Saturday, 20 June 2026

ਪਰਾਲੀ ਸਾੜਨ ਵਾਲਿਆਂ ਨੂੰ ਭਰਨਾ ਪਵੇਗਾ ਹੁਣ ਦੁੱਗਣਾ ਜ਼ੁਰਮਾਨਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਕੌਮੀ ਰਾਜਧਾਨੀ ਨਵੀਂ ਦਿੱਲੀ ਅਤੇ ਨਾਲ ਲਗਦੇ ਇਲਾਕਿਆਂ ’ਚ ਵਧਦੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਸਖ਼ਤ ਕਦਮ ਚੁੱਕੇ ਹਨ। ਕੇਂਦਰ ਸਰਕਾਰ ਨੇ ਹੁਣ ਪਰਾਲੀ ਸਾੜਨ ’ਤੇ ਜ਼ੁਰਮਾਨੇ ਦੀ ਰਕਮ ਦੁੱਗਣੀ ਕਰ ਦਿੱਤੀ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਹੁਣ ਦੋ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਪਰਾਲੀ ਸਾੜਨ ’ਤੇ 5 ਹਜ਼ਾਰ ਰੁਪਏ ਜ਼ੁਰਮਾਨੇ ਵਜੋਂ ਭਰਨੇ ਪੈਣਗੇ। ਜੇਕਰ 2 ਏਕੜ ਤੋਂ 5 ਏਕੜ ਜ਼ਮੀਨ ਵਾਲੇ ਕਿਸਾਨ ਪਰਾਲੀ ਸਾੜਦੇ ਹਨ ਤਾਂ ਉਨ੍ਹਾਂ ਨੂੰ 10,000 ਰੁਪਏ ਜੁਰਮਾਨੇ ਦਾ ਭੁਗਤਾਨ ਕਰਨਾ ਪਵੇਗਾ। ਜਦਕਿ ਇਸ ਤੋਂ ਵੱਧ ਜ਼ਮੀਨ ਵਾਲੇ ਕਿਸਾਨਾਂ ਨੂੰ 30 ਹਜ਼ਾਰ ਰੁਪਏ ਜ਼ੁਰਮਾਨਾ ਭਰਨਾ ਪਵੇਗਾ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਪਰਾਲੀ ਸਾੜਨ ਵਾਲਿਆਂ ਖਿਲਾਫ਼ ਸਖ਼ਤੀ ਵਰਤਣ ਲਈ ਕਿਹਾ ਸੀ। ਅਦਾਲਤ ਨੇ ਸਰਕਾਰ ਤੋਂ ਪੁੱਛਿਆ ਸੀ ਕਿ ਉਹ ਪ੍ਰਦੂਸ਼ਣ ਨੂੰ ਰੋਕਣ ਲਈ ਕੀ ਕਦਮ ਚੁੱਕ ਰਹੀ ਹੈ, ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਕੇਂਦਰ ਸਰਕਾਰ ਨੇ ਹੁਣ ਇਹ ਸਖ਼ਤ ਫ਼ੈਸਲਾ ਲਿਆ ਹੈ। ਧਿਆਨ ਰਹੇ ਕਿ ਲੰਘੇ ਦਿਨੀਂ ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਵਿਚ ਨਾਕਾਮ ਰਹਿਣ ਲਈ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਦੀ ਆਲੋਚਨਾ ਕੀਤੀ ਸੀ।

ਮਾਰਸ਼ਲਾਂ ਨੇ ਭਾਜਪਾ ਵਿਧਾਇਕ ਨੂੰ ਸਦਨ ਤੋਂ ਕੱਢਿਆ ਬਾਹਰ, ਤਿੰਨ ਵਿਧਾਇਕ ਹੋਏ ਜ਼ਖਮੀ

ਸ੍ਰੀਨਗਰ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਵਿਧਾਨ ਸਭਾ ’ਚ ਧਾਰਾ 370 ਨੂੰ ਲੈ ਕੇ ਅੱਜ ਵੀਰਵਾਰ ਨੂੰ ਵਿਧਾਇਕਾਂ ਦਰਮਿਆਨ ਜਬਰਦਸਤ ਖਿੱਚੋਤਾਣ ਹੋਈ। ਜਿਸ ਤੋਂ ਬਾਅਦ ਸਦਨ ’ਚ ਹੋਏ ਹੰਗਾਮੇ ਕਾਰਨ ਵਿਧਾਨ ਸਭਾ ਦੀ ਕਾਰਵਾਈ ਨੂੰ ਪਹਿਲਾਂ 20 ਮਿੰਟ ਲਈ ਅਤੇ ਫਿਰ ਪੂਰੇ ਦਿਨ ਮੁਲਤਵੀ ਕਰ ਦਿੱਤਾ ਗਿਆ। ਸੱਤਾਧਾਰੀ ਧਿਰ ਦੇ ਵਿਧਾਇਕ ਖੁਰਸ਼ੀਦ ਅਹਿਮਦ ਸ਼ੇਖ ਨੇ ਸਦਨ ਅੰਦਰ ਧਾਰਾ 370 ਦੀ ਵਾਪਸੀ ਦਾ ਬੈਨਰ ਲਹਿਰਾ ਦਿੱਤਾ, ਜਿਸ ’ਤੇ ਲਿਖਿਆ ਹੋਇਆ ਸੀ ਕਿ ਅਸੀਂ ਧਾਰਾ 370 ਅਤੇ 35 ਏ ਦੀ ਬਹਾਲੀ ਅਤੇ ਸਾਰੇ ਰਾਜਨੀਤਿਕ ਕੈਦੀਆਂ ਦੀ ਰਿਹਾਈ ਚਾਹੁੰਦੇ ਹਾਂ। ਇਸ ਦਾ ਵਿਰੋਧੀ ਧਿਰ ਦੇ ਆਗੂ  ਸੁਨੀਲ ਸ਼ਰਮਾ ਨੇ ਵਿਰੋਧ ਕੀਤਾ ਅਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਭਾਜਪਾ ਵਿਧਾਇਕ ਵੇਲ ਤੋਂ ਹੁੰਦੇ ਹੋਏ ਖੁਰਸ਼ੀਦ ਅਹਿਮਦ ਕੋਲ ਪਹੁੰਚੇ ਅਤੇ ਉਨ੍ਹਾਂ ਖੁਰਸ਼ੀਦ ਦੇ ਹੱਥੋਂ ਬੈਨਰ ਖੋਹ ਲਿਆ। ਖੁਰਸ਼ੀਦ ਦੇ ਸਮਰਥਨ ’ਚ ਆਏ ਐਨਸੀਪੀ ਵਿਧਾਇਕ ਭਾਜਪਾ ਵਿਧਾਇਕਾਂ ਨਾਲ ਭਿੜ ਗਏ। ਇਸ ਤੋਂ ਬਾਅਦ ਮਾਰਸ਼ਲਾਂ ਨੇ ਆਰ ਐਸ ਪਠਾਨੀਆ ਸਮੇਤ ਕਈ ਭਾਜਪਾ ਵਿਧਾਇਕਾਂ ਨੂੰ ਸਦਨ ਤੋਂ ਬਾਹਰ ਕੱਢ ਦਿੱਤਾ ਅਤੇ ਇਸ ਦੌਰਾਨ ਤਿੰਨ ਭਾਜਪਾ ਵਿਧਾਇਕ ਜ਼ਖਮੀ ਹੋ ਗਏ।

  

ਮਾਨ ਸਰਕਾਰ ਹਾਈ ਕੋਰਟ ਦੇ ਹੁਕਮਾਂ ਨੂੰ ਦੇਵੇਗੀ ਚੁਣੌਤੀ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਨਗਰ ਨਿਗਮ ਚੋਣਾਂ ਕਰਵਾਉਣ ਦੇ ਮਾਮਲੇ ’ਚ ਹੁਣ ਪੰਜਾਬ ਦੀ ਭਗਵੰਤ ਮਾਨ ਸਰਕਾਰ ਸੁਪਰੀਮ ਕੋਰਟ ਵਿਚ ਜਾਣ ਦੀ ਤਿਆਰੀ ’ਚ ਹੈ। ਸੂਬਾ ਸਰਕਾਰ ਵਾਰਡਬੰਦੀ ਕਰਵਾਉਣ ਤੋਂ ਬਾਅਦ ਹੀ ਨਗਰ ਨਿਗਮ ਚੋਣਾਂ ਕਰਵਾਉਣਾ ਚਾਹੁੰਦੀ ਹੈ। ਇਸ ਦੇ ਲਈ ਜਲਦੀ ਹੀ ਮਾਨ ਸਰਕਾਰ ਵੱਲੋਂ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕਈ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ’ਚ ਵਾਰਡਬੰਦੀ ਹੋ ਚੁੱਕੀ ਹੈ ਜਦਕਿ ਕੁੱਝ ਥਾਵਾਂ ’ਤੇ ਵਾਰਡਬੰਦੀ ਦਾ ਕੰਮ ਚੱਲ ਰਿਹਾ ਹੈ ਅਤੇ ਉਮੀਦ ਹੈ ਵਾਰਡਬੰਦੀ ਦਾ ਕੰਮ ਜਨਵਰੀ-ਫਰਵਰੀ ਦੇ ਅੰਤ ਪੂਰਾ ਹੋ ਜਾਵੇਗਾ। ਉਧਰ ਲੰਘੇ ਦਿਨੀਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨਗਰ ਨਿਗਮ ਅਤੇ ਨਗਰ ਕੌਂਸਲਾਂ ਚੋਣਾਂ ਲਈ 10 ਦਿਨਾਂ ਦੇ ਅੰਦਰ-ਅੰਦਰ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਅਦਾਲਤ ਨੇ ਆਪਣੇ ਹੁਕਮਾਂ ਦੌਰਾਨ ਇਹ ਵੀ ਕਿਹਾ ਸੀ ਕਿ ਜੇਕਰ 10 ਦਿਨਾਂ ਦੇ ਅੰਦਰ-ਅੰਦਰ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ ਸੂਬਾ ਸਰਕਾਰ ਨੂੰ 50 ਹਜ਼ਾਰ ਰੁਪਏ ਜੁਰਮਾਨਾ ਲਗਾਇਆ ਜਾਵੇਗਾ ਅਤੇ ਮਾਨਹਾਨੀ ਦਾ ਕੇਸ ਵੀ ਚਲਾਇਆ ਜਾਵੇਗਾ।

  

ਸਿੱਖ ਬੁੱਧੀਜੀਵੀ ਬੋਲੇ : ਸੁਖਬੀਰ ਬਾਦਲ ਬਾਰੇ ਸਿੰਘ ਸਾਹਿਬਾਨਾਂ ਵੱਲੋਂ ਲਿਆ ਜਾਵੇਗਾ ਫੈਸਲਾ

ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨਾਂ ਤੇ ਸਿੱਖ ਬੁਧੀਜੀਵੀਆਂ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਧਾਰਮਿਕ ਅਤੇ ਰਾਜਨੀਤਿਕ ਭਵਿੱਖ ਸਬੰਧੀ ਵਿਚਾਰ ਕੀਤਾ ਗਿਆ। ਮੀਟਿੰਗ ’ਚ ਗਿਆਨੀ ਰਘਬੀਰ ਸਿੰਘ, ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਸੁਲਤਾਨ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਰਬਜੀਤ ਸਿੰਘ ਸੋਹਲ, ਡਾ. ਇੰਦਰਜੀਤ ਗੋਗੋਆਣੀ, ਅਮਰਜੀਤ ਸਿੰਘ, ਡਾ. ਚਮਕੌਰ ਸਿੰਘ ਪਟਿਆਲਾ ਸਮੇਤ ਕੁੱਝ ਸੀਨੀਅਰ ਪੱਤਰਕਾਰ ਵੀ ਸ਼ਾਮਲ ਹੋਏ। ਮੀਟਿੰਗ ਤੋਂ ਬਾਅਦ ਹਰਸਿਮਰਨ ਸਿੰਘ ਨੇ ਕਿਹਾ ਕਿ ਮੀਟਿੰਗ ਦੌਰਾਨ ਅਸੀਂ ਗੁਰਮਤਿ ਅਨੁਸਾਰ ਸਿੰਘ ਸਾਹਿਬਾਨਾਂ ਨੂੰ ਸੁਝਾਅ ਦਿੱਤੇ ਅਤੇ ਹੁਣ ਫੈਸਲਾ ਸਿੰਘ ਸਾਹਿਬਾਨਾਂ ਵੱਲੋਂ ਲਿਆ ਜਾਣਾ ਹੈ। ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ ਅਤੇ ਹੁਣ ਸਿੰਘ ਸਾਹਿਬਾਨਾਂ ਵੱਲੋਂ ਸੁਖਬੀਰ ਬਾਦਲ ਨੂੰ ਗੁਰਮਤਿ ਮਰਿਆਦਾ ਅਨੁਸਾਰ ਸਜ਼ਾ ਸੁਣਾਈ ਜਾਣੀ ਹੈ।

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.