਗੱਠਜੋੜ ਜਿਸ ਵਿੱਚ ਭਾਜਪਾ, ਸ਼ਿਵ ਸੈਨਾ ਤੇ ਐੈੱਨਸੀਪੀ ਸ਼ਾਮਲ ਹਨ, ਦੇ ਆਗੂਆਂ ਨੇ ਮੁੱਖ ਮੰਤਰੀ ਦੀ ਚੋਣ ਤੋਂ ਪਹਿਲਾਂ ਆਪੋ ਆਪਣੇ ਆਗੂਆਂ ਦੀ ਚੋਣ ਲਈ ਮੀਟਿੰਗ ਕੀਤੀ। ਇਸ ਦੌਰਾਨ ਭਾਜਪਾ ਵਿਧਾਇਕਾਂ ਨੇ ਅੱਜ ਪਾਰਟੀ ਦੇ ਸੂਬਾ ਪ੍ਰਧਾਨ ਚੰਦਰਕਾਂਤ ਬਾਵਨਕੁਲੇ ਨਾਲ ਮੁਲਾਕਾਤ ਕੀਤੀ। ਇਸ ਮਗਰੋਂ ਮਹਾਰਾਸ਼ਟਰ ਭਾਜਪਾ ਦੇ ਮੁਖੀ ਬਾਵਨਕੁਲੇ ਨੇ ਪ੍ਰੈੱਸ ਕਾਨਫਰੰਸ ’ਚ ਕਿਹਾ ਕਿ ਸੂਬੇ ਦੇ ਅਗਲੇ ਮੁੱਖ ਮੰਤਰੀ ਬਾਰੇ ਫੈਸਲਾ ਸੱਤਾਧਾਰੀ ਮਹਾਯੁਤੀ ਗੱਠਜੋੜ ਅਤੇ ਭਾਜਪਾ ਦੇ ਆਗੂ ਮਿਲ ਕੇ ਕਰਨਗੇ। 

ਇਸੇ ਦੌਰਾਨ ਐੱਨਸੀਪੀ ਵਿਧਾਇਕਾਂ ਨੇ ਅਜੀਤ ਪਵਾਰ ਨੂੰ ਅਤੇ ਸ਼ਿਵ ਸੈਨਾ ਵਿਧਾਇਕਾਂ ਨੇੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਵਿਧਾਨ ਸਭਾ ’ਚ ਆਪਣਾ ਨੇਤਾ ਚੁਣਿਆ ਹੈ। ਬਾਅਦ ’ਚ ਗੱਠਜੋੜ ਦੇ ਸਹਿਯੋਗੀਆਂ ਵੱਲੋਂ ਮਹਾਰਾਸ਼ਟਰ ਅਸੈਂਬਲੀ ’ਚ ਐੱਨਡੀਏ ਦੀ ਨੇਤਾ ਦੀ ਚੋਣ ਕੀਤੀ ਜਾਵੇਗੀ। ਦੂਜੇ ਪਾਸੇ ਸੂਤਰਾਂ ਨੇ ਦੱਸਿਆ ਕਿ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ ਸੋਮਵਾਰ ਨੂੰ ਹੋ ਸਕਦਾ ਹੈ ਕਿਉਂਕਿ ਨਵੀਂ ਅਸੈਂਬਲੀ ਦਾ ਗਠਨ 26 ਨਵੰਬਰ (ਜਦੋਂ ਵਿਧਾਨ ਸਭਾ ਦਾ ਕਾਰਜਕਾਲ ਖਤਮ ਹੋਣਾ ਹੈ) ਤੋਂ ਪਹਿਲਾਂ ਹੋਣਾ ਜ਼ਰੂਰੀ ਹੈ। ਮਹਾਯੁਤੀ ਸਹਿਯੋਗੀਆਂ ਵੱਲੋਂ ਮੌਜੂਦਾ ਪ੍ਰਬੰਧ ਅਨੁਸਾਰ ਮੁੱਖ ਮੰਤਰੀ ਅਤੇ ਦੋ ਉਪ ਮੰਤਰੀਆਂ ਨਾਲ ਚੱਲਣ ਦੀ ਸੰਭਾਵਨਾ ਹੈ।   

 

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ

ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ ਦੀਆਂ ਸਾਰੀਆਂ 288 ਸੀਟਾਂ ਦੇ ਰੁਝਾਨ ਆ ਚੁੱਕੇ ਹਨ ਅਤੇ ਰੁਝਾਨਾਂ ਅਨੁਸਾਰ ਮਹਾਰਾਸ਼ਟਰ ’ਚ ਮੁੜ ਤੋਂ ਭਾਜਪਾ ਗੱਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ। ਮਹਾਰਾਸ਼ਟਰ ’ਚ ਭਾਜਪਾ ਗੱਠਜੋੜ 200 ਤੋਂ ਜ਼ਿਆਦਾ ਸੀਟਾਂ ’ਤੇ ਅੱਗੇ ਚੱਲ ਰਿਹਾ ਹੈ। ਜਦਕਿ ਕਾਂਗਰਸ ਪਾਰਟੀ ਦੀ ਅਗਵਾਈ ਵਾਲਾ ਗੱਠਜੋੜ 80 ਸੀਟਾਂ ’ਤੇ ਅੱਗੇ ਚੱਲ ਰਿਹਾ ਹੈ। ਆਏ ਰੁਝਾਨਾਂ ਅਨੁਸਾਰ ਮਹਾਰਾਸ਼ਟਰ ’ਚ ਭਾਜਪਾ ਦੀ ਸਰਕਾਰ ਬਣਨਾ ਤੈਅ ਮੰਨਿਆ ਜਾ ਰਿਹਾ ਹੈ। ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਥਿੰਦੇ ਨੇ ਕਿਹਾ ਕਿ ਤਿੰਨੋਂ ਪਾਰਟੀਆਂ ਮਿਲ ਕੇ ਸੂਬੇ ਦਾ ਅਗਲਾ ਮੁੱਖ ਮੰਤਰੀ ਤੈਅ ਕਰਨਗੀਆਂ। ਜਦਕਿ ਦੇਵੇਂਦਰ ਫੜਨਵੀਸ ਨੇ ਸ਼ੋਸ਼ਲ ਮੀਡੀਆ ’ਤੇ ਲਿਖਿਆ ਕਿ ਇਕ ਹਾਂ ਤਾਂ ਸੇਫ ਹਾਂ। ਜ਼ਿਕਰਯੋਗ ਹੈ ਕਿ ਭਾਜਪਾ ਗੱਠਜੋੜ ਵਿਚ ਭਾਜਪਾ, ਸ਼ਿਵਸੈਨਾ (ਏਕਨਾਥ ਛਿੰਦੇ) ਅਤੇ ਐਨਸੀਪੀ (ਅਜੀਤ ਪਵਾਰ ਸ਼ਾਮਲ ਹਨ)। ਉਧਰ ਝਾਰਖੰਡ ਵਿਧਾਨ ਸਭਾ ਲਈ ਪਾਈਆਂ ਗਈਆਂ ਵੋਟਾਂ ਦੇ ਰੁਝਾਨ ਵੀ ਆ ਚੁੱਕੇ ਹਨ ਅਤੇ ਇਨ੍ਹਾਂ ਰੁਝਾਨਾਂ ਅਨੁਸਾਰ ਝਾਰਖੰਡ ’ਚ ਮੁੜ ਤੋਂ ਝਾਰਖੰਡ ਮੁਕਤੀ ਮੋਰਚਾ ਨੂੰ ਦੁਬਾਰਾ ਸੱਤਾ ਮਿਲਣੀ ਲਗਭਗ ਤੈਅ ਹੈ। 81 ਸੀਟਾਂ ਦੇ ਆਏ ਰੁਝਾਨਾਂ ਅਨਸਾਰ ਝਾਰਖੰਡ ਮੁਕਤੀ ਮੋਰਚਾ ਗੱਠਜੋੜ ਨੇ 54 ਸੀਟਾਂ ’ਤੇ ਲੀਡ ਹਾਸਲ ਕਰ ਲਈ ਹੈ। ਝਾਰਖੰਡ ਮੁਕਤੀ ਮੋਰਚਾ ਬਹੁਮਤ ਦੇ ਅੰਕੜੇ ਨਾਲੋਂ 13 ਸੀਟਾਂ ’ਤੇ ਅੱਗੇ ਚੱਲ ਰਹੀ ਹੈ।

  

ਬਰਨਾਲਾ ਤੋਂ ਕਾਂਗਰਸ ਪਾਰਟੀ ਦੇ ਕੁਲਦੀਪ ਸਿੰਘ ਢਿੱਲੋਂ ਨੇ ਮਾਰੀ ਬਾਜ਼ੀ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਚਾਰ ਸੀਟਾਂ ’ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਆ ਚੁੱਕੇ ਹਨ। ਇਨ੍ਹਾਂ ਚਾਰ ਸੀਟਾਂ ਵਿਚੋਂ ਤਿੰਨ ਸੀਟਾਂ ’ਤੇ ਆਮ ਆਦਮੀ ਪਾਰਟੀ ਨੇ ਜਦਕਿ ਇਕ ਸੀਟ ’ਤੇ ਕਾਂਗਰਸ ਪਾਰਟੀ ਨੇ ਜਿੱਤ ਹਾਸਲ ਕੀਤੀ ਹੈ। ਸਭ ਤੋਂ ਪਹਿਲਾਂ ਚੱਬੇਵਾਲ ਵਿਧਾਨ ਸਭਾ ਸੀਟ ’ਤੇ ‘ਆਪ’ ਦੇ ਇਸ਼ਾਂਕ ਸ਼ਰਮਾ ਨੇ 28 ਹਜ਼ਾਰ ਤੋਂ ਵੱਧ ਵੋਟਾਂ ਵੋਟਾਂ ਨਾਲ ਆਪਣੇ ਵਿਰੋਧੀ ਕਾਂਗਰਸੀ ਉਮੀਦਵਾਰ ਰਣਜੀਤ ਕੁਮਾਰ ਨੂੰ ਹਰਾਇਆ। ਇਸੇ ਤਰ੍ਹਾਂ ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਗੁਰਦੀਪ ਸਿੰਘ ਰੰਧਾਵਾ ਨੇ ਆਪਣੇ ਵਿਰੋਧੀ ਕਾਂਗਰਸੀ ਉਮੀਦਵਾਰ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਕੌਰ 5 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ। ਸਭ ਤੋਂ ਵੱਧ ਹੌਟ ਸੀਟ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਾਂਗਰਸੀ ਉਮੀਦਵਾਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅਮਿੰ੍ਰਤਾ ਵੜਿੰਗ ਨੂੰ ਵੱਡੇ ਫਰਕ ਨਾਲ ਹਰਾਇਆ। ਜਦਕਿ ਬਰਨਾਲਾ ਵਿਧਾਨ ਸਭਾ  ਹਲਕੇ ਤੋਂ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੂੰ ਵੱਡੇ ਫਰਕ ਨਾਲ ਹਰਾਇਆ। ਹਰਿੰਦਰ ਸਿੰਘ ਧਾਲੀਵਾਲ ਦੀ ਹਾਰ ਦਾ ਮੁੱਖ ਕਾਰਨ ਆਮ ਆਦਮੀ ਪਾਰਟੀ ਦੇ ਬਾਗੀ ਉਮੀਦਵਾਰ ਬਾਠ ਨੂੰ ਮੰਨਿਆ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਗਈ ਸੀ।

  

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.