Friday, 19 June 2026

ਨਵੀਂ ਨਿਯੁਕਤੀ ਦੇ ਲਈ ਪੰਜਾਬ ਸਰਕਾਰ ਤੋਂ ਮੰਗੇ ਅਧਿਕਾਰੀਆਂ ਦੇ ਨਾਮ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ’ਤੇ ਰਹੀ ਜ਼ਿਮਨੀ ਚੋਣ ਦੌਰਾਨ ਕੁਰੂਕਸ਼ੇਤਰ ਦੀ ਜੇਲ੍ਹ ’ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਵੋਟਰਾਂ ਨੂੰ ਧਮਕਾਉਣ ਦੇ ਮਾਮਲੇ ’ਚ ਕਾਰਵਾਈ ਨਾ ਹੋਣ ਦੇ ਚਲਦਿਆਂ ਚੋਣ ਕਮਿਸ਼ਨ ਨੇ ਵੱਡਾ ਫੈਸਲਾ ਲਿਆ ਹੈ। ਚੋਣ ਕਮਿਸ਼ਨ ਨੇ ਡੇਰਾ ਬਾਬਾ ਨਾਨਕ ਦੇ ਡੀਐਸਪੀ ਜਸਬੀਰ ਸਿੰਘ ਨੂੰ ਹਟਾ ਦਿੱਤਾ ਹੈ ਅਤੇ ਉਨ੍ਹਾਂ ਦੀ ਜਗ੍ਹਾ ਨਵਾਂ ਡੀਐਸਪੀ ਲਗਾਉਣ ਲਈ ਪੰਜਾਬ ਸਰਕਾਰ ਤੋਂ ਤਿੰਨ ਅਧਿਕਾਰੀਆਂ ਦੇ ਨਾਮ ਦਾ ਪੈਨਲ ਮੰਗਿਆ ਹੈ। ਇਸ ਤੋਂ ਇਲਾਵਾ ਚੋਣ ਕਮਿਸ਼ਨ ਨੇ ਹਰਿਆਣਾ ਜੇਲ੍ਹ ਵਿਭਾਗ ਨੂੰ ਵੀ ਇਕ ਪੱਤਰ ਲਿਖ ਕੇ ਜੱਗੂ ਭਗਵਾਨੀਆ ’ਤੇ ਸਖਤ ਨਜ਼ਰ ਰੱਖਣ ਲਈ ਕਿਹਾ ਹੈ ਤਾਂ ਜੋ ਉਸ ਕੋਲ ਡਿਵਾਇਸ ਆਦਿ ਹੋਣ ਬਾਰੇ ਪਤਾ ਲੱਗ ਸਕੇ। ਧਿਆਨ ਰਹੇ ਕਿ ਗੁਰਦਾਸਪੁਰ ਤੋਂ ਕਾਂਗਰਸੀ ਸੰਸਦ ਮੈਂਬਰ ਅਤੇ ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਦੇ ਪਤੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਮਾਮਲੇ ’ਚ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਸੀ। ਉਨ੍ਹਾਂ ਆਪਣੀ ਸ਼ਿਕਾਇਤ ’ਚ ਆਰੋਪ ਲਗਾਇਆ ਸੀ ਕਿ ਹਰਿਆਣਾ ਦੀ ਕੁਰੂਕਸ਼ੇਤਰ ਜੇਲ੍ਹ ’ਚ ਬੰਦ ਜੱਗੂ ਭਗਵਾਨਪੁਰੀਆ ਵੀਡੀਓ ਕਾਲ ਕਰਕੇ ਲੋਕਾਂ ਨੂੰ ਕਾਂਗਰਸ ਪਾਰਟੀ ਨੂੰ ਵੋਟ ਨਾ ਦੇਣ ਲਈ ਧਮਕਾ ਰਿਹਾ ਹੈ।

ਚਾਹਲ ਦੀ ਗਿ੍ਰਫ਼ਤਾਰੀ ’ਤੇ ਲੱਗੀ ਰੋਕ, ਜਾਂਚ ’ਚ ਸਹਿਯੋਗ ਕਰਨ ਦਾ ਦਿੱਤਾ ਹੁਕਮ

ਚੰਡੀਗੜ੍ਹ/ਬਿਊਰੋ ਨਿਊਜ : ਆਮਦਨ ਤੋਂ ਵੱਧ ਸੰਪਤੀ ਬਣਾਉਣ ਦੇ ਮਾਮਲੇ ’ਚ ਘਿਰੇ ਭਰਤਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਨੇ ਰਾਹਤ ਦਿੰਦਿਆਂ ਉਨ੍ਹਾਂ ਦੀ ਗਿ੍ਰਫ਼ਤਾਰੀ ’ਤੇ ਰੋਕ ਲਗਾ ਦਿੱਤੀ ਹੈ। ਮਾਨਯੋਗ ਸੁਪਰੀਮ ਕੋਰਟ ਨੇ ਹੁਕਮ ਦਿੰਦਿਆਂ ਕਿਹਾ ਕਿ ਪਟੀਸ਼ਨ ਕਰਤਾ ਨੂੰ ਗਿ੍ਰਫ਼ਤਾਰ ਕਰਕੇ ਸਜ਼ਾ ਨਾ ਦਿੱਤੀ ਜਾਵੇ। ਕੋਰਟ ਨੇ ਚਾਹਲ ਨੂੰ ਹੁਕਮ ਦਿੰਦਿਆਂ ਜਾਂਚ ਵਿਚ ਪੂਰਾ ਸਹਿਯੋਗ ਦੇਣ ਦਾ ਹੁਕਮ ਵੀ ਸੁਣਾਇਆ ਹੈ ਜਦਕਿ ਪੰਜਾਬ ਸਰਕਾਰ ਕੋਲੋਂ ਵੀ ਇਸ ਮਾਮਲੇ ’ਚ ਚਾਰ ਹਫਤਿਆਂ ’ਚ ਜਵਾਬ ਮੰਗਿਆ ਹੈ। ਜ਼ਿਕਰਯੋਗ ਹੈ ਕਿ ਲੰਘੀ 25 ਅਕਤੂਬਰ ਨੂੰ ਪਟਿਆਲਾ ਦੀ ਅਦਾਲਤ ਨੇ ਭਰਤਇੰਦਰ ਚਾਹਲ ਖਿਲਾਫ ਗਿ੍ਰਫ਼ਤਾਰੀ ਵਾਰੰਟ ਜਾਰੀ ਕੀਤੇ ਸਨ। ਚਾਹਲ ਦੇ ਵਕੀਲ ਵੱਲੋਂ ਸੁਪਰੀਮ ਕੋਰਟ ’ਚ ਦਾਇਰ ਪਟੀਸ਼ਨ ’ਚ ਕਿਹਾ ਗਿਆ ਸੀ ਕਿ 76 ਸਾਲਾ ਚਾਹਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਪੀੜਤ ਅਤੇ ਉਹ ਜਾਂਚ ’ਚ ਸਹਿਯੋਗ ਕਰਨ ਦੇ ਲਈ ਤਿਆਰ ਹੈ। ਵਿਜੀਲੈਂਸ ਦੇ ਆਰੋਪਾਂ ਅਨੁਸਾਰ ਭਰਤਇੰਦਰ ਸਿੰਘ ਚਾਹਲ ਨੇ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਮ ’ਤੇ ਕਾਫ਼ੀ ਸੰਪਤੀ ਬਣਾਈ ਹੈ।

ਵਿਕਟੋਰੀਆ ਸਰਕਾਰ ਨੇ ਲੰਗਰ ਲਈ 6 ਲੱਖ ਡਾਲਰ ਦੇਣ ਦਾ ਵੀ ਕੀਤਾ ਐਲਾਨ

ਅੰਮਿ੍ਰਤਸਰ/ਬਿਊਰੋ ਨਿਊਜ਼ : ਆਸਟਰੇਲੀਆ ਦੇ ਵਿਕਟੋਰੀਆ ਸੂਬੇ ’ਚ ਸਿੱਖ ਭਾਈਚਾਰੇ ਅਤੇ ਉਨ੍ਹਾਂ ਯੋਗਦਾਨ ਦਾ ਸਨਮਾਨ ਕਰਦੇ ਹੋਏ ਬਰਵਿਕ ਸਪਰਿੰਗਜ਼ ਖੇਤਰ ਦੀ ਇਕ ਝੀਲ ਦਾ ਨਾਮ ‘ਸ੍ਰੀ ਗੁਰੂ ਨਾਨਕ ਦੇਵ’ ਦੇ ਨਾਮ ’ਤੇ ਰੱਖਿਆ ਗਿਆ ਹੈ। ਇਹ ਫੈਸਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਹੈ। ਵਿਕਟੋਰੀਅਨ ਮਲਟੀਕਲਚਰਲ ਅਫੇਅਰਜ਼ ਮੰਤਰੀ ਇੰਗਰਿਡ ਸਟਿਟ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਵਿਕਟੋਰੀਆ ’ਚ ਲੰਗਰ ਲਗਾਉਣ ਦੇ ਲਈ 6 ਲੱਖ ਡਾਲਰ ਦਾ ਦਾਨ ਵੀ ਦੇਵੇਗੀ। ਆਸਟਰੇਲੀਆ ਦੇ ਵਿਕਟੋਰੀਆ ਸੂਬਾ ’ਚ ‘ਨਾਮ ਅ ਪਲੇਸ’ ਮੁਹਿੰਮ ਦੇ ਤਹਿਤ ਬਰਵਿਕ ਸਪਰਿੰਗਜ਼ ਝੀਲ ਦਾ ਨਾਮ ਬਦਲ ਕੇ ‘ਗੁਰੂ ਨਾਨਕ ਝੀਲ’ ਰੱਖਿਆ ਗਿਆ। ਵਿਕਟੋਰੀਆ ਸਰਕਾਰ ਦੀ ਇਹ ਮੁਹਿੰਮ ਸਮਾਜ ਦੇ ਘੱਟਗਿਣਤੀ ਅਤੇ ਵਿਸ਼ੇਸ਼ ਭਾਈਚਾਰਿਆਂ ਦੇ ਪ੍ਰਮੁੱਖ ਵਿਅਕਤੀਆਂ ਨੂੰ ਸਨਮਾਨਿਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ। ਇਸ ਪਹਿਲ ਦੇ ਤਹਿਤ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ ਝੀਲ ਦਾ ਨਾਮਕਰਨ ਕੀਤਾ ਗਿਆ, ਜੋ ਕਿ ਸਿੱਖ ਭਾਈਚਾਰੇ ਦੇ ਲਈ ਬਹੁਤ ਮਾਣ ਵਾਲੀ ਗੱਲ ਹੈ।

ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਦੇ ਸੀਨੀਅਰ ਜੱਜ ਜਸਟਿਸ ਸੰਜੀਵ ਖੰਨਾ ਸੋਮਵਾਰ ਨੂੰ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ 51ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕਣਗੇ। ਰਾਸ਼ਟਰਪਤੀ ਦਰੋਪਦੀ ਮੁਰਮੁ ਭਲਕੇ ਸੋਮਵਾਰ ਨੂੰ ਸਵੇਰੇ 10 ਵਜੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਮੌਜੂਦਾ ਸੀ.ਜੇ.ਆਈ. ਧਨੰਜੇ ਯਸ਼ਵੰਤ ਚੰਦਰਚੂੜ ਅੱਜ ਐਤਵਾਰ ਨੂੰ ਸੇਵਾਮੁਕਤ ਹੋ ਗਏ। ਭਾਰਤ ਸਰਕਾਰ ਨੇ ਹਾਲ ਹੀ ਵਿਚ ਇਕ ਰਸਮੀ ਨੋਟੀਫਿਕੇਸ਼ਨ ਜਾਰੀ ਕਰਕੇ ਜਸਟਿਸ ਸੰਜੀਵ ਖੰਨਾ ਨੂੰ ਭਾਰਤ ਦੇ ਅਗਲੇ ਚੀਫ਼ ਜਸਟਿਸ ਵਜੋਂ ਨਿਯੁਕਤ ਕੀਤਾ ਹੈ, ਜੋ ਕਿ 11 ਨਵੰਬਰ, 2024 ਤੋਂ ਪ੍ਰਭਾਵੀ ਹੋਵੇਗਾ। ਕਾਨੂੰਨ ਅਤੇ ਨਿਆਂ ਮੰਤਰਾਲੇ ਨੇ ਆਪਣੇ ਨੋਟੀਫਿਕੇਸ਼ਨ ਵਿਚ ਪੁਸ਼ਟੀ ਕੀਤੀ ਹੈ ਕਿ ਰਾਸ਼ਟਰਪਤੀ, ਦੀ ਧਾਰਾ (2) ਅਧੀਨ ਭਾਰਤੀ ਸੰਵਿਧਾਨ ਦੀ ਧਾਰਾ 124 ਨੇ ਜਸਟਿਸ ਖੰਨਾ ਨੂੰ ਦੇਸ਼ ਦੇ ਸਰਵਉੱਚ ਨਿਆਂਇਕ ਅਹੁਦੇ ’ਤੇ ਨਿਯੁਕਤ ਕੀਤਾ ਹੈ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.