Friday, 19 June 2026

ਮਾਨ ਸਰਕਾਰ ਨੇ ਰਾਸ਼ੀ 25 ਹਜ਼ਾਰ ਰੁਪਏ ਤੋਂ ਵਧਾ ਕੇ 1 ਲੱਖ ਰੁਪਏ ਕੀਤੀ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਪ੍ਰਧਾਨ ਮੰਤਰੀ ਅਵਾਸ ਯੋਜਨਾ 2.0 ਲਾਗੂ ਹੋਣ ਜਾ ਰਹੀ ਹੈ। ਇਸ ਨੂੰ ਵਿੱਤ ਵਿਭਾਗ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਅਵਾਸ ਯੋਜਨਾ ਦੇ ਤਹਿਤ ਪੰਜਾਬ ’ਚ ਲੋਕਾਂ ਨੂੰ ਪਹਿਲਾਂ 1 ਲੱਖ 75 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਂਦੀ ਸੀ। ਜਿਸ ’ਚ 25 ਹਜ਼ਾਰ ਰੁਪਏ ਪੰਜਾਬ ਸਰਕਾਰ ਵੱਲੋਂ ਜਦਕਿ ਡੇਢ ਲੱਖ ਰੁਪਏ ਕੇਂਦਰ ਸਰਕਾਰ ਵੱਲੋਂ ਦਿੱਤੇ ਜਾਂਦੇ ਸਨ। ਪ੍ਰੰਤੂ ਹੁਣ ਇਸ ਯੋਜਨਾ ’ਚ ਪੰਜਾਬ ਸਰਕਾਰ 25 ਹਜ਼ਾਰ ਰੁਪਏ ਦੀ ਜਗ੍ਹਾ 1 ਲੱਖ ਰੁਪਏ ਦੀ ਸਹਾਇਤਾ ਦੇਵੇਗੀ। ਜਦਕਿ ਕੇਂਦਰ ਸਰਕਾਰ ਵੱਲੋਂ ਡੇਢ ਲੱਖ ਰੁਪਏ ਦਿੱਤੇ ਜਾਣਗੇ। ਯਾਨੀ ਕਿ ਹੁਣ ਕੁੱਲ ਮਿਲਾ ਕੇ ਮਕਾਨ ਬਣਾਉਣ ਲਈ 2 ਲੱਖ 50 ਹਜ਼ਾਰ ਰੁਪਏ ਮਿਲਣਗੇ। ਇਸ ਯੋਜਨਾ ਤਹਿਤ ਦੋ ਕਮਰੇ, 1 ਬਾਥਰੂਮ ਅਤੇ 1 ਰਸੋਈ ਬਣਾਉਣ ਦੇ ਲਈ ਸਹਾਇਤਾ ਦਿੱਤੀ ਜਾਂਦੀ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਅਵਾਸ ਯੋਜਨਾ 2.0 ਦੇ ਤਹਿਤ ਉਨ੍ਹਾਂ ਲੋਕਾਂ ਨੂੰ ਸਹਾਇਤਾ ਦਿੱਤੀ ਜਾਂਦੀ ਹੈ ਜਿਨ੍ਹਾਂ ਦੀ ਸਲਾਨਾ ਆਮਦਨ 3 ਲੱਖ ਰੁਪਏ ਤੱਕ ਹੁੰਦੀ ਹੈ।

  

ਫਰੀਦਕੋਟ ਦੀ ਰਾਜਨੀਤੀ ’ਚ ਸਰਗਰਮ ਸਨ ਸੰਦੀਪ ਸਿੰਘ ਸਨੀ ਬਰਾੜ

ਫਰੀਦਕੋਟ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਅਕਾਲੀ ਦਲ ਵਿਚ ਅਸਤੀਫ਼ੇ ਦੇਣ ਦੀ ਹੋੜ ਲੱਗੀ ਹੋਈ ਹੈ। ਅੱਜ ਮੰਗਲਵਾਰ ਨੂੰ ਸੁਖਬੀਰ ਸਿੰਘ ਬਾਦਲ ਦੇ ਓਐਸਡੀ ਸੰਦੀਪ ਸਿੰਘ ਸਨੀ ਬਰਾੜ ਨੇ ਵੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਭੇਜਦੇ ਹੋਏ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਸ਼ੋ੍ਰਮਣੀ ਅਕਾਲੀ ਦਲ ਦੀ ਪ੍ਰਧਾਨਗੀ ਛੱਡੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਵੀ ਓਐਸਡੀ ਦੇ ਅਹੁਦੇ ’ਤੇ ਰਹਿਣ ਦਾ ਕੋਈ ਹੱਕ ਨਹੀਂ। ਜ਼ਿਕਰਯੋਗ ਹੈ ਕਿ ਸੰਦੀਪ ਸਿੰਘ ਸਨੀ ਬਰਾੜ ਪਿਛਲੇ ਲੰਬੇ ਸਮੇਂ ਤੋਂ ਫਰੀਦਕੋਟ ਦੀ ਰਾਜਨੀਤੀ ਵਿਚ ਸਰਗਰਮ ਸਨ। ਇਸ ਤੋਂ ਪਹਿਲਾਂ ਉਹ ਲੰਬੇ ਸਮੇਂ ਤੱਕ ਕਾਂਗਰਸ ਪਾਰਟੀ ਲਈ ਵੀ ਕੰਮ ਕਰ ਚੁੱਕੇ ਹਨ ਅਤੇ ਉਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੀ ਕਾਫੀ ਨੇੜੇ ਦੱਸੇ ਜਾਂਦੇ ਸਨ। ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਏ ਜਾਣ ਮਗਰੋਂ ਉਹ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਸਨ।

ਕਿਹਾ : ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਭਾਰਤ-ਪਾਕਿ ਵਿਚਾਲੇ ਸ਼ਾਬਦਿਕ ਪੁਲ ਦਾ ਕਰਦਾ ਹੈ ਕੰਮ 

ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਸਿੱਖ ਭਾਈਚਾਰੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਗਏ ਕੰਮਾਂ ਬਦਲੇ ਉਨ੍ਹਾਂ ਦੀ ਤਾਰੀਫ ਕੀਤੀ ਹੈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਣ, ਸ੍ਰੀ ਅੰਮਿ੍ਰਤਸਰ ਸਾਹਿਬ ਅਤੇ ਲੰਡਨ ਵਿਚਕਾਰ ਓਪਰੇਸ਼ਨ ਸ਼ੁਰੂ ਕਰਨ ਵਾਲੇ ਏਅਰ ਇੰਡੀਆ ਦੇ ਜਹਾਜ਼ ’ਤੇ ‘ਏਕ ਓਂਕਾਰ’ ਨੂੰ ਪੇਂਟ ਕਰਨ, 2019 ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਧੂਮਧਾਮ ਨਾਲ ਮਨਾਉਣ ਸਮੇਤ ਪ੍ਰਧਾਨ ਮੰਤਰੀ ਨੇ ਸਿੱਖ ਧਰਮ ਪ੍ਰਤੀ ਕਈ ਪਹਿਲਕਦਮੀਆਂ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਸ਼ਾਂਤੀ ਅਤੇ ਧਾਰਮਿਕ ਸਦਭਾਵਨਾ ਨੂੰ ਉਤਸ਼ਾਹਿਤ ਕਰਦਾ ਹੈ ਉਥੇ ਹੀ ਭਾਰਤ-ਪਾਕਿ ਵਿਚਾਲੇ ਸ਼ਾਬਦਿਕ ਪੁਲ ਦਾ ਕੰਮ ਵੀ ਕਰਦਾ ਹੈ। ਉਨ੍ਹਾਂ ਕਿਹਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਗੁਰੂ ਸਾਹਿਬ ਨੇ ਆਪਣੇ ਜੀਵਨ ਦੇ 18 ਸਾਲ ਬਿਤਾਏ ਸਨ। ਇਸ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਦੀ ਪਵਿੱਤਰ ਧਰਤੀ ਨੂੰ ਸਿੱਖ ਧਰਮ ਵਿਚ ਸਭ ਤੋਂ ਪਵਿੱਤਰ ਮੰਨਿਆ ਜਾਂਦਾ ਹੈ। 

 

ਮੰਡੀ ਗੋਬਿੰਦਗੜ੍ਹ ਦਾ ਏਅਰ ਕੁਆਲਿਟੀ ਇੰਡੈਕਸ ਸਭ ਤੋਂ ਜ਼ਿਆਦਾ

ਚੰਡੀਗੜ੍ਹ/ਬਿਊਰੋ ਨਿਊਜ਼ : ਪਹਾੜਾਂ ’ਤੇ ਬਰਫਵਾਰੀ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ’ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਰਾਤ ਦੇ ਤਾਪਮਾਨ ’ਚ ਗਿਰਾਵਟ ਦੇ ਨਾਲ-ਨਾਲ ਦਿਨ ਦਾ ਤਾਪਮਾਨ ਆਮ ਨਾਲੋਂ ਜ਼ਿਆਦਾ ਠੰਢਾ ਬਣਿਆ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ’ਚ ਇਹ ਬਦਲਾਅ ਇਸੇ ਤਰ੍ਹਾਂ ਜਾਰੀ ਰਹੇਗਾ। ਉਥੇ ਹੀ 17 ਨਵੰਬਰ ਤੱਕ ਪੰਜਾਬ-ਚੰਡੀਗੜ੍ਹ ’ਚ ਧੰੁਦ ਦਾ ਅਸਰ ਦੇਖਣ ਨੂੰ ਮਿਲੇਗਾ ਅਤੇ ਪੰਜਾਬ ਦੇ 18 ਜ਼ਿਲ੍ਹਿਆਂ ’ਚ ਅੱਜ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਚਿਤਾਵਨੀ ਦਿੱਤੀ ਗਈ ਹੈ ਕਿ ਅੰਮਿ੍ਰਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ, ਐਸ ਏ ਐਸ ਨਗਰ ਅਤੇ ਮਾਲੇਰਕੋਟਲਾ ’ਚ ਧੰੁਦ ਪੈਣ ਦੀ ਸੰਭਾਵਨਾ ਹੈ। ਜਦਕਿ ਮੰਡੀ ਗੋਬਿੰਦਗੜ੍ਹ ’ਚ ਏਅਰ ਕੁਆਲਿਟੀ ਇੰਡੈਕਸ ਸਭ ਤੋਂ ਵਧ ਦਰਜ ਕੀਤਾ ਗਿਆ ਹੈ।

  

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.